JatinderPannu7ਡਰ ਸਗੋਂ ਇਸ ਗੱਲ ਦਾ ਹੈ ਕਿ ਉਦੋਂ ਤਕ ਭਾਰਤ ...
(15 ਜੂਨ 2020)

 

ਅਸੀਂ ਅਜੇ ਪਿਛਲੇ ਹਫਤੇ ਇਹ ਲਿਖਿਆ ਸੀ ਕਿ ਭਾਰਤ ਕੋਰੋਨਾ ਦੇ ਸ਼ਿਕੰਜੇ ਵਿੱਚੋਂ ਨਿਕਲਿਆ ਨਹੀਂ ਤੇ ਇਸਦੀ ਰਾਜਨੀਤੀ ਆਪਣੀਆਂ ਮੋਰਚੇਬੰਦੀਆਂ ਬਣਾਉਣ ਲੱਗ ਪਈ ਹੈਜਦੋਂ ਜੰਗ ਚੱਲਦੀ ਹੋਵੇ, ਉਸ ਮੋਰਚੇ ਦੀ ਸਫਲਤਾ ਲਈ ਹਰ ਇੱਕ ਧਿਰ ਦਾ ਸਾਥ ਦੇਣਾ ਬਹੁਤ ਜ਼ਰੂਰੀ ਹੁੰਦਾ ਹੈ, ਪਰ ਜੇ ਇੱਕ ਵੀ ਧਿਰ ਆਪਣੇ ਨਿੱਜੀ ਲਾਭਾਂ ਲਈ ਉੱਥੋਂ ਦੇ ਸਾਂਝੇ ਹਿਤਾਂ ਤੋਂ ਉਲਟ ਚੱਲਣ ਲੱਗ ਪਏ ਤਾਂ ਮੋਰਚੇ ਦੀ ਕਾਮਯਾਬੀ ਸ਼ੱਕੀ ਹੋ ਜਾਂਦੀ ਹੈਭਾਰਤ ਵਿੱਚ ਵੀ ਇਹੋ ਹਾਲ ਹੁੰਦਾ ਦਿਸ ਰਿਹਾ ਹੈਲੋਕ ਕੋਰੋਨਾ ਦੀ ਮਹਾਮਾਰੀ ਤੋਂ ਘਬਰਾਏ ਹੋਏ ਹਨਰਾਜਸੀ ਆਗੂਆਂ ਨੇ ਇਸੇ ਸਾਲ ਬਿਹਾਰ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਉਸੇ ਤਰ੍ਹਾਂ ਮੋਰਚੇਬੰਦੀ ਆਰੰਭ ਕਰ ਦਿੱਤੀ ਹੈ, ਜਿਵੇਂ ਦੁਨੀਆ ਦੇ ਦੂਸਰੇ ਸਿਰ ਵਸਦੇ ਅਮਰੀਕਾ ਦਾ ਰਾਸ਼ਟਰਪਤੀ ਦੂਸਰੀ ਵਾਰ ਇਹੋ ਅਹੁਦਾ ਮਾਨਣ ਦੇ ਲਈ ਪ੍ਰਚਾਰ ਕਰਨ ਰੁੱਝਾ ਪਿਆ ਹੈਪੱਛਮੀ ਬੰਗਾਲ ਦੀਆਂ ਚੋਣਾਂ ਬਿਨਾਂ ਸ਼ੱਕ ਬਿਹਾਰ ਤੋਂ ਕੁਝ ਚਿਰ ਬਾਅਦ ਹੋਣੀਆਂ ਹਨ, ਪਰ ਰਾਜਨੀਤੀ ਦੇ ਚਸਕੇਬਾਜ਼ ਉਸ ਮੋਰਚੇ ਵੱਲ ਵੀ ਅਗੇਤੇ ਹੀ ਰੁੱਝ ਗਏ ਹਨ ਅਤੇ ਵੀਡੀਓ ਕਾਨਫਰੰਸਾਂ ਰਾਹੀਂ ਚੋਣ ਬੈਠਕਾਂ ਕਰਦੇ ਪਏ ਹਨਉਨ੍ਹਾਂ ਲਈ ਇਹ ਕੰਮ ਉਸੇ ਦਿਨੋਂ ਪਮੁੱਖ ਰਿਹਾ ਹੈ, ਜਦੋਂ ਤੋਂ ਉਹ ਰਾਜਨੀਤੀ ਵਿੱਚ ਆਏ ਹੋਣਗੇ ਤੇ ਆਖਰੀ ਸਾਹ ਤਕ ਇਹੀ ਮੁੱਖ ਕੰਮ ਰਹਿਣਾ ਹੈ

ਭਾਰਤ ਦੇ ਛੇ ਰਾਜ ਇਸ ਵਕਤ ਕੋਰੋਨਾ ਵਾਇਰਸ ਦੇ ਪੱਖੋਂ ਵੱਡੀ ਚਿੰਤਾ ਵਾਲੇ ਹਨਮਹਾਰਾਸ਼ਟਰ ਵਿੱਚ ਕੇਸਾਂ ਦੀ ਗਿਣਤੀ ਇੱਕ ਲੱਖ ਟੱਪ ਗਈ ਹੈ ਤੇ ਮੌਤਾਂ ਦੀ ਗਿਣਤੀ ਪੌਣੇ ਚਾਰ ਹਜ਼ਾਰ ਨੂੰ ਪੁੱਜ ਚੁੱਕੀ ਹੈਗੁਜਰਾਤ ਰਾਜ ਵਿੱਚ ਇਸ ਵੇਲੇ ਮੌਤਾਂ ਦੀ ਗਿਣਤੀ ਚੌਦਾਂ ਸੌ ਨੂੰ ਟੱਪੀ ਪਈ ਹੈ ਤੇ ਦੇਸ਼ ਦੀ ਰਾਜਧਾਨੀ ਦਿੱਲੀ ਵੀ ਗਿਆਰਾਂ ਸੌ ਟੱਪ ਚੁੱਕੀ ਹੈਪੱਛਮੀ ਬੰਗਾਲ ਵਿੱਚ ਮੌਤਾਂ ਸਾਢੇ ਚਾਰ ਸੌ ਤੋਂ ਵੱਧ ਹੋਈਆਂ ਹਨ ਤੇ ਉੱਤਰ ਪ੍ਰਦੇਸ਼ ਤੇ ਤਾਮਿਲ ਨਾਡੂ ਦੋਵੇਂ ਤਿੰਨ-ਤਿੰਨ ਸੌ ਨੂੰ ਟੱਪ ਕੇ ਅੱਗੇ ਨਿਕਲ ਚੁੱਕੇ ਹਨਦਿੱਲੀ ਨਾਲੋਂ ਦੁੱਗਣੀ ਆਬਾਦੀ ਵਾਲੇ ਪੰਜਾਬ ਵਿੱਚ ਅਜੇ ਸੱਤਰ ਤੋਂ ਘੱਟ ਮੌਤਾਂ ਹੋਈਆਂ ਹਨ, ਪਰ ਪਿਛਲੇ ਹਫਤੇ ਵਿੱਚ ਜਿੰਨੀ ਕੁ ਤੇਜ਼ੀ ਵੇਖਣ ਨੂੰ ਮਿਲੀ ਹੈ, ਉਸ ਨੂੰ ਵੇਖ ਕੇ ਡਰ ਲੱਗਦਾ ਹੈ ਕਿ ਕਿਸੇ ਵੇਲੇ ਵੀ ਲੜੀ ਬੱਝਣ ਦੀ ਨੌਬਤ ਆ ਸਕਦੀ ਹੈਇਸ ਮੌਕੇ ਸਾਰੀਆਂ ਧਿਰਾਂ ਦੀ ਇੱਕਸੁਰਤਾ ਦੀ ਲੋੜ ਮੰਨਣ ਦੇ ਬਾਵਜੂਦ ਨਾ ਪਾਰਟੀਆਂ ਇੱਕ ਦੂਸਰੀ ਨਾਲ ਇੱਕਸੁਰਤਾ ਬਣਾ ਰਹੀਆਂ ਹਨ ਤੇ ਨਾ ਪਾਰਟੀਆਂ ਦੇ ਆਪਣੇ ਅੰਦਰਲੇ ਮੱਤਭੇਦ ਘੱਟ ਹੋਣ ਦਾ ਨਾਂਅ ਲੈ ਰਹੇ ਹਨਸਿਰਫ ਇੱਕ ਅਕਾਲੀ ਪਾਰਟੀ ਹੈ, ਜਿਸ ਵਿੱਚ ਅੰਦਰੂਨੀ ਖਿੱਚੋਤਾਣ ਨਹੀਂ ਦਿਸਦੀ ਅਤੇ ਉਹ ਇਸ ਲਈ ਕਿ ਉਹ ਅੱਜਕੱਲ੍ਹ ਪਾਰਟੀ ਨਹੀਂ ਰਹੀ ਬਿਜ਼ਨੈਸਮੈਨ ਪ੍ਰਧਾਨ ਨੇ ਸਿਆਸੀ ਬਿਜ਼ਨਿਸ ਵਾਲੀ ਦੁਕਾਨ ਬਣਾ ਕੇ ਇੱਦਾਂ ਚਲਾਉਣੀ ਆਰੰਭ ਕਰ ਦਿੱਤੀ ਹੈ ਕਿ ਜਿਸ ਕਿਸੇ ਲੀਡਰ ਨੇ ਮੱਤਭੇਦ ਵਿਖਾਏ, ਅਗਲੇ ਦਿਨ ਕੰਪਨੀ ਵਿੱਚ ਉਸ ਦੀ ਰਾਜਸੀ ਨੌਕਰੀ ਖਤਮ ਕਰਨ ਦਾ ਨੋਟਿਸ ਆ ਜਾਵੇਗਾ ਤੇ ਮੋੜੇ ਦਾ ਕੋਈ ਰਾਹ ਨਹੀਂ ਰਹਿ ਜਾਣਾਕਾਂਗਰਸ ਪਾਰਟੀ ਦਾ ਕਦੀ ਕੋਈ ਲੀਡਰ ਤੇ ਕਦੀ ਕੋਈ ਧੜਾ ਦਿੱਲੀ ਵਿੱਚ ਜਾ ਕੇ ਅਣਹੋਈ ਜਿਹੀ ਜਾਪਦੀ ਹਾਈ ਕਮਾਂਡ ਨੂੰ ਆਪਣੇ ਮੁੱਖ ਮੰਤਰੀ ਦੇ ਖਿਲਾਫ ਇੱਦਾਂ ਅਰਜ਼ੀਆਂ ਦਿੰਦਾ ਰਹਿੰਦਾ ਹੈ, ਜਿਵੇਂ ਰਾਜ ਸਰਕਾਰ ਦੇ ਖਿਲਾਫ ਆਮ ਲੋਕੀਂ ਸੁਪਰੀਮ ਕੋਰਟ ਵੱਲ ਤੁਰੇ ਜਾਂਦੇ ਹਨਆਮ ਆਦਮੀ ਪਾਰਟੀ ਵਿੱਚ ਇੱਕ ਧੜਾ ਇਸ ਗੱਲ ਲਈ ਸਰਗਰਮ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਨਾਲ ਲੈ ਲਈਏ ਤੇ ਦੂਸਰਾ ਧੜਾ ਇਸ ਗੱਲ ਲਈ ਸਿਰ ਪਰਨੇ ਹੋਇਆ ਪਿਆ ਹੈ ਕਿ ਸਿੱਧੂ ਨੂੰ ਇੱਧਰ ਆਉਣ ਨਹੀਂ ਦੇਣਾ

ਜਦੋਂ ਇਹ ਸਭ ਕੁਝ ਹੁੰਦਾ ਪਿਆ ਸੀ, ਉਦੋਂ ਇਹ ਖਬਰ ਮਿਲ ਗਈ ਹੈ ਕਿ ਪੰਜਾਬ ਕਾਂਗਰਸ ਦਾ ਵੱਡਾ ਆਗੂ ਤੇ ਪਾਰਲੀਮੈਂਟ ਮੈਂਬਰ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਭਾਰਤੀ ਜਨਤਾ ਪਾਰਟੀ ਵਿੱਚ ਜਾ ਸਕਦਾ ਹੈ ਤੇ ਭਾਜਪਾ ਉਸ ਨੂੰ ਪੰਜਾਬ ਵਿੱਚ ਸਿੱਖ ਚਿਹਰੇ ਵਜੋਂ ਉਭਾਰਨ ਦੀ ਨੀਤੀ ਦਾ ਧੁਰਾ ਬਣਾਏਗੀਕਿਸ ਪਾਰਟੀ ਦਾ ਕਿਹੜਾ ਆਗੂ ਕਦੋਂ ਕਿਸ ਪਾਸੇ ਤੁਰ ਜਾਵੇ, ਇਸ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ, ਪਰ ਪ੍ਰਤਾਪ ਸਿੰਘ ਬਾਜਵਾ ਦਾ ਭਾਜਪਾ ਨਾਲ ਜੁੜਨਾ ਕਿਸੇ ਨੂੰ ਹਕੀਕੀ ਗੱਲ ਨਹੀਂ ਜਾਪ ਰਹੀਉਹ ਖੁਦ ਵੀ ਇਹੋ ਕਹਿੰਦਾ ਹੈ ਕਿ ਮੈਂ ਕਾਂਗਰਸ ਛੱਡ ਕੇ ਕਦੀ ਵੀ ਹੋਰ ਕਿਸੇ ਪਾਸੇ ਵੱਲ ਨਹੀਂ ਜਾਣਾਫਿਰ ਵੀ ਇਹ ਸੱਚ ਹੈ ਕਿ ਭਾਜਪਾ ਕੋਈ ਸਿੱਖ ਚਿਹਰਾ ਅੱਗੇ ਲਾਉਣ ਲਈ ਸਭ ਘੋੜੇ ਭਜਾ ਰਹੀ ਹੈਉਸ ਦੇ ਏਲਚੀਆਂ ਨੇ ਨਵਜੋਤ ਸਿੰਘ ਸਿੱਧੂ ਨੂੰ ਇੱਕ ਵਾਰੀ ਫਿਰ ਇਸ ਪਾਸੇ ਖਿੱਚਣ ਲਈ ਯਤਨ ਕੀਤੇ ਸਨ, ਪਰ ਗੱਲ ਨਹੀਂ ਬਣੀਅਗਲੀਆਂ ਚੋਣਾਂ ਬਾਰੇ ਭਾਜਪਾ ਦੇ ਬਹੁਤ ਸਾਰੇ ਲੀਡਰ ਸਿੱਧੇ ਸ਼ਬਦਾਂ ਵਿੱਚ ਕਹਿੰਦੇ ਹਨ ਕਿ ਅਕਾਲੀਆਂ ਨਾਲ ਇਸ ਵਾਰੀ ਅਸੀਂ ਸਮਝੌਤਾ ਕਰਨਾ ਹੀ ਨਹੀਂ, ਕਿਉਂਕਿ ਜਿਸ ਬਰਗਾੜੀ ਤੇ ਬਹਿਬਲ ਕਲਾਂ ਦੇ ਕਾਂਡ ਪਿਛਲੀ ਵਾਰੀ ਅਕਾਲੀ-ਭਾਜਪਾ ਗੱਠਜੋੜ ਦਾ ਰਾਹ ਰੋਕ ਖੜੋਤੇ ਸਨ, ਉਨ੍ਹਾਂ ਦਾ ਗੁੱਸਾ ਅੱਜ ਵੀ ਪੰਜਾਬ ਦੇ ਲੋਕਾਂ ਵਿੱਚ ਕਾਇਮ ਹੈ ਇਸਦੇ ਨਾਲ ਉਹ ਇਹ ਗੱਲ ਵੀ ਕੌੜ ਨਾਲ ਕਹਿੰਦੇ ਹਨ ਕਿ ਪੰਜਾਬ ਵਿੱਚ ਜਿੱਤ ਕੇ ਹਰ ਵਾਰ ਅਸੀਂ ਇਨ੍ਹਾਂ ਨੂੰ ਰਾਜ ਕਰਨ ਜੋਗੇ ਕਰਦੇ ਹਾਂ ਤੇ ਇਹ ਹਾਰ ਵਾਰੀ ਨਾਲ ਲੱਗਦੇ ਹਰਿਆਣੇ ਵਿੱਚ ਸਾਨੂੰ ਹਰਾਉਣ ਲਈ ਚੌਟਾਲਿਆਂ ਦੀ ਮੁਹਿੰਮ ਦੀ ਕਮਾਨ ਸੰਭਾਲਣ ਪਹੁੰਚ ਜਾਂਦੇ ਹਨਤੀਸਰੀ ਕੌੜ ਉਨ੍ਹਾਂ ਨੂੰ ਇਹ ਹੈ ਕਿ ਜਦੋਂ ਵੀ ਭਾਜਪਾ ਕਿਸੇ ਗੱਲ ਤੋਂ ਜ਼ਰਾ ਅੱਖਾਂ ਦਿਖਾਵੇ ਤਾਂ ਇਹ ਸ੍ਰੀ ਅਕਾਲ ਤਖਤ ਦੇ ਜਥੇਦਾਰ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੋਂ ਇੱਦਾਂ ਦਾ ਬਿਆਨ ਦਿਵਾ ਛੱਡਦੇ ਹਨ, ਜਿਹੜਾ ਭਾਜਪਾ ਲੀਡਰਸ਼ਿੱਪ ਪ੍ਰਵਾਨ ਨਹੀਂ ਕਰ ਸਕਦੀਉਨ੍ਹਾਂ ਦੀ ਸਮਝ ਇਹ ਹੈ ਕਿ ਅਕਾਲੀ ਲੀਡਰਸ਼ਿੱਪ ਨੂੰ ਨਾ ਸਿੱਖਾਂ ਦੇ ਭਲੇ ਦੀ ਚਿੰਤਾ ਹੈ, ਨਾ ਖਾਲਿਸਤਾਨ ਦੇ ਵਿਚਾਰ ਨਾਲ ਸਹਿਮਤੀ ਹੈ, ਪਰ ਭਾਜਪਾ ਨੂੰ ਅੱਖਾਂ ਦਿਖਾਉਣ ਲਈ ਇਹੋ ਜਿਹੇ ਮੁੱਦੇ ਆਪ ਸਿੱਧੇ ਚੁੱਕਣ ਦੀ ਥਾਂ ਪਾਸੇ ਤੋਂ ਉਭਾਰਨ ਦੇ ਹਾਲਾਤ ਬਣਾਉਂਦੇ ਹਨ ਅਤੇ ਫਿਰ ਇਸਦਾ ਰਾਜਸੀ ਮੁੱਲ ਵੱਟਣਾ ਚਾਹੁੰਦੇ ਹਨਇਸ ਵਾਰੀ ਇਹ ਪੱਤਾ ਭਾਜਪਾ ਆਗੂ ਨਹੀਂ ਚੱਲਣ ਦੇਣਾ ਚਾਹੁੰਦੇਜਿਹੜੀ ਗੱਲ ਦੀ ਆਮ ਸਿਆਸੀ ਮਾਹਰਾਂ ਵਿੱਚ ਚਰਚਾ ਹੈ, ਉਹ ਇਹ ਹੈ ਕਿ ਮਾਹੌਲ ਗਰਮ ਰੱਖ ਕੇ ਭਾਜਪਾ ਚੋਣਾਂ ਦੇ ਦਿਨਾਂ ਤਕ ਉਡੀਕ ਕਰੇਗੀ ਤੇ ਅਚਾਨਕ ਨੇੜੇ ਜਾ ਕੇ ਢੀਂਡਸਾ ਪਿਤਾ-ਪੁੱਤਰ ਨੂੰ ਸਿੱਧਾ ਆਪਣੇ ਨਾਲ ਜੋੜ ਕੇ ਜਾਂ ਉਨ੍ਹਾਂ ਵੱਲੋਂ ਕੋਈ ਨਵੀਂ ਅਕਾਲੀ ਧਿਰ ਖੜ੍ਹੀ ਕਰਵਾ ਕੇ ਉਸ ਨਾਲ ਗੱਠਜੋੜ ਕਰ ਕੇ ਮੈਦਾਨ ਵਿੱਚ ਆ ਸਕਦੀ ਹੈਬਿਜ਼ਨਿਸ ਕੰਪਨੀ ਬਣ ਚੁੱਕੇ ਅਕਾਲੀ ਦਲ ਵਿੱਚ ਇੱਦਾਂ ਦੇ ਬੜੇ ਆਗੂ ਬੈਠੇ ਹਨ, ਜਿਹੜੇ ਇਸ ਪੈਂਤੜੇ ਲਈ ਭਾਜਪਾ ਵੱਲ ਮੋੜਾ ਕੱਟਣ ਨੂੰ ਤਿਆਰ ਹੋ ਸਕਦੇ ਹਨ

ਫਿਰ ਵੀ ਸੌ ਸਵਾਲਾਂ ਦਾ ਸਵਾਲ ਇਹ ਹੈ ਕਿ ਜਿਹੜੇ ਭਾਰਤ ਵਿੱਚ ਅੱਧ ਫਰਵਰੀ ਵਿੱਚ ਕੋਰੋਨਾ ਦੇ ਤਿੰਨ ਕੇਸਾਂ ਤੋਂ ਬਿਮਾਰੀ ਸ਼ੁਰੂ ਹੋਈ ਅਤੇ ਜੂਨ ਅੱਧ ਤਕ ਤਿੰਨ ਲੱਖ ਨੂੰ ਟੱਪ ਚੁੱਕੀ ਹੈ, ਉਸ ਵਿੱਚ ਪੰਜਾਬ ਦੀਆਂ ਪੌਣੇ ਦੋ ਸਾਲਾਂ ਨੂੰ ਹੋਣ ਵਾਲੀਆਂ ਚੋਣਾਂ ਤਕ ਇਨ੍ਹਾਂ ਕੇਸਾਂ ਦੀ ਲੜੀ ਕੀ ਦੇਸ਼ ਨੂੰ ਚੋਣਾਂ ਲੜਨ ਜੋਗਾ ਛੱਡੇਗੀ? ਬਾਰਾਂ ਮਾਰਚ ਨੂੰ ਜਿਸ ਭਾਰਤ ਵਿੱਚ ਪਹਿਲੀ ਮੌਤ ਹੋਈ ਤੇ ਬਾਰਾਂ ਜੂਨ ਟੱਪਣ ਤਕ ਸਿਰਫ ਤਿੰਨ ਮਹੀਨਿਆਂ ਵਿੱਚ ਨੌਂ ਹਜ਼ਾਰ ਨੇੜੇ ਪਹੁੰਚ ਗਈ ਹੈ, ਉਸ ਵਿੱਚ ਜਦੋਂ ਹੋਰ ਚਾਰ ਮਹੀਨਿਆਂ ਨੂੰ ਬਿਹਾਰ ਵਿੱਚ ਚੋਣਾਂ ਹੋਣੀਆਂ ਹਨ, ਇਸੇ ਰਫਤਾਰ ਨਾਲ ਗਿਣਤੀ ਹੋਰ ਦਸ-ਪੰਦਰਾਂ ਹਜ਼ਾਰ ਟੱਪ ਕੇ ਲੱਖ ਦੇ ਚੌਥੇ ਹਿੱਸੇ ਨੇੜੇ ਪੁੱਜ ਸਕਦੀ ਹੈਅੱਧਾ ਸਾਲ ਹੋਰ ਲੰਘਾ ਕੇ ਜਦੋਂ ਪੱਛਮੀ ਬੰਗਾਲ ਦੀ ਵਿਧਾਨ ਸਭਾ ਚੋਣ ਦਾ ਸਮਾਂ ਆਇਆ, ਉਦੋਂ ਤਕ ਕਿਸ ਹੱਦ ਤਕ ਜਾ ਪਹੁੰਚੇਗੀ, ਇਸਦਾ ਪਤਾ ਨਹੀਂਉਨ੍ਹਾਂ ਹਾਲਾਤ ਵਿੱਚ ਕੀ ਭਾਰਤ ਦੇ ਲੋਕ ਇੰਨੇ ਸੰਵੇਦਨਾਹੀਣ ਹੋ ਜਾਣਗੇ ਕਿ ਉਹ ਡੋਨਾਲਡ ਟਰੰਪ ਵਾਂਗ ਕਿਸੇ ਰਾਜਸੀ ਆਗੂ ਦੀ ਰਾਜ ਦਾ ਸੁਖ ਮਾਣਦੇ ਰਹਿਣ ਜਾਂ ਕਿਸੇ ਹੋਰ ਨੂੰ ਪਰਖਣ ਲਈ ਵੈਣ ਪਾਉਣੇ ਭੁੱਲ ਕੇ ਵੋਟਾਂ ਪਾਉਣ ਤੁਰ ਪੈਣਗੇ? ਇਹ ਗੱਲ ਸੋਚਣਾ ਆਪਣੇ ਆਪ ਵਿੱਚ ਮੂਰਖਤਾ ਜਾਪਦਾ ਹੈਡਰ ਸਗੋਂ ਇਸ ਗੱਲ ਦਾ ਹੈ ਕਿ ਉਦੋਂ ਤਕ ਭਾਰਤ ਇਸ ਲਈ ਬਦ-ਅਮਨੀ ਦੇ ਰਾਹ ਪੈ ਸਕਦਾ ਹੈ ਕਿ ਕੋਰੋਨਾ ਦੇ ਕਾਰਨ ਕਾਰਖਾਨੇ ਤੇ ਹੋਰ ਕਾਰੋਬਾਰ ਠੱਪ ਹੋਣ ਨਾਲ ਜਿਨ੍ਹਾਂ ਲੋਕਾਂ ਕੋਲ ਖਾਣ ਲਈ ਕੁਝ ਨਹੀਂ, ਉਹ ਆਪਣੇ ਢਿੱਡ ਦੀ ਭੁੱਖੋਂ ਤੰਗ ਆ ਕੇ ਕਿਸੇ ਵੀ ਹੱਦ ਤਕ ਬੇਕਾਬੂ ਹੋ ਸਕਦੇ ਹਨਕੇਂਦਰ ਜਾਂ ਰਾਜਾਂ ਦੇ ਰਾਜ ਕਰਤਿਆਂ ਵਿੱਚੋਂ ਕਿਸੇ ਦੇ ਵੀ ਇਹ ਗੱਲ ਸੁਪਨੇ ਵਿੱਚ ਨਹੀਂ ਆ ਰਹੀ ਕਿ ਇਹੋ ਜਿਹੇ ਹਾਲਾਤ ਪੈਦਾ ਹੋ ਗਏ ਤਾਂ ਭਾਰਤ ਵਿੱਚ ਚੋਣਾਂ ਦੀ ਥਾਂ ਰੋਣਾ ਭਾਰੂ ਹੋ ਸਕਦਾ ਹੈ ਤੇ ਜੇ ਇੱਦਾਂ ਹੋਇਆ ਤਾਂ ਸਿਰਫ ਲੋਕ ਨਹੀਂ, ਲੀਡਰ ਵੀ ਇਸ ਨੂੰ ਨਾਲ ਹੀ ਭੁਗਤਣਗੇ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2197) 

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਜਤਿੰਦਰ ਪਨੂੰ

ਜਤਿੰਦਰ ਪਨੂੰ

Jalandhar, Punjab, India.
Phone: (91 - 98140 - 68455)
Email: (pannu_jatinder@yahoo.co.in)

More articles from this author