GurmitPalahi7ਤੇਲ, ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਵਿੱਚ ਇੰਤਹਾ ਲਗਾਤਾਰ ਵਾਧੇ ਨੇ ਮਹਿੰਗਾਈ ਇੰਨੀ ...
(29 ਜੂਨ 2021)

 

ਲਗਭਗ ਤਿੰਨ ਕਰੋੜੀ ਆਬਾਦੀ ਅਤੇ ਢਾਈ ਦਰਿਆਵਾਂ ਵਾਲਾ ਪੰਜਾਬ ਜਦੋਂ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈਜਦੋਂ ਪੰਜਾਬ ਦਾ ਕਿਸਾਨ, ਹਰ ਵਰਗ ਦੇ ਲੋਕਾਂ ਨੂੰ ਆਪਣੇ ਨਾਲ ਲੈ ਕੇ ਦੇਸ਼ ਦੇ ਕਿਸਾਨਾਂ ਦੀ ਅਗਵਾਈ ਕਰਦਾ, ਦਿੱਲੀ ਦੀਆਂ ਬਰੂਹਾਂ ਉੱਤੇ ਸੱਤ ਮਹੀਨਿਆਂ ਤੋਂ ਬੈਠਾ ਹੈ, ਉਦੋਂ ਪੰਜਾਬ ਦੇ ਸਿਆਸਤਦਾਨ ਪੰਜਾਬ ਦੇ ਵੱਡੇ ਮਸਲਿਆਂ, ਮੁੱਦਿਆਂ ਨੂੰ ਦਰ-ਕਿਨਾਰ ਕਰਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਹੁਣੇ ਤੋਂ ਹੀ ਤਰਲੋ-ਮੱਛੀ ਹੋ ਰਹੇ ਹਨ, ਹਾਲਾਂਕਿ ਵਿਧਾਨ ਸਭਾ ਚੋਣਾਂ ਲਈ ਅੱਠ ਮਹੀਨੇ ਦਾ ਸਮਾਂ ਬਾਕੀ ਹੈ

ਪੰਜਾਬ ਕਾਂਗਰਸ ਡੂੰਘੀ ਫੁੱਟ ਦੀ ਸ਼ਿਕਾਰ ਹੈਦਿੱਲੀ ਦੀ ਕਾਂਗਰਸੀ ਹਾਈ ਕਮਾਨ ਮੌਕਾ ਮਿਲਦਿਆਂ ਹੀ ਆਪਣੀਆਂ ਗੋਟੀਆਂ ਵਿਛਾ ਰਹੀ ਹੈਉਹ ਇਸ ਆਹਰ ਵਿੱਚ ਹੈ ਕਿ ਪੰਜਾਬ ਦੀ ਹਕੂਮਤ ਦਾ ਹਰ ਫ਼ੈਸਲਾ ਸਿਰਫ਼ ਉਸੇ ਤੋਂ ਪੁੱਛ ਕੇ ਕੀਤਾ ਜਾਏ ਅਤੇ ਮੌਕੇ ਦਾ ਹਾਕਮ ਕੋਈ “ਪੰਜਾਬ ਹਿਤੈਸ਼ੀ” ਫ਼ੈਸਲਾ ਆਪ ਨਾ ਲੈ ਸਕੇਕੈਪਟਨ ਅਮਰਿੰਦਰ ਸਿੰਘ ਚਾਰ ਵਰ੍ਹੇ ਮੋਦੀ ਸਰਕਾਰ ਵਾਂਗ ਇੱਕੋ ਥਾਂ ਤੋਂ ਆਪਣੇ ਸਲਾਹਕਾਰਾਂ ਦੀ ਮਦਦ ਨਾਲ ਪੰਜਾਬ ਦੀ ਹਕੂਮਤ ਚਲਾਉਂਦੇ ਰਹੇਸਿੱਟੇ ਵਜੋਂ ਅਫਸਰਸ਼ਾਹੀ ਭਾਰੂ ਹੋ ਗਈਹਾਕਮ ਧਿਰ ਦੇ ਸਿਆਸਤਦਾਨਾਂ ਦੀ ਕੈਪਟਨ ਅਮਰਿੰਦਰ ਸਿੰਘ ਤਕ ਪਹੁੰਚ ਹੀ ਨਾ ਹੋ ਸਕੀਪੰਜਾਬ, ਜਿਹੜਾ ਸਮੱਸਿਆਵਾਂ ਨਾਲ ਪਰੁੱਚਿਆ ਪਿਆ ਹੈ, ਉਸਦੀ ਇਸ ਤੋਂ ਵੱਡੀ ਹੋਰ ਕੀ ਤ੍ਰਾਸਦੀ ਹੋ ਸਕਦੀ ਹੈ?

ਪੰਜਾਬ ਵਿੱਚ ਹੀ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਸਿਆਸਤਦਾਨਾਂ ਦੀ ਇੱਕ ਜਮਾਤ ਬਣ ਗਈ ਹੈ, ਜਿਹਨਾਂ ਨੂੰ ਲੋਕ ਹਿਤ ਨਹੀਂ, ਆਪਣੇ ਹਿਤ ਪਿਆਰੇ ਹਨਇਹ ਸਿਆਸਤਦਾਨ ਆਪਣੇ ਭਲੇ ਦੀ ਖਾਤਰ ਲੋਕ ਹਿਤਾਂ ਨਾਲ ਖਿਲਵਾੜ ਕਰਦੇ ਹਨਕਦੇ ਇੱਕ ਸਿਆਸੀ ਪਾਰਟੀ ਵਿੱਚ ਰਹਿੰਦੇ ਹਨ ਅਤੇ ਕਦੇ ਦੂਜੀ ਸਿਆਸੀ ਪਾਰਟੀ ਵਿੱਚ ਜਾ ਸ਼ਾਮਲ ਹੁੰਦੇ ਹਨਸਿਆਸੀ ਪਾਰਟੀਆਂ, ਜਿਹਨਾਂ ਦੀ ਕਦੇ ਰਾਸ਼ਟਰ ਹਿਤ ਵਿੱਚ, ਲੋਕ ਹਿਤ ਵਿੱਚ, ਲੋਕਤੰਤਰ ਦੀ ਰਾਖੀ ਲਈ, ਗਰੀਬ-ਗੁਰਬੇ ਦੇ ਭਲੇ ਲਈ ਕੰਮ ਕਰਨ ਪ੍ਰਤੀ ਇੱਕ ਪਛਾਣ ਹੁੰਦੀ ਸੀ, ਉਹ ਪਛਾਣ ਹੁਣ ਗੁਆਚ ਗਈ ਹੈਸਿਆਸੀ ਪਾਰਟੀਆਂ ਧਰਮ ਨਾਲੋਂ ਧੜਾ ਪਿਆਰਾ ਦੇ ਅਧਾਰ ’ਤੇ ਕੰਮ ਕਰਦੀਆਂ ਹਨ ਅਤੇ ਲੋਕ ਮਸਲੇ ਭੁਲਾ ਕੇ, ਲੋਕਾਂ ਨੂੰ ਭਰਮਾ ਕੇ, ਫੁਸਲਾ ਕੇ ਚੋਣ ਯੁੱਧ ਲੜਦੀਆਂ ਹਨ, ਰੰਗ-ਬਰੰਗੇ ਚੋਣ ਮੈਨੀਫੈਸਟੋ ਜਾਰੀ ਕਰਦੀਆਂ ਹਨ ਅਤੇ ਫਿਰ ਹਾਕਮ ਧਿਰ ਬਣ ਕੇ ਸਭ ਕੁਝ ਭੁੱਲ ਜਾਂਦੀਆਂ ਹਨਭਾਰਤ ਦੇ ਸਿਆਸਤਦਾਨਾਂ ਨੇ ਆਜ਼ਾਦੀ ਦੇ 75 ਵਰ੍ਹਿਆਂ ਵਿੱਚ ਆਪਣਾ ਰੰਗ-ਰੂਪ, ਦਸ਼ਾ, ਦਿਸ਼ਾ ਇਸ ਢੰਗ ਨਾਲ ਬਦਲ ਲਈ ਹੈ ਕਿ ਲੋਕਾਂ ਦਾ ਸਿਆਸੀ ਪਾਰਟੀਆਂ ਉੱਤੇ ਵਿਸ਼ਵਾਸ ਲਗਭਗ ਖ਼ਤਮ ਹੁੰਦਾ ਜਾ ਰਿਹਾ ਹੈ

ਉਦਾਹਰਣ ਵਜੋਂ ਪੰਜਾਬ ਦੇ ਉਹ ਸਿਆਸਤਦਾਨ ਜਿਹੜੇ ਪੰਜਾਬ ਲਈ ਵੱਡੇ ਅਧਿਕਾਰਾਂ ਦੀ ਗੱਲ ਕਰਦੇ ਸਨ, ਜਿਹਨਾਂ ਨੇ ਅਨੰਦਪੁਰ ਮਤਾ ਪਾਸ ਕਰਕੇ ਵੱਧ ਅਧਿਕਾਰਾਂ ਲਈ ਮੋਰਚੇ ਲਾਏ, ਉਹ ਸਿਆਸੀ ਧਿਰ ਹਿੰਦੂ, ਹਿੰਦੀ, ਹਿੰਦੋਸਤਾਨ ਦੀ ਆਲੰਬਰਦਾਰ ਸਿਆਸੀ ਧਿਰ ਭਾਜਪਾ ਨਾਲ ਸਾਂਝ ਭਿਆਲੀ ਪਾ ਕੇ ਪੰਜਾਬ ’ਤੇ ਕਈ ਵਰ੍ਹੇ ਰਾਜ ਕਰਦੇ ਰਹੇ, ਪਰ ਪੰਜਾਬੀਆਂ ਪੱਲੇ ਇਹੋ ਜਿਹੇ ਦੁੱਖ ਪਾ ਗਏ, ਜਿਹੜੇ ਨਾ ਭੁੱਲਣਯੋਗ ਬਣ ਗਏਹੁਣ ਕੁਰਸੀ ਪ੍ਰਾਪਤੀ ਲਈ ਨਵੇਂ ਸਿਆਸੀ ਪੈਂਤੜੇ ਅਪਣਾ ਕੇ ਇਸੇ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨਾਲ ਸਾਂਝ ਪਾ ਲਈ ਹੈਇਸ ਸਾਂਝ ਦਾ ਉਦੇਸ਼ ਪਹਿਲਾਂ ਹੀ ਸਪਸ਼ਟ ਹੈਬਸਪਾ 20 ਵਿਧਾਨ ਸੀਟਾਂ ਉੱਤੇ ਚੋਣ ਲੜੇਗੀ ਅਤੇ ਅਕਾਲੀ ਦਲ (ਬ) 97 ਵਿਧਾਨ ਸਭਾ ਸੀਟਾਂ ਉੱਤੇਉਹ ਕਿਹੜੇ ਮੁੱਦੇ ਹਨ ਜਿਹਨਾਂ ’ਤੇ ਇਨ੍ਹਾਂ ਦੋਹਾਂ ਧਿਰਾਂ ਵਿੱਚ ਘੱਟੋ-ਘੱਟ ਪ੍ਰੋਗਰਾਮ ਲਾਗੂ ਕਰਨ ’ਤੇ ਸਹਿਮਤੀ ਬਣੀ? ਕੀ ਇਹੋ ਕਿ ਜੇਕਰ ਇਹ ਗੱਠਜੋੜ ਜਿੱਤਦਾ ਹੈ ਤਾਂ ਉਪ ਮੁੱਖ ਮੰਤਰੀ ਦਲਿਤ ਭਾਈਚਾਰੇ ਦਾ ਹੋਏਗਾ? ਤਾਂ ਫਿਰ ਇਸ ਗੱਠਜੋੜ ਵਿੱਚ ਪੰਜਾਬ ਕਿੱਥੇ ਹੈ? ਪੰਜਾਬ ਦੇ ਮੁੱਦੇ ਕਿੱਥੇ ਹਨ?

ਭਾਜਪਾ ਨੇ ਪੰਜਾਬ ਦੇ ਕਿਸਾਨਾਂ ਦੀ ਕੋਈ ਗੱਲ ਨਹੀਂ ਮੰਨੀ, ਪਰ ਪੰਜਾਬ ਵਿੱਚ ਅਕਾਲੀ ਦਲ (ਬ) ਨਾਲ ਗੱਠਜੋੜ ਤੋੜ ਕੇ 117 ਵਿਧਾਨ ਸਭਾ ਸੀਟਾਂ ਉੱਤੇ ਚੋਣ ਲੜਨ ਦਾ ਐਲਾਨ ਇਹ ਕਹਿ ਕੇ ਕਰ ਦਿੱਤਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਦਲਿਤ ਹੋਏਗਾਜਾਤਾਂ ਵਿੱਚ ਪਾੜ ਪਾਉਣ ਦਾ ਪੱਤਾ ਭਾਜਪਾ ਨੇ ਖੇਡਿਆ ਹੈਜਾਤ, ਧਰਮ ਅਧਾਰਤ ਪੱਤਾ ਖੇਡਣਾ ਭਾਜਪਾ ਦਾ ਦੇਸ ਵਿਆਪੀ ਅਜੰਡਾ ਹੈਧਰਮਾਂ ਦਾ ਧਰੁਵੀਕਰਨ, ਜਾਤਾਂ ਵਿੱਚ ਪਾੜਾ, ਭਾਜਪਾ ਦਾ ਕੁਰਸੀ ਪ੍ਰਾਪਤੀ ਦਾ ਵੱਡਾ ਪੱਤਾ ਹੈ, ਜਿਸ ਨੂੰ ਉਹ ਦੇਸ਼ ਭਰ ਵਿੱਚ ਵਰ੍ਹਿਆਂ ਤੋਂ ਖੇਡਦੀ ਆ ਰਹੀ ਹੈਉਸ ਵਲੋਂ ਹੁਣ ਉਹਨਾਂ ਸਿੱਖ ਚਿਹਰਿਆਂ ਨੂੰ, ਜਿਹੜੇ ਸਿਆਸੀ ਚਿਹਰੇ ਨਹੀਂ ਹਨ, ਪਰ ਵੱਡੇ ਲੇਖਕ ਬੁੱਧੀਮਾਨ, ਵਿਦਵਾਨ ਹਨ, ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈਨਿਸ਼ਾਨਾ ਤਾਂ ਇਹੋ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਪੈਰ ਜਮਾਏ ਜਾਣਪੰਜਾਬ ਜਿਹੜਾ ਸਦਾ ਦਿੱਲੀ ਦੀ ਈਨ ਮੰਨਣੋ ਇਨਕਾਰੀ ਰਿਹਾ ਹੈ, ਉਸ ਨੂੰ ਨੱਥ ਪਾਈ ਜਾਵੇਪੰਜਾਬ ਦੇ ਕਿਸਾਨਾਂ ਦੇ ਆਰੰਭੇ ਅੰਦੋਲਨ ਨੂੰ ਖ਼ਤਮ ਕੀਤਾ ਜਾਏਪਰ ਇਸ ਸਭ ਕੁਝ ਦੇ ਦਰਮਿਆਨ ਭਾਜਪਾ ਦਾ ਪੰਜਾਬ ਪ੍ਰਤੀ ਪਿਆਰ ਕਿੱਥੇ ਹੈ? ਪੰਜਾਬ ਦੇ ਪਾਣੀਆਂ ਦੀ ਵੰਡ, ਪੰਜਾਬ ਦੀ ਰਾਜਧਾਨੀ, ਪੰਜਾਬ ਦੇ ਪੰਜਾਬੋਂ ਬਾਹਰ ਰਹੇ ਪੰਜਾਬੀ ਇਲਾਕਿਆਂ ਦੀ ਪੰਜਾਬ ਵਿੱਚ ਵਾਪਸੀ, ਪੰਜਾਬੋਂ ਪ੍ਰਵਾਸ ਵਿੱਚ ਵਾਧੇ ਬਾਰੇ ਪਾਰਟੀ ਦੀ ਪਹੁੰਚ ਕੀ ਹੈ? ਇਹਨਾਂ ਮੁੱਦਿਆਂ ਬਾਰੇ ਪੰਜਾਬ ਭਾਜਪਾ ਦਾ ਮੈਨੀਫੈਸਟੋ ਕੀ ਕੁਝ ਕਹੇਗਾ?

ਆਮ ਆਦਮੀ ਪਾਰਟੀ ਨੇ 2017 ਵਿੱਚ ਪੰਜਾਬ ਵਿੱਚ ਪੰਜਾਬ ਦੀ ਭ੍ਰਿਸ਼ਟਾਚਾਰ ਮੁਕਤੀ ਦਾ ਅਜੰਡਾ ਲੈ ਕੇ ਪੰਜਾਬ ਦੀ ਸੱਤਾ ਹਥਿਆਉਣ ਦੀ ਕੋਸ਼ਿਸ਼ ਕੀਤੀਪੰਜਾਬ ਦੇ ਮੁੱਦਿਆਂ, ਮਸਲਿਆਂ ਬਾਰੇ ਉਸਦੀ ਪਹੁੰਚ (ਖ਼ਾਸ ਕਰਕੇ ਉਹ ਮਸਲੇ ਜਿਹੜੇ ਨਾਲ ਲੱਗਦੇ ਗੁਆਂਢੀ ਹਰਿਆਣਾ ਨਾਲ ਜੁੜੇ ਹੋਏ ਸਨ) ਬਾਰੇ ਅਸਪਸ਼ਟਤਾ ਨਾਲ ਪੰਜਾਬ ਵਿੱਚ ਉਸਦੇ ਪੈਰ ਨਹੀਂ ਲੱਗ ਰਹੇ2017 ਵਿੱਚ ਭਾਵੇਂ ਉਹ ਦੂਜੇ ਨੰਬਰ ਦੀ ਧਿਰ ਬਣੀ, ਪਰ ਇਸਦੇ ਵਿਧਾਇਕ ਅਤੇ ਨੇਤਾ “ਦਿੱਲੀ ਦਰਬਾਰ” ਦੇ ਏਕਾਧਿਕਾਰੀ ਪਹੁੰਚ ਕਾਰਨ ਫੁੱਟ ਦਾ ਸ਼ਿਕਾਰ ਹੋ ਗਏਪਾਰਟੀ ਭਾਵੇਂ ਯਤਨ ਤਾਂ ਕਰ ਰਹੀ ਹੈ ਕਿ ਉਹ ਲੋਕਾਂ ਵਿੱਚ ਅਧਾਰ ਬਣਾਵੇ, ਪਰ ਜ਼ਮੀਨੀ ਪੱਧਰ ਉੱਤੇ ਪਿੰਡਾਂ, ਸ਼ਹਿਰਾਂ ਵਿੱਚ ਉਸ ਨੂੰ ਕੋਈ ਵੱਡਾ ਉਤਸ਼ਾਹ ਨਹੀਂ ਮਿਲ ਰਿਹਾਉਂਜ ਵੀ ਵਿਰੋਧੀ ਪਾਰਟੀ ਹੋਣ ਨਾਤੇ ਪੰਜਾਬ ਦੇ ਮੁੱਦਿਆਂ ਪ੍ਰਤੀ ਕੋਈ ਜਾਗਰੂਕਤਾ ਪੰਜਾਬੀਆਂ ਵਿੱਚ ਪੈਦਾ ਨਾ ਕਰਨਾ ਉਸ ਦੀ ਵੱਡੀ ਨਾਕਾਮਯਾਬੀ ਹੈਪਰ ਕੇਜਰੀਵਾਲ ਦੀਆਂ ਪੰਜਾਬ ਦੀਆਂ ਨਿੱਤ ਫੇਰੀਆਂ ਅਤੇ ਪੰਜਾਬੀਆਂ ਨੂੰ ਮੁਫ਼ਤ ਬਿਜਲੀ, ਪਾਣੀ ਦੇਣ ਦੇ ਵਾਇਦੇ ਨਾਲ ਚੋਣ ਮੁਹਿੰਮ ਛੇੜਣਾ, ਪੰਜਾਬ ਦੇ ਮੁੱਦਿਆਂ ਤੋਂ ਕੀ ਅੱਖਾਂ ਫੇਰਨਾ ਨਹੀਂ?

ਪੰਜਾਬ ਦੀਆਂ ਖੱਬੀਆਂ ਧਿਰਾਂ ਲੰਮੇ ਸਮੇਂ ਤੋਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਵਿੱਚ ਕੰਮ ਕਰ ਰਹੀਆਂ ਹਨਪੰਜਾਬੀਆਂ ਨੂੰ ਜਾਗਰੂਕ ਵੀ ਕਰ ਰਹੀਆਂ ਹਨਕਿਸਾਨੀ ਕਾਲੇ ਕਾਨੂੰਨ ਦੇ ਵਿਰੋਧ ਵਿੱਚ ਲਹਿਰ ਖੜ੍ਹੀ ਕਰਨ ਵਿੱਚ ਉਹਨਾਂ ਦੀ ਵਡੇਰੀ ਭੂਮਿਕਾ ਹੈ। ਪਰ ਪੰਜਾਬ ਦੇ ਚੋਣ-ਦੰਗਲ ਵਿੱਚ ਉਹਨਾਂ ਦਾ ਵਡੇਰਾ ਉਪਰਾਲਾ ਹਾਲ ਦੀ ਘੜੀ ਵੇਖਿਆ ਨਹੀਂ ਜਾ ਰਿਹਾਹਾਲੇ ਇਹ ਵੀ ਚਰਚਾ ਹੈ ਕਿ ਖੱਬੀਆਂ ਧਿਰਾਂ ਇਕੱਲੀਆਂ ਚੋਣ ਲੜਨਗੀਆਂ, ਜਾਂ ਕਿਸੇ ਧਿਰ ਨਾਲ ਸਾਂਝ ਭਿਆਲੀ ਕਰਨਗੀਆਂ

ਪੰਜਾਬ ਦੀਆਂ ਹੋਰ ਪਾਰਟੀਆਂ ਅਤੇ ਨੇਤਾ ਸਿਆਸਤ ਵਿੱਚ ਕੁੱਦ ਕੇ, ਪੰਜਾਬ ਦੇ ਚੋਣ ਦੰਗਲ ਵਿੱਚ ਵੀ ਕੁੱਦ ਪੈਣਗੇਅਕਾਲੀ ਦਲ ਨਾਲ ਰੁੱਸੇ ਸੁਖਦੇਵ ਸਿੰਘ ਢੀਂਡਸਾ ਅਤੇ ਉਹਨਾਂ ਦੇ ਸਾਥੀ ਅਤੇ ਲੋਕ ਇਨਸਾਫ ਪਾਰਟੀ ਪੰਜਾਬ ਨਾਲ ਬਣ ਰਹੇ ਜਾਂ ਦੂਜੇ, ਤੀਜੇ, ਚੌਥੇ ਫਰੰਟ ਵਿੱਚੋਂ ਕਿਸ ਨਾਲ ਭਾਈਵਾਲੀ ਕਰਨਗੇ, ਇਸ ਸਬੰਧੀ ਸਿਰਫ਼ ਕਿਆਸ ਅਰਾਈਆਂ ਹਨਪਰ ਇੱਕ ਗੱਲ ਸਾਫ਼ ਦਿਸਦੀ ਹੈ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ, ਭਾਵੇਂ ਤਿੰਨ ਕਾਲੇ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਪੰਜਾਬ ਚੋਣਾਂ ਤਕ ਕੋਈ ਫ਼ੈਸਲਾ ਕਰੇ ਜਾਂ ਨਾ ਕਰੇ, ਪਰ ਇਹ ਕਿਸਾਨ ਭਾਜਪਾ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਗੇਇਸਦਾ ਫਾਇਦਾ ਕਿਸ ਨੂੰ ਅਤੇ ਕਿਹੜੇ ਢੰਗ ਨਾਲ ਹੋ ਹੋਵੇਗਾ, ਇਸ ਸਬੰਧੀ ਵੱਖੋ-ਵੱਖਰੇ ਸਿਆਸੀ ਸਮੀਖਿਅਕ ਵੱਖੋ-ਵੱਖਰੀ ਰਾਏ ਰੱਖਦੇ ਹਨਇੱਕ ਹੋਰ ਗੱਲ ਸਪਸ਼ਟ ਦਿਸਦੀ ਹੈ, ਕਾਂਗਰਸੀਆਂ ਦਾ ਆਪਸੀ ਕਾਟੋ ਕਲੇਸ਼ ਉਨ੍ਹਾਂ ਦੇ ਦੂਜੀ ਵੇਰ ਪੰਜਾਬ ਦੀ ਸੱਤਾ ਹਥਿਆਉਣ ਵਿੱਚ ਵੱਡੀ ਰੁਕਾਵਟ ਬਣੇਗਾਭਾਵੇਂ ਕੈਪਟਨ ਅਮਰਿੰਦਰ ਸਿੰਘ ਧੜੇ ਨੂੰ ਮਹੱਤਤਾ ਦੇ ਕੇ ਕਾਂਗਰਸ ਹਾਈਕਮਾਨ ਅੱਗੇ ਲਾਵੇ ਜਾਂ ਨਵਜੋਤ ਸਿੰਘ ਸਿੱਧੂ (ਜੋ ਖਰੀਆਂ-ਖਰੀਆਂ ਤਾਂ ਸੁਣਾਉਂਦਾ ਹੈ, ਪਰ ਉਸਦੇ ਅਮਲਾਂ ਨੂੰ ਕਦੇ ਵੀ ਲੋਕਾਂ ਵਿੱਚ ਖਰਾ ਨਹੀਂ ਵੇਖਿਆ ਜਾ ਰਿਹਾ) ਨੂੰ ਕਾਂਗਰਸ ਦੀ ਵਾਗਡੋਰ ਸੰਭਾਲ ਦੇਵੇ, ਦੋਵੇਂ ਧੜੇ ਇੱਕ-ਦੂਜੇ ਨੂੰ ਥੱਲੇ ਲਾਉਣ ਦੇ ਆਹਰ ਵਿੱਚ ਰਹਿਣਗੇਪਰ ਦੂਜੀ ਗੱਲ ਇਹ ਵੀ ਸੰਭਵ ਹੈ ਕਿ ਸਿੱਧੂ ਜੇਕਰ ਨਰਾਜ਼ ਹੋ ਕੇ ਕਾਂਗਰਸ ਪਾਰਟੀ ਛੱਡ ਜਾਂਦਾ ਹੈ ਤਾਂ ਸ਼ਾਇਦ ਉਹ ਕਾਂਗਰਸ ਦਾ ਨੁਕਸਾਨ ਬਹੁਤਾ ਨਾ ਕਰ ਸਕੇ

ਪੰਜਾਬ ਇਹਨੀਂ ਦਿਨੀਂ ਅਸ਼ਾਂਤ ਦਿਸ ਰਿਹਾ ਹੈਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਸਰਕਾਰੀ ਵਾਇਦੇ ਅਨੁਸਾਰ ਅੱਠ ਘੰਟੇ ਬਿਜਲੀ ਸਪਲਾਈ ਨਹੀਂ ਹੋ ਰਹੀਮੁਲਾਜ਼ਮਾਂ ਨੂੰ ਛੇਵੇਂ ਵਿੱਤ ਕਮਿਸ਼ਨ ਦੀਆਂ ਤਨਖਾਹਾਂ, ਭੱਤੇ ਸਹੀ ਢੰਗ ਨਾਲ ਨਾ ਮਿਲਣ ਕਾਰਨ ਪ੍ਰੇਸ਼ਾਨੀ ਹੋ ਰਹੀ ਹੈਉਹ ਹੁਣ ਹੜਤਾਲ ’ਤੇ ਹਨਬੇਰੁਜ਼ਗਾਰ ਅਧਿਆਪਕ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂਆਮ ਲੋਕਾਂ ਦੇ ਦਫ਼ਤਰੀ, ਅਦਾਲਤੀ ਕੰਮਾਂ ਵਿੱਚ ਵਿਘਨ ਪਿਆ ਹੋਇਆ ਹੈਤੇਲ, ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਵਿੱਚ ਇੰਤਹਾ ਲਗਾਤਾਰ ਵਾਧੇ ਨੇ ਮਹਿੰਗਾਈ ਇੰਨੀ ਕੁ ਵਧਾ ਦਿੱਤੀ ਹੈ ਕਿ ਆਮ ਆਦਮੀ ਲਈ ਆਪਣੇ ਪਰਿਵਾਰ ਨੂੰ ਰੋਟੀ ਦੇਣੀ ਔਖੀ ਹੋ ਰਹੀ ਹੈਕਿਸਾਨ ਬਿਜਲੀ ਬੋਰਡ ਦੇ ਦਫਤਰ ਘੇਰ ਰਹੇ ਹਨਮੁਲਾਜ਼ਮ ਹੜਤਾਲਾਂ ਕਰ ਰਹੇ ਹਨਆਮ ਲੋਕ ਪ੍ਰੇਸ਼ਾਨ ਹਨ, ਸਰਕਾਰਾਂ ਨੂੰ ਨਿੰਦ ਰਹੇ ਹਨਪੰਜਾਬ ਸਰਕਾਰ ਨਿੱਤ ਪ੍ਰਤੀ ਰਿਆਇਤਾਂ ਦਾ ਐਲਾਨ ਕਰ ਰਹੀ ਹੈ, ਇਹ ਸਮਝਦੇ ਹੋਏ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਖ਼ੁਸ਼ ਕਰਨਾ ਜ਼ਰੂਰੀ ਹੈਪਰ ਪੰਜਾਬ ਦੀਆਂ ਵਿਰੋਧੀ ਧਿਰਾਂ ਲੋਕ ਮਸਲਿਆਂ ਪ੍ਰਤੀ, ਲੋਕ ਲਾਮਬੰਦੀ ਨਹੀਂ ਕਰ ਰਹੀਆਂਕੇਂਦਰ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੇ ਰਸਤੇ ’ਤੇ ਹੈ। ਪੈਟਰੋਲ, ਡੀਜ਼ਲ, ਤੇਲ ਕੰਪਨੀਆਂ ਨੂੰ ਉਸ ਵਲੋਂ ਤੇਲ ਦੇ ਭਾਅ ਨਿੱਤ ਪ੍ਰਤੀ ਮਹਿੰਗੇ ਕਰੀ ਰੱਖਣ ਦੀ ਖੁੱਲ੍ਹ ਦਿੱਤੀ ਹੋਈ ਹੈਲੋਕ ਬੇਰੁਜ਼ਗਾਰੀ ਦੇ ਮਾਰੇ ਪ੍ਰੇਸ਼ਾਨੀਆਂ ਵਿੱਚ ਜ਼ਿੰਦਗੀ ਬਸਰ ਕਰ ਰਹੇ ਹਨ, ਪਰ ਉਹਨਾਂ ਨੂੰ ਰਾਹ ਕੋਈ ਨਹੀਂ ਦਿਸਦਾ, ਕਿਉਂਕਿ ਉਹਨਾਂ ਦੇ ਰਾਹ ਦਸੇਰੇ ਸਿਆਸਤਦਾਨ ਲੰਮੀਆਂ ਤਾਣ ਕੇ ਸੁੱਤੇ ਪਏ ਹਨਉਹ ਇਸ ਆਸ ਵਿੱਚ ਬੈਠੇ ਹਨ ਕਿ ਪੰਜਾਬੀਆਂ ਨੂੰ ਮੁਫ਼ਤ ਰਾਸ਼ਨ, ਪਾਣੀ, ਬਿਜਲੀ ਅਤੇ ਹੋਰ ਸਹੂਲਤਾਂ ਦੇ ਕੇ ਉਹ ਵੋਟਾਂ ਬਟੋਰ ਲੈਣਗੇ

ਪਰ ਜਿਹੋ ਜਿਹੀ ਲਹਿਰ ਕਿਸਾਨਾਂ ਨੇ ਦਿੱਲੀ ਦੀਆਂ ਬਰੂਹਾਂ ’ਤੇ ਉਸਾਰੀ ਹੈ, ਜਿੱਥੇ ਲੋਕ ਆਪ ਮੁਹਾਰੇ ਆਪਣੇ ਹੱਕਾਂ ਦੀ ਰਾਖੀ ਲਈ ਤਤਪਰ ਹੋਏ ਦਿਸਦੇ ਹਨ, ਸ਼ਾਂਤਮਈ ਸੰਘਰਸ਼ ਦੇ ਰਸਤੇ ਉੱਤੇ ਹਨ - ਉਹੋ ਜਿਹੀ ਚਿਣਗ ਪੰਜਾਬ ਵਿੱਚ ਉਸਾਰਨ ਲਈ ਕਿਸੇ ਪੰਜਾਬ ਹਿਤੈਸ਼ੀ ਸਿਆਸੀ ਧਿਰ ਦੀ ਹੋਂਦ ਖਟਕਦੀ ਹੈਪੰਜਾਬ ਦੇ ਲੋਕ ਮਸਲੇ ਸਿਰਫ਼ ਚੋਣ ਯੁੱਧ ਨਾਲ ਹੱਲ ਨਹੀਂ ਹੋਣੇਪੰਜਾਬ ਦੀ ਖੇਤੀ ਮੁਨਾਫ਼ੇ ਦੀ ਹੋਵੇਪੰਜਾਬ ਵਿੱਚ ਖੇਤੀ ਅਧਾਰਤ ਵੱਡੇ ਉਦਯੋਗ ਲੱਗਣਪੰਜਾਬ ਦੇ ਧਰਤੀ ਹੇਠਲੇ ਪਾਣੀਆਂ ਦੀ, ਫਸਲਾਂ ਦੀ ਪੈਦਾਇਸ਼ ਦੀ ਰਾਖੀ ਹੋਵੇ। ਬੇਰੁਜ਼ਗਾਰੀ ਜੜ੍ਹੋਂ ਪੁੱਟਣ ਲਈ ਕਦਮ ਚੁੱਕੇ ਜਾਣ ਤਾਂ ਕਿ ਦੇਸ਼ ਦਾ ਬਰੇਨ ਅਤੇ ਮਨੀ (ਦਿਮਾਗ ਅਤੇ ਪੈਸਾ) ਡਰੇਨ (ਬਾਹਰ ਜਾਣਾ) ਨਾ ਹੋਵੇਪੰਜਾਬ ਦੇ ਕੁਦਰਤੀ ਸੋਮਿਆਂ ਦੀ ਦੁਰਵਰਤੋਂ ਰੁਕੇਨਸ਼ਿਆਂ ਦਾ ਵਗਦਾ ਦਰਿਆ ਬੰਦ ਹੋਵੇ ਅਤੇ ਪੰਜਾਬ ਨੂੰ ਆਪਣੇ ਭੈੜੇ ਹਾਲਾਤ ਸੁਧਾਰਨ ਲਈ ਵਧੇਰੇ ਸੂਬਾਈ ਅਧਿਕਾਰ ਮਿਲਣਇਹ ਸਮੇਂ ਦੀ ਮੰਗ ਹੈ

ਕੀ ਲੋਕ ਵੋਟ ਮੰਗਣ ਆਉਣ ਵਾਲੇ ਨੇਤਾਵਾਂ ਨੂੰ ਇਹ ਸਵਾਲ ਪੁੱਛਣਗੇ ਕਿ ਉਹਨਾਂ ਕੋਲ ਲੋਕਾਂ ਨੂੰ ਘੱਟੋ-ਘੱਟ ਜੀਵਨ ਜੋਗੀਆਂ ਸਹੂਲਤਾਂ ਦੇਣ ਜੋਗਾ ਕੋਈ ਅਜੰਡਾ ਹੈ? ਕੀ ਲੋਕਾਂ ਦੀ ਸਖਸ਼ੀ ਅਜ਼ਾਦੀ ਦੇ ਉਹ ਪਹਿਰੇਦਾਰ ਬਣਨਗੇ? ਕੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਉਹ ਕੋਈ ਉਪਰਾਲੇ ਕਰਨਗੇ?

ਤੁਰੰਡਿਆ-ਮਰੁੰਡਿਆ, ਹਫਦਾ-ਰੋਂਦਾ ਪੰਜਾਬ ਹਾਲ ਦੀ ਘੜੀ ਤਾਂ ਦੁੱਖ ਦੀ ਚਾਦਰ ਤਾਣੀ ਬੈਠਾ ਹੈਕੀ ਉੱਠੇਗਾ ਪੰਜਾਬ?

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2870)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author