“ਪੰਜਾਬ ਵਿੱਚ ਵੇਖਿਆ ਜਾ ਰਿਹਾ ਇਹ ਜ਼ਹਿਰੀਲਾ ਪਾਣੀ ਅੱਜ ਦੀ ਨਹੀਂ ਸਗੋਂ ...”
(22 ਫਰਵਰੀ 2021)
(ਸ਼ਬਦ: 1390)
ਪੰਜਾਬ ਦੇ ਧਰਤੀ ਹੇਠਲੇ ਪਾਣੀਆਂ ਬਾਰੇ ਇੱਕ ਦਿਲ ਦਹਿਲਾ ਦੇਣ ਵਾਲੀ ਰਿਪੋਰਟ ਛਪੀ ਹੈ, ਜਿਸ ਅਨੁਸਾਰ ਪੰਜਾਬ ਦਾ 92 ਫ਼ੀਸਦੀ ਧਰਤੀ ਹੇਠਲਾ ਪਾਣੀ ਜ਼ਹਿਰੀਲਾ ਹੋ ਚੁੱਕਾ ਹੈ। ਪੰਜਾਬ ਦੇ ਪਾਣੀਆਂ ਵਿੱਚ ਉੱਚ ਜ਼ਹਿਰੀਲੇ ਸੰਖੀਏ ਵਾਲੇ ਤੱਤ (ਆਰਸੈਨਿਕ) ਪਾਏ ਗਏ ਹਨ। ਵਿਸ਼ਵ ਸਿਹਤ ਸੰਗਠਨ ਅਨੁਸਾਰ ਆਰਸੈਨਿਕ ਆਪਣੇ ਅਜੀਵ ਰੂਪ ਵਿੱਚ ਬਹੁਤ ਜ਼ਹਿਰੀਲਾ ਹੈ, ਜਿਸ ਵਿੱਚ ਪੀਣ ਵਾਲੇ ਪਾਣੀ ਤੇ ਭੋਜਨ ਦੇ ਤੱਤਾਂ ਦੇ ਲੰਬੇ ਸਮੇਂ ਤਕ ਇਹਨਾਂ ਦੇ ਸੰਪਰਕ ਵਿੱਚ ਰਹਿਣ ਦੇ ਚੱਲਦੇ ਕੈਂਸਰ ਤੇ ਚਮੜੀ ਰੋਗਾਂ ਸਮੇਤ ਹੋਰ ਸਰੀਰਕ ਬਿਮਾਰੀਆਂ ਹੋ ਸਕਦੀਆਂ ਹਨ।
ਪੰਜਾਬ ਦੇ ਵਸਨੀਕਾਂ ਨੂੰ ਜ਼ਹਿਰੀਲੇ ਤੱਤਾਂ ਦੇ ਅਸਰ ਦਾ ਪਹਿਲਾਂ ਹੀ ਵੱਡਾ ਸਾਹਮਣਾ ਕਰਨਾ ਪੈ ਰਿਹਾ ਹੈ। ਅਬੋਹਰ-ਬਠਿੰਡਾ (ਪੰਜਾਬ) ਤੋਂ ਜੋਧਪੁਰ - ਬੀਕਾਨੇਰ (ਰਾਜਸਥਾਨ) ਜਾਂਦੀ “ਕੈਂਸਰ ਟਰੇਨ” ਵਿੱਚ 30 ਫੀਸਦੀ ਕੈਂਸਰ ਦੇ ਮਰੀਜ਼ ਹੁੰਦੇ ਹਨ, ਜਿਹੜੇ ਖਾਸ ਤੌਰ ’ਤੇ ਮਾਨਸਾ, ਬਠਿੰਡਾ, ਫਰੀਦਕੋਟ, ਸੰਗਰੂਰ, ਮੋਗਾ, ਮੁਕਤਸਰ, ਫਿਰੋਜ਼ਪੁਰ, ਫਾਜ਼ਿਲਕਾ ਨਾਲ ਸੰਬੰਧਤ ਹਨ। ਇਹ ਪੰਜਾਬ ਦੇ ਮਾਲਵਾ ਖਿੱਤੇ ਦੇ ਲੋਕਾਂ ਦੇ ਕੈਂਸਰ ਰੋਗ ਤੋਂ ਪੀੜਤ ਹੋਣ ਦੀ ਵੱਡੀ ਦਾਸਤਾਨ ਹਨ। ਇਹ ਮਰੀਜ਼ ਅਚਾਰੀਆ ਤੁਲਸੀ ਡਿਜਟਲ ਕੈਂਸਰ ਹੌਸਪੀਟਲ ਐਂਡ ਰੀਸਰਚ ਸੈਂਟਰ ਬੀਕਾਨੇਰ ਵਿੱਚ ਇਲਾਜ ਲਈ ਜਾਂਦੇ ਹਨ ਪਰ ਕਰੋਨਾ ਕਾਰਨ ਹੁਣ ਐਡਵਾਂਸ ਕੈਂਸਰ ਇਨਸਟੀਚੀਊਟ ਐਂਡ ਹੋਮੀ ਭਾਬਾ ਕੈਂਸਰ ਹੌਸਪੀਟਲ ਸੰਗਰੂਰ ਵਿੱਚ ਇਲਾਜ ਲਈ ਪੁੱਜਦੇ ਹਨ।
ਪੰਜਾਬ ਦਾ ਮਾਲਵਾ ਖਿੱਤਾ ਇਹੋ ਜਿਹਾ ਹੈ, ਜਿੱਥੇ ਖੇਤੀ ਪੈਦਾਵਾਰ ਲਈ ਵਧੇਰੇ ਕੈਮੀਕਲਾਂ ਜਿਹਨਾਂ ਵਿੱਚ ਜ਼ਹਿਰੀਲੀਆਂ ਕੀੜੇਮਾਰ ਦਵਾਈਆਂ, ਖਾਦ ਦੀ ਵਰਤੋਂ ਕੀਤੀ ਜਾਂਦੀ ਹੈ। ਜਿਹੜੀਆਂ 15 ਕੀੜੇਮਾਰ ਦਵਾਈਆਂ ਪੰਜਾਬ ਦੇ ਖੇਤਾਂ ਵਿੱਚ ਖੇਤੀ ਪੈਦਾਵਾਰ ਲਈ ਵਰਤੀਆਂ ਜਾਂਦੀਆਂ ਹਨ, ਯੂ.ਐੱਸ.ਏ. ਇਨਵਾਇਰਮੈਂਟ ਪ੍ਰੋਟੈਕਸ਼ਨ ਏਜੰਸੀ ਅਨੁਸਾਰ ਉਹਨਾਂ ਵਿੱਚੋਂ 7 ਕੀੜੇਮਾਰ ਦਵਾਈਆਂ ਪੀਣ ਵਾਲੇ ਪਾਣੀ ਲਈ ਘਾਤਕ ਹਨ। ਬਿਨਾਂ ਸ਼ੱਕ ਪੰਜਾਬ ਨੂੰ ਇਸ ਵੇਲੇ ਅਫੀਮ, ਚਿੱਟੇ ਅਤੇ ਸਮੈਕ ਨੇ ਮਧੋਲਿਆ ਹੋਇਆ ਹੈ, ਪਰ ਪੀਣ ਵਾਲੇ ਜ਼ਹਿਰੀਲੇ ਪਾਣੀ ਅਤੇ ਪ੍ਰਦੂਸ਼ਿਤ ਹਵਾ ਨੇ ਤਾਂ ਪੰਜਾਬ ਨੂੰ ਪੰਜ+ਆਬ ਹੀ ਨਹੀਂ ਰਹਿਣ ਦਿੱਤਾ ਸਗੋਂ ਇੱਕ ਜ਼ਹਿਰੀਲੇ ਖਿੱਤੇ ਵਿੱਚ ਤਬਦੀਲ ਕਰ ਦਿੱਤਾ ਹੋਇਆ ਹੈ।
ਪੰਜਾਂ ਪਾਣੀਆਂ ਦੀ ਧਰਤੀ ਪੰਜਾਬ ਦੇ ਬੰਜਰ ਹੋਣ ਦੀਆਂ ਭਵਿੱਖ ਬਾਣੀਆਂ ਕੀਤੀਆਂ ਜਾ ਰਹੀਆਂ ਹਨ, ਕਿਉਂਕਿ ਧਰਤੀ ਹੇਠਲਾ ਪਾਣੀ ਬਹੁਤ ਹੀ ਡੂੰਘਾ ਚਲਾ ਗਿਆ ਹੈ, ਜਿਸਦੀ ਬਦੌਲਤ ਅਧਿਐਨ ਵੇਲੇ ਦੇ ਪੰਜਾਬ ਦੇ 138 ਬਲਾਕਾਂ ਵਿੱਚੋਂ 109 ਬਲਾਕ ਤਾਂ ਅਤਿ ਸ਼ੋਸ਼ਤ ਖਿੱਤੇ ਵਿੱਚ ਚਲੇ ਗਏ ਹਨ। ਕੁਝ ਕੁ ਹੋਰ ਸੇਮ ਦੇ ਮਾਰੇ ਹਨ। ਪੰਜਾਬ ਦੀ ਰੁਮਕਦੀ ਪੌਣ ਪਲੀਤ ਹੋ ਚੁੱਕੀ ਹੈ ਅਤੇ ਖੇਤੀਬਾੜੀ ਦੇ ਉਦਯੋਗਿਕ ਮਾਡਲ ਨੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਢਾਹ ਲਾਈ ਹੈ। ਤੰਦਰੁਸਤ ਤੇ ਰਿਸ਼ਟ-ਪੁਸ਼ਟ ਮੌਤ ਨੂੰ ਮਖੌਲਾਂ ਕਰਨ ਵਾਲੇ ਪੰਜਾਬੀਆਂ ਦੇ ਘਰਾਂ ਵਿੱਚ ਕੈਂਸਰ, ਕਾਲਾ ਪੀਲੀਆ ਅਤੇ ਹੋਰ ਭਿਆਨਕ ਰੋਗਾਂ ਨੇ ਪੈਰ ਪਸਾਰ ਲਏ ਹਨ।
ਧਰਤੀ ਹੇਠਲੇ ਪਾਣੀ ਦੀ ਖੇਤੀ ਲਈ ਉਪਲਬਧਤਾ ਔਖੀ ਹੋਣ ਅਤੇ ਖੇਤੀ ਲਈ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਲੋੜੋਂ ਵੱਧ ਵਰਤੋਂ ਨੇ ਪੰਜਾਬ ਦੇ ਪਾਣੀਆਂ ਵਿੱਚ ਜ਼ਹਿਰ ਹੀ ਨਹੀਂ ਘੋਲੀ ਸਗੋਂ ਸ਼ਹਿਰਾਂ ਦੀਆਂ ਫੈਕਟਰੀਆਂ ਦੇ ਕੈਮੀਕਲ ਯੁਕਤ ਪਾਣੀ, ਘਰਾਂ ਵਿੱਚੋਂ ਨਿਕਲਦੇ ਗੰਦੇ ਪਾਣੀ (ਸੀਵਰੇਜ ਵਾਟਰ) ਨੇ ਵੀ ਇਸ ਵਿੱਚ ਵਾਧਾ ਕੀਤਾ ਹੈ। ਸਰਕਾਰੀ ਰਿਪੋਰਟਾਂ ਅਨੁਸਾਰ ਧਰਤੀ ਹੇਠਲਾ 60 ਮੀਟਰ ਡੂੰਘਾਈ ਤਕ ਦਾ 50 ਤੋਂ 60 ਫੀਸਦੀ ਪਾਣੀ, ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਨਵਾਂ ਸ਼ਹਿਰ, ਰੋਪੜ, ਲੁਧਿਆਣੇ, ਫਤਹਿਗੜ੍ਹ ਸਾਹਿਬ ਮੁਹਾਲੀ ਜ਼ਿਲ੍ਹਿਆਂ ਦਾ, ਸਾਫ-ਸੁਥਰਾ ਤੇ ਪੀਣ ਯੋਗ ਹੈ ਅਤੇ ਜਦਕਿ ਲਗਭਗ 20 ਤੋਂ 30 ਫੀਸਦੀ ਤਰਨਤਾਰਨ, ਪਟਿਆਲਾ, ਸੰਗਰੂਰ, ਬਰਨਾਲਾ, ਮੋਗਾ ਦਾ ਪਾਣੀ ਸਲੂਣਾ ਅਤੇ ਠੀਕ-ਠੀਕ ਪੱਧਰ ਦਾ ਹੈ। ਪਰ ਮੁਕਤਸਰ, ਬਠਿੰਡਾ, ਮਾਨਸਾ ਅਤੇ ਸੰਗਰੂਰ ਦਾ 15 ਤੋਂ 25 ਫੀਸਦੀ ਧਰਤੀ ਹੇਠਲਾ ਪਾਣੀ ਸਲੂਣਾ, ਅਲਕਲੀ ਭਰਪੂਰ ਹੈ ਜੋ ਕਿ ਸਿੰਚਾਈ ਲਈ ਵੀ ਦਰੁਸਤ ਨਹੀਂ ਹੈ। ਪੰਜਾਬ ਵਿੱਚ ਵੇਖਿਆ ਜਾ ਰਿਹਾ ਇਹ ਜ਼ਹਿਰੀਲਾ ਪਾਣੀ ਅੱਜ ਦੀ ਨਹੀਂ ਸਗੋਂ ਦਹਾਕਿਆਂ ਤੋਂ ਵੱਡੀ ਸਮੱਸਿਆ ਹੈ, ਕਿਉਂਕਿ ਪੰਜਾਬ ਦੀ ਧਰਤੀ ਹੇਠਲੇ ਪਾਣੀਆਂ ਦੀ ਲਗਾਤਾਰ ਦੁਰਵਰਤੋਂ ਹੋਈ ਹੈ।
ਬੁੱਢਾ ਨਾਲਾ ਜੋ ਲੁਧਿਆਣਾ ਦੇ ਨਜ਼ਦੀਕ ਵਗਦਾ ਹੈ ਕਦੇ ਸਾਫ ਸੁਥਰੇ ਪਾਣੀ ਦਾ ਸੋਮਾ ਸੀ, ਜਿੱਥੇ ਲੋਕ ਪਸ਼ੂਆਂ ਨੂੰ ਪਾਣੀ ਪਿਆਉਂਦੇ ਸਨ, ਕੱਪੜੇ ਧੋਂਦੇ ਸਨ, ਕਈ ਘਰਾਂ ਵਿੱਚ ਪੀਣ ਲਈ ਵਰਤਦੇ ਸਨ, ਅੱਜ ਇਹ ਗੰਦੇ ਨਾਲੇ ਦਾ ਰੂਪ ਧਾਰਨ ਕਰ ਚੁੱਕਾ ਹੈ ਕਿਉਂਕਿ ਲੁਧਿਆਣਾ ਸ਼ਹਿਰ ਦੀ ਇੰਡਸਟਰੀ ਦਾ ਕੈਮੀਕਲ ਅਤੇ ਹੋਰ ਗੰਦਮੰਦ ਇਸ ਨਾਲੇ ਵਿੱਚ ਪੈਂਦਾ ਹੈ, ਜਿਹੜਾ ਅੱਗੋਂ ਦਰਿਆ ਸਤਲੁਜ ਵਿੱਚ ਪੈਂਦਾ ਹੈ ਅਤੇ ਸਤਲੁਜ ਦਰਿਆ ਤੋਂ ਨਿਕਲਦੀਆਂ ਨਹਿਰਾਂ ਜੋ ਫਿਰੋਜ਼ਪੁਰ, ਮਲੋਟ, ਜੀਰਾ ਆਦਿ ਪੁੱਜਦੀਆਂ ਹਨ, ਵਿੱਚ ਪੈਂਦਾ ਹੈ ਤਾਂ ਪਾਣੀ ਨੂੰ ਬੁਰੀ ਤਰ੍ਹਾਂ ਦੂਸ਼ਿਤ ਕਰਦਾ ਹੈ। ਇਸੇ ਤਰ੍ਹਾਂ ਕਾਲੀ ਬੇਂਈ ਸੁਲਤਾਨਪੁਰ ਲੋਧੀ ਜੋ ਸਾਫ ਸੁਥਰੇ ਪਾਣੀ ਦਾ ਇੱਕ ਸੋਮਾ ਸੀ, ਅਤੇ ਜਿਸ ਬਾਰੇ ਕਿਹਾ ਜਾਂਦਾ ਹੈ ਕਿ ਇਸ ਪਵਿੱਤਰ ਬੇਂਈ ਵਿੱਚ ਗੁਰੂ ਨਾਨਕ ਦੇਵ ਜੀ ਇਸ਼ਨਾਨ ਕਰਿਆ ਕਰਦੇ ਸਨ, ਉਸ ਬੇਂਈ ਦੇ ਮੁੱਢ ਤੋਂ ਸੁਲਤਾਨਪੁਰ ਲੋਧੀ ਤਕ ਪੈਂਦੇ ਪਿੰਡਾਂ ਸ਼ਹਿਰਾਂ ਦਾ ਗੰਦਾ ਪਾਣੀ ਇਸ ਬੇਂਈ ਵਿੱਚ ਰਲਾ ਦਿੱਤਾ ਗਿਆ ਹੈ, ਜਿਸ ਨਾਲ ਇਹ ਬੇਂਈ ਪੂਰੀ ਤਰ੍ਹਾਂ ਦੂਸ਼ਿਤ ਹੋ ਗਈ। ਇਹੋ ਹਾਲ ਬੰਗਾ-ਨਵਾਂਸ਼ਹਿਰ ਤੋਂ ਆਉਂਦੀ ਚਿੱਟੀ ਬੇਈਂ ਅਤੇ ਫਗਵਾੜਾ ਦੇ ‘ਗੰਦੇ ਨਾਲੇ’ ਦਾ ਹੈ, ਜਿੱਥੇ ਸ਼ਹਿਰਾਂ ਵਿੱਚ ਲਗਾਈਆਂ ਫੈਕਟਰੀਆਂ ਦਾ ਗੰਦਾ ਪਾਣੀ ਸਾਫ ਸੁਥਰੇ ਪਾਣੀਆਂ ਨੂੰ ਦੂਸ਼ਿਤ ਕਰਦਾ ਹੈ।
ਭਾਵੇਂ ਕਿ ਸਮੇਂ-ਸਮੇਂ ਉੱਤੇ ਗੰਦੇ ਪਾਣੀ ਨੂੰ ਟਰੀਟ ਕਰਕੇ ਖੇਤੀਬਾੜੀ ਦੀ ਵਰਤੋਂ ਲਈ ਪੰਜਾਬ ਸਰਕਾਰ ਵਲੋਂ ਕਦਮ ਪੁੱਟੇ ਜਾ ਰਹੇ ਹਨ। ਪੰਜਾਬ ਦਾ ਪੌਲਿਊਸ਼ਨ ਕੰਟਰੋਲ ਬੋਰਡ ਕੈਮੀਕਲ ਯੁਕਤ ਪਾਣੀ ਨੂੰ ਟਰੀਟ ਕਰਨ ਲਈ ਕਾਰਖ਼ਾਨਿਆਂ, ਮਿੱਲਾਂ, ਫਾਊਂਡਰੀਆਂ ਉੱਤੇ ਕਰੜੀ ਨਜ਼ਰ ਰੱਖ ਰਿਹਾ ਹੈ, ਪਰ ਇਸ ਮਾਮਲੇ ਉੱਤੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਨਾ ਕਰਨ ਕਰਕੇ, ਲਗਾਏ ਗਏ ਟਰੀਟਮੈਂਟ ਪਲਾਂਟਾਂ ਨੂੰ ਨਾ ਚਲਾਕੇ, ਉਦਯੋਗਪਤੀ ਖ਼ਰਚ ਬਚਾ ਲੈਂਦੇ ਹਨ। ਗੰਨਾ ਮਿੱਲਾਂ ਸਿਰਫ਼ ਚਿਮਨੀਆਂ ਰਾਹੀਂ ਧੂੰਆਂ ਹੀ ਨਹੀਂ ਛੱਡਦੀਆਂ, ਕੈਮੀਕਲ ਯੁਕਤ ਪਾਣੀ ਸ਼ਹਿਰਾਂ ਦੇ ਸੀਵਰੇਜ ਪਾਣੀ ਵਿੱਚ ਰਲਾਕੇ ਗੰਦੇ ਪਾਣੀ ਨੂੰ ਹੋਰ ਗੰਦਾ ਕਰ ਰਹੀਆਂ ਹਨ। ਪਿਛਲੇ ਦਿਨੀਂ ਹਮੀਰੇ ਦੀ ਸ਼ਰਾਬ ਫੈਕਟਰੀ ਵਿੱਚੋਂ ਨਿਕਲਿਆ ਪ੍ਰਦੂਸ਼ਤ ਪਾਣੀ ਮੱਛੀਆਂ ਅਤੇ ਹੋਰ ਜੀਵਾਂ ਦੀ ਮੌਤ ਦਾ ਕਾਰਨ ਬਣਿਆ, ਇਸਦੀ ਵੱਡੀ ਚਰਚਾ ਵੀ ਹੋਈ। ਚਿੱਟੀ ਬੇਂਈ ਅਤੇ ਬੁੱਢੇ ਨਾਲੇ ਨੂੰ ਸਾਫ਼ ਕਰਨ ਲਈ ਲਹਿਰ ਵਾਂਗ ਕੁਝ ਵਾਤਾਵਰਣ ਪ੍ਰੇਮੀਆਂ ਨੇ ਯਤਨ ਵੀ ਕੀਤਾ। ਮੌਜੂਦਾ ਪੰਜਾਬ ਸਰਕਾਰ ਨੇ ਸਟੇਟ ਵਾਟਰ ਅਥਾਰਟੀ ਵੀ ਕਾਇਮ ਕੀਤੀ, ਜਿਸ ਵਲੋਂ ਘਰੇਲੂ, ਖੇਤੀ, ਇੰਡਸਟਰੀ ਅਤੇ ਹੋਰ ਕੰਮਾਂ ਲਈ ਸਾਫ਼-ਸੁਥਰਾ ਪਾਣੀ ਮੁਹਈਆ ਕਰਨ ਦੀ ਗੱਲ ਵੀ ਕੀਤੀ ਗਈ ਹੈ ਪਰ ਆਈ.ਟੀ.ਆਈ. ਖੜਗਪੁਰ ਵਲੋਂ ਹੁਣੇ ਪ੍ਰਕਾਸ਼ਿਤ ਹੋਈ ਰਿਪੋਰਟ ਦਿਖਾਉਂਦੀ ਹੈ ਕਿ ਇਸ ਸੰਬੰਧੀ ਗੋਹੜੇ ਵਿੱਚੋਂ ਪੂਣੀ ਵੀ ਨਹੀਂ ਕੱਤੀ ਗਈ।
ਅਸਲ ਵਿੱਚ ਧਰਤੀ ਉੱਪਰਲਾ ਪਾਣੀ ਜਦੋਂ ਧਰਤੀ ਵਿੱਚ ਸਿੰਮਦਾ ਹੈ, ਉਹ ਧਰਤੀ ’ਤੇ ਫੈਲੇ ਦਵਾਈਆਂ, ਖਾਦਾਂ ਦੇ ਜ਼ਹਿਰ ਨੂੰ ਵੀ ਆਪਣੇ ਵਿੱਚ ਜਜ਼ਬ ਕਰਦਾ ਹੈ। ਜਦੋਂ ਇਹ ਪਾਣੀ ਧਰਤੀ ਹੇਠਲੇ ਪੱਧਰ ਤਕ ਪੁੱਜਦਾ ਹੈ ਤਾਂ ਆਪਣੇ ਵਿੱਚ ਉਹ ਸਾਰੇ ਕਣ ਜ਼ਜਬ ਕਰਦਾ ਹੈ, ਜੋ ਧਰਤੀ ਵਿੱਚ ਸਿੰਮ ਕੇ ਉਸ ਤਕ ਪੁੱਜਦੇ ਹਨ। ਜੇਕਰ ਧਰਤੀ ਉੱਪਰਲਾ ਪਾਣੀ ਗੰਧਲਾ ਹੋਏਗਾ, ਨਿਕੰਮਾ ਹੋਏਗਾ, ਤਾਂ ਧਰਤੀ ਹੇਠਲਾ ਪਾਣੀ ਵੀ ਗੰਦਾ ਹੋਏਗਾ, ਜਿਸ ਨੂੰ ਜਦੋਂ ਅਸੀਂ ਪੰਪਾਂ ਰਾਹੀਂ ਬਾਹਰ ਕੱਢਕੇ ਪੀਂਦੇ ਹਾਂ ਤਾਂ ਇਹ ਸਾਡੀ ਸਿਹਤ ਉੱਤੇ ਬੁਰਾ ਅਸਰ ਕਰਦਾ ਹੈ। ਇਹੋ ਪਾਣੀ ਜਦੋਂ ਖੇਤੀ ਲਈ ਵਰਤਦੇ ਹਾਂ ਤਾਂ ਇਹ ਘੁੰਮਦਾ-ਘੁਮਾਉਂਦਾ ਪੌਦਿਆਂ, ਜਾਨਵਰਾਂ, ਮਨੁੱਖਾਂ ਦੀ ਸਿਹਤ ਲਈ ਹਾਨੀਕਾਰਕ ਬਣਦਾ ਹੈ। ਪੰਜਾਬ ਦੇ ਹਰੇ ਇਨਕਲਾਬ ਨੇ ਪੰਜਾਬ ਵਿੱਚ ਪਾਣੀ ਦੀ ਵੱਧ ਜ਼ਰੂਰਤ ਪੈਦਾ ਕੀਤੀ ਅਤੇ ਧਰਤੀ ਹੇਠਲਾ ਵੱਧ ਪਾਣੀ ਸਿੰਚਾਈ ਲਈ ਵਰਤਿਆ।
ਕਦੇ ਪੰਜਾਬ ਵਿੱਚ ਛੱਪੜਾਂ ਦਾ ਪਾਣੀ ਪੀਣ ਲਈ ਵਰਤਿਆ ਜਾਂਦਾ ਸੀ, ਨਹਿਰਾਂ ਦਾ ਪਾਣੀ ਵੀ ਸਾਫ ਸੁਥਰਾ ਹੁੰਦਾ ਸੀ। ਹੁਣ ਨਾ ਪਿੰਡਾਂ ਦੇ ਛੱਪੜ ਗੰਦਗੀ ਤੋਂ ਬਚੇ ਹਨ, ਨਾ ਨਹਿਰਾਂ। ਨਾ ਪਿੰਡਾਂ ਲਾਗਲੀਆਂ ਝੀਲਾਂ ਪ੍ਰਦੂਸ਼ਣ ਤੋਂ ਬਚੀਆਂ ਹਨ ਅਤੇ ਨਾ ਹੀ ਸ਼ਹਿਰਾਂ ਦੇ ਨਜ਼ਦੀਕ ਵਗਦੇ ਨਾਲੇ-ਖਾਲੇ। ਹੁਣ ਤਾਂ ਪਹਾੜਾਂ ਦੇ ਪਾਣੀ ਨੂੰ ਵੀ ਪ੍ਰਦੂਸ਼ਿਤ ਕਰਨ ਤੋਂ ਮਨੁੱਖ ਨੇ ਗੁਰੇਜ਼ ਨਹੀਂ ਕੀਤਾ ਭਾਵ ਪਾਣੀ ਦੇ ਪ੍ਰਦੂਸ਼ਣ ਨਾਲ ਉਸ ਖਿੱਤੇ ਵਿੱਚ ਵਗਦੇ ਦਰਿਆ, ਝੀਲਾਂ, ਪ੍ਰਦੂਸ਼ਤ ਹੁੰਦੇ ਹਨ ਅਤੇ ਦੇਸ਼ ਭਾਰਤ ਦੇ 25 ਕਰੋੜ ਲੋਕ ਪ੍ਰਦੂਸ਼ਤ ਪਾਣੀ ਪੀ ਕੇ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਪੰਜਾਬ ਦੇ ਵੱਡੀ ਗਿਣਤੀ ਲੋਕ ਵੀ ਪ੍ਰਦੂਸ਼ਤ ਪਾਣੀ ਦੀ ਮਾਰ ਹੇਠ ਆਏ ਹਨ। ਪਾਣੀ ਦਾ ਪ੍ਰਦੂਸ਼ਣ ਇਕੱਲਿਆਂ ਮਨੁੱਖੀ ਜੀਵਨ ਨੂੰ ਹੀ ਪ੍ਰਵਾਵਿਤ ਨਹੀਂ ਕਰਦਾ ਸਗੋਂ ਧਰਤੀ ਨੂੰ ਵੀ ਜ਼ਹਿਰੀ ਬਣਾਉਂਦਾ ਹੈ, ਪੌਦਿਆਂ ਨੂੰ ਮਾਰਦਾ ਹੈ, ਪਸ਼ੂਆਂ ਪੰਛੀਆਂ ਦੇ ਜੀਵਨ ਲਈ ਘਾਤਕ ਬਣਦਾ ਹੈ। ਇਸੇ ਕਰਕੇ ਪ੍ਰਦੂਸ਼ਤ ਪਾਣੀ ਕਾਰਨ ਪੰਜਾਬ ਦਾ ਖੇਤ-ਖਿਲਵਾੜਾ, ਪਸ਼ੂ ਪੰਛੀ ਵੀ ਉੰਨੇ ਹੀ ਪ੍ਰਭਾਵਿਤ ਹੋਏ ਜਿੰਨਾ ਪੰਜਾਬ ਦਾ ਮਨੁੱਖ।
ਇਸ ਵਾਯੂਮੰਡਲ ਵਿੱਚ ਧਰਤੀ ਉੱਤੇ ਜੇਕਰ ਸਭ ਤੋਂ ਵੱਧ ਕੀਮਤੀ ਚੀਜ਼ ਹੈ ਤਾਂ ਉਹ ਪਾਣੀ ਹੈ। ਧਰਤੀ ਦਾ ਦੋ ਤਿਹਾਈ ਹਿੱਸਾ ਪਾਣੀ ਨਾਲ ਘਿਰਿਆ ਪਿਆ ਹੈ। ਸਮੁੰਦਰਾਂ, ਨਦੀਆਂ, ਝੀਲਾਂ ਦੇ ਬੇਅੰਤ ਪਾਣੀ ਵਿੱਚੋਂ ਮਨੁੱਖੀ ਵਰਤੋਂ ਲਈ 0.3 ਹਿੱਸਾ ਉਪਲਬਧ ਹੈ। ਇਸ ਉਪਲਬਧ ਪਾਣੀ ਨੂੰ ਸ਼ਹਿਰੀਕਰਨ, ਜੰਗਲਾਂ ਦੇ ਵੱਢ-ਵਢਾਂਗੇ, ਉਦਯੋਗਿਕ ਰਹਿੰਦ-ਖੂੰਦ, ਸਮਾਜੀ ਅਤੇ ਧਾਰਮਿਕ ਰਹੂ-ਰੀਤਾਂ, ਖਾਦਾਂ ਕੀਟਨਾਸ਼ਕਾਂ, ਡਿਟਰਜਿੰਟ ਪਾਊਡਰ ਨੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਲਗਭਗ 6 ਬਿਲੀਅਨ ਕਿਲੋਗ੍ਰਾਮ ਕੂੜਾ ਕਰਕਟ (ਪਲਾਸਟਿਕ, ਇਲੈਕਟ੍ਰੌਨਿਕ ਆਈਟਮਾਂ ਆਦਿ) ਹਰ ਵਰ੍ਹੇ ਸਮੁੰਦਰ ਦੀ ਭੇਂਟ ਚੜ੍ਹਾਇਆ ਜਾ ਰਿਹਾ ਹੈ ਜਿਸ ਨਾਲ ਸਮੁੰਦਰ ਵਿਚਲੇ ਜੀਵਾਂ ਦਾ ਕਈ ਹਾਲਾਤ ਵਿੱਚ ਸਰਵਨਾਸ਼ ਵੇਖਣ ਨੂੰ ਮਿਲ ਰਿਹਾ ਹੈ। ਇੱਥੇ ਹੀ ਬੱਸ ਨਹੀਂ ਭੈੜੇ ਪਾਣੀ ਦੀ ਉਪਜ ਮੱਛੀਆਂ ਅਤੇ ਹੋਰ ਕੀੜੇ-ਮਕੌੜੇ ਜਿਹੜੇ ਮਨੁੱਖਾਂ ਦਾ ਭੋਜਨ ਵੀ ਬਣਦੇ ਹਨ, ਉਹ ਵੀ ਮਨੁੱਖੀ ਸਿਹਤ ਦਾ ਘਾਣ ਕਰਦੇ ਹਨ।
ਪੰਜਾਬ ਦੀ ਖੁਸ਼ਹਾਲੀ ਅਤੇ ਚੰਗੇ ਜੀਵਨ ਜੀਊਣ ਦੇ ਮੁਕਾਬਲੇ ਨੇ ਆਪਣੀ ਰਿਵਾਇਤੀ ਖ਼ੁਰਾਕ ਛੱਡ ਕੇ ਬਜ਼ਾਰੂ ਖ਼ੁਰਾਕ ਵੱਲ ਵੱਧ ਧਿਆਨ ਦਿੱਤਾ ਹੈ, ਇਸ ਮਿਲਾਵਟੀ ਭੋਜਨ ਕਾਰਨ ਪੰਜਾਬੀਆਂ ਦੇ ਸੁਡੌਲ ਜੁੱਸੇ ਨਕਾਰਾ ਹੁੰਦੇ ਜਾ ਰਹੇ ਹਨ, ਜਿਹੜੇ ਇਸ ਖਿੱਤੇ ਵਿੱਚ ਵਸਦੇ ਲੋਕਾਂ ਲਈ ਖ਼ਤਰੇ ਦੀ ਘੰਟੀ ਹਨ ਅਤੇ ਕਿਸੇ ਸਮੇਂ ਪੰਜਾਬ ਦਾ ਇਹ ਜ਼ਹਿਰੀਲਾ ਪਾਣੀ ਪੰਜਾਬੀਆਂ ਦੀ ਸਿਹਤ ਦੀ ਬਰਬਾਦੀ ਅਤੇ ਪੰਜਾਬ ਦੇ ਖਿੱਤੇ ਵਿੱਚੋਂ ਲੋਕਾਂ ਦੇ ਉਜਾੜੇ ਦਾ ਕਾਰਨ ਬਣੇਗਾ।
*****
ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)
(2600)
(ਸਰੋਕਾਰ ਨਾਲ ਸੰਪਰਕ ਲਈ: