JatinderPannu7ਉੱਥੇ ਜਦੋਂ ਕੁੰਭ ਮੇਲਾ ਚੱਲ ਰਿਹਾ ਸੀ ਤਾਂ ਹਰ ਥਾਂ ਦੁਹਾਈ ਪੈ ਗਈ ਕਿ ਦੇਸ਼ ਵਿੱਚ ਕਰੋਨਾ ਮਹਾਂਮਾਰੀ ...
(14 ਜੂਨ 2021)

 

ਭਾਰਤ ਦੇਸ਼ ਕਦੇ ਵੀ ਮਾੜਾ ਨਹੀਂ ਸੀ, ਅੱਜ ਵੀ ਮਾੜਾ ਨਹੀਂ, ਸਿਰਫ ਇਸ ਨੂੰ ਲੀਡਰਸ਼ਿੱਪ ਮਾੜੀ ਮਿਲਦੀ ਰਹੀ ਸੀ ਅਤੇ ਅੱਜ ਵੀ ਇਸੇ ਤਰ੍ਹਾਂ ਦੀ ਲੀਡਰਸ਼ਿੱਪ ਇਸ ਨੂੰ ਚਲਾ ਰਹੀ ਹੈਕਦੀ ਇਹ ਦੇਸ਼ ਸੋਨੇ ਦੀ ਚਿੜੀ ਮੰਨਿਆ ਜਾਂਦਾ ਸੀ, ਅੱਜ ਇਸਦੀ ਗਰੀਬੀ, ਭੁੱਖਮਰੀ ਅਤੇ ਆਰਥਿਕ ਪੱਖੋਂ ਪਛੇਤ ਦੀਆਂ ਗੱਲਾਂ ਦੀ ਚਰਚਾ ਸੰਸਾਰ ਵਿੱਚ ਹੁੰਦੀ ਹੈਦੇਸ਼ ਦੀ ਅਗਵਾਈ ਕਰਨ ਵਾਲੀ ਟੀਮ ਆਪਣੇ ਲੋਕਾਂ ਦਾ ਧਿਆਨ ਸਮੱਸਿਆਵਾਂ ਵੱਲ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਇਹੋ ਜਿਹੇ ਸੁਪਨੇ ਵਿਖਾ ਕੇ ਬੁੱਤਾ ਸਾਰਨਾ ਚਾਹੁੰਦੀ ਹੈ, ਜਿਨ੍ਹਾਂ ਦੀ ਕੋਈ ਹਕੀਕਤ ਹੀ ਨਹੀਂਅੰਕੜਿਆਂ ਦੀ ਜਾਦੂਗਰੀ ਕਰਨ ਵਾਲੇ ਬਹੁਤ ਸਾਰੇ ਮਾਹਰ ਦਿੱਲੀ ਵਿੱਚ ਪ੍ਰਧਾਨ ਮੰਤਰੀ ਦੀ ਸੇਵਾ ਵਾਸਤੇ ਬੈਠੇ ਹਨ ਅਤੇ ਉਨ੍ਹਾਂ ਦੀ ਵੇਖੋ-ਵੇਖੀ ਰਾਜਾਂ ਵਿੱਚ ਵੀ ਇਹੋ ਜਿਹੇ ਚਾਪਲੂਸ ਮਾਹਰ ਰੱਖਣ ਦਾ ਅਮਲ ਚੱਲ ਪਿਆ ਹੈਮੁੱਖ ਮੰਤਰੀਆਂ ਨੂੰ ਕੰਮ ਕਰਨ ਦੀ ਲੋੜ ਨਹੀਂ, ਉਹ ਕੰਮ ਕਰ ਦਿੱਤੇ ਹੋਣ ਦਾ ਭਰਮ ਪਾਉਣ ਦੀ ਲੋੜ ਰਹਿੰਦੀ ਹੈ, ਜਿਹੜੇ ਕੰਮ ਲੋਕਾਂ ਨੂੰ ਆਸੇ-ਪਾਸੇ ਹੋਏ ਨਹੀਂ ਦਿਸਦੇ, ਪਰ ਮੁੱਖ ਮੰਤਰੀ ਦੇ ਪੱਕੇ ਵਫਦਾਰਾਂ ਦੇ ਮੂੰਹੋਂ ਸੁਣੇ ਜਾ ਸਕਦੇ ਹਨਭਾਰਤ ਦੇ ਸਾਰੇ ਰਾਜਾਂ ਵਿੱਚ ਇਹੋ ਹੁੰਦਾ ਨਜ਼ਰ ਪੈਂਦਾ ਹੈ, ਸਮੇਤ ਸਾਡੇ ਪੰਜਾਬ ਦੇਭਰਮ ਦੇ ਇਹੋ ਜਿਹੇ ਗੁਬਾਰੇ ਕਦੀ ਅਸਲੀ ਅਸਮਾਨ ਨਹੀਂ ਗਾਹ ਸਕਦੇ

ਜਿਹੜੇ ਭਰਮ ਦੇ ਗੁਬਾਰੇ ਭਾਰਤ ਦੀ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਉਡਾਉਣ ਦੇ ਯਤਨ ਕਰ ਰਹੀਆਂ ਸਨ ਤੇ ਉਨ੍ਹਾਂ ਨੂੰ ਬੜਾ ਵਹਿਮ ਸੀ ਕਿ ਲੋਕਾਂ ਨੂੰ ਪਤਾ ਨਹੀਂ, ਅੱਜ ਉਨ੍ਹਾਂ ਦੀ ਫੂਕ ਨਿਕਲਣ ਲੱਗ ਪਈ ਹੈ ਇਸਦੀ ਸ਼ੁਰੂਆਤ ਬਿਹਾਰ ਤੋਂ ਹੋਈ ਹੈ, ਜਿੱਥੇ ‘ਸੁਸ਼ਾਸਨ ਬਾਬੂ’ ਨਿਤੀਸ਼ ਕੁਮਾਰ ਆਪਣੀ ਪਾਰਟੀ ਦੀਆਂ ਵਿਧਾਨ ਸਭਾ ਸੀਟਾਂ ਘੱਟ ਹੋਣ ਕਰਕੇ ਵੱਧ ਵਿਧਾਇਕਾਂ ਵਾਲੀ ਭਾਜਪਾ ਦੇ ਆਸਰੇ ਮੁੱਖ ਮੰਤਰੀ ਹੈ‘ਸ਼ਾਸਨ’ ਰਾਜ-ਪ੍ਰਬੰਧ ਨੂੰ ਕਿਹਾ ਜਾਂਦਾ ਹੈ ਤੇ ‘ਸੁਸ਼ਾਸਨ’ ਦਾ ਅਰਥ ਸੁਥਰਾ ਰਾਜ-ਪ੍ਰਬੰਧ ਹੁੰਦਾ ਹੈਨਿਤੀਸ਼ ਕੁਮਾਰ ਨੂੰ ਦੇਸ਼ ਵਿੱਚ ‘ਸੁਸ਼ਾਸਨ ਬਾਬੂ’ ਵਜੋਂ ਪ੍ਰਚਾਰਿਆ ਜਾਂਦਾ ਹੈ ਤੇ ਉਸ ਦੇ ਸੁਸ਼ਾਸਨ ਦਾ ਨਮੂਨਾ ਇਸ ਹਫਤੇ ਹਾਈ ਕੋਰਟ ਦੇ ਹੁਕਮ ਨਾਲ ਲੋਕਾਂ ਸਾਹਮਣੇ ਨੰਗਾ ਹੋ ਗਿਆ ਹੈ ਕਰੋਨਾ ਨਾਲ ਹੁੰਦੀਆਂ ਮੌਤਾਂ ਦੇ ਪੱਖ ਤੋਂ ਬਿਹਾਰ ਬੀਤੀ ਨੌਂ ਜੂਨ ਤਕ ਸਤਾਰ੍ਹਵੇਂ ਨੰਬਰ ਉੱਤੇ ਸੀ, ਦਸ ਜੂਨ ਨੂੰ ਇੱਕਦਮ ਬਾਰ੍ਹਵੇਂ ਨੰਬਰ ਉੱਤੇ ਆ ਗਿਆਉਸ ਰਾਜ ਵਿੱਚ ਇੱਕ ਦਿਨ ਪਹਿਲਾਂ ਸਵਾ ਸਾਲ ਦੌਰਾਨ ਹੋਈਆਂ ਮੌਤਾਂ ਦੀ ਗਿਣਤੀ ਚੁਰੰਜਾ ਸੌ ਚੌਵੀ ਤਕ ਸੀ, ਪਰ ਉਸ ਦਿਨ ਵਧ ਕੇ ਤਿਰਾਨਵੇਂ ਸੌ ਪੰਝੱਤਰ ਹੋ ਗਈਇੱਕੋ ਦਿਨ ਵਿੱਚ ਇਸ ਰਾਜ ਵਿੱਚ ਉਨਤਾਲੀ ਸੌ ਚੁਰਵੰਜਾ ਮੌਤਾਂ ਨਹੀਂ ਸੀ ਹੋਈਆਂ, ਹਾਈ ਕੋਰਟ ਦੇ ਹੁਕਮ ਉੱਤੇ ਗੁਨਾਹ ਮੰਨਣਾ ਪਿਆ ਸੀ ਕਿ ਪਹਿਲਾਂ ਮੌਤਾਂ ਵੱਧ ਹੁੰਦੀਆਂ ਰਹੀਆਂ ਸਨ ਤੇ ਰਿਕਾਰਡ ਵਿੱਚ ਘੱਟ ਦਰਜ ਕਰਦੇ ਰਹੇ ਸਨਰਾਜਧਾਨੀ ਵਾਲੇ ਸ਼ਹਿਰ ਪਟਨਾ ਵਿੱਚ ਪੌਣੇ ਗਿਆਰਾਂ ਸੌ ਮੌਤਾਂ ਉਨ੍ਹਾਂ ਲੋਕਾਂ ਦੀਆਂ ਪਤਾ ਲੱਗੀਆਂ, ਜਿਹੜੇ ਮਰੇ ਤਾਂ ਕਰੋਨਾ ਨਾਲ ਸਨ, ਪਰ ਉਸ ਖਾਤੇ ਵਿੱਚ ਦਰਜ ਨਹੀਂ ਸਨ ਕੀਤੇ ਗਏਜਦੋਂ ਹਾਈ ਕੋਰਟ ਨੇ ਪਿਛਲੇ ਮਹੀਨੇ ਗੰਗਾ ਨਦੀ ਵਿਚਲੀਆਂ ਲਾਸ਼ਾਂ ਬਾਰੇ ਬਿਹਾਰ ਸਰਕਾਰ ਦੇ ਵੱਖ-ਵੱਖ ਅਫਸਰਾਂ ਦੇ ਆਪਸ ਵਿੱਚ ਵਖਰੇਵੇਂ ਵਾਲੇ ਦਾਅਵਿਆਂ ਦੇ ਬਾਅਦ ਕਰੋਨਾ ਨਾਲ ਹੋਈਆਂ ਕੁਲ ਮੌਤਾਂ ਦਾ ਆਡਿਟ ਕਰਨ ਲਈ ਕਿਹਾ ਤਾਂ ਅਠਾਈ ਦਿਨਾਂ ਦੇ ਆਡਿਟ ਮਗਰੋਂ ਇਹ ਅੰਕੜੇ ਪੇਸ਼ ਕਰ ਕੇ ਬਿਹਾਰ ਸਰਕਾਰ ਨੂੰ ਮੰਨਣਾ ਪਿਆ ਕਿ ਮੌਤਾਂ ਲੁਕਾਈਆਂ ਗਈਆਂ ਸਨਭਾਰਤ ਦਾ ਇਹ ਇਕੱਲਾ ਰਾਜ ਨਹੀਂ, ਜਿੱਥੇ ਮੌਤਾਂ ਦੇ ਅੰਕੜੇ ਇੱਦਾਂ ਲੁਕਾਏ ਗਏ ਹਨ, ਗੁਜਰਾਤ, ਉੱਤਰ ਪ੍ਰਦੇਸ਼ ਤੇ ਕਈ ਹੋਰ ਰਾਜਾਂ ਵਿੱਚ ਵੀ ਇਹੋ ਕੁਝ ਹੋਇਆ ਹੈ, ਜਿਨ੍ਹਾਂ ਵਿੱਚ ਪੰਜਾਬ ਵੀ ਸ਼ਾਮਲ ਹੈ ਅਤੇ ਅਸੀਂ ਇਸ ਬਾਰੇ ਦੋ ਹਫਤੇ ਪਹਿਲਾਂ ਹੀ ਲਿਖ ਦਿੱਤਾ ਸੀ ਕਿ ਅਸਲੀ ਤਸਵੀਰ ਕੁਝ ਹੋਰ ਹੈ, ਪੇਸ਼ ਕੁਝ ਹੋਰ ਕੀਤੀ ਜਾ ਰਹੀ ਹੈ

ਦੂਸਰਾ ਮਾਮਲਾ ਉਸ ਉੱਤਰਾ ਖੰਡ ਦੇ ਰਾਜ ਤੋਂ ਉੱਭਰਿਆ ਹੈ, ਜਿੱਥੇ ਨਿਰੋਲ ਭਾਜਪਾ ਦੀ ਸਰਕਾਰ ਹੈਇਸ ਸਾਲ ਉੱਥੇ ਜਦੋਂ ਕੁੰਭ ਮੇਲਾ ਚੱਲ ਰਿਹਾ ਸੀ ਤਾਂ ਹਰ ਥਾਂ ਦੁਹਾਈ ਪੈ ਗਈ ਕਿ ਦੇਸ਼ ਵਿੱਚ ਕਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਚੱਲ ਪਈ ਹੈ, ਇਸ ਮੌਕੇ ਮੇਲੇ ਵਿੱਚ ਬਹੁਤੀ ਭੀੜ ਨਾ ਕਰੋਕੇਂਦਰ ਦੀ ਸਰਕਾਰ ਵੀ ਅਤੇ ਉੱਤਰਾ ਖੰਡ ਵਾਲੀ ਸਰਕਾਰ ਵੀ ਇਹੋ ਕਹਿੰਦੀਆਂ ਰਹੀਆਂ ਕਿ ਮਹਾਮਾਈ ਗੰਗਾ ਦੇ ਚਰਨਾਂ ਵਿੱਚ ਜਾਂਦੀ ਭੀੜ ਲਈ ਕੋਈ ਖਤਰਾ ਨਹੀਂ, ਪਰ ਕਰੋਨਾ ਨਾਲ ਜਦੋਂ ਤਿੰਨ ਵੱਡੇ ਸੰਤਾਂ ਦੀ ਮੌਤ ਹੋ ਗਈ ਤਾਂ ਸਰਕਾਰ ਨੇ ਮੇਲਾ ਸਮੇਟਣਾ ਆਰੰਭ ਕਰ ਦਿੱਤਾਉਸ ਦਿਨ ਤਕ ਉੱਥੇ ਆਏ ਲੋਕਾਂ ਵਿੱਚ ਬਿਮਾਰੀ ਕਾਫੀ ਫੈਲ ਗਈ ਹੋਣ ਦੀ ਚਰਚਾ ਚੱਲ ਪਈ ਸੀ, ਪਰ ਸਰਕਾਰ ਨੇ ਇਹ ਦਲੀਲ ਦੇ ਕੇ ਭਾਰਤ ਦੇ ਲੋਕਾਂ ਨੂੰ ਭੁਚਲਾਉਣਾ ਚਾਹਿਆ ਕਿ ਇੱਥੇ ਆਉਣ ਵਾਲੇ ਸਾਰੇ ਲੋਕਾਂ ਲਈ ਕੋਵਿਡ-19 ਦੇ ਟੈੱਸਟ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸਦੇ ਲਈ ਲੈਬਾਰਟਰੀਆਂ ਨੂੰ ਸਰਕਾਰ ਖਰਚਾ ਦੇ ਰਹੀ ਹੈਮੇਲਾ ਮੁੱਕਣ ਮਗਰੋਂ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਮੋਬਾਇਲ ਫੋਨ ਉੱਤੇ ਕਰੋਨਾ ਦਾ ਟੈੱਸਟ ਹੋਣ ਦਾ ਮੈਸੇਜ ਆ ਗਿਆਉਸ ਨੇ ਭਾਰਤ ਸਰਕਾਰ ਦੀ ਮੈਡੀਕਲ ਖੋਜ ਕੌਂਸਲ ਨੂੰ ਸ਼ਿਕਾਇਤ ਕਰ ਦਿੱਤੀ ਕਿ ਮੈਂ ਤਾਂ ਇਹ ਟੈੱਸਟ ਕਰਵਾਇਆ ਨਹੀਂ, ਮੈਂਨੂੰ ਮੈਸੇਜ ਦੇਣ ਬਾਰੇ ਜਾਂਚ ਕੀਤੀ ਜਾਣੀ ਚਾਹੀਦੀ ਹੈਜਾਂਚ ਸ਼ੁਰੂ ਕੀਤੀ ਗਈ ਤਾਂ ਪਹਿਲੇ ਹਫਤੇ ਹੀ ਖਬਰ ਮਿਲ ਗਈ ਕਿ ਇੱਦਾਂ ਦੇ ਕਰੀਬ ਇੱਕ ਲੱਖ ਕੇਸ ਮਿਲੇ ਹਨ, ਜਿਹੜੇ ਲੋਕ ਉੱਥੇ ਗਏ ਨਹੀਂ ਸਨ, ਪਰ ਉਨ੍ਹਾਂ ਦੇ ਕਾਗਜ਼ੀ ਟੈੱਸਟ ਕਰ ਕੇ ਐਵੇਂ ਨੰਬਰ ਭਰਨ ਨਾਲ ਉਨ੍ਹਾਂ ਨੂੰ ਮੈਸੇਜ ਜਾ ਰਹੇ ਸਨਇਸ ਪਿੱਛੋਂ ਕੁੰਭ ਮੇਲੇ ਦੇ ਟੈੱਸਟਾਂ ਦੀ ਵਿਸਥਾਰਤ ਜਾਂਚ ਕੀਤੀ ਜਾਣ ਲੱਗੀ ਹੈ, ਪਰ ਸਵਾਲ ਉੱਠ ਖੜੋਤਾ ਹੈ ਕਿ ਇੱਦਾਂ ਕਰਨ-ਕਰਾਉਣ ਦਾ ਜ਼ਿੰਮੇਵਾਰ ਕੌਣ ਹੈ? ਸਰਕਾਰ ਕਹਿੰਦੀ ਹੈ ਕਿ ਇੱਦਾਂ ਦੀ ਠੱਗੀ ਕਰਨ ਵਾਲੀਆਂ ਲੈਬਾਰਟਰੀਆਂ ਦੀ ਰਕਮ ਦੀ ਅਦਾਇਗੀ ਰੋਕ ਲਈ ਹੈ, ਪਰ ਇਹ ਕੰਮ ਕੋਈ ਲੈਬਾਰਟਰੀ ਆਪਣੇ ਸਿਰ ਉੱਤੇ ਕਿਸੇ ਵੱਡੇ ਬੰਦੇ ਦਾ ਹੱਥ ਹੋਣ ਤੋਂ ਬਿਨਾਂ ਕਰ ਹੀ ਨਹੀਂ ਸਕਦੀ, ਆਖਰ ਉਨ੍ਹਾਂ ਵੱਡੇ ਬੰਦਿਆਂ ਨੂੰ ਕੌਣ ਹੱਥ ਪਾਵੇਗਾ?

ਸਾਡਾ ਦਾਅਵਾ ਹੈ ਕਿ ਇੱਦਾਂ ਦੀ ਜਾਂਚ ਸਾਰੇ ਭਾਰਤ ਦੇ ਰਾਜਾਂ ਵਿੱਚ ਕੀਤੀ ਜਾਵੇ ਤਾਂ ਕਰੋਨਾ ਦੀ ਮਾਰ ਨਾਲ ਭਾਰਤ ਵਿੱਚ ਹੋਈਆਂ ਮੌਤਾਂ ਦਾ ਕੁਲ ਅੰਕੜਾ ਬਹੁਤ ਵਧ ਜਾਵੇਗਾ, ਪਰ ਇਹ ਜਾਂਚ ਕੋਈ ਕਰਵਾਵੇਗਾ ਨਹੀਂਕਾਰਨ ਇਸਦਾ ਇਹ ਹੈ ਕਿ ਇਸ ਵਕਤ ਭਾਰਤ ਦੀ ਸਰਕਾਰ ਲੋਕਾਂ ਨੂੰ ਭਰਮ ਦੀ ਜ਼ਿੰਦਗੀ ਜਿਊਣਾ ਸਿਖਾਉਣ ਦੇ ਯਤਨ ਕਰ ਰਹੀ ਹੈ ਤੇ ਇੱਦਾਂ ਦੇ ਯਤਨਾਂ ਵਿੱਚ ਅਸਲੀ ਅੰਕੜਿਆਂ ਦਾ ਦਖਲ ਸੁਪਨੇ ਦਾ ਸੱਤਿਆਨਾਸ ਕਰ ਦੇਵੇਗਾਕੇਂਦਰ ਦੀ ਇਸ ਸਰਕਾਰ ਦੇ ਇੱਕ ਮੰਤਰੀ ਨੇ, ਜਿਹੜਾ ਖੁਦ ਐਲੋਪੈਥੀ ਦਾ ਸਿਆਣਾ ਡਾਕਟਰ ਮੰਨਿਆ ਜਾਂਦਾ ਹੈ, ਹਰਦੁਆਰ ਪਹੁੰਚ ਕੇ ਰਾਮਦੇਵ ਦੀ ਪਤੰਜਲੀ ਕੰਪਨੀ ਦੀ ਉਹ ਦਵਾਈ ਲਾਂਚ ਕਰਨ ਦੀ ਜ਼ਿੰਮੇਵਾਰੀ ਨਿਭਾਈ, ਜਿਹੜੀ ਉਸ ਨੇ ਕਰੋਨਾ ਦੇ ਇਲਾਜ ਵਾਲੀ ਕਹੀ ਸੀ, ਪਰ ਦੂਸਰੇ ਦਿਨ ਇਹ ਮੰਨ ਲਿਆ ਸੀ ਕਿ ਇਹ ਕਰੋਨਾ ਦੇ ਇਲਾਜ ਦੀ ਦਵਾਈ ਨਹੀਂਰਾਮਦੇਵ ਦੋਗਲੀ ਸੋਚ ਵਾਲਾ ਚਲਾਕ ਕਾਰੋਬਾਰੀ ਹੈਉਸ ਨੇ ਇੱਕ ਸਮਾਗਮ ਵਿੱਚ ਕਿਹਾ ਸੀ ਕਿ ਮੈਂ ਯੋਗ ਨਾਲ ਹਰ ਰੋਗ ਦੂਰ ਕਰ ਸਕਦਾ ਹਾਂਉਸ ਸਮਾਗਮ ਵਿੱਚ ਵਿਅੰਗਕਾਰ ਸੁਰਿੰਦਰ ਸ਼ਰਮਾ ਨੇ ਇੱਕੋ ਸਵਾਲ ਪੁੱਛਿਆ ਸੀ, ਜਿਸਦਾ ਜਵਾਬ ਅੱਜ ਤਕ ਵੀ ਕਦੇ ਨਹੀਂ ਮਿਲਿਆਸੁਰਿੰਦਰ ਸ਼ਰਮਾ ਨੇ ਪੁੱਛਿਆ ਸੀ ਕਿ ‘ਬਾਬਾ, ਜੇ ਯੋਗ ਨਾਲ ਹਰ ਰੋਗ ਦੂਰ ਹੋ ਸਕਦਾ ਹੈ ਤਾਂ ਤੁਸੀਂ ਦਵਾਈਆਂ ਦੇ ਕਾਰਖਾਨੇ ਕਿਉਂ ਲਾਉਂਦੇ ਅਤੇ ਟੀ ਵੀ ਚੈਨਲਾਂ ਉੱਤੇ ਉਨ੍ਹਾਂ ਦੀ ਮਸ਼ਹੂਰੀ ਕਿਉਂ ਕਰਦੇ ਹੋ? ਕਮਾਈ ਦੇ ਇਸ ਕਾਰੋਬਾਰ ਦਾ ਸੱਚ ਨੰਗਾ ਹੁੰਦਾ ਵੇਖ ਕੇ ਬਾਬਾ ਚੁੱਪ ਹੋ ਗਿਆ, ਪਰ ਰਾਮਦੇਵ ਦੇ ਪਿੱਛੇ ਖੜ੍ਹੀ ਭਾਜਪਾ ਅੱਜ ਵੀ ਰਾਮਦੇਵ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਲਈ ਸਰਕਾਰੀ ਸਾਧਨਾਂ ਦੀ ਦੁਰਵਰਤੋਂ ਕਰੀ ਜਾਂਦੀ ਹੈਭਾਜਪਾ ਦੀਆਂ ਸਰਕਾਰਾਂ ਵਾਲੇ ਰਾਜਾਂ ਦੇ ਲੋਕਾਂ ਨੂੰ ਕਰੋਨਾ ਦੀਆਂ ਕਿੱਟਾਂ ਦੇਣ ਲਈ ਰਾਮਦੇਵ ਦੀ ਪਤੰਜਲੀ ਪੀਠ ਦਾ ਮਾਲ ਖਰੀਦ ਕੇ ਦਿੱਤਾ ਜਾਂਦਾ ਹੈਭਾਜਪਾ ਦੇ ਹੇਮਾ ਮਾਲਿਨੀ ਵਰਗੇ ਪਾਰਲੀਮੈਂਟ ਮੈਂਬਰ ਤੇ ਹੋਰ ਆਗੂ ਕਹਿੰਦੇ ਹਨ ਕਿ ਕਰੋਨਾ ਨੂੰ ਭਜਾਉਣ ਲਈ ਵੱਧ ਤੋਂ ਵੱਧ ਹਵਨ ਕੀਤੇ ਜਾਣੇ ਚਾਹੀਦੇ ਹਨ ਅਤੇ ਕਈ ਸਾਧੂ ਤੇ ਸਾਧਵੀਆਂ ਇਹ ਪ੍ਰਚਾਰ ਕਰਦੇ ਹਨ ਕਿ ਗਊ ਮੂਤਰ ਨਾਲ ਕਰੋਨਾ ਤੋਂ ਛੁਟਕਾਰਾ ਮਿਲ ਜਾਵੇਗਾਜੇ ਸਰਕਾਰ ਸੱਚਮੁੱਚ ਸੋਚਦੀ ਹੈ ਕਿ ਇਸ ਤਰ੍ਹਾਂ ਕਰਨ ਨਾਲ ਕਰੋਨਾ ਵਾਇਰਸ ਦੀ ਮਾਰ ਤੋਂ ਬਚਿਆ ਜਾ ਸਕਦਾ ਹੈ ਤਾਂ ਬਾਕੀ ਸਾਰਾ ਤਰੱਦਦ ਕਰਨ ਦੀ ਲੋੜ ਕੀ ਹੈ, ਇਹੋ ਕੰਮ ਕਰ ਲੈਣਾ ਚਾਹੀਦਾ ਹੈ

ਅਸੀਂ ਲੋਕ ਉਦੋਂ ਬੜੇ ਖੁਸ਼ ਹੋਏ ਸਾਂ, ਜਦੋਂ ਇਹ ਪਤਾ ਲੱਗਾ ਸੀ ਕਿ ਸੰਸਾਰ ਵਿੱਚ ਕਰੋਨਾ ਦੇ ਇਲਾਜ ਲਈ ਸਭ ਤੋਂ ਪਹਿਲਾਂ ਜਿਹੜੀਆਂ ਤਿੰਨ ਦਵਾਈਆਂ ਬਣੀਆਂ, ਉਨ੍ਹਾਂ ਵਿੱਚੋਂ ਦੋ ਭਾਰਤੀ ਹਨਇੱਕ ਦਵਾਈ ਕੋਵੀਸ਼ੀਲਡ ਠੀਕ ਰਹੀ ਹੈ, ਪਰ ਜਿਹੜੀ ਦੂਸਰੀ ਕੋਵੈਕਸਿਨ ਨੂੰ ਬਹੁਤ ਉਛਾਲਿਆ ਗਿਆ, ਉਸ ਦਾ ਰੇਟ ਵੀ ਕੋਵੀਸ਼ੀਲਡ ਤੋਂ ਵੱਧ ਪ੍ਰਵਾਨ ਕੀਤਾ ਗਿਆ, ਪਰ ਜਿਨ੍ਹਾਂ ਲੋਕਾਂ ਉਹ ਵੈਕਸੀਨ ਲਵਾਈ, ਉਹ ਪਛਤਾਉਂਦੇ ਹਨਵਿਦੇਸ਼ ਜਾਣ ਵਾਸਤੇ ਜਦੋਂ ਉਹ ਹਵਾਈ ਅੱਡੇ ਉੱਤੇ ਜਾਂਦੇ ਹਨ ਤਾਂ ਪਤਾ ਲੱਗਦਾ ਹੈ ਕਿ ਇਸ ਦਵਾਈ ਨੂੰ ਸੰਸਾਰ ਸਿਹਤ ਸੰਗਠਨ, ਡਬਲਿਊ ਐੱਚ ਓ, ਦੀ ਮਾਨਤਾ ਹੀ ਨਹੀਂ ਹੈ, ਇਸ ਕਰ ਕੇ ਇਸ ਵੈਕਸੀਨ ਵਾਲੇ ਲੋਕਾਂ ਨੂੰ ਬਹੁਤੇ ਦੇਸ਼ ਆਪਣੇ ਕੋਲ ਆਉਣ ਨਹੀਂ ਦਿੰਦੇਜਦੋਂ ਇਸ ਦਵਾਈ ਨੂੰ ਬਹੁਤੇ ਦੇਸ਼ ਅੱਜ ਮਾਨਤਾ ਨਹੀਂ ਦੇ ਰਹੇ ਅਤੇ ਇਸ ਨੂੰ ਸੰਸਾਰ ਸਿਹਤ ਸੰਗਠਨ ਨੇ ਵੀ ਹਾਲੇ ਤਕ ਹਰੀ ਝੰਡੀ ਨਹੀਂ ਦਿੱਤੀ, ਉਸ ਨੂੰ ਭਾਰਤ ਦੇ ਲੋਕਾਂ ਨੂੰ ਲਾਉਣ ਦੀ ਮਨਜ਼ੂਰੀ ਭਾਰਤ ਸਰਕਾਰ ਨੇ ਬਿਨਾਂ ਸੋਚੇ ਦੇ ਦਿੱਤੀ ਹੈ ਇੱਦਾਂ ਦੀ ਦਵਾਈ ਕੱਲ੍ਹ ਨੂੰ ਕਿਸੇ ਵਿਅਕਤੀ ਦਾ ਕੁਝ ਨੁਕਸਾਨ ਕਰ ਦੇਵੇ ਤਾਂ ਉਸ ਦੇ ਪਰਿਵਾਰ ਨੂੰ ਹਰਜਾਨਾ ਸ਼ਾਇਦ ਕੋਈ ਅਦਾਲਤ ਦਿਵਾ ਦੇਵੇਗੀ, ਪਰ ਪੀੜਤ ਪਰਿਵਾਰ ਨੂੰ ਉਨ੍ਹਾਂ ਦੇ ਆਪਣੇ ਪਿਆਰੇ ਜੀਅ ਦੇ ਜਾਣ ਕਾਰਨ ਜਿਹੜੀ ਭਾਵਨਾਤਮਕ ਘਾਟ ਪਵੇਗੀ, ਉਸ ਦੀ ਭਰਪਾਈ ਕਿਹੜੀ ਅਦਾਲਤ ਜਾਂ ਸਰਕਾਰ ਕਰੇਗੀ? ਕੇਂਦਰ ਅਤੇ ਰਾਜਾਂ ਵਿਚਲੀਆਂ ਸਰਕਾਰਾਂ ਭਰਮ ਦੇ ਗੁਬਾਰੇ ਨੂੰ ਅਸਮਾਨ ਵਿੱਚ ਚੜ੍ਹਾਉਣ ਵਾਸਤੇ ਮਸਤ ਹਨ, ਉਨ੍ਹਾਂ ਕੋਲ ਇਹ ਗੱਲਾਂ ਸੋਚਣ ਜੋਗਾ ਵਕਤ ਵੀ ਨਹੀਂ ਜਾਪਦਾ

ਇਹੋ ਕਾਰਨ ਹੈ ਕਿ ਭਾਰਤ ਤਰੱਕੀ ਕਰਦਾ ਜਾਪਦਾ ਹੈ, ਪਰ ਜਿਹੜੇ ਭਰਮ ਦੇ ਗੁਬਾਰੇ ਵਿੱਚ ਚੜ੍ਹਿਆ ਅਸਮਾਨਾਂ ਵਿੱਚ ਘੁੰਮਦਾ ਹੈ, ਉਹ ਇਸ ਨੂੰ ਕਿਤੇ ਪਹੁੰਚਾਉਣ ਨਹੀਂ ਲੱਗਾਲੀਡਰਸ਼ਿੱਪ ਲਈ ਇਹ ਗੱਲ ਕੋਈ ਅਰਥ ਨਹੀਂ ਰੱਖਦੀ ਕਿ ਦੇਸ਼ ਕਿਤੇ ਪਹੁੰਚਦਾ ਹੈ ਜਾਂ ਨਹੀਂ ਅਤੇ ਇਸ ਦੇਸ਼ ਦੇ ਲੋਕ ਵੀ ਕਿਸੇ ਤਣ-ਪੱਤਣ ਲੱਗਣਗੇ ਜਾਂ ਨਹੀਂ, ਉਨ੍ਹਾਂ ਦਾ ਨਿਸ਼ਾਨਾ ਇੱਕੋ ਹੈ ਕਿ ਸਾਡੀ ਚੌਧਰ ਚਾਹੀਦੀ ਹੈ, ਤੇ ਚੌਧਰ ਦੀ ਇਸੇ ਭੁੱਖ ਨੇ ਇਸ ਦੇਸ਼ ਦਾ ਕੁਝ ਬਣਨ ਨਹੀਂ ਦੇਣਾ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2843)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਜਤਿੰਦਰ ਪਨੂੰ

ਜਤਿੰਦਰ ਪਨੂੰ

Jalandhar, Punjab, India.
Phone: (91 - 98140 - 68455)
Email: (pannu_jatinder@yahoo.co.in)

More articles from this author