JatinderPannu7ਮਮਤਾ ਬੈਨਰਜੀ ਨੂੰ ਜਿਹੜੇ ਵੱਡੇ ਲੀਡਰਾਂ ਦੀ ਹਮਾਇਤ ਉੱਤੇ ਬੜਾ ਮਾਣ ਹੁੰਦਾ ਸੀ, ਉਹ ਇਨ੍ਹਾਂ ...
(5 ਅਪਰੈਲ 2021)
(ਸ਼ਬਦ: 1510)


ਦੁਨੀਆ ਦੇ ਬਹੁਤ ਸਾਰੇ ਦੇਸ਼ ਇਹੋ ਜਿਹੇ ਹਨ
, ਜਿੱਥੇ ਇਸ ਵੇਲੇ ਬਿਨਾਂ ਸ਼ੱਕ ਲੋਕਤੰਤਰੀ ਪ੍ਰਣਾਲੀ ਚੱਲਦੀ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ, ਪਰ ਉਹ ਅਸਲ ਵਿੱਚ ਲੋਕਤੰਤਰ ਹੈ ਵੀ ਜਾਂ ਨਹੀਂ, ਇਸ ਬਾਰੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਅਤੇ ਬਹਿਸ ਦਾ ਮੁੱਦਾ ਬਣਾਏ ਜਾ ਰਹੇ ਹਨਭਾਰਤ ਹਾਲੇ ਤਕ ਇਸ ਖਾਤੇ ਵਿੱਚ ਨਹੀਂ ਸੀ ਆਇਆਜਦੋਂ ਭਾਰਤ ਵਿੱਚ ਲੋਕਤੰਤਰੀ ਪ੍ਰਕਿਰਿਆ ਦੌਰਾਨ ਬੂਥਾਂ ਉੱਤੇ ਕਬਜ਼ੇ ਕਰਨ ਦੀਆਂ ਖਬਰਾਂ ਬਿਹਾਰ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਰਗੇ ਰਾਜਾਂ ਤੋਂ ਮਿਲਿਆ ਕਰਦੀਆਂ ਸਨ, ਝਾਰਖੰਡ ਤੇ ਛੱਤੀਸਗੜ੍ਹ ਰਾਜ ਹਾਲੇ ਬਣੇ ਨਹੀਂ ਸਨ, ਉਦੋਂ ਵੀ ਇਹ ਸਥਾਨਕ ਪੱਧਰ ਦੇ ਵਿਗਾੜ ਦਾ ਮਾਮਲਾ ਹੀ ਮੰਨਿਆ ਜਾਂਦਾ ਸੀ, ਦੇਸ਼ ਦੇ ਲੋਕਤੰਤਰੀ ਸਿਸਟਮ ਹੋਣ ਬਾਰੇ ਸਵਾਲ ਨਹੀਂ ਸੀ ਉੱਠਦੇਅੱਜ ਭਾਰਤ ਦੇ ਲੋਕਤੰਤਰੀ ਦੇਸ਼ ਹੋਣ ਜਾਂ ਭਵਿੱਖ ਵਿੱਚ ਇਸਦੇ ਲੋਕਤੰਤਰੀ ਦੇਸ਼ ਰਹਿਣ ਬਾਰੇ ਸਵਾਲਾਂ ਦੀ ਲੜੀ ਸਾਹਮਣੇ ਆ ਖੜੋਂਦੀ ਹੈ, ਪਰ ਕੋਈ ਤਸੱਲੀ ਵਾਲਾ ਜਵਾਬ ਦੇ ਸਕਣ ਜੋਗਾ ਆਗੂ ਜਾਂ ਵਿਦਵਾਨ ਨਹੀਂ ਲੱਭਦਾ ਇੰਨੇ ਸਵਾਲ ਅੱਗੇ ਕਦੀ ਨਹੀਂ ਸਨ ਉੱਠੇ, ਅੱਜਕੱਲ੍ਹ ਅਚਾਨਕ ਕਿਉਂ ਉੱਠਣ ਲੱਗ ਪਏ, ਇਸ ਬਾਰੇ ਵੀ ਕਿਸੇ ਤਰ੍ਹਾਂ ਦੀ ਸਿੱਧੀ ਬਹਿਸ ਨਹੀਂ ਹੁੰਦੀ ਤੇ ਚਲਾਵੇਂ ਜਿਹੇ ਸਵਾਲਾਂ ਦਾ ਅਸਲੋਂ ਟਾਲਣ ਵਾਲਾ ਜਵਾਬ ਦੇਣ ਦੇ ਬਾਅਦ ਚੁੱਪ ਵਰਤ ਜਾਂਦੀ ਹੈ

ਕਿੰਤੂ ਕਿਹੜੀ ਤਰ੍ਹਾਂ ਦੇ ਹਨ, ਇਸ ਸੰਬੰਧ ਵਿੱਚ ਵੀ ਇੱਕ ਤੋਂ ਇੱਕ ਦਿਲਚਸਪ ਕਿੱਸੇ ਸੁਣਨ ਨੂੰ ਮਿਲ ਸਕਦੇ ਹਨ ਅਤੇ ਇਨ੍ਹਾਂ ਬਾਰੇ ਗੱਲ ਕਰਨੀ ਹੋਵੇ ਤਾਂ ਦਿੱਲੀ ਸਰਕਾਰ ਬਾਰੇ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਪਾਰਲੀਮੈਂਟ ਤੋਂ ਪਿਛਲੇ ਹਫਤੇ ਪਾਸ ਕਰਵਾਏ ਨਵੇਂ ਸੋਧ ਕਾਨੂੰਨ ਤੋਂ ਸ਼ੁਰੂ ਕੀਤੀ ਜਾ ਸਕਦੀ ਹੈਬਹੁਤ ਸਾਰੇ ਲੋਕਾਂ ਲਈ ਇਹ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਵਿਚਾਲੇ ਖਿੱਚੋਤਾਣ ਦਾ ਮੁੱਦਾ ਹੋ ਸਕਦਾ ਹੈ, ਪਰ ਉਹ ਇਹ ਗੱਲ ਨਹੀਂ ਜਾਣਦੇ ਕਿ ਦਿੱਲੀ ਦੇ ਤਜਰਬੇ ਨੂੰ ਬਾਅਦ ਵਿੱਚ ਮੁਕੰਮਲ ਰਾਜ ਦੇ ਦਰਜੇ ਵਾਲੀਆਂ ਸਰਕਾਰਾਂ ਦੇ ਵਿਰੁੱਧ ਵੀ ਵਰਤਿਆ ਜਾ ਸਕਦਾ ਹੈਦਿੱਲੀ ਦਾ ਦਰਜਾ ਇੱਕ ਕੇਂਦਰੀ ਸ਼ਾਸਿਤ ਰਾਜ ਵਾਲਾ ਹੈ ਤੇ ਇਸ ਬਾਰੇ ਨਵੀਂ ਪਾਸ ਕੀਤੀ ਸੋਧ ਨਾਲ ਅਰਵਿੰਦ ਕੇਜਰੀਵਾਲ ਵਾਲੀ ਸਰਕਾਰ ਦੀਆਂ ਸ਼ਕਤੀਆਂ ਹੋਰ ਘਟਾ ਕੇ ਬਹੁਤ ਸਾਰੇ ਕੰਮਾਂ ਵਿੱਚ ਦਿੱਲੀ ਦੇ ਲੈਫਟੀਨੈਂਟ ਗਵਰਨਰ ਦੇ ਅਧਿਕਾਰ ਵਧਾਏ ਗਏ ਹਨ ਅਤੇ ਇਸ ਨਾਲ ਦਿੱਲੀ ਦੀ ਸਰਕਾਰ ਇੱਕ ਨਗਰ ਪਾਲਿਕਾ ਜਿੰਨੀ ਤਾਕਤਵਰ ਵੀ ਨਹੀਂ ਰਹੀ ਲਗਦੀਦੇਸ਼ ਦੀ ਸਰਕਾਰ ਨੇ ਲੋਕ ਸਭਾ ਵਿੱਚ ਸਾਫ ਕਿਹਾ ਹੈ ਕਿ ਦਸੰਬਰ 2014 ਤਕ ਸਭ ਕੁਝ ਠੀਕ ਚੱਲਦਾ ਸੀ, ਸਾਲ 2015 ਚੜ੍ਹਨ ਦੇ ਬਾਅਦ ਸਥਿਤੀਆਂ ਬਦਲ ਗਈਆਂ ਤੇ ਇਹ ਸੋਧ ਪਾਸ ਕਰਨੀ ਜ਼ਰੂਰੀ ਹੋ ਗਈ ਹੈਇਹ ਸਾਲ 2015 ਵਿੱਚ ਇੰਨਾ ਫਰਕ ਹੀ ਤਾਂ ਪਿਆ ਸੀ ਕਿ ਦੋਵਾਂ ਰਿਵਾਇਤੀ ਸਿਆਸੀ ਪਾਰਟੀਆਂ ਦੀ ਥਾਂ ਉਹ ਪਾਰਟੀ ਆ ਗਈ ਸੀ, ਜਿਹੜੀ ਵੱਖਰੀ ਸੋਚ ਵਾਲੇ ਢੰਗ ਨਾਲ ਚੱਲਦੀ ਸੀ ਤੇ ਭਾਜਪਾ ਲੀਡਰਸ਼ਿੱਪ ਨੂੰ ਬਰਦਾਸ਼ਤ ਨਹੀਂ ਸੀ ਹੁੰਦੀਅੱਜ ਇਹ ਗੱਲ ਉਸ ਇੱਕ ਪਾਰਟੀ ਬਾਰੇ ਕਹਿ ਕੇ ਉਸ ਦੀ ਸਰਕਾਰ ਦੀਆਂ ਤਾਕਤਾਂ ਘਟਾਈਆਂ ਗਈਆਂ ਹਨ ਤਾਂ ਕੱਲ੍ਹ ਨੂੰ ਹੋਰਨਾਂ ਰਾਜਾਂ ਦੀਆਂ ਤਾਕਤਾਂ ਘਟਾਈਆਂ ਜਾ ਸਕਦੀਆਂ ਹਨਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਰਾਜਾਂ ਦੀਆਂ ਤਾਕਤਾਂ ਘਟਾਈਆਂ ਨਹੀਂ ਜਾ ਸਕਦੀਆਂਆਪਣੇ ਮਨ ਵਿੱਚ ਇਹੋ ਜਿਹਾ ਵਹਿਮ ਕਿਸੇ ਨੂੰ ਨਹੀਂ ਪਾਲਣਾ ਚਾਹੀਦਾ, ਦੇਸ਼ ਦੇ ਸੰਵਿਧਾਨ ਵਿੱਚ ਇਸਦਾ ਰਾਹ ਵੀ ਮੌਜੂਦ ਹੈ

ਇਹ ਗੱਲ ਦੱਸਣ ਦੀ ਲੋੜ ਨਹੀਂ ਕਿ ਧਾਰਾ 356 ਨਾਲ ਕਿਸੇ ਵੀ ਰਾਜ ਸਰਕਾਰ ਨੂੰ ਤੋੜ ਕੇ ਉਸ ਦੀਆਂ ਸਾਰੀਆਂ ਤਾਕਤਾਂ ਉੱਥੋਂ ਦੇ ਗਵਰਨਰ ਦੇ ਰਾਹੀਂ ਕੇਂਦਰ ਸਰਕਾਰ ਸਿੱਧੇ ਆਪਣੇ ਹੱਥ ਲੈ ਸਕਦੀ ਹੈਅਗਲੀ ਗੱਲ ਇਹ ਹੈ ਕਿ ਉਸੇ ਧਾਰਾ ਵਿੱਚੋਂ ਇਹ ਭਾਵਨਾ ਲੱਭ ਜਾਂਦੀ ਹੈ ਕਿ ਰਾਸ਼ਟਰਪਤੀ ਦੇ ਦਸਖਤ ਕਰਵਾ ਕੇ ਕਿਸੇ ਰਾਜ ਸਰਕਾਰ ਨੂੰ ਤੋੜੇ ਬਿਨਾਂ ਵੀ ਉੱਥੋਂ ਦੀਆਂ ਸਿਰਫ ਕੁਝ ਤਾਕਤਾਂ ਕੇਂਦਰ ਸਰਕਾਰ ਆਪਣੇ ਹੱਥ ਲੈ ਸਕਦੀ ਹੈਅਜੇ ਤਕ ਕਿਸੇ ਰਾਜ ਵਿੱਚ ਇੱਦਾਂ ਕੀਤਾ ਹੋਵੇ, ਇਸਦੀ ਸਾਨੂੰ ਜਾਣਕਾਰੀ ਨਹੀਂ, ਰਾਜ ਸਰਕਾਰਾਂ ਤੋੜਨ ਦੀ ਜਾਣਕਾਰੀ ਸਭ ਨੂੰ ਹੈ, ਪਰ ਸੰਵਿਧਾਨ ਵਿੱਚ ਇਹ ਵੀ ਰਾਹ ਰੱਖਿਆ ਗਿਆ ਹੈ, ਜਿਸ ਨੂੰ ਕਿਸੇ ਨੇ ਅੱਜ ਤਕ ਵਰਤਣ ਦੀ ਲੋੜ ਨਹੀਂ ਸਮਝੀ ਤਾਂ ਅੱਜ ਵਾਲੀ ਸਰਕਾਰ ਕੱਲ੍ਹ ਨੂੰ ਵਰਤ ਸਕਦੀ ਹੈਇਹ ਸੰਕੇਤ ਦਿੱਲੀ ਬਾਰੇ ਪਾਸ ਕੀਤੀ ਸੋਧ ਤੋਂ ਹੀ ਨਹੀਂ, ਕੇਂਦਰ ਸਰਕਾਰ ਵੱਲੋਂ ਕੇਂਦਰੀ ਏਜੰਸੀਆਂ ਤੇ ਵਿਭਾਗਾਂ ਦੀ ਸਿਆਸੀ ਮਕਸਦਾਂ ਲਈ ਵਰਤੋਂ ਦੇ ਅਜੋਕੇ ਨਮੂਨੇ ਤੋਂ ਵੀ ਬੜਾ ਸੌਖਾ ਮਿਲ ਜਾਂਦਾ ਹੈ

ਇਸਦਾ ਇੱਕ ਨਮੂਨਾ ਇਹ ਹੈ ਕਿ ਅੱਜਕੱਲ੍ਹ ਜਿਸ ਵੀ ਰਾਜ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹੋਣ, ਭਾਜਪਾ ਦੇ ਵਿਰੋਧ ਦੀ ਮੁੱਖ ਧਿਰ ਜਾਂ ਕੁਝ ਧਿਰਾਂ ਦੇ ਗੱਠਜੋੜ ਦੇ ਆਗੂਆਂ ਦੇ ਘਰੀਂ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਇਨਕਮ ਟੈਕਸ ਦੇ ਛਾਪੇ ਵੱਜਣੇ ਸ਼ੁਰੂ ਹੋ ਜਾਂਦੇ ਹਨਅਸਾਮ ਵਿੱਚ ਤਾਂ ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਆਪਣੇ ਵਿਰੁੱਧ ਕਲਮ ਚੁੱਕਣ ਵਾਲੇ ਪੱਤਰਕਾਰ ਨੂੰ ਇਹ ਵੀ ਕਹਿ ਦਿੱਤਾ ਕਿ ਤੇਰੇ ਖਿਲਾਫ ਐੱਨ ਆਈ ਏ ਦਾ ਕੇਸ ਬਣਵਾਇਆ ਜਾ ਸਕਦਾ ਹੈਇਹ ਧਮਕੀ ਉਸ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਨਾਂਅ ਉੱਤੇ ਦਿੱਤੀ ਗਈ ਹੈ, ਜਿਹੜੀ ਮੁੰਬਈ ਦੇ ਸਭ ਤੋਂ ਵੱਡੇ ਦਹਿਸ਼ਤਗਰਦ ਹਮਲੇ ਪਿੱਛੋਂ ਸਿਰਫ ਦਹਿਸ਼ਤਗਰਦੀ ਦੇ ਕੇਸਾਂ ਨਾਲ ਨਿਪਟਣ ਲਈ ਬਣਾਈ ਗਈ ਸੀਬੀਤੇ ਸ਼ੁੱਕਰਵਾਰ ਤਾਮਿਲ ਨਾਡੂ ਵਿੱਚ ਭਾਜਪਾ ਨਾਲ ਸਿਆਸੀ ਟੱਕਰ ਦੀ ਮੁੱਖ ਧਿਰ ਦੇ ਆਗੂ ਐੱਮ ਕੇ ਸਟਾਲਿਨ ਦੀ ਧੀ ਦੇ ਘਰ ਵੀ ਕੇਂਦਰ ਦੀਆਂ ਏਜੰਸੀਆਂ ਨੇ ਛਾਪਾ ਜਾ ਮਾਰਿਆ ਹੈਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਨਾਲ ਜੁੜੇ ਬਹੁਤ ਸਾਰੇ ਲੀਡਰਾਂ ਦੇ ਘਰੀਂ ਪਹਿਲਾਂ ਕੇਂਦਰੀ ਏਜੰਸੀਆਂ ਨੇ ਛਾਪੇ ਮਾਰੇ ਤੇ ਫਿਰ ਰੋਜ਼ ਉਨ੍ਹਾਂ ਨੂੰ ਜਾਂਚ ਦੇ ਬਹਾਨੇ ਬੁਲਾ ਕੇ ਆਪਣੇ ਦਫਤਰਾਂ ਵਿੱਚ ਪੂਰਾ-ਪੂਰਾ ਦਿਨ ਬਿਠਾਈ ਰੱਖਿਆ ਜਾਂਦਾ ਰਿਹਾਉਨ੍ਹਾਂ ਵਿੱਚੋਂ ਜਿਸ ਕਿਸੇ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ, ਅਗਲੇ ਦਿਨ ਤੋਂ ਉਸ ਦੇ ਘਰ ਕਦੇ ਕੋਈ ਛਾਪਾ ਨਹੀਂ ਪਿਆ ਤੇ ਕੇਸਾਂ ਦੀਆਂ ਫਾਈਲਾਂ ਠੱਪ ਕਰਨ ਦਾ ਕੰਮ ਚੁੱਪ-ਚੁਪੀਤੇ ਇੱਦਾਂ ਹੋ ਗਿਆ, ਜਿਵੇਂ ਕਦੀ ਕੋਈ ਜਾਂਚ ਸ਼ੁਰੂ ਹੀ ਨਾ ਹੋਈ ਹੋਵੇਮਮਤਾ ਬੈਨਰਜੀ ਨੂੰ ਜਿਹੜੇ ਵੱਡੇ ਲੀਡਰਾਂ ਦੀ ਹਮਾਇਤ ਉੱਤੇ ਬੜਾ ਮਾਣ ਹੁੰਦਾ ਸੀ, ਉਹ ਇਨ੍ਹਾਂ ਏਜੰਸੀਆਂ ਵੱਲੋਂ ਲਗਾਮ ਖਿੱਚੇ ਜਾਣ ਉੱਤੇ ਉਸੇ ਨਾਲ ਆਢਾ ਲੈਣ ਲਈ ਭਾਜਪਾ ਦੇ ਥਰਡ-ਰੇਟ ਕਾਰਿੰਦੇ ਬਣ ਕੇ ਕੰਮ ਕਰਨ ਨੂੰ ਤਿਆਰ ਹੋ ਗਏ ਹਨਉਨ੍ਹਾਂ ਵਿੱਚੋਂ ਇੱਕ ਜਣਾ ਸੁਵੇਂਦੂ ਅਧਿਕਾਰੀ ਇਸ ਵੇਲੇ ਮਮਤਾ ਬੈਨਰਜੀ ਦੇ ਖਿਲਾਫ ਚੋਣ ਵਿੱਚ ਭਾਜਪਾ ਦਾ ਉਮੀਦਵਾਰ ਹੈਕਈ ਹੋਰਨਾਂ ਬਾਰੇ ਸੁਣਿਆ ਜਾ ਸਕਦਾ ਹੈ ਕਿ ਅਗਲੇ ਦਿਨੀਂ ਉਹ ਵੀ ਮਮਤਾ ਦੀ ਛਤਰੀ ਤੋਂ ਉੱਡ ਕੇ ਭਾਜਪਾ ਦੇ ਚੁਬਾਰੇ ਦੀ ਛੱਤ ਉੱਤੇ ਟਿਕਾਣਾ ਬਣਾਉਣ ਲਈ ਤਿਆਰੀਆਂ ਕਰਦੇ ਪਏ ਹਨਆਂਧਰਾ ਪ੍ਰਦੇਸ਼ ਦੀ ਤੇਲਗੂ ਦੇਸਮ ਦੇ ਆਗੂ ਚੰਦਰ ਬਾਬੂ ਨਾਇਡੂ ਦੇ ਕੁਝ ਸਾਥੀ ਇਸੇ ਤਰ੍ਹਾਂ ਭਾਜਪਾ ਵੱਲ ਜਾਣ ਨੂੰ ਮਜਬੂਰ ਹੋਏ ਸਨਰਾਜ ਸਭਾ ਦੇ ਇੱਕ ਮੈਂਬਰ ਦੇ ਖਿਲਾਫ ਭਾਜਪਾ ਦੇ ਇੱਕ ਸੀਨੀਅਰ ਬੁਲਾਰੇ ਨੇ ਰਾਜ ਸਭਾ ਦੇ ਚੇਅਰਮੈਨ ਨੂੰ ਚਿੱਠੀ ਲਿਖੀ ਕਿ ਇਸਦੇ ਵਿਰੁੱਧ ਕਈ ਕਰੋੜ ਦੇ ਘਪਲੇ ਦਾ ਕੇਸ ਬੜਾ ਸੰਗੀਨ ਹੈ, ਇਸਦੀ ਰਾਜ ਸਭਾ ਮੈਂਬਰੀ ਖਤਮ ਕਰ ਦੇਣੀ ਚਾਹੀਦੀ ਹੈਉਹ ਇੱਕ ਹਫਤਾ ਲੰਘਣ ਤੋਂ ਪਹਿਲਾਂ ਚੰਦਰ ਬਾਬੂ ਨਾਇਡੂ ਵਾਲੀ ਤੇਲਗੂ ਦੇਸਮ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਿਆ, ਉਸ ਦੇ ਖਿਲਾਫ ਚਿੱਠੀ ਲਿਖਣ ਵਾਲਾ ਵੀ ਉਸੇ ਰਾਜ ਸਭਾ ਵਿੱਚ ਬੈਠਦਾ ਹੈ, ਉਹ ਵੀ ਅਤੇ ਹਾਊਸ ਦਾ ਚੇਅਰਮੈਨ, ਜਿਹੜਾ ਪਹਿਲਾਂ ਦੋ ਵਾਰ ਭਾਜਪਾ ਦਾ ਪ੍ਰਧਾਨ ਰਹਿ ਚੁੱਕਾ ਹੈ, ਉਹ ਵੀ ਉੱਥੇ ਹੁੰਦਾ ਹੈ, ਪਰ ਕਈ ਕਰੋੜ ਵਾਲਾ ਮੁੱਦਾ ਫਿਰ ਕਦੇ ਨਹੀਂ ਉੱਠਿਆਉਸ ਦੇ ਖਿਲਾਫ ਦਲ-ਬਦਲੀ ਕਾਨੂੰਨ ਵੀ ਲਾਗੂ ਨਹੀਂ ਕੀਤਾ ਗਿਆ, ਕਿਉਂਕਿ ਉਹ ਭਾਜਪਾ ਲੀਡਰਸ਼ਿੱਪ ਦੀ ਇੱਛਾ ਦਾ ਮੁਥਾਜ ਬਣ ਗਿਆ ਸੀ

ਬਾਕੀ ਕਸਰ ਵੋਟਾਂ ਪਾਉਣ ਵਾਲੀਆਂ ਇਲੈਕਟਰਾਨਿਕ ਮਸ਼ੀਨਾਂ ਦੇ ਨਾਲ ਨਿਕਲ ਚੱਲੀ ਹੈਅਸੀਂ ਬਹੁਤ ਸਾਰੇ ਲੋਕਾਂ ਦਾ ਲਾਇਆ ਇਹ ਦੋਸ਼ ਦੁਹਰਾਉਣ ਦੀ ਲੋੜ ਨਹੀਂ ਸਮਝਦੇ ਕਿ ਮਸ਼ੀਨਾਂ ਨਾਲ ਛੇੜ-ਛਾੜ ਕਰ ਕੇ ਕਿਸੇ ਵੀ ਹੋਰ ਦੀ ਵੋਟ ਭਾਜਪਾ ਦੇ ਪੱਖ ਵਿੱਚ ਭੁਗਤਾਈ ਜਾ ਸਕਦੀ ਹੈ, ਸਗੋਂ ਤਾਜ਼ਾ ਹਾਲਾਤ ਦੀ ਗੱਲ ਕਰਨਾ ਚਾਹੁੰਦੇ ਹਾਂ ਕਿ ਚੋਣਾਂ ਦੌਰਾਨ ਵੋਟ ਮਸ਼ੀਨਾਂ ਰਸਤੇ ਵਿੱਚੋਂ ਗਾਇਬ ਹੋਣ ਅਤੇ ਭਾਜਪਾ ਨਾਲ ਮੋਹ ਵਿਖਾਉਣ ਲੱਗ ਪਈਆਂ ਹਨਪਿਛਲੇਰੇ ਸਾਲ ਹਰਿਆਣੇ ਦਾ ਇੱਕ ਭਾਜਪਾ ਉਮੀਦਵਾਰ ਇਹ ਕਹਿੰਦਾ ਸੁਣਿਆ ਅਤੇ ਵੇਖਿਆ ਗਿਆ ਸੀ ਕਿ ਮਸ਼ੀਨਾਂ ਦੀ ਸੈਟਿੰਗ ਕਰ ਲਈ ਹੈ, ਕੋਈ ਵੀ ਬਟਨ ਦੱਬਿਆ ਗਿਆ ਤਾਂ ਵੋਟ ਭਾਜਪਾ ਨੂੰ ਹੀ ਪੈਣੀ ਹੈਇਸ ਵਾਰੀ ਆਸਾਮ ਵਿੱਚ ਵੋਟ ਮਸ਼ੀਨ ਹੀ ਆਪਣੀ ਗੱਡੀ ਨੂੰ ਖਰਾਬ ਕਰ ਕੇ ਭਾਜਪਾ ਉਮੀਦਵਾਰ ਦੀ ਗੱਡੀ ਵਿੱਚ ਜਾ ਚੜ੍ਹੀ ਹੈ ਉੱਥੋਂ ਦੇ ਪੱਥਰਕੰਡੀ ਇਲਾਕੇ ਵਿੱਚ ਭੀੜ ਨੇ ਅਚਾਨਕ ਆਪਣੇ ਕੋਲੋਂ ਲੰਘਦੀ ਇੱਕ ਗੱਡੀ ਵਿੱਚ ਵੋਟਾਂ ਵਾਲੀ ਮਸ਼ੀਨ ਵੇਖੀ ਤਾਂ ਗੱਡੀ ਰੁਕਵਾ ਲਈਗੱਡੇ ਵਿਚਲੇ ਲੋਕ ਉੱਥੋਂ ਦੌੜ ਗਏ ਤੇ ਗੱਡੀ ਵਿੱਚ ਸਿਰਫ ਵੋਟਾਂ ਵਾਲੀ ਮਸ਼ੀਨ ਪਈ ਹੋਣ ਦੀ ਵੀਡੀਓ ਲੋਕਾਂ ਨੇ ਸੋਸ਼ਲ ਮੀਡੀਆ ਉੱਤੇ ਪਾ ਦਿੱਤੀਇਸ ਨਾਲ ਸਾਰੇ ਦੇਸ਼ ਵਿੱਚ ਰੌਲਾ ਪੈ ਗਿਆ, ਪਰ ਭਾਜਪਾ ਦੀ ਚਾਟ ਉੱਤੇ ਲੱਗੇ ਹੋਏ ਚੋਣ ਅਧਿਕਾਰੀਆਂ ਦਾ ਬਿਆਨ ਆਇਆ ਕਿ ਕੋਈ ਖਾਸ ਗੱਲ ਨਹੀਂ ਹੋਈ, ਵੋਟਾਂ ਪਿੱਛੋਂ ਪੋਲਿੰਗ ਪਾਰਟੀ ਜਦੋਂ ਵਾਪਸ ਜਾ ਰਹੀ ਸੀ, ਉਨ੍ਹਾਂ ਦੀ ਗੱਡੀ ਖਰਾਬ ਹੋ ਗਈ ਅਤੇ ਜਿਹੜੀ ਗੱਡੀ ਉੱਧਰੋਂ ਲੰਘਦੀ ਦਿੱਸੀ, ਉਸ ਵਿੱਚ ਚੜ੍ਹ ਗਏ ਸਨਇਸ ਕਮਾਲ ਦੀ ਕਹਾਣੀ ਵਿੱਚ ਨੁਕਸ ਇਹ ਪੈ ਗਿਆ ਕਿ ਰਾਹ ਜਾਂਦੀ ਜਿਸ ਗੱਡੀ ਵਿੱਚ ਮਸ਼ੀਨ ਪਈ ਸੀ, ਉਸ ਵਿੱਚ ਪੋਲਿੰਗ ਪਾਰਟੀ ਦਾ ਸਟਾਫ ਵੀ ਨਹੀਂ ਸੀ ਤੇ ਉਨ੍ਹਾਂ ਦੀ ਸੁਰੱਖਿਆ ਲਈ ਨਾਲ ਭੇਜੇ ਗਏ ਪੁਲਿਸ ਵਾਲੇ ਵੀ ਨਾਲ ਨਹੀਂ ਬੈਠੇ ਸਨਅਗਲੀ ਗੱਲ ਇਹ ਕਿ ਗੱਡੀ ਉਸ ਹਲਕੇ ਦੇ ਭਾਜਪਾ ਉਮੀਦਵਾਰ ਦੀ ਪਤਨੀ ਦੇ ਨਾਂਅ ਰਜਿਸਟਰਡ ਸੀ, ਜਿਸਦੇ ਸਾਰੇ ਅਰਥ ਆਪਣੇ ਆਪ ਲੱਭ ਜਾਂਦੇ ਹਨ ਤੇ ਕਿਸੇ ਨੂੰ ਵੀ ਇਸ ਕਹਾਣੀ ਦੇ ਪਿੱਛੇ ਲੁਕੇ ਹੋਏ ਕਿੱਸੇ ਨੂੰ ਫੋਲਣ ਦੀ ਲੋੜ ਨਹੀਂ ਰਹਿ ਜਾਂਦੀ

ਅਸੀਂ ਇਹ ਸੁਣਿਆ ਸੀ ਕਿ ਰੋਬੌਟ ਗੱਲਾਂ ਕਰਨਾ ਸਿੱਖਦੇ ਜਾਂਦੇ ਹਨ ਤੇ ਬੁਲਿਟਨ ਬਣਾ ਦੇਈਏ ਤਾਂ ਉਹ ਖਬਰਾਂ ਵੀ ਪੜ੍ਹ ਸਕਦੇ ਹਨਭਾਰਤ ਜ਼ਿਆਦਾ ਅੱਗੇ ਨਿਕਲ ਗਿਆ ਹੈ ਇੱਥੇ ਹੁਨਰ ਦੀ ਕਮਾਲ ਹੈ ਕਿ ਵੋਟ ਮਸ਼ੀਨਾਂ ਇਹ ਸਿੱਖ ਗਈਆਂ ਹਨ ਕਿ ਰਾਹ ਜਾਂਦਿਆਂ ਆਪਣੀ ਗੱਡੀ ਖਰਾਬ ਹੋ ਜਾਵੇ ਤਾਂ ਅਸੀਂ ਕਿਸ ਪਾਰਟੀ ਦੀ ਗੱਡੀ ਵਿੱਚ ਬੈਠਣਾ ਹੈ ਅਤੇ ਸਾਡੇ ਨਾਲ ਕਿਸੇ ਚੋਣ ਅਧਿਕਾਰੀ ਨੂੰ ਵੀ ਜਾਣ ਦੀ ਲੋੜ ਨਹੀਂ, ਅਸੀਂ ਸਾਰਾ ਕੁਝ ਆਪੇ ਕਰ ਲੈਣਾ ਹੈ ਇੱਦਾਂ ਦੀ ਹਾਲਤ ਵਿੱਚ ਜੇ ਕੋਈ ਭਾਰਤ ਦੇ ਲੋਕਤੰਤਰੀ ਪ੍ਰਬੰਧ ਨੂੰ ਲੱਗੇ ਖੋਰੇ ਦੀ ਗੱਲ ਕਰੇਗਾ ਤਾਂ ਉਸ ਦੇ ਕਿੰਤੂ ਜਿਹੜੇ ਜਵਾਬ ਦੀ ਉਡੀਕ ਕਰਦੇ ਹਨ, ਉਨ੍ਹਾਂ ਦਾ ਜਵਾਬ ਕਿਸੇ ਨੇ ਨਹੀਂ ਦੇਣਾਉਂਜ ਇੱਦਾਂ ਦੇ ਕਿੰਤੂਆਂ ਦਾ ਜਵਾਬ ਦੇਣ ਦੀ ਲੋੜ ਵੀ ਕੀ ਹੈ!

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2691)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਜਤਿੰਦਰ ਪਨੂੰ

ਜਤਿੰਦਰ ਪਨੂੰ

Jalandhar, Punjab, India.
Phone: (91 - 98140 - 68455)
Email: (pannu_jatinder@yahoo.co.in)

More articles from this author