JatinderPannu7ਬਹੁਤ ਸਾਰੇ ਦੇਸ਼ਾਂ ਵਿੱਚ ਇਸ ਵਕਤ ਆਮ ਇਨਸਾਨ ਦੀ ਪ੍ਰਾਈਵੇਸੀ, ਉਸ ਦੀ ...
(26 ਜੁਲਾਈ 2021)

 

ਬਹੁਤ ਸਾਰੇ ਲੋਕ ਚਾਹੁੰਦੇ ਹੋਣਗੇ ਕਿ ਪੰਜਾਬ ਦੀ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਏ ਗਏ ਨਵਜੋਤ ਸਿੰਘ ਸਿੱਧੂ ਦੀ ਇੱਕੋ ਹਫਤੇ ਵਿੱਚ ਅਸਮਾਨੀ ਰਾਕੇਟ ਵਰਗੀ ਸਿਆਸੀ ਚੜ੍ਹਤ ਦੀ ਗੱਲ ਪਹਿਲਾਂ ਕੀਤੀ ਜਾਵੇ, ਅਤੇ ਉਨ੍ਹਾਂ ਦਾ ਇਸ ਤਰ੍ਹਾਂ ਸੋਚਣਾ ਗਲਤ ਨਹੀਂ, ਪਰ ਉੱਧਰ ਝਾਕਣ ਦੀ ਥਾਂ ਅਸੀਂ ਦੂਸਰਾ ਮੁੱਦਾ ਛੋਹਣਾ ਚਾਹੁੰਦੇ ਹਾਂਇਹ ਦੂਸਰਾ ਮੁੱਦਾ ਭਾਰਤ ਦੇ ਲੋਕਾਂ ਉੱਤੇ ਅਸਰ ਪਾਉਂਦਾ ਹੈ, ਜਿਨ੍ਹਾਂ ਵਿੱਚ ਪੰਜਾਬ ਦੇ ਲੋਕ ਸ਼ਾਮਲ ਹਨ ਅਤੇ ਦੁਨੀਆ ਭਰ ਦੇ ਲੋਕਾਂ ਦਾ ਨਸੀਬ ਵੀ ਉਸ ਦੀ ਮਾਰ ਹੇਠ ਆਇਆ ਪਿਆ ਹੈਜਿਹੜੇ ਸਾਫਟਵੇਅਰ ਭਲੇ ਦਾ ਸਬੱਬ ਜਾਪਦੇ ਸਨ, ਉਹ ਡਰਾਉਣੇ ਭੂਤ ਬਣੇ ਪਏ ਹਨ ਤੇ ਉਨ੍ਹਾਂ ਤੋਂ ਸਾਰੀ ਦੁਨੀਆ ਤ੍ਰਹਿਕੀ ਪਈ ਹੈਅੱਜਕੱਲ੍ਹ ਭਾਰਤ ਵਿੱਚ ਜਾਸੂਸੀ ਕਾਂਡ ਦਾ ਰੌਲਾ ਵੀ ਉਸੇ ਦਾ ਹੈ

ਪਿਛਲੇ ਦਿਨੀਂ ਇਹ ਖਬਰ ਇੱਕਦਮ ਆਈ ਅਤੇ ਫਿਰ ਹਰ ਪਾਸੇ ਛਾ ਗਈ ਕਿ ਇਸਰਾਈਲ ਦੀ ਇੱਕ ਕੰਪਨੀ ਦਾ ਬਣਾਇਆ ਪੈਗਾਸਸ ਸਾਫਟਵੇਅਰ ਵਰਤ ਕੇ ਭਾਰਤ ਦੇ ਵੱਡੇ ਲੋਕਾਂ ਦੇ ਫੋਨ ਸੁਣੇ ਜਾ ਰਹੇ ਹਨਭਾਰਤ ਦੀ ਨਰਿੰਦਰ ਮੋਦੀ ਸਰਕਾਰ ਉੱਤੇ ਇਸ ਬਾਰੇ ਸਿੱਧਾ ਦੋਸ਼ ਲਾਇਆ ਗਿਆ ਤੇ ਸਰਕਾਰ ਨੇ ਇਸਦੀ ਸਫਾਈ ਵਿੱਚ ਕੁਝ ਤੱਥ ਪੇਸ਼ ਕਰਨ ਦੀ ਥਾਂ ਇਹੋ ਰਟ ਲਾ ਰੱਖੀ ਕਿ ਅਸੀਂ ਕੁਝ ਗਲਤ ਨਹੀਂ ਕੀਤਾਗਲਤ ਭਾਵੇਂ ਨਾ ਕੀਤਾ ਹੋਵੇ, ਪਰ ਕੀਤਾ ਕੀ ਹੈ, ਇਹ ਭੇਦ ਖੋਲ੍ਹਣ ਲਈ ਸਰਕਾਰ ਨਹੀਂ ਮੰਨਦੀਜਿਸ ਦੇਸ਼ ਦੀ ਕੰਪਨੀ ਨੇ ਇਹ ਜਾਸੂਸੀ ਸਾਫਟਵੇਅਰ ਬਣਾਇਆ ਹੈ, ਉੱਥੇ ਇਸਦੀ ਜਾਂਚ ਲਈ ਇੱਕ ਉੱਚ ਪੱਧਰੀ ਟੀਮ ਬਣਾਈ ਗਈ ਹੈ ਜਿਨ੍ਹਾਂ ਵਿਕਸਤ ਦੇਸ਼ਾਂ ਵਿੱਚ ਇਸ ਸਾਫਟਵੇਅਰ ਦੀ ਵਰਤੋਂ ਨਾਲ ਜਾਸੂਸੀ ਕੀਤੀ ਦੱਸੀ ਜਾ ਰਹੀ ਸੀ, ਉੱਥੇ ਵੀ ਜਾਂਚ ਚੱਲ ਜਾ ਰਹੀ ਹੈ, ਪਰ ਭਾਰਤ ਦੀ ਸਰਕਾਰ ਅਜੇ ਵੀ ਇੱਕੋ ਰਟ ਲਾਈ ਜਾਂਦੀ ਹੈ ਕਿ ਕੁਝ ਗਲਤ ਨਹੀਂ ਕੀਤਾਇਸਰਾਈਲ ਵਿੱਚ ਸਰਕਾਰ ਬਦਲ ਚੁੱਕੀ ਹੈਜਿਹੜੇ ਪਿਛਲੇ ਪ੍ਰਧਾਨ ਮੰਤਰੀ ਨੇ ਗੱਦੀ ਛੱਡੀ ਹੈ, ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਹੁਤ ਨੇੜੂ ਗਿਣਿਆ ਜਾਂਦਾ ਸੀ ਅਤੇ ਜਿਹੜਾ ਪ੍ਰਧਾਨ ਮੰਤਰੀ ਬਣਿਆ ਹੈ, ਉਹ ਉਸ ਪਹਿਲੇ ਦਾ ਵਿਰੋਧੀ ਹੋਣ ਕਾਰਨ ਭਾਰਤ ਨਾਲ ਉੱਦਾਂ ਦਾ ਸਹਿਯੋਗ ਸ਼ਾਇਦ ਨਹੀਂ ਕਰੇਗਾ ਉੱਥੋਂ ਆਉਂਦੀਆਂ ਰਿਪੋਰਟਾਂ ਮੁਤਾਬਕ ਉੱਥੋਂ ਦੀ ਸਰਕਾਰ ਇਸ ਪੈਗਾਸਸ ਸਾਫਟਵੇਅਰ ਨੂੰ ਸਿਰਫ ਸਾਫਟਵੇਅਰ ਨਹੀਂ, ਇੱਕ ਹਥਿਆਰ ਮੰਨਦੀ ਹੈ ਤੇ ਇਸੇ ਲਈ ਕਿਸੇ ਵੀ ਗੈਰ ਸਰਕਾਰੀ ਜਥੇਬੰਦੀ ਨੂੰ ਵੇਚਣ ਦੀ ਪੱਕੀ ਮਨਾਹੀ ਦੇ ਨਾਲ ਸਿਰਫ ਸਰਕਾਰਾਂ ਨੂੰ ਉੱਥੋਂ ਦੀ ਸਰਕਾਰ ਦੀ ਆਗਿਆ ਨਾਲ ਵੇਚਣ ਦਾ ਨਿਯਮ ਹੈਇਹ ਗੱਲ ਸੱਚੀ ਹੋਵੇ ਤਾਂ ਫਿਰ ਭਾਰਤ ਨੂੰ ਵੀ ਪਿਛਲੇ ਇਸਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਦੀ ਮਰਜ਼ੀ ਬਿਨਾਂ ਨਹੀਂ ਮਿਲਿਆ ਹੋਵੇਗਾ ਇੱਦਾਂ ਦਾ ਗੁਪਤ ਹਥਿਆਰ ਲਿਆਉਣ ਤੇ ਚੁੱਪ-ਚੁਪੀਤੇ ਵਰਤਣ ਪਿੱਛੇ ਨਰਿੰਦਰ ਮੋਦੀ ਸਰਕਾਰ ਦੀ ਕੀ ਸੋਚਣੀ ਸੀ, ਲੋਕਤੰਤਰ ਵਿੱਚ ਦੇਸ਼ ਦੇ ਆਮ ਲੋਕਾਂ ਨੂੰ ਇਹ ਗੱਲ ਜਾਨਣ ਦਾ ਕਾਨੂੰਨੀ ਅਧਿਕਾਰ ਹੋਣਾ ਚਾਹੀਦਾ ਹੈ, ਜਿਹੜਾ ਮੰਨਿਆ ਨਹੀਂ ਜਾ ਰਿਹਾ

ਇਹ ਇੱਕ ਵੱਡਾ ਮੁੱਦਾ ਹੈ ਅਤੇ ਬਿਨਾਂ ਸ਼ੱਕ ਬੜਾ ਵੱਡਾ ਮੁੱਦਾ ਹੈ, ਪਰ ਸਵਾਲ ਇਹ ਹੈ ਕਿ ਪੈਗਾਸਸ ਆਉਣ ਤੋਂ ਬਿਨਾਂ ਵੀ ਅੱਜ ਦੇ ਯੁਗ ਵਿੱਚ ਆਮ ਲੋਕਾਂ ਦੀ ਕਿਹੜੀ ਕੋਈ ਪ੍ਰਾਈਵੇਸੀ ਰਹਿ ਗਈ ਹੈ! ਸਾਡੇ ਕੋਲ ਮੋਬਾਇਲ ਫੋਨ ਹਨ ਅਤੇ ਉਨ੍ਹਾਂ ਵਿੱਚ ਹਰ ਤੀਸਰੇ-ਚੌਥੇ ਦਿਨ ਸਾਫਟਵੇਅਰ ਦੀ ਅੱਪ-ਡੇਟਿੰਗ ਸ਼ੁਰੂ ਹੋ ਜਾਂਦੀ ਹੈਸਾਨੂੰ ਪੁੱਛੇ ਬਿਨਾਂ ਇਹੋ ਜਿਹੀ ਅੱਪ-ਡੇਟਿੰਗ ਕਰਨ ਦਾ ਪ੍ਰਬੰਧ ਅਗੇਤਾ ਕਰੀ ਬੈਠੀਆਂ ਫੋਨ ਕੰਪਨੀਆਂ ਸਿਰਫ ਅੱਪ-ਡੇਟਿੰਗ ਕਰਦੀਆਂ ਹਨ ਜਾਂ ਇਸਦੇ ਬਹਾਨੇ ਨਾਲ ਸਾਡੇ ਫੋਨ ਵਿੱਚੋਂ ਹਰ ਕਿਸਮ ਦਾ ਡਾਟਾ ਕੱਢ ਲੈਂਦੀਆਂ ਹਨ, ਅਸੀਂ ਇਹ ਨਹੀਂ ਜਾਣ ਸਕਦੇਆਮ ਆਦਮੀ ਕਿਸੇ ਕਿਸਮ ਦੀ ਕੋਈ ਐਪ ਆਪਣੇ ਫੋਨ ਉੱਤੇ ਜਦੋਂ ਡਾਊਨਲੋਡ ਕਰਦਾ ਹੈ ਤਾਂ ਕਈ ਥਾਂਈਂ ਇਸ ਐਪ ਨਾਲ ਸੰਬੰਧਤ ਸ਼ਰਤਾਂ ਅਤੇ ਕੰਡੀਸ਼ਨਾਂ ਜੁੜੀਆਂ ਹੁੰਦੀਆਂ ਹਨ, ਜਿਨ੍ਹਾਂ ਦਾ ਭੇਦ ਦੱਸੇ ਬਿਨਾਂ ਇਹ ਲਿਖਿਆ ਮਿਲਦਾ ਹੈ ਕਿ ਤੁਸੀਂ ਇਸ ਨੂੰ ‘ਐਕਸੈਪਟ’ (ਪ੍ਰਵਾਨ) ਕਰੋ, ਵਰਨਾ ਉਹ ਐਪ ਚੱਲ ਨਹੀਂ ਸਕਦੀਉਨ੍ਹਾਂ ਸ਼ਰਤਾਂ ਦਾ ਸਾਨੂੰ ਪਤਾ ਹੀ ਨਹੀਂ ਹੁੰਦਾ ਤੇ ਅਸੀਂ ਹਰ ਥਾਂ ਐਕਸੈਪਟ ਉੱਤੇ ਕਲਿੱਕ ਕਰ ਕੇ ਆਪਣੇ ਹੱਥ ਵੱਢ ਕੇ ਦੇਈ ਜਾਂਦੇ ਹਾਂਸਾਡੇ ਕੋਲ ਕੰਪਿਊਟਰ ਜਾਂ ਲੈਪਟਾਪ ਦਾ ਹੋਣਾ ਅੱਜਕੱਲ੍ਹ ਆਮ ਗੱਲ ਹੈ, ਇਸਦੀ ਸਕਰੀਨ ਉੱਪਰ ਕੈਮਰਾ ਵੀ ਲੱਗਾ ਆਉਣ ਲੱਗ ਪਿਆ ਹੈਮਾਹਰ ਕਹਿੰਦੇ ਹਨ ਕਿ ਉਹ ਕੈਮਰਾ ਕੰਪਿਊਟਰ ਦੇ ਬੰਦ ਕੀਤੇ ਤੋਂ ਵੀ ਚੱਲਦਾ ਰਹਿੰਦਾ ਹੈ ਤੇ ਜਦੋਂ ਤੁਸੀਂ ਅਗਲੀ ਵਾਰੀ ਕੰਪਿਊਟਰ ਨੂੰ ਚਾਲੂ ਕਰਦੇ ਹੋ ਤਾਂ ਇੰਟਰਨੈੱਟ ਮਿਲਦੇ ਸਾਰ ਆਪਣੀ ਸਾਰੀ ਰਿਕਾਰਡਿੰਗ ਕਿਸ ਕੰਪਨੀ ਨੂੰ ਕਿੱਦਾਂ ਭੇਜਦਾ ਹੈ, ਸਾਨੂੰ ਕਦੀ ਇਹ ਪਤਾ ਹੀ ਨਹੀਂ ਲੱਗਦਾਅਸੀਂ ਕਿਸੇ ਪਾਸੇ ਜਾਂਦੇ ਹਾਂ ਤਾਂ ਉੱਥੋਂ ਦਾ ਵਾਈ-ਫਾਈ ਕੁਨੈਕਸ਼ਨ ਬੜੇ ਆਰਾਮ ਨਾਲ ਵਰਤਦੇ ਹਾਂ, ਪਰ ਸਾਨੂੰ ਇਹ ਗੱਲ ਪਤਾ ਨਹੀਂ ਹੁੰਦੀ ਕਿ ਜਿਸ ਵਿਅਕਤੀ ਕੋਲ ਇਸ ਵਾਈ-ਫਾਈ ਦੇ ਪਾਸਵਰਡ ਹਨ, ਉਹ ਇਸ ਵਿੱਚੋਂ ਸਾਰੀ ਜਾਣਕਾਰੀ ਕੱਢ ਸਕਦਾ ਹੈ ਅਤੇ ਸਾਡੇ ਪਾਸਵਰਡ ਵੀ ਉਸ ਨੂੰ ਮਿਲ ਸਕਦੇ ਹਨਆਪਣੇ ਘਰ ਵਿੱਚ ਅਸੀਂ ਜਿਸ ਕਿਸੇ ਕੰਪਨੀ ਦੀ ਇੰਟਰਨੈੱਟ ਲਾਈਨ ਲਵਾ ਲਈ ਹੈ, ਉਸ ਦੇ ਇੰਜਨੀਅਰ ਇਸਦੀ ਵਰਤੋਂ ਕਰ ਕੇ ਸਾਡਾ ਹਰ ਪਾਸਵਰਡ ਕੱਢਣ ਦੀ ਤਾਕਤ ਰੱਖਦੇ ਹਨਅਸੀਂ ਉਨ੍ਹਾਂ ਤੋਂ ਕੁਝ ਛੁਪਾਉਣਾ ਵੀ ਚਾਹੀਏ ਤਾਂ ਛੁਪਾ ਨਹੀਂ ਸਕਦੇਲਗਭਗ ਹਰ ਥਾਂ ਮਨੁੱਖ ਇੱਕ ਤਰ੍ਹਾਂ ਇਨ੍ਹਾਂ ਸਰਵਿਸ ਪ੍ਰੋਵਾਈਡਰ ਕੰਪਨੀਆਂ ਦੀ ਨਜ਼ਰ ਹੇਠ ਰਹਿਣ ਨੂੰ ਮਜਬੂਰ ਹੈ

ਸਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਦੋਂ ਰਾਸ਼ਟਰਪਤੀ ਚੋਣ ਵਿੱਚ ਡੋਨਾਲਡ ਟਰੰਪ ਅਤੇ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਦਾ ਮੁਕਾਬਲਾ ਸੀ, ਉਦੋਂ ਚੋਣ ਪ੍ਰਚਾਰ ਦੇ ਆਖਰੀ ਹਫਤੇ ਇੱਕ ਖਬਰ ਆਈ ਸੀ ਕਿ ਹਿਲੇਰੀ ਨੇ ਵਿਦੇਸ਼ ਮੰਤਰੀ ਹੁੰਦਿਆਂ ਬਹੁਤ ਨਾਜ਼ਕ ਮੈਸੇਜ ਸਰਕਾਰੀ ਈਮੇਲ ਦੀ ਥਾਂ ਪ੍ਰਾਈਵੇਟ ਈਮੇਲ ਤੋਂ ਭੇਜੇ ਸਨਆਮ ਲੋਕਾਂ ਲਈ ਇਹ ਗੱਲ ਛੋਟੀ ਹੋਵੇਗੀ, ਪਰ ਚੋਣ ਪ੍ਰਚਾਰ ਦੇ ਆਖਰੀ ਹਫਤੇ ਆਈ ਇਹ ਖਬਰ ਹਿਲੇਰੀ ਕਲਿੰਟਨ ਦੇ ਜੜ੍ਹੀਂ ਇਸ ਲਈ ਬਹਿ ਗਈ ਸੀ ਕਿ ਸਰਕਾਰੀ ਸੰਦੇਸ਼ਾਂ ਲਈ ਪ੍ਰਾਈਵੇਟ ਈਮੇਲ ਦੀ ਵਰਤੋਂ ਦੇਸ਼ ਦੀ ਸੁਰੱਖਿਆ ਲਈ ਖਤਰਾ ਸਮਝੀ ਗਈ ਸੀਜਿਹੜੀ ਪ੍ਰਾਈਵੇਟ ਸਰਵਿਸ ਪ੍ਰੋਵਾਈਡਰ ਕੰਪਨੀ ਨਾਲ ਉਸਦੀ ਈਮੇਲ ਦਾ ਸੰਬੰਧ ਸੀ, ਉਹ ਹਿਲੇਰੀ ਕਲਿੰਟਨ ਦੀ ਉਸ ਈਮੇਲ ਨੂੰ ਪੜ੍ਹ ਸਕਦੀ ਸੀ ਬੇਸ਼ਕ ਕਿਸੇ ਨੇ ਵੀ ਨਾ ਪੜ੍ਹੀ ਹੋਵੇ, ਪਰ ਇਹ ਗੱਲ ਵੱਡੀ ਭੁੱਲ ਮੰਨੀ ਗਈ ਸੀਅਸੀਂ ਲੋਕ ਆਪਣੀ ਈਮੇਲ ਦੀ ਆਈ ਡੀ ਜਿਸ ਕੰਪਨੀ ਦੇ ਸਰਵਰ ਤੋਂ ਬਣਾਉਂਦੇ ਹਾਂ, ਕਿਸੇ ਜੁਰਮ ਦੀ ਜਾਂਚ ਵਿੱਚ ਪੁਲਿਸ ਜਾਂ ਕੋਈ ਹੋਰ ਏਜੰਸੀ ਉਨ੍ਹਾਂ ਕੋਲੋਂ ਕਦੀ ਉਸ ਦੇ ਵੇਰਵਾ ਮੰਗ ਲਵੇ ਤੇ ਉਹ ਦੇਣ ਲਈ ਤਿਆਰ ਹੋ ਜਾਣ ਤਾਂ ਸਾਰਾ ਡਾਟਾ ਉਨ੍ਹਾਂ ਕੋਲ ਮੌਜੂਦ ਹੁੰਦਾ ਹੈਭਾਰਤ ਸਰਕਾਰ ਜਦੋਂ ਟਵਿਟਰ, ਵਟਸਐਪ ਤੇ ਹੋਰ ਸਰਵਿਸ ਪ੍ਰੋਵਾਈਡਰ ਸੋਸ਼ਲ ਮੀਡੀਆ ਕੰਪਨੀਆਂ ਉੱਤੇ ਸ਼ਿਕੰਜਾ ਕੱਸਣ ਦੇ ਯਤਨ ਕਰਦੀ ਹੈ ਤਾਂ ਉਹ ਉਨ੍ਹਾਂ ਕੰਪਨੀਆਂ ਉੱਤੇ ਨਹੀਂ, ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਨਕੇਲ ਪਾਉਣ ਦੇ ਯਤਨ ਕਰਦੀ ਹੈਬਹਾਨਾ ਦੇਸ਼ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦਾ ਬਣਾਇਆ ਜਾਂਦਾ ਹੈ

ਬਹੁਤ ਸਾਰੇ ਦੇਸ਼ਾਂ ਵਿੱਚ ਇਸ ਵਕਤ ਆਮ ਇਨਸਾਨ ਦੀ ਪ੍ਰਾਈਵੇਸੀ, ਉਸ ਦੀ ਨਿੱਜੀ ਜ਼ਿੰਦਗੀ ਦੇ ਭੇਦ ਦਾ ਕੁਝ ਓਹਲਾ ਰੱਖਣ ਦੇ ਕੇਸ ਚੱਲ ਰਹੇ ਹਨ ਤੇ ਇਸਦੀ ਬਹਿਸ ਵੀ ਹੋ ਰਹੀ ਹੈਇਸ ਪ੍ਰਾਈਵੇਸੀ ਨੂੰ ਅਸੂਲਾਂ ਦਾ ਮਾਮਲਾ ਮੰਨ ਕੇ ਚਰਚਾ ਹੁੰਦੀ ਹੈਅਸਲ ਵਿੱਚ ਪ੍ਰਾਈਵੇਸੀ ਉੱਤੇ ਅਸੂਲਾਂ ਦੀ ਅਣ-ਦਿਸਦੀ ਚਾਦਰ ਅਸਲੋਂ ਪਤਲੀ ਜਿਹੀ ਜਾਪਣ ਲੱਗ ਪਈ ਹੈਸਰਕਾਰਾਂ ਵੀ ਆਮ ਆਦਮੀ ਦੀ ਪ੍ਰਾਈਵੇਸੀ ਵਿੱਚ ਝਾਤੀਆਂ ਮਾਰੀ ਜਾਂਦੀਆਂ ਹਨ, ਟੈਲੀਫੋਨ ਕੰਪਨੀਆਂ ਵੀ ਅਤੇ ਲੋਕਾਂ ਨੂੰ ਸੂਚਨਾ ਪਹੁੰਚਾਉਣ ਤੋਂ ਲੈ ਕੇ ਵੱਖ-ਵੱਖ ਕਿਸਮਾਂ ਦੀਆਂ ਮਨੋਰੰਜਨ ਦੀਆਂ ਐਪਸ ਪੇਸ਼ ਕਰਨ ਵਾਲੀਆਂ ਕੰਪਨੀਆਂ ਕੋਲ ਵੀ ਸਾਡੀ ਜ਼ਿੰਦਗੀ ਦੀ ਹਰ ਤਹਿ ਫੋਲਣ ਦਾ ਹੱਕ ਉਦੋਂ ਪਹੁੰਚ ਜਾਂਦਾ ਹੈ, ਜਦੋਂ ਅਸੀਂ ਉਹ ਐਪ ਚਾਲੂ ਕਰਨ ਸਮੇਂ ਸ਼ਰਤਾਂ ਬਾਰੇ ਲਿਖੀ ‘ਐਕਸੈਪਟ’ ਦੀ ਚਾਬੀ ਨੂੰ ਕਲਿੱਕ ਕਰ ਦਿੰਦੇ ਹਾਂਉਹ ਕੰਪਨੀਆਂ ਜਦੋਂ ਚਾਹੁਣ ਤੇ ਜਿਵੇਂ ਵੀ ਚਾਹੁਣ, ਇਸਦੀ ਵਰਤੋਂ ਸਾਨੂੰ ਦੱਸੇ ਬਿਨਾਂ ਕਰ ਸਕਦੀਆਂ ਹਨਸਾਡੀ ਪ੍ਰਾਈਵੇਸੀ ਸਿਰਫ ਨਾਂਅ ਦੀ ਬਾਕੀ ਹੈਹਕੀਕਤ ਇਹ ਹੈ ਕਿ ਅਸੂਲਾਂ ਦੀ ਅਣ-ਦਿਸਦੀ ਚਾਦਰ ਓਹਲੇ ਸੰਸਾਰ ਬਾਜ਼ਾਰ ਵਿੱਚ ਅੱਜ ਦਾ ਮਨੁੱਖ ਅਸਲੋਂ ਬੇਪਰਦ ਖੜ੍ਹਾ ਹੈ ਅਤੇ ਏਦੂੰ ਵੀ ਵੱਡੀ ਭੇਦ ਦੀ ਗੱਲ ਇਹ ਹੈ ਕਿ ਉਸ ਨੂੰ ਆਪਣੇ ਬੇਪਰਦ ਹੋਣ ਦਾ ਪਤਾ ਹੀ ਨਹੀਂ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2920)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਜਤਿੰਦਰ ਪਨੂੰ

ਜਤਿੰਦਰ ਪਨੂੰ

Jalandhar, Punjab, India.
Phone: (91 - 98140 - 68455)
Email: (pannu_jatinder@yahoo.co.in)

More articles from this author