GurmitPalahi7ਚੰਦਰਮਾ ਉੱਤੇ ਪੁੱਜਣਾ, ਖੋਜ ਕਰਨੀ, ਕਰੋੜਾਂ ਅਰਬਾਂ ਖਰਚਣੇ ਅਤੇ ਫਿਰ ਉਸਨੂੰ ...
(24 ਅਕਤੂਬਰ 2019)

 

ਗਲੋਬਲ ਹੰਗਰ ਇੰਡੈਕਸ ਵਿੱਚ ਕੁਲ 117 ਦੇਸ਼ਾਂ ਦੀ ਸੂਚੀ ਵਿੱਚ ਭਾਰਤ ਦਾ 102 ਵਾਂ ਸਥਾਨ ਹੈਭਾਰਤ ਦੀ ਰੈਂਕਿੰਗ ਭੁੱਖਮਰੀ ਦੇ ਮਾਮਲੇ ਵਿੱਚ ਗੁਆਂਢੀ ਮੁਲਕਾਂ ਬੰਗਲਾ ਦੇਸ਼, ਨੇਪਾਲ ਅਤੇ ਪਾਕਿਸਤਾਨ ਤੋਂ ਵੀ ਬਦਤਰ ਹੈਚੀਨ ਦਾ ਸਥਾਨ ਭੁੱਖਮਰੀ ਦੇ ਮਾਮਲੇ ਉੱਤੇ 25 ਵਾਂ ਅਤੇ ਪਾਕਿਸਤਾਨ ਦਾ ਸਥਾਨ 94ਵੇਂ ਨੰਬਰ ਉੱਤੇ ਹੈਸਪਸ਼ਟ ਵਿਖਾਈ ਦੇ ਰਿਹਾ ਹੈ ਕਿ ਭਾਰਤ ਚੰਦ ਉੱਤੇ ਚੜ੍ਹਾਈ ਕਰਕੇ ਵਿਸ਼ਵ ਪੱਧਰ ਉੱਤੇ ਨਾਮਣਾ ਖੱਟਣ ਦੇ ਚੱਕਰ ਵਿੱਚ ਹੈ, ਜਦਕਿ ਭੁੱਖਮਰੀ ਨੂੰ ਕਾਬੂ ਕਰਨ ਵਿੱਚ ਨਿੱਤ ਪੱਛੜਦਾ ਜਾ ਰਿਹਾ ਹੈ

ਸਾਲ 2018 ਵਿੱਚ ਭਾਰਤ ਦਾ ਸਥਾਨ 119 ਦੇਸ਼ਾਂ ਵਿੱਚ 103ਵੇਂ ਸਥਾਨ ਉੱਤੇ ਸੀ ਜਦਕਿ 2000 ਵਿੱਚ 113 ਦੇਸ਼ਾਂ ਵਿੱਚੋਂ ਇਹ ਨੰਬਰ 83ਵੇਂ ਥਾਂ ’ਤੇ ਸੀਗਲੋਬਲ ਹੰਗਰ ਇੰਡੈਕਸ ਕਿਸੇ ਵੀ ਦੇਸ਼ ਵਿੱਚ ਕੁਪੋਸ਼ਣ ਬੱਚਿਆਂ ਦੇ ਅਨੁਪਾਤ, ਪੰਜ ਸਾਲ ਤੋਂ ਘੱਟ ਉਮਰ ਵਾਲੇ ਬੱਚੇ, ਜਿਨ੍ਹਾਂ ਦਾ ਭਾਰ ਜਾਂ ਲੰਬਾਈ ਉਮਰ ਦੇ ਹਿਸਾਬ ਨਾਲ ਘੱਟ ਹੈ ਅਤੇ ਪੰਜ ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਵਿੱਚ ਮਰਨ ਦਰ ਦੇ ਅਧਾਰ ਉੱਤੇ ਤਿਆਰ ਕੀਤੀ ਜਾਂਦੀ ਹੈਰਿਪੋਰਟ ਅਨੁਸਾਰ ਭਾਰਤ ਵਿੱਚ ਕੁਪੋਸ਼ਣ ਦੀ ਸਥਿਤੀ ਕਾਫੀ ਮਾੜੀ ਹੈਕੀ ਭੁੱਖਮਰੀ ਦੀ ਇਹ ਸਥਿਤੀ ਆਰਥਿਕ ਮਹਾਂਸ਼ਕਤੀ ਅਤੇ ਪੰਜਾਹ ਖਰਬ ਦੀ ਅਰਥ ਵਿਵਸਥਾ ਬਣਨ ਦਾ ਦਾਅਵਾ ਕਰਨ ਵਾਲੇ ਦੇਸ਼ ਦੇ ਲਈ ਬੇਹੱਦ ਸ਼ਰਮਨਾਕ ਨਹੀਂ ਹੈ, ਜਿੱਥੇ 90 ਫ਼ੀਸਦੀ ਤੋਂ ਵੱਧ ਬੱਚਿਆਂ ਨੂੰ ਘੱਟ ਤੋਂ ਘੱਟ ਭੋਜਨ ਵੀ ਨਹੀਂ ਮਿਲਦਾ?

ਵਿਸ਼ਵ ਬੈਂਕ ਦੀ ਰਿਪੋਰਟ ਮੁਤਾਬਕ ਭਾਰਤ ਵਿੱਚ ਅੱਜ ਵੀ 22 ਫ਼ੀਸਦੀ ਲੋਕ ਗਰੀਬੀ ਰੇਖਾ ਤੋਂ ਹੇਠਾਂ ਹਨ ਭਾਵੇਂ ਕਿ ਸਰਕਾਰਾਂ ਇਹ ਦਾਅਵਾ ਕਰਦੀਆਂ ਹਨ ਕਿ ਦੇਸ਼ ਦੀ ਵੱਡੀ ਆਬਾਦੀ ਨੂੰ ਇੱਕ ਰੁਪਏ ਕਿਲੋ ਕਣਕ, ਚਾਵਲ, ਮੁਹੱਈਆ ਕੀਤੇ ਜਾਂਦੇ ਹਨ ਆਯੁਸ਼ਮਾਨ ਯੋਜਨਾ ਤਹਿਤ ਉਹਨਾਂ ਨੂੰ 5 ਲੱਖ ਰੁਪਏ ਦਾ ਖ਼ਰਚਾ ਇਲਾਜ ਲਈ ਦਿੱਤਾ ਜਾਂਦਾ ਹੈਬਜ਼ੁਰਗਾਂ, ਵਿਧਵਾ ਔਰਤਾਂ, ਆਸ਼ਰਿਤ ਬੱਚਿਆਂ ਨੂੰ ਵੀ ਪੈਨਸ਼ਨ ਦਿੱਤੀ ਜਾਂਦੀ ਹੈਗਰਭਵਤੀਆਂ ਨੂੰ ਸਹੂਲਤਾਂ ਮਿਲਦੀਆਂ ਹਨਸਕੂਲ ਪੜ੍ਹਦੇ ਬੱਚਿਆਂ ਨੂੰ ਇੱਕ ਡੰਗ ਦਾ ਭੋਜਨ ਮੁਹੱਈਆ ਕੀਤਾ ਜਾਂਦਾ ਹੈਪਰ ਇਸ ਸਭ ਕੁਝ ਦੇ ਬਾਵਜੂਦ ਦੇਸ਼ ਦਾ ਸਧਾਰਨ ਆਦਮੀ ਹੋਰ ਗਰੀਬ ਹੋ ਰਿਹਾ ਹੈ, ਭਾਵੇਂ ਕਿ ਕਿਹਾ ਜਾ ਰਿਹਾ ਹੈ ਕਿ ਭਾਰਤ ਸਮੇਤ ਦੁਨੀਆ ਦੇ ਹੋਰ ਦੇਸ਼ ਗਰੀਬੀ ਤੋਂ ਮੁਕਤੀ ਦੀ ਦਿਸ਼ਾ ਵਿੱਚ ਪੁਲਾਂਘਾਂ ਪੁੱਟ ਰਹੇ ਹਨਸਾਲ 2015 ਦੀ ਵਿਸ਼ਵ ਬੈਂਕ ਰਿਪੋਰਟ ਇਹ ਦੱਸਦੀ ਹੈ ਕਿ ਹੁਣ ਵੀ ਦੁਨੀਆ ਵਿੱਚ 70 ਕਰੋੜ ਲੋਕ ਅਤਿ ਦੇ ਗਰੀਬ ਹਨ, ਜਿਸ ਵਿੱਚ ਵੱਡੀ ਗਿਣਤੀ ਗਰੀਬ ਲੋਕ “ਮਹਾਨ ਭਾਰਤ” ਦੀ ਧਰਤੀ ਦੇ ਵਸਨੀਕ ਹਨ ਭਾਰਤ, ਜਿਹੜਾ ਆਪਣੇ ਨਾਗਰਿਕਾਂ ਦੀ ਸਿੱਖਿਆ, ਸਿਹਤ, ਰੁਜ਼ਗਾਰ ਪ੍ਰਤੀ ਚਿੰਤਾ ਛੱਡਕੇ ਕਥਿਤ ਆਰਥਿਕ ਵਿਕਾਸ ਦਾ ਰਸਤਾ ਚੁਣਕੇ, ਵਿਸ਼ਵ ਵਿੱਚ ਆਪਣੀ ਧੌਂਸ ਬਣਾਉਣ ਤੁਰਿਆ ਹੋਇਆ ਹੈ

ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਵਿਸ਼ਵ ਫੇਰੀਆਂ ਅਤੇ ਉਹਨਾਂ ਵਿਸ਼ਵ ਫੇਰੀਆਂ ਵਿੱਚ ਭਾਰਤ ਨੂੰ ਵਿਸ਼ਵ ਦੀ ਵੱਡੀ ਅਤੇ ਤਰੱਕੀ ਕਰ ਰਹੀ ਆਰਥਿਕਤਾ ਵਿਖਾਉਣਾ ਆਮ ਜਿਹੀ ਗੱਲ ਹੋ ਗਈ ਹੈਪਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਵਿਸ਼ਵ ਪ੍ਰਸਿੱਧੀ ਪ੍ਰਾਪਤ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਭਾਰਤ ਦੀ ਆਰਥਿਕਤਾ ਵਿਗੜ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਭਾਰਤ ਨੂੰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪਏਗਾਸਿੱਟੇ ਵਜੋਂ ਮਹਿੰਗਾਈ ਵਧੇਗੀ ਅਤੇ ਦੇਸ਼ ਵਿੱਚ ਗਰੀਬੀ ਦਾ ਹੋਰ ਵੀ ਪਸਾਰਾ ਹੋਏਗਾ

ਇਸ ਸਾਲ ਦੇ ਨੋਬੇਲ ਇਨਾਮ ਦੇ ਜੇਤੂ ਭਾਰਤੀ ਮੂਲ ਦੇ ਅਮਰੀਕੀ ਅਰਥ ਸ਼ਾਸਤਰੀ ਅਭਿਜੀਤ ਬੈਨਰਜੀ ਨੇ ਕਿਹਾ ਹੈ ਕਿ ਭਾਰਤੀ ਅਰਥ ਵਿਵਸਥਾ ਛੇਤੀ ਪਟੜੀ ਉੱਤੇ ਆਉਂਦੀ ਦਿਖਾਈ ਨਹੀਂ ਦੇ ਰਹੀਭਾਰਤੀ ਅਰਥ ਵਿਵਸਥਾ ਬੁਰੀ ਤਰ੍ਹਾਂ ਡਾਵਾਂਡੋਲ ਹੈਨੇੜਲੇ ਭਵਿੱਖ ਵਿੱਚ ਇਸਦੇ ਪਟੜੀ ਉੱਤੇ ਆਉਣ ਦਾ ਯਕੀਨ ਨਹੀਂ ਬੱਝਦਾ

ਸਵਾਲ ਪੈਦਾ ਹੁੰਦਾ ਹੈ ਕਿ ਜਦੋਂ ਦੇਸ਼ ਦੀ ਆਰਥਿਕਤਾ ਡਾਵਾਂਡੋਲ ਹੋਵੇ, ਲੋਕਾਂ ਦੇ ਬੈਂਕ ਵਿਵਸਥਾ ਦੇ ਵਿਸ਼ਵਾਸ ਨੂੰ ਖੋਰਾ ਲੱਗ ਰਿਹਾ ਹੋਵੇ, ਆਮ ਆਦਮੀ ਬੇਰੁਜ਼ਗਾਰੀ ਦੀ ਭੱਠੀ ਵਿੱਚ ਝੁਲਸ ਰਿਹਾ ਹੋਵੇ ਅਤੇ ਜਿੱਥੇ ਦੇਸ਼ ਵਿੱਚ ਹਰ ਵਰ੍ਹੇ ਇੱਕ ਕਰੋੜ ਲੋਕ ਬੇਰੁਜ਼ਗਾਰਾਂ ਦੀ ਕਤਾਰ ਵਿੱਚ ਲੱਗ ਰਹੇ ਹੋਣ, ਉੱਥੇ ਭੁੱਖਮਰੀ ਦਾ ਵਧਣਾ ਹੈਰਾਨੀਜਨਕ ਵਰਤਾਰਾ ਨਹੀਂ ਹੈਦੇਸ਼ ਦੇ ਇੱਕ ਪਾਸੇ ਕਾਰਪੋਰੇਟ ਜਗਤ ਤਰੱਕੀ ਕਰ ਰਿਹਾ ਹੈ, ਵੱਡੇ-ਵੱਡੇ ਪ੍ਰਾਜੈਕਟਾਂ ਉੱਤੇ ਉਸਦੀ ਕਾਮਯਾਬੀ ਦੀ ਦਾਸਤਾਨ ਲਿਖੀ ਜਾ ਰਹੀ ਹੈ,ਵੱਡੇ ਧਨ ਕੁਬੇਰਾਂ ਦੇ ਬੈਂਕ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ, ਪਰ ਆਮ ਆਦਮੀ ਦੇ ਜੀਵਨ-ਪੱਧਰ ਨੂੰ ਸੁਧਾਰਨ ਹਿਤ ਉਸਦੀ ਨਵੀਂ ਪਨੀਰੀ ਜੋ ਕੁਪੋਸ਼ਣ ਦਾ ਸ਼ਿਕਾਰ ਹੋ ਰਹੀ ਹੈ, ਉਸ ਵਾਸਤੇ ਕੋਈ ਵਿਸ਼ੇਸ਼ ਉੱਦਮ ਉਪਰਾਲੇ ਨਹੀਂ ਕੀਤੇ ਜਾ ਰਹੇਦੇਸ਼ ਦੀ ਅਰਥ-ਵਿਵਸਥਾ ਜੇ ਵਿਗੜਦੀ ਹੈ, ਤਾਂ ਰੁਜ਼ਗਾਰ ਖੁਸਦਾ ਹੈ, ਮਹਿੰਗਾਈ ਵਧਦੀ ਹੈ, ਭੁੱਖਮਰੀ ਵਿੱਚ ਵਾਧਾ ਹੁੰਦਾ ਹੈ, ਵਿਕਾਸ ਦਰ ਘਟਦੀ ਹੈ

ਇਸ ਸਮੇਂ ਭੈੜੀ ਅਰਥ ਵਿਵਸਥਾ ਅਤੇ ਵਿਕਾਸ ਦਰ ਦੀ ਕਮੀ ਕਾਰਨ ਹਰ ਸੈਕਟਰ ਸੰਕਟ ਦਾ ਸਾਹਮਣਾ ਕਰ ਰਿਹਾ ਹੈਖੇਤੀ ਸੰਕਟ ਬਰਕਰਾਰ ਹੈਆਟੋਮੋਬਾਇਲ ਖੇਤਰ ਵਿੱਚ ਮੰਦੀ ਨੇ ਤਾਂ ਰਿਕਾਰਡ ਤੋੜ ਦਿੱਤੇ ਹਨਮੈਨੂਫੈਕਚਰਿੰਗ ਖੇਤਰ ਤਾਂ ਪਹਿਲਾਂ ਹੀ ਦੁਬਕਿਆ ਹੋਇਆ ਹੈਕੀ ਇਹੋ ਜਿਹੇ ਹਾਲਾਤ ਵਿੱਚ ਦੇਸ਼ ਦੀ 50 ਖਰਬ ਡਾਲਰ ਅਰਥ ਵਿਵਸਥਾ ਬਣਨ ਦੀ ਕੋਈ ਉਮੀਦ ਵਿਖਾਈ ਦਿੰਦੀ ਹੈ, ਜਿਸਦਾ ਟੀਚਾ ਮੌਜੂਦਾ ਸਰਕਾਰ ਵਲੋਂ 2024 ਤੱਕ ਮਿੱਥਿਆ ਹੈ? ਜੇਕਰ ਅਰਥ ਵਿਵਸਥਾ ਦੀ ਵਿਕਾਸ ਦਰ 10 ਤੋਂ 12 ਫ਼ੀਸਦੀ ਹੋਏਗੀ ਤਾਂ ਹੀ ਇਹ ਟੀਚਾ ਪ੍ਰਾਪਤ ਹੋ ਸਕੇਗਾਕੁਝ ਮਹੀਨੇ ਪਹਿਲਾਂ ਦੇਸ਼ ਦੀ ਅਰਥ ਵਿਵਸਥਾ ਦੀ ਵਿਕਾਸ ਦਰ 7.3 ਕਹੀ ਗਈ ਸੀ, ਜਦਕਿ ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ.ਐੱਮ.ਐੱਫ਼.) ਨੇ ਦੇਸ਼ ਦੀ ਵਿਕਾਸ ਦਰ 6.1 ਫੀਸਦੀ ਮਿੱਥੀ ਹੈ

ਗਰੀਬੀ ਉੱਤੇ ਵਿਸ਼ਵ ਪੱਧਰ ਉੱਤੇ ਵੱਡੀ ਖੋਜ ਹੋਈ ਹੈਅਰਥ ਸ਼ਾਸਤਰੀਆਂ ਨੇ ਗਰੀਬੀ ਦੇ ਪੈਮਾਨੇ ਨੀਅਤ ਕੀਤੇ ਹਨ ਅਤੇ ਆਪਣੇ ਵਲੋਂ ਗਰੀਬੀ ਖ਼ਤਮ ਕਰਨ ਲਈ ਸੁਝਾਅ ਵੀ ਦਿੱਤੇ ਹਨਬਿਨਾਂ ਸ਼ੱਕ ਗਰੀਬੀ ਉੱਤੇ ਖੋਜ ਕਰਨ ਵਾਲੇ ਲੋਕ ਆਪੂੰ ਗਰੀਬੀ ਖ਼ਤਮ ਕਰਨ ਲਈ ਕੁਝ ਨਹੀਂ ਕਰ ਸਕਦੇ ਪਰ ਉਹਨਾਂ ਵਲੋਂ ਦਿੱਤੀਆਂ ਸਲਾਹਾਂ ਅਤੇ ਗਰੀਬੀ ਖ਼ਤਮ ਕਰਨ ਦੇ ਤਰੀਕੇ ਹਾਕਮ ਧਿਰ ਨੂੰ ਮੰਨਣਯੋਗ ਹੋਣੇ ਚਾਹੀਦੇ ਹਨਦੇਸ਼ ਭਾਰਤ ਦਾ ਨੀਤੀ ਆਯੋਗ ਅਤੇ ਪ੍ਰਧਾਨ ਮੰਤਰੀ ਹਾਊਸ ਦੇਸ਼ ਵਿੱਚ ਆਪਣੇ ਇਕਤਰਫਾ ਢੰਗ ਅਤੇ ਸੋਚ ਨਾਲ ਕੰਮ ਕਰ ਰਿਹਾ ਹੈ ਅਤੇ ਗਰੀਬੀ ਦੇ ਖ਼ਾਤਮੇ ਲਈ ਅਤੇ ਦੇਸ਼ ਦੇ ਵਿਕਾਸ ਲਈ ਨਿੱਤ ਨਵੀਆਂ ਯੋਜਨਾਵਾਂ ਉਲੀਕ ਰਿਹਾ ਹੈ, ਜੋ ਜ਼ਮੀਨੀ ਪੱਧਰ ਉੱਤੇ ਸਾਰਥਿਕ ਨਹੀਂ ਹੋ ਰਹੀਆਂਨੀਤੀ ਆਯੋਗ ਦੇ ਲਈ ਨੋਬਲ ਪੁਰਸਕਾਰ ਵਿਜੇਤਾ ਅਭਿਜੀਤ ਬੈਨਰਜੀ ਦੇ ਸ਼ਬਦਾਂ ਨੂੰ ਸਮਝਣ ਵਾਲੀ ਗੱਲ ਹੈ ਕਿ ਗਰੀਬ ਦੇ ਗਰੀਬ ਬਣੇ ਰਹਿਣ ਦੇ ਕਾਰਨਾਂ ਵਿੱਚ ਵਖਰੇਵਾਂ ਹੈਗਰੀਬ ਵਿਅਕਤੀ ਦਾ ਇੱਕ ਅਕਸ ਬਣਿਆ ਹੈ ਕਿ ਉਸਦੇ ਕੋਲ ਅਸਲ ਵਿੱਚ ਬਹੁਤ ਘੱਟ ਵਿਕਲਪ ਹਨਕੁਝ ਲੋਕ ਨਿਸ਼ਚਿਤ ਰੂਪ ਵਿੱਚ ਕਠਿਨ ਮਿਹਨਤ ਕਰਦੇ ਹਨ, ਜਿੰਨੀ ਉਹ ਕਰ ਸਕਦੇ ਹਨ, ਪਰ ਉਹ ਆਪਣੀਆਂ ਬੁਨਿਆਦੀ ਲੋੜਾਂ ਨੂੰ ਪੂਰਿਆਂ ਨਹੀਂ ਕਰ ਸਕਦੇਇਹੋ ਜਿਹੇ ਹਾਲਾਤ ਵਿੱਚ ਲੋਕ ਹਿਤੂ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਉਹ ਉਹਨਾਂ ਲਈ ਲੋਕ-ਲੁਭਾਊ ਯੋਜਨਾਵਾਂ ਚਾਲੂ ਕਰੇ ਅਤੇ ਉਹਨਾਂ ਦੇ ਹਿਤ ਵਿੱਚ ਕੰਮ ਕਰੇ ਪਰ ਮੌਜੂਦਾ ਕੇਂਦਰ ਸਰਕਾਰ ਤਾਂ ਕਾਰਪੋਰੇਟ ਦਾ ਹੱਥਠੋਕਾ ਬਣਕੇ ਲੋਕਾਂ ਲਈ ਵੱਡੀਆਂ ਸਮੱਸਿਆਵਾਂ ਪੈਦਾ ਕਰ ਰਹੀ ਹੈ

ਦੇਸ਼ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਣਾ ਜ਼ਰੂਰੀ ਹੈਆਵਾਜਾਈ ਦੇ ਸਾਧਨ ਚੰਗੇਰੇ ਬਣਨ, ਇਹ ਵੀ ਜ਼ਰੂਰੀ ਹੈਦੇਸ਼ ਦੇ ਵਿਗਿਆਨਕ ਨਵੀਆਂ ਖੋਜਾਂ ਕਰਨ ਅਤੇ ਦੁਨੀਆਂ ਨਾਲ ਹਰ ਖੇਤਰ ਵਿੱਚ ਸੰਪਰਕ ਰੱਖਿਆ ਜਾਏ, ਇਹ ਵੀ ਜ਼ਰੂਰੀ ਹੈਪਰ ਸੁਰੱਖਿਆ ਦੇ ਨਾਮ ਉੱਤੇ ਲੋੜੋਂ ਵੱਧ ਧਨ ਖ਼ਰਚਿਆ ਜਾਏ ਅਤੇ ਦੇਸ਼ ਦੇ ਭਵਿੱਖ ਬੱਚਿਆਂ ਨੂੰ ਕੁਪੋਸ਼ਤ ਰੱਖਕੇ ਹੋਰ ਉੱਚੀ ਉਡਾਣ ਵਾਲੀਆਂ ਯੋਜਨਾਵਾਂ ਉਲੀਕੀਆਂ ਜਾਣ, ਇਹ ਦੇਸ਼ ਦੇ ਹਿਤੈਸ਼ੀ ਲੋਕ ਕਿਵੇਂ ਪ੍ਰਵਾਨ ਕਰ ਸਕਦੇ ਹਨ? ਚੰਦਰਮਾ ਉੱਤੇ ਪੁੱਜਣਾ, ਖੋਜ ਕਰਨੀ, ਕਰੋੜਾਂ ਅਰਬਾਂ ਖਰਚਣੇ ਅਤੇ ਫਿਰ ਉਸਨੂੰ ਮਨੁੱਖੀ ਹਿਤਾਂ ਲਈ ਵਰਤਣਾ ਤਾਂ ਪ੍ਰਵਾਨ ਕਰਨਯੋਗ ਹੋ ਸਕਦਾ ਹੈ, ਪਰ ਦੇਸ਼ ਵਿੱਚ ਭੁੱਖਮਰੀ ਫੈਲੇ, ਬੱਚੇ ਕੁਪੋਸ਼ਿਤ ਹੋਣ, ਸਿੱਖਿਆ ਅਤੇ ਸਿਹਤ ਸਹੂਲਤਾਂ ਦੀ ਕਮੀ ਰਹੇ, ਇਹ ਦੇਸ਼ ਦਾ ਕੋਈ ਸੂਝਵਾਨ ਨਾਗਰਿਕ ਕਿਵੇਂ ਪ੍ਰਵਾਨ ਕਰ ਸਕਦਾ ਹੈ?

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1780)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author