“ਦਿੱਲੀ ਵਿਖੇ ਹੋਏ ਇੱਕ ਜਲਸੇ ਵਿੱਚ ਸੁਭਾਸ਼ ਚੰਦਰ ਬੋਸ ਨੇ ਕਿਹਾ ਸੀ ਕਿ ‘ਭਗਤ ਸਿੰਘ ...”
(28 ਸਤੰਬਰ 2021)
ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਜਦੋਂ ਯੋਧਿਆਂ ਦੀ ਜਦੋਂ ਗੱਲ ਚਲਦੀ ਹੈ ਤਾਂ ਭਗਤ ਸਿੰਘ ਸਾਹਮਣੇ ਆ ਜਾਂਦਾ ਹੈ। ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਜ਼ਿਲ੍ਹਾ ਲਾਇਲਪੁਰ ਦੇ ਪਿੰਡ ਬੰਗਾ (ਪੰਜਾਬ, ਮੌਜੂਦਾ ਪਾਕਿਸਤਾਨ) ਵਿੱਚ ਹੋਇਆ। ਉਨ੍ਹਾਂ ਦਾ ਜੱਦੀ ਘਰ ਅੱਜ ਵੀ ਭਾਰਤੀ ਪੰਜਾਬ ਦੇ ਨਵਾਂਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜ਼ਿਲ੍ਹੇ ਦੇ ਪਿੰਡ ਖਟਕੜ ਕਲਾਂ ਵਿਖੇ ਸਥਿਤ ਹੈ।
ਭਗਤ ਸਿੰਘ ਦੇ ਦਾਦਾ ਸ. ਅਰਜਨ ਸਿੰਘ ਇੱਕ ਵਾਹੀਕਾਰ ਅਤੇ ਨਾਲ-ਨਾਲ ਯੂਨਾਨੀ ਹਿਕਮਤ ਦਾ ਵੀ ਗਿਆਨ ਰੱਖਦੇ ਸਨ। ਭਗਤ ਸਿੰਘ ਦੇ ਪਿਤਾ ਕਿਸ਼ਨ ਸਿੰਘ ਸਮਾਜ ਸੇਵਕ ਸਨ। 1906 ਵਿੱਚ ਕਿਸ਼ਨ ਸਿੰਘ ਕਾਂਗਰਸ ਦੇ ਮੈਂਬਰ ਬਣੇ ਅਤੇ ਸਿਆਸਤ ਵਿੱਚ ਹਿੱਸਾ ਲੈਣਾ ਸ਼ੁਰੂ ਕੀਤਾ। ਇਸਦੇ ਨਾਲ ਨਾਲ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਵੀ ਇੱਕ ਸਿਰਕੱਢ ਸਵਤੰਤਰਤਾ ਸੰਗਰਾਮੀ ਅਤੇ ਪ੍ਰਭਾਵਸ਼ਾਲੀ ਬੁਲਾਰੇ ਸਨ। ਭਗਤ ਸਿੰਘ ਆਪਣੇ ਚਾਚਾ ਅਜੀਤ ਸਿੰਘ ਦੀ ਸ਼ਖਸੀਅਤ ਤੋਂ ਵਧੇਰੇ ਪ੍ਰਭਾਵਿਤ ਸਨ ਅਤੇ ਇਸਦੇ ਨਾਲ ਨਾਲ ਭਗਤ ਦੇ ਕੋਮਲ ਹਿਰਦੇ ’ਤੇ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਦਾ ਗਹਿਰਾ ਅਸਰ ਪਿਆ। ਇਹ ਵੀ ਕਿਹਾ ਜਾਂਦਾ ਹੈ ਕਿ ਭਗਤ ਸਿੰਘ ਸਰਾਭੇ ਦੀ ਫ਼ੋਟੋ ਹਮੇਸ਼ਾ ਆਪਣੀ ਜੇਬ ਵਿੱਚ ਰੱਖਿਆ ਕਰਦੇ ਸਨ।
ਭਗਤ ਸਿੰਘ ਦੀ ਸ਼ੁਰੂਆਤੀ ਤਾਲੀਮ ਲਾਇਲਪੁਰ ਦੇ ਜ਼ਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਵਿਖੇ ਹੋਈ। ਇਸ ਤੋਂ ਬਾਅਦ ਉਹ ਡੀਏਵੀ ਹਾਈ ਸਕੂਲ ਲਾਹੌਰ ਵਿੱਚ ਦਾਖ਼ਲ ਹੋਏ। 1923 ਵਿੱਚ ਉਨ੍ਹਾਂ ਲਾਹੌਰ ਦੇ ਨੈਸ਼ਨਲ ਕਾਲਜ ਵਿੱਚ ਦਾਖ਼ਲਾ ਲੈ ਲਿਆ ਤੇ ਕਾਲਜ ਦੇ ਮਾਹੌਲ ਵਿੱਚ ਹੀ ਘੁਲਮਿਲ ਗਏ ਅਤੇ ਕਾਲਜ ਦੀ ਡਰਾਮਾ ਕਮੇਟੀ ਦੇ ਸਰਗਰਮ ਮੈਂਬਰ ਵਜੋਂ ਆਪਣੀ ਵੱਖਰੀ ਪਛਾਣ ਬਣਾਈ। ਇਸ ਦੌਰਾਨ ਪੰਜਾਬ ਹਿੰਦੀ ਸਾਹਿਤ ਸੰਮੇਲਨ ਵੱਲੋਂ ਕਰਵਾਏ ਇੱਕ ਲੇਖ ਮੁਕਾਬਲੇ ਵਿੱਚੋਂ ਉਨ੍ਹਾਂ ਪਹਿਲਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਭਗਤ ਸਿੰਘ ਨੂੰ ਉਰਦੂ, ਹਿੰਦੀ, ਪੰਜਾਬੀ, ਅੰਗਰੇਜ਼ੀ ਅਤੇ ਸੰਸਕ੍ਰਿਤ ਭਾਸ਼ਾਵਾਂ ’ਤੇ ਖਾਸੀ ਮੁਹਾਰਤ ਹਾਸਲ ਸੀ। ਉਨ੍ਹਾਂ ਨੂੰ ਬੰਗਲਾ ਭਾਸ਼ਾ ਦਾ ਵੀ ਗਿਆਨ ਸੀ। ‘ਬੰਗਲਾ’, ਜੋ ਉਨ੍ਹਾਂ ਨੇ ਬੁਟਕੇਸ਼ਵਰ ਦੱਤ ਤੋਂ ਸਿੱਖੀ ਸੀ। ਭਗਤ ਸਿੰਘ ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦਾ ਹਿੱਸਾ ਬਣ ਕੇ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ।
ਇਸੇ ਦੌਰਾਨ ਅੰਮ੍ਰਿਤਸਰ ਵਿੱਚ 13 ਅਪਰੈਲ 1919 ਨੂੰ ਹੋਏ ਜਲ੍ਹਿਆਂਵਾਲਾ ਬਾਗ ਕਾਂਡ ਨੇ, ਜਿੱਥੇ ਦੇਸ਼ ਦੇ ਆਮ ਲੋਕਾਂ ਅਤੇ ਵਿਸ਼ੇਸ਼ ਕਰਕੇ ਸੁਤੰਤਰਤਾ ਸੰਗਰਾਮੀਆਂ ਦੇ ਦਿਲਾਂ ਨੂੰ ਵਲੂੰਧਰ ਕੇ ਰੱਖ ਦਿੱਤਾ, ਉੱਥੇ ਇਸ ਕਤਲੇਆਮ ਨੇ ਭਗਤ ਸਿੰਘ ਦੀ ਸੋਚ ਉੱਤੇ ਵੀ ਡੂੰਘਾ ਅਸਰ ਛੱਡਿਆ। ਅਗਲੇ ਦਿਨਾਂ ਵਿੱਚ ਉਹ ਅੰਮ੍ਰਿਤਸਰ ਚਲੇ ਗਏ ਤੇ ਉਸ ਬਾਗ ਵਿੱਚੋਂ ਖੂਨ ਨਾਲ ਭਿੱਜੀ ਮਿੱਟੀ ਆਪਣੇ ਨਾਲ ਲੈ ਕੇ ਵਾਪਸ ਆਏ। ਇਸ ਘਟਨਾ ਨੇ ਉਨ੍ਹਾਂ ਦੇ ਦਿਲ ਵਿੱਚ ਅੰਗਰੇਜ਼ਾਂ ਖਿਲਾਫ਼ ਨਫਰਤ ਭਰ ਦਿੱਤੀ। 1921 ਵਿੱਚ ਨਨਕਾਣਾ ਸਾਹਿਬ ਗੁਰਦੁਆਰੇ ਦੇ ਮੋਰਚੇ ਨੇ ਵੀ ਉਨ੍ਹਾਂ ਦੇ ਮਨ ’ਤੇ ਡੂੰਘੀ ਛਾਪ ਛੱਡੀ। ਉਹ ਆਪਣੇ ਪਿੰਡ ਵਿੱਚੋਂ ਲੰਘੇ ਜਾਂਦੇ ਅੰਦੋਲਨਕਾਰੀਆਂ ਨੂੰ ਲੰਗਰ ਛਕਾਇਆ ਕਰਦੇ ਸਨ। ਫਿਰ ਗਾਂਧੀ ਦਾ ਅੰਦੋਲਨ ਸ਼ੁਰੂ ਹੋਇਆ ਤੇ ਕਿੰਨੇ ਨੌਜਵਾਨ ਸਕੂਲਾਂ ਤੇ ਕਾਲਜਾਂ ਨੂੰ ਛੱਡ ਆਜ਼ਾਦੀ ਦੀ ਲੜਾਈ ਵਿੱਚ ਕੁੱਦ ਪਏ, ਇਨ੍ਹਾਂ ਵਿੱਚੋਂ ਭਗਤ ਸਿੰਘ ਵੀ ਇੱਕ ਸੀ।
ਭਗਤ ਸਿੰਘ ਜਦੋਂ ਕਾਨਪੁਰ ਪਹੁੰਚੇ ਤਾਂ ਉਹ ਉੱਥੇ ਸ਼ੰਕਰ ਵਿਦਿਆਰਥੀ, ਬੀ .ਕੇ .ਦਤ, ਚੰਦਰ ਸ਼ੇਖਰ ਅਜ਼ਾਦ ਤੇ ਕੁਝ ਹੋਰ ਬੰਗਾਲੀ ਕ੍ਰਾਂਤੀਕਾਰੀਆਂ ਦੇ ਸੰਪਰਕ ਵਿੱਚ ਆਏ ਅਤੇ, ”ਹਿੰਦੁਸਤਾਨ ਰਿਪਬਲੀਕਨ ਐਸੋਸੀਏਸ਼ਨ” ਦੇ ਮੈਂਬਰ ਬਣ ਗਏ। ਉਨ੍ਹਾਂ ਦਿਨਾਂ ਵਿੱਚ ਗੁਰੁਦਵਾਰਿਆਂ ਦੀ ਆਜ਼ਾਦੀ ਲਈ ਜੈਤੋ ਦਾ ਮੋਰਚਾ ਲਗਾ ਹੋਇਆ ਸੀ। ਉਨ੍ਹਾਂ ਪੂਰੇ ਇਕੱਠ ਨੂੰ ਲੰਗਰ ਛਕਾਇਆ, ਜਿਸਦੇ ਫਲਸਰੂਪ ਉਨ੍ਹਾਂ ਦੀ ਗ੍ਰਿਫਤਾਰੀ ਦੇ ਵਰੰਟ ਜਾਰੀ ਹੋਏ।
1927 ਵਿੱਚ ਨੌਜਵਾਨ ਭਾਰਤ ਸਭਾ ਦੀ ਨੀਂਹ ਰੱਖੀ ਗਈ, ਜਿਸਦਾ ਬਾਅਦ ਵਿੱਚ ਨਾਂ ਬਦਲਕੇ “ਹਿੰਦੁਸਤਾਨ ਰਿਪਬਲੀਕਨ ਐਸੋਸੀਏਸ਼ਨ” ਰੱਖ ਦਿੱਤਾ ਗਿਆ। ਚੰਦਰ ਸ਼ੇਖਰ ਅਜ਼ਾਦ ਤੇ ਭਗਤ ਸਿੰਘ ਇਸਦੇ ਸੰਚਾਲਕ ਸਨ। ਇਸੇ ਦੌਰਾਨ 1927 ਵਿੱਚ ਕਾਕੋਰੀ ਕਾਂਡ (ਰੇਲਗੱਡੀ ਡਾਕੇ) ਦੇ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਉੱਤੇ ਲਾਹੌਰ ਅਤੇ ਦੁਸਹਿਰੇ ਮੇਲੇ ਦੌਰਾਨ ਬੰਬ ਸੁੱਟਣ ਦਾ ਵੀ ਦੋਸ਼ ਮੜ੍ਹਿਆ ਗਿਆ। ਕੁਝ ਸਮੇਂ ਬਾਅਦ ਚੰਗੇ ਵਿਵਹਾਰ ਕਾਰਨ ਜ਼ਮਾਨਤ ਦੀ ਭਾਰੀ ਰਕਮ ਦੇ ਇਵਜ਼ ਵਿੱਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਭਗਤ ਸਿੰਘ ਨੇ ਸੰਘਰਸ਼ ਜਾਰੀ ਰੱਖਿਆ ਅਤੇ ਦੇਸ਼ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ।
ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ ਅਤੇ ਰਾਜਗੁਰੂ ਦੇ ਨਾਲ ਮਿਲ ਕੇ ਲਾਹੌਰ ਵਿੱਚ ਸਹਾਇਕ ਪੁਲਿਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇਪੀ ਸਾਂਡਰਸ ਨੂੰ ਮਾਰ-ਮੁਕਾਇਆ। ਇਸ ਕਾਰਨਾਮੇ ਨੂੰ ਅੰਜਾਮ ਦੇਣ ਲਈ ਚੰਦਰ ਸ਼ੇਖਰ ਆਜ਼ਾਦ ਨੇ ਵੀ ਆਪ ਦੀ ਸਹਾਇਤਾ ਕੀਤੀ। ਆਪਣੇ ਇੱਕ ਹੋਰ ਕ੍ਰਾਂਤੀਕਾਰੀ ਸਾਥੀ ਬੁਟਕੇਸ਼ਵਰ ਦੱਤ ਦੇ ਨਾਲ ਮਿਲ ਕੇ ਆਪ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੈਂਬਲੀ ਦੇ ਸਭਾ ਹਾਲ ਵਿੱਚ 8 ਅਪਰੈਲ 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਲਈ ਬੰਬ ਅਤੇ ਪਰਚੇ ਸੁੱਟੇ। ਬੰਬ ਸੁੱਟਣ ਉਪਰੰਤ ਦੋਵਾਂ ਨੇ ਉੱਥੇ ਗ੍ਰਿਫ਼ਤਾਰੀ ਦੇ ਦਿੱਤੀ।
ਜੇਲ ਵਿੱਚ ਭਗਤ ਸਿੰਘ ਨੇ ਲਗਭਗ ਦੋ ਸਾਲ ਗੁਜ਼ਾਰੇ। ਮੁਕੱਦਮੇ ਦੌਰਾਨ ਭਾਰਤ ਦੇ ਇਸ ਮਹਾਨ ਸਪੂਤ ਨੇ ਆਪਣੀ ਰਿਹਾਈ ਲਈ ਜ਼ਰਾ ਵੀ ਕੋਸ਼ਿਸ਼ ਨਹੀਂ ਕੀਤੀ ਪਰ ਦੇਸ਼ ਦੀ ਆਜ਼ਾਦੀ ਲਈ ਆਖ਼ਰੀ ਸਾਹ ਤਕ ਲੜਨ ਦਾ ਐਲਾਨ ਕੀਤਾ। ਮਜ਼ਦੂਰਾਂ ਦਾ ਸ਼ੋਸ਼ਣ ਕਰਨ ਵਾਲੇ ਪੂੰਜੀਪਤੀਆਂ ਨੂੰ ਉਨ੍ਹਾਂ ਆਪਣਾ ਦੁਸ਼ਮਣ ਐਲਾਨਿਆ। ਉਨ੍ਹੀਂ ਦਿਨੀਂ ਉਨ੍ਹਾਂ ਇੱਕ ਆਰਟੀਕਲ ਲਿਖਿਆ ਜਿਸਦਾ ਸਿਰਲੇਖ ਸੀ ‘ਮੈਂ ਨਾਸਤਕ ਕਿਉਂ ਹਾਂ।’ ਜੇਲ ਵਿੱਚ ਭਗਤ ਸਿੰਘ ਅਤੇ ਉਸ ਦੇ ਬਾਕੀ ਸਾਥੀਆਂ ਨੇ 64 ਦਿਨਾਂ ਤਕ ਭੁੱਖ ਹੜਤਾਲ ਕੀਤੀ ਜੋ ਗਾਂਧੀਵਾਦੀ ਤਰੀਕਿਆਂ ਦੀ ਅਦੁੱਤੀ ਮਿਸਾਲ ਹੈ। ਭਗਤ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਲਾਹੌਰ ਵਿੱਚ ਸਾਂਡਰਸ ਦੇ ਕਤਲ, ਅਸੈਂਬਲੀ ਵਿੱਚ ਬੰਬ ਧਮਾਕਾ ਆਦਿ ਕੇਸ ਚੱਲੇ।
ਸੱਤ ਅਕਤੂਬਰ 1930 ਨੂੰ ਟ੍ਰਿਬਿਊਨਲ ਦਾ ਫ਼ੈਸਲਾ ਜੇਲ ਵਿੱਚ ਪਹੁੰਚਿਆ, ਜਿਸ ਅਨੁਸਾਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ, ਕਮਲਨਾਥ ਤਿਵਾੜੀ, ਵਿਜੈ ਕੁਮਾਰ ਸਿਨਹਾ, ਜੈਦੇਵ ਕਪੂਰ, ਸ਼ਿਵ ਵਰਮਾ, ਗਯਾ ਪ੍ਰਸਾਦ, ਕਿਸ਼ੋਰੀ ਲਾਲ ਅਤੇ ਮਹਾਵੀਰ ਸਿੰਘ ਨੂੰ ਉਮਰ ਕੈਦ, ਕੁੰਦਨ ਲਾਲ ਨੂੰ 7 ਅਤੇ ਪ੍ਰੇਮ ਦੱਤ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ। ਬੁਟਕੇਸ਼ਵਰ ਦੱਤ ਅਤੇ ਭਗਤ ਸਿੰਘ ਨੂੰ ਅਸੈਂਬਲੀ ਬੰਬ ਕਾਂਡ ਲਈ ਉਮਰ ਕੈਦ ਦੀ ਸਜ਼ਾ ਦਾ ਫ਼ੈਸਲਾ ਸੁਣਾਇਆ ਗਿਆ।
23 ਮਾਰਚ 1931 ਨੂੰ ਭਗਤ ਸਿੰਘ ਅਤੇ ਉਨ੍ਹਾਂ ਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦੇ ਦਿੱਤੀ ਗਈ। ਇਹ ਵੀ ਕਿਹਾ ਜਾਂਦਾ ਹੈ ਕਿ ਫਾਂਸੀ ਦਿੱਤੇ ਜਾਣ ਤੋਂ ਪਹਿਲਾਂ ਉਹ ਲੈਨਿਨ ਦੀ ਜੀਵਨੀ ਪੜ੍ਹ ਰਹੇ ਸਨ। ਫਾਂਸੀ ਉਪਰੰਤ ਅਵਾਮ ਦਾ ਕੋਈ ਅਹਿਤਜਾਜ ਜਾਂ ਅੰਦੋਲਨ ਨਾ ਭੜਕ ਜਾਵੇ, ਇਸ ਡਰੋਂ ਅੰਗਰੇਜ਼ਾਂ ਨੇ ਪਹਿਲਾਂ ਉਨ੍ਹਾਂ ਦੀਆਂ ਲਾਸ਼ਾਂ ਦੇ ਟੁਕੜੇ ਕੀਤੇ ਅਤੇ ਫਿਰ ਬੋਰੀਆਂ ਵਿੱਚ ਭਰ ਕੇ ਫਿਰੋਜ਼ਪੁਰ ਵੱਲ ਲੈ ਗਏ, ਜਿੱਥੇ ਮਿੱਟੀ ਦਾ ਤੇਲ ਪਾ ਕੇ ਉਨ੍ਹਾਂ ਨੂੰ ਸਾੜਿਆ ਗਿਆ ਤੇ ਅੱਧ-ਸੜੀਆਂ ਲਾਸ਼ਾਂ ਸਤਲੁਜ ਦਰਿਆ ਵਿੱਚ ਸੁੱਟ ਦਿੱਤੀਆਂ।
ਭਗਤ ਸਿੰਘ ਨੂੰ ਫਾਂਸੀ ਲਗਾਏ ਜਾਣ ਬਾਅਦ ਦਿੱਲੀ ਵਿਖੇ ਹੋਏ ਇੱਕ ਜਲਸੇ ਵਿੱਚ ਸੁਭਾਸ਼ ਚੰਦਰ ਬੋਸ ਨੇ ਕਿਹਾ ਸੀ ਕਿ ‘ਭਗਤ ਸਿੰਘ ਇੱਕ ਵਿਅਕਤੀ ਨਹੀਂ - ਉਹ ਇੱਕ ਨਿਸ਼ਾਨ ਹੈ, ਇੱਕ ਚਿੰਨ੍ਹ ਹੈ ਉਸ ਇਨਕਲਾਬ ਦਾ, ਜਿਹੜਾ ਉਸ ਦੀਆਂ ਕੁਰਬਾਨੀਆਂ ਸਦਕਾ ਹਰ ਦੇਸ਼ ਵਾਸੀ ਦੇ ਸੀਨੇ ਵਿੱਚ ਮਘਦੀ ਅੱਗ ਦੀ ਤਰ੍ਹਾਂ ਬਲ ਉੱਠਿਆ ਹੈ।” ਪੰਡਤ ਜਵਾਹਰ ਲਾਲ ਨੇ ਲਿਖਿਆ ਸੀ ਕਿ” ਇਹ ਨੌਜਵਾਨ ਗੱਭਰੂ ਅਚਨਚੇਤ ਇੰਨਾ ਹਰਮਨ ਪਿਆਰਾ ਹੋ ਗਿਆ ਹੈ। ਸਾਨੂੰ ਉਸਦੀ ਸ਼ਹਾਦਤ ਤੋਂ ਸਬਕ ਸਿੱਖਣਾ ਚਾਹੀਦਾ ਹੈ ਕਿ ਦੇਸ਼ ਤੇ ਕੌਮ ਦੀ ਆਜ਼ਾਦੀ ਲਈ ਕਿਵੇਂ ਹੱਸ ਹੱਸ ਕੇ ਮਰਿਆ ਜਾਂਦਾ ਹੈ।”
ਅੱਜ ਦੇਸ਼ ਨੂੰ ਆਜ਼ਾਦ ਹੋਇਆਂ ਸੱਤ ਦਹਾਕਿਆਂ ਤੋਂ ਵੀ ਉੱਪਰ ਸਮਾਂ ਬੀਤ ਚੁੱਕਾ ਹੈ। ਪਰ ਅਫਸੋਸ ਕਿ ਹਾਲੇ ਤਕ ਦੇਸ਼ ਉਹੋ ਜਿਹਾ ਨਹੀਂ ਬਣ ਸਕਿਆ ਜਿਹੋ ਜਿਹੇ ਦੇਸ਼ ਦੀ ਭਗਤ ਸਿੰਘ ਹੁਰਾਂ ਨੇ ਕਲਪਨਾ ਕੀਤੀ ਹੋਵੇਗੀ। ਦੇਸ਼ ਵਿੱਚ ਅੱਜ ਗ਼ਰੀਬੀ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਆਪਣੀ ਚਰਮ ਸੀਮਾ ’ਤੇ ਹੈ। ਇਸਦੇ ਨਾਲ ਨਾਲ ਲੋਕਾਂ ਦੀਆਂ ਹੱਕੀ ਆਵਾਜ਼ਾਂ ਨੂੰ ਦਬਾਉਣ ਲਈ ਜਿਸ ਤਰ੍ਹਾਂ ਦੇ ਹਰਬੇ ਅਪਣਾਏ ਜਾ ਰਹੇ ਹਨ, ਉਹ ਸਾਡੀ ਲੋਕਤੰਤਰਿਕ ਪ੍ਰਣਾਲੀ ਉੱਤੇ ਗਹਿਰੀ ਸੱਟ ਮਾਰਦੇ ਹਨ। ਇੰਝ ਲੱਗਦਾ ਹੈ ਕਿ ਜਿਵੇਂ ਮੌਜੂਦਾ ਸ਼ਾਸਕਾਂ ਨੂੰ ਦੇਸ਼ ਨੂੰ ਦਰਪੇਸ਼ ਮਸਲਿਆਂ ਨਾਲ ਕੋਈ ਸਰੋਕਾਰ ਨਹੀਂ। ਚਿੰਤਾ ਵਾਲੀ ਗੱਲ ਇਹ ਵੀ ਹੈ ਕਿ ਅੱਜ ਅਕਸਰ ਵੱਡੇ ਮੀਡੀਆ ਘਰਾਣੇ ਕਾਰਪੋਰੇਟ ਘਰਾਣਿਆਂ ਦੀ ਜਗੀਰ ਬਣ ਚੁੱਕੇ ਹਨ ਜਿਸਦੇ ਚੱਲਦਿਆਂ ਅੱਜ ਵਧੇਰੇ ਕਰਕੇ ਮੀਡੀਆ ਇੱਕ ਗਿਣੀ ਮਿਥੀ ਸਕ੍ਰਿਪਟ ’ਤੇ ਕੰਮ ਕਰਦੇ ਹੋਏ ਮਹਿਸੂਸ ਹੁੰਦਾ ਹੈ। ਉਹਨਾਂ ਦਾ ਦੇਸ਼ ਦੇ ਹਕੀਕੀ ਮਸਲਿਆਂ ਨੂੰ ਉਠਾਉਣ ਵੱਲ ਕੋਈ ਧਿਆਨ ਨਹੀਂ ਹੈ ਸਗੋਂ ਅੱਜ ਤਾਂ ਮੀਡੀਆ ਗੰਭੀਰ ਮਸਲਿਆਂ ਤੋਂ ਅਵਾਮ ਦਾ ਧਿਆਨ ਹਟਾਉਣ ਲਈ ਫਜ਼ੂਲ ਕਿਸਮ ਦੇ ਮਸਲਿਆਂ ਨੂੰ ਲੋਕਾਂ ਸਾਹਮਣੇ ਪੇਸ਼ ਕਰਦਾ ਨਜ਼ਰ ਆ ਰਿਹਾ ਹੈ। ਜੇਕਰ ਪਿਛਲੇ ਕੁਝ ਸਾਲਾਂ ਤੋਂ ਮੀਡੀਆ ਕਵਰੇਜ ਦੀ ਗੱਲ ਕਰੀਏ ਤਾਂ ਸਾਨੂੰ ਸੋਸ਼ਲ ਅਤੇ ਮੇਨ ਸਟਰੀਮ ਮੀਡੀਆ ਉੱਤੇ ਲੋਕਾਂ ਵਿੱਚ ਫੁੱਟ ਪਾਉਣ ਵਾਲੀਆਂ ਫਰਜ਼ੀ ਅਤੇ ਝੂਠੀਆਂ ਖਬਰਾਂ ਦੀ ਭਰਮਾਰ ਵਿਖਾਈ ਦਿੰਦੀ ਹੈ। ਦਰਅਸਲ ਅੱਜ ਦਾ ਬੇਸ਼ਤਰ ਮੀਡੀਆ ਬੇਲੋੜੇ ਅਤੇ ਆਧਾਰਹੀਣ ਇਸ਼ੂ ਪੈਦਾ ਕਰਕੇ ਭੋਲੇ-ਭਾਲੇ ਲੋਕਾਂ ਦੀ ਬੁੱਧੀ ਦਾ ਸ਼ੋਸ਼ਣ ਕਰਦਾ ਜਾਪਦਾ ਹੈ।
ਪਿਛਲੇ ਇੱਕ ਸਾਲ ਤੋਂ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਜਿਸ ਤਰ੍ਹਾਂ ਕਿਸਾਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੜਕਾਂ ’ਤੇ ਹਨ ਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ ਉਹ ਯਕੀਨਨ ਡਾਢੀ ਚਿੰਤਾ ਦਾ ਵਿਸ਼ਾ ਹੈ। ਦੇਸ਼ ਵਿੱਚ ਵਿਚਰ ਰਹੇ ਅਜਿਹੇ ਹਾਲਾਤ ਨੂੰ ਵੇਖ ਯਕੀਨਨ ਭਗਤ ਸਿੰਘ ਦੀ ਆਤਮਾ ਵੀ ਦੁਖੀ ਹੁੰਦੀ ਹੋਵੇਗੀ …!
*****
ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)
(3041)
(ਸਰੋਕਾਰ ਨਾਲ ਸੰਪਰਕ ਲਈ: