“ਸਗੋਂ ਅਮਰੀਕਾ ਨੇ ਉਹਨਾਂ ਅਫਗਾਨੀਆਂ ਨੂੰ ਸੰਕਟ ਵਿੱਚ ਪਾ ਦਿੱਤਾ ਜਿਹੜੇ ਵੀਹ ਸਾਲ ...”
(28 ਅਗਸਤ 2021)
ਅਫਗਾਨਿਸਤਾਨ ਤੋਂ ਵੱਡੀਆਂ ਚਿੰਤਾਜਨਕ ਖ਼ਬਰਾਂ ਆ ਰਹੀਆਂ ਹਨ। ਸੋਵੀਅਤ ਯੂਨੀਅਨ (ਰੂਸ) ਪਹਿਲਾਂ ਅਫਗਾਨਿਸਤਾਨ ਦੇ ਬਾਸ਼ਿੰਦਿਆਂ ਦਾ ਸਾਥ ਛੱਡ ਗਿਆ ਸੀ ਅਤੇ ਹੁਣ ਅਮਰੀਕੀ ਫੌਜਾਂ 20 ਸਾਲ ਅਫਗਾਨਿਸਤਾਨ ਵਿੱਚ ਆਪਣੀਆਂ ਚੰਮ ਦੀਆਂ ਚਲਾ ਕੇ, ਉੱਥੋਂ ਦੇ ਬਾਸ਼ਿੰਦਿਆਂ ਨੂੰ ਆਪਣੇ ਰਹਿਮੋ ਕਰਮ ਉੱਤੇ ਛੱਡ ਗਈਆਂ ਹਨ। ਤਾਲਿਬਾਨ ਲਗਭਗ ਸਾਰੇ ਅਫਗਾਨਿਸਤਾਨ ਉੱਤੇ ਕਾਬਜ਼ ਹੋ ਗਿਆ ਹੈ ਅਤੇ ਲੋਕ ਆਪਣਾ ਦੇਸ਼ ਛੱਡ ਕੇ ਵਿਦੇਸ਼ਾਂ ਨੂੰ ਭੱਜ ਰਹੇ ਹਨ।
ਮੋਟਾ ਅੰਦਾਜ਼ਾ ਹੈ ਕਿ ਹੁਣ ਤਕ ਤੀਹ ਲੱਖ ਅਫਗਾਨ ਸ਼ਰਨਾਰਥੀ ਦੁਨੀਆ ਭਰ ਦੇ ਦੇਸ਼ਾਂ ਵਿੱਚ ਸ਼ਰਨ ਲੈ ਚੁੱਕੇ ਹਨ। ਇਹ ਗਿਣਤੀ ਜ਼ਿਆਦਾ ਵੀ ਹੋ ਸਕਦੀ ਹੈ। ਪਾਕਿਸਤਾਨ ਪਿਛਲੇ ਚਾਰ ਦਹਾਕਿਆਂ ਤੋਂ ਅਫਗਾਨ ਸ਼ਰਨਾਰਥੀਆਂ ਦਾ ਭਾਰ ਢੋਅ ਰਿਹਾ ਹੈ। ਉਸਦਾ ਦਾਅਵਾ ਹੈ ਕਿ ਉਸਨੇ ਪਾਕਿਸਤਾਨ ਵਿੱਚ ਪੰਦਰਾਂ ਲੱਖ ਸ਼ਰਨਾਰਥੀ ਰਜਿਸਟਰ ਕੀਤੇ ਹਨ, ਬਾਕੀ ਬਿਨਾਂ ਰਜ਼ਿਸਟ੍ਰੇਸ਼ਨ ਰਹਿ ਰਹੇ ਹਨ। ਪਾਕਿਸਤਾਨ, ਜਿਹੜਾ ਤਾਲਿਬਾਨ ਦੇ ਨਾਲ ਹਿੱਕ ਡਾਹ ਕੇ ਖੜ੍ਹਾ ਹੋਇਆ ਹੈ, ਉਸਨੇ ਹੁਣ ਅਫਗਾਨ ਸ਼ਰਨਾਰਥੀਆਂ ਲਈ ਦਰਵਾਜੇ ਢੋ ਲਏ ਹਨ।
ਅਫਗਾਨਿਸਤਾਨ ਵਿੱਚ ਹਾਲਾਤ ਗੰਭੀਰ ਹਨ ਅਤੇ ਉੱਥੇ ਸਿਆਸੀ ਅਨਿਸਚਿਤਤਾ ਬਣੀ ਹੋਈ ਹੈ। ਤਾਲਿਬਾਨਾਂ ਨੇ ਅਫਗਾਨਿਸਤਾਨ ’ਤੇ ਕਬਜ਼ਾ ਕਰਨ ਉਪਰੰਤ 12 ਮੈਂਬਰੀ ਕਮੇਟੀ ਬਣਾਈ ਹੈ, ਪਰ ਹਾਲੀ ਤਕ ਆਪਣਾ ਕੋਈ ਵੀ ਮੁਖੀ/ਰਾਸ਼ਟਰਪਤੀ ਨਹੀਂ ਐਲਾਨਿਆ। ਭਾਵੇਂ ਕਿ ਤਾਲਿਬਾਨ ਖਾੜਕੂ ਲੋਕਾਂ ਨੂੰ ਅਫਗਾਨ ਨਾ ਛੱਡਣ ਲਈ ਕਹਿ ਰਹੇ ਹਨ, ਪਰ ਕਿਉਂਕਿ ਲੋਕਾਂ ਨੂੰ 20 ਸਾਲ ਪਹਿਲੇ ਤਲਿਬਾਨਾਂ ਵੱਲੋਂ ਕੀਤੇ ਜ਼ੁਲਮ ਯਾਦ ਹਨ, ਇਸ ਕਰਕੇ ਉਹ ਦੇਸ਼ ਛੱਡਣ ਵਿੱਚ ਹੀ ਆਪਣਾ ਭਲਾ ਸਮਝ ਰਹੇ ਹਨ। ਇਸ ਲਈ ਤਾਲਿਬਾਨ ਦੇ ਕਬਜ਼ੇ ਦੇ ਬਾਅਦ ਵੱਡੀ ਗਿਣਤੀ ਸ਼ਰਨਾਰਥੀਆਂ ਦੀ ਪਿਛਲੇ ਕੁਝ ਦਿਨਾਂ ਵਿੱਚ ਕਾਬੁਲ ਹਵਾਈ ਅੱਡੇ ਉੱਤੇ ਜਿਸ ਤਰ੍ਹਾਂ ਦੀ ਭੀੜ ਦਿਸ ਰਹੀ ਹੈ, ਉਹ ਚਿੰਤਾ ਕਰਨ ਵਾਲੀ ਹੈ।
ਲੋਕਾਂ ਨੂੰ ਲੱਗ ਰਿਹਾ ਹੈ ਕਿ ਕੋਈ ਵੀ ਸਾਧਨ ਜਾਂ ਤਰੀਕਾ ਵਰਤਕੇ ਦੇਸ਼ ਛੱਡਣ ਵਿੱਚ ਹੀ ਉਹਨਾਂ ਦੀ ਭਲਾਈ ਹੈ। ਅਫਗਾਨੀ ਲੋਕਾਂ ਵਿੱਚ ਇਸ ਗੱਲ ਦੀ ਅਨਿਸ਼ਚਿਤਤਾ ਹੈ ਕਿ ਤਾਲੀਬਾਨੀਆਂ ਦਾ ਰਾਜ ਕਿਹੋ ਜਿਹਾ ਹੋਏਗਾ? ਇਸੇ ਲਈ ਅਮਰੀਕਾ ਸਹਿਤ ਸਾਰੇ ਦੇਸ਼ ਆਪਣੇ ਨਾਗਰਿਕ ਅਤੇ ਉਹਨਾਂ ਲਈ ਕੰਮ ਕਰਨ ਵਾਲੇ ਅਫਗਾਨੀਆਂ ਨੂੰ ਸੁਰੱਖਿਅਤ ਟਿਕਾਣਿਆਂ ’ਤੇ ਪਹੁੰਚਾ ਰਹੇ ਹਨ। ਅਮਰੀਕੀਆਂ ਦਾ ਦਾਅਵਾ ਹੈ ਕਿ ਉਹਨਾਂ 60 ਹਜ਼ਾਰ ਲੋਕਾਂ ਨੂੰ ਕਾਬੁਲ ਵਿੱਚੋਂ ਬਾਹਰ ਕੱਢਿਆ ਹੈ। ਬ੍ਰਿਟਿਸ਼ ਸਰਕਾਰ ਵੀ 5200 ਲੋਕਾਂ ਨੂੰ ਬਾਹਰ ਕੱਢ ਚੁੱਕੀ ਹੈ। ਭਾਰਤ ਵੱਲੋਂ ਵੀ ਆਪਣੇ ਸੈਂਕੜੇ ਮੁਲਾਜ਼ਮ ਵਾਪਸ ਲਿਆਂਦੇ ਗਏ ਹਨ, ਕਿਉਂਕਿ ਤਾਲਿਬਾਨ ਨੇ 31 ਅਗਸਤ 2021 ਤਕ ਇਹਨਾਂ ਦੇਸ਼ਾਂ ਦੇ ਲੋਕਾਂ ਨੂੰ ਬਾਹਰ ਲੈ ਜਾਣ ਦੀ ਪ੍ਰਵਾਨਗੀ ਦਿੱਤੀ ਹੋਈ ਹੈ।
ਅਫਗਾਨਿਸਤਾਨ ਦੀ ਇਸ ਵੇਲੇ ਦੀ ਸਮੱਸਿਆ ਗੰਭੀਰ ਹੈ। ਅਮਰੀਕੀ ਫੌਜਾਂ ਦੀ ਵਾਪਸੀ ਉਪਰੰਤ ਅਫਗਾਨੀ ਫੌਜਾਂ ਤਾਲਿਬਾਨਾਂ ਦਾ, ਜਿਹਨਾਂ ਨੂੰ ਪਾਕਿਸਤਾਨ ਦੀ ਭਰਪੂਰ ਹਿਮਾਇਤ ਹੈ, ਮੁਕਾਬਲਾ ਨਹੀਂ ਕਰ ਸਕੀਆਂ। ਸਿਰਫ ਪੰਚਸ਼ੀਰ ਸੂਬੇ ਵਿੱਚ ਉੱਥੋਂ ਦੇ ਕਬੀਲੇ ਅਤੇ ਨਾਰਥ ਪ੍ਰੋਵਿੰਨਸ ਫੌਜਾਂ ਤਾਲਿਬਾਨਾਂ ਨੂੰ ਟੱਕਰ ਦੇ ਰਹੀਆਂ ਹਨ। ਅਹਿਮਦ ਮਸੂਦ ਅਤੇ ਸਾਬਕਾ ਅਫਗਾਨੀ ਉਪ ਰਾਸ਼ਟਰਪਤੀ ਅਮਰੁਲਾ ਸਲਾਹ ਦੀ ਅਗਵਾਈ ਵਿੱਚ ਪੂਰੇ ਵਿਸ਼ਵ ਵਿੱਚ ਅਫਗਾਨਿਸਤਾਨ ਨਾਲ ਹੋ ਰਹੀਆਂ ਤਾਲਿਬਾਨੀ ਜ਼ਿਆਦਤੀਆਂ ਨੂੰ ਲੋਕਾਂ ਸਾਹਵੇਂ ਲਿਆ ਰਹੇ ਹਨ। ਇਸ ਵੇਲੇ ਤਾਲਿਬਾਨ ਪੰਚਸ਼ੀਰ ਨੂੰ ਕਬਜ਼ੇ ਵਿੱਚ ਲੈਣ ਲਈ ਲੜਾਈ ਲੜ ਰਹੇ ਹਨ, ਕਿਉਂਕਿ ਉਹਨਾਂ ਕੋਲ ਉਹ ਸਾਰਾ ਅਸਲਾ, ਟੈਂਕ, ਮਸ਼ੀਨਰੀ ਆਦਿ ਮੌਜੂਦ ਹੈ ਜੋ ਅਮਰੀਕੀ ਫੌਜਾਂ ਅਫਗਾਨਿਸਤਾਨ ਵਿੱਚ ਛੱਡ ਗਈਆਂ ਹਨ ਤੇ ਆਫਗਾਨਿਸਤਾਨ ਦੀਆਂ ਫੌਜਾਂ ਇਸ ਅਸਲੇ ਨੂੰ ਸੰਭਾਲ ਨਹੀਂ ਸਕੀਆਂ। ਭਾਵੇਂ ਕਿ ਖ਼ਬਰਾਂ ਇਹ ਵੀ ਹਨ ਕਿ ਦੋਹਾਂ ਧਿਰਾਂ ਵਿੱਚ ਜੰਗਬੰਦੀ ਹੋ ਗਈ ਹੈ।
ਮੌਜੂਦਾ ਹਾਲਾਤ ਦੇ ਮੱਦੇ ਨਜ਼ਰ ਸ਼ਰਨਾਰਥੀਆਂ ਦੀ ਸਮੱਸਿਆ ਡੂੰਘੀ ਅਤੇ ਵਡੇਰੀ ਹੁੰਦੀ ਜਾ ਰਹੀ ਹੈ। ਇਸ ਕਰਕੇ ਅਫਗਾਨਿਸਤਾਨ ਦੇ ਆਸਪਾਸ ਦੇ ਦੇਸ਼ ਪ੍ਰੇਸ਼ਾਨ ਹਨ। ਉਹ ਪਹਿਲਾਂ ਹੀ ਅਫਗਾਨੀ ਸ਼ਰਨਾਰਥੀਆਂ ਦਾ ਸੰਕਟ ਝੱਲ ਰਹੇ ਹਨ। ਪਿਛਲੇ ਕੁਝ ਮਹੀਨਿਆਂ ਵਿੱਚ ਲੱਖਾਂ ਅਫਗਾਨੀ ਦੇਸ਼ ਛੱਡ ਚੁੱਕੇ ਹਨ। ਈਰਾਨ ਅਤੇ ਤਿੰਨ ਹੋਰ ਰਾਜਾਂ ਨੇ ਸ਼ਰਨਾਰਥੀਆਂ ਨੂੰ ਜਗ੍ਹਾ ਦਿੱਤੀ ਹੈ। ਪਾਕਿਸਤਾਨ ਵੱਲ ਵੀ ਇਹ ਸ਼ਰਨਾਰਥੀ ਰੁਖ ਕਰ ਰਹੇ ਹਨ। ਅਫਗਾਨਿਸਤਾਨ ਦਾ ਗੁਆਂਢੀ ਮੁਲਕ ਤਾਜਕਿਸਤਾਨ ਵੀ ਸ਼ਰਨਾਰਥੀਆਂ ਪ੍ਰਤੀ ਚਿੰਤਤ ਹੈ। ਉਹ ਇੱਕ ਲੱਖ ਸ਼ਰਨਾਰਥੀਆਂ ਨੂੰ ਪਨਾਹ ਦੇ ਚੁੱਕਾ ਹੈ। ਪੱਛਮੀ ਦੇਸ਼ਾਂ ਨੇ ਵੀ ਅਫਗਾਨੀ ਸ਼ਰਨਾਰਥੀਆਂ ਨੂੰ ਪਨਾਹ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਬਰਤਾਨੀਆ ਵੀ ਵੀਹ ਹਜ਼ਾਰ ਅਫਗਾਨੀ ਔਰਤਾਂ ਤੇ ਬੱਚਿਆਂ ਨੂੰ ਪਨਾਹ ਦੇਵੇਗਾ ਜਦਕਿ ਕੈਨੇਡਾ ਨੇ ਵੀ ਵੀਹ ਹਜ਼ਾਰ ਹੋਰ ਸ਼ਰਨਾਰਥੀਆਂ ਨੂੰ ਸੰਭਾਲਣ ਲਈ ਦਰਵਾਜ਼ੇ ਖੋਲ੍ਹੇ ਹਨ। ਜਰਮਨੀ ਵੀ ਹੁਣ ਦਸ ਹਜ਼ਾਰ ਸ਼ਰਨਾਰਥੀਆਂ ਨੂੰ ਸ਼ਰਨ ਦੇਵੇਗਾ। ਅਮਰੀਕਾ ਵੱਲੋਂ ਤਾਂ ਉਹਨਾਂ ਸਾਰੇ ਅਫਗਾਨੀਆਂ ਨੂੰ ਆਪਣੇ ਨਾਲ ਲੈ ਕੇ ਜਾਣ ਦਾ ਬੀੜਾ ਚੁੱਕਿਆ ਹੋਇਆ ਹੈ, ਜਿਹੜੇ 20 ਸਾਲ ਉਹਨਾਂ ਦਾ ਅਫਗਾਨਿਸਤਾਨ ਵਿੱਚ ਸਾਥ ਦਿੰਦੇ ਰਹੇ ਹਨ।
ਤਾਲਿਬਾਨਾਂ ਨੇ ਕਾਬੁਲ ਵਿੱਚ ਰਾਸ਼ਟਰਪਤੀ ਮਹੱਲ ਸੰਭਾਲਣ ਉਪਰੰਤ ਪ੍ਰੈੱਸ ਕਾਨਫਰੰਸ ਕੀਤੀ। ਕਿਸੇ ਨੂੰ ਵੀ ਦੇਸ਼ ਨਾ ਛੱਡਣ ਲਈ ਪ੍ਰੇਰਿਆ। ਸਭਨਾਂ ਦੀ ਸੁਰੱਖਿਆ ਦਾ ਬਚਨ ਦਿੱਤਾ ਪਰ ਤਾਲਿਬਾਨਾਂ ਨੇ ਸਕੂਲਾਂ, ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਵੱਖੋ-ਵੱਖਰੇ ਕਮਰਿਆਂ ਵਿੱਚ ਪੜ੍ਹਨ ਦਾ ਆਦੇਸ਼ ਸੁਣਾ ਦਿੱਤਾ। ਔਰਤਾਂ ਨੂੰ ਟੀਵੀ ਐਂਕਰਾਂ ਵਜੋਂ ਛੁੱਟੀ ਕਰ ਦਿੱਤੀ ਹੈ। ਤਾਲਿਬਾਨ ਲੜਾਕੇ ਉਹਨਾਂ ਲੋਕਾਂ ਨੂੰ ਲੱਭ ਰਹੇ ਹਨ ਜਿਹਨਾਂ ਨੇ ਅਮਰੀਕੀ ਨੇਤਾਵਾਂ ਦਾ ਸਾਥ ਦਿੱਤਾ, ਜਿਹਨਾਂ ਦੀ ਸੂਚੀ ਉਹਨਾਂ ਕੋਲ ਹੈ।
ਅਮਰੀਕਾ ਨੇ ਪਿਛਲੇ 20 ਸਾਲ ਅਰਬਾਂ-ਖਰਬਾਂ ਰੁਪਏ ਅਫਗਾਨਿਸਤਾਨ ਵਿੱਚ ਖਰਚ ਕੀਤੇ ਲੇਕਿਨ ਨਾ ਤਾਂ ਅਫਗਾਨਿਸਤਾਨ ਵਿੱਚ ਸ਼ਾਤੀ ਆਈ ਨਾ ਹੀ ਤਾਲਿਬਾਨ ਦਾ ਸਫਾਇਆ ਹੋਇਆ। ਸਗੋਂ ਅਮਰੀਕਾ ਨੇ ਉਹਨਾਂ ਅਫਗਾਨੀਆਂ ਨੂੰ ਸੰਕਟ ਵਿੱਚ ਪਾ ਦਿੱਤਾ ਜਿਹੜੇ ਵੀਹ ਸਾਲ ਉਹਨਾਂ ਦੇ ਸਹਿਯੋਗੀ ਰਹੇ।
ਅਫਗਾਨੀ ਸ਼ਰਨਾਰਥੀਆਂ ਦੀ ਸੰਖਿਆ ਸੈਕੜਿਆਂ, ਹਜ਼ਾਰਾਂ ਵਿੱਚ ਨਹੀਂ, ਸਗੋਂ ਲੱਖਾਂ ਵਿੱਚ ਹੈ। ਰੂਸ ਵੀ ਇਸ ਚਿੰਤਾ ਵਿੱਚ ਹੈ ਕਿ ਆਖ਼ਰ ਅਫਗਾਨੀ ਸ਼ਰਨਾਰਥੀਆਂ ਦਾ ਕੀ ਕੀਤਾ ਜਾਵੇ। ਭਾਵੇਂ ਪਾਕਿਸਤਾਨ ਖੁਸ਼ ਹੈ ਕਿ ਉਸਦੀ ਪਕੜ ਇਸ ਖਿੱਤੇ ਵਿੱਚ ਮਜ਼ਬੂਤ ਹੋਈ ਹੈ, ਜਿੱਥੇ ਭਾਰਤ ਤੇ ਅਮਰੀਕਾ ਦੀ ਪਹਿਲਾਂ ਵੱਡੀ ਪਕੜ ਸੀ। ਪਾਕਿਸਤਾਨ ਹੁਣ ਅਫਗਾਨਿਸਤਾਨ ਵਿੱਚ ਸਰਕਾਰ ਬਣਾਉਣ ਦੀ ਵੱਡੀ ਭੂਮਿਕਾ ਵੀ ਨਿਭਾ ਰਿਹਾ ਹੈ। ਪਰ ਪਾਕਿਸਤਾਨ ਦੀ ਚਿੰਤਾ ਉਹ ਵੱਡੀ ਗਿਣਤੀ ਸ਼ਰਨਾਰਥੀ ਵੀ ਹਨ, ਜਿਹੜੇ ਉਹਦੀਆਂ ਸਰਹੱਦਾਂ ਉੱਤੇ ਡੇਰੇ ਜਮਾਈ ਬੈਠੇ ਹਨ।
ਅਸਲ ਵਿੱਚ ਜਦੋਂ 2020 ਵਿੱਚ ਅਮਰੀਕਾ ਤੇ ਤਾਲਿਬਾਨ ਵਿਚਕਾਰ ਸ਼ਾਂਤੀ ਸਮਝੌਤਾ ਹੋਇਆ, ਅਫਗਾਨਿਸਤਾਨੀ ਸ਼ਰਨਾਰਥੀ ਪਹਿਲਾਂ ਹੀ ਦੂਜੇ ਦੇਸ਼ਾਂ ਵਿੱਚ ਸ਼ਰਨ ਲੈਣ ਲਈ ਤੁਰ ਪਏ ਸਨ। ਪਾਕਿਸਤਾਨ, ਇਰਾਨ ਤੋਂ ਇਲਾਵਾ ਜਰਮਨ, ਤਾਜਿਕਸਤਾਨ, ਤੁਰਕੀ, ਅਸਟਰੀਆ, ਫਰਾਂਸ, ਗਰੀਸ ਵਿੱਚ ਵੱਡੀ ਸੰਖਿਆ ਅਫਗਾਨੀ ਸ਼ਰਨਾਰਥੀ ਪਹੁੰਚੇ। ਜਰਮਨੀ ਵਿੱਚ ਪੌਣੇ ਦੋ ਲੱਖ ਅਤੇ ਤੁਰਕੀ ਵਿੱਚ ਸਵਾ ਲੱਖ ਸ਼ਰਨਾਰਥੀਆਂ ਨੇ ਸ਼ਰਨ ਲੈ ਲਈ।
ਉਹ ਪਾਕਿਸਤਾਨ ਜਿਸਨੇ ਤਾਲਿਬਾਨਾਂ ਨੂੰ ਅਫਗਾਨਿਸਤਾਨ ਦੀ ਗੱਦੀ ਦੁਆਈ ਹੈ, ਉਹ ਅਫਗਾਨੀ ਸ਼ਰਨਾਰਥੀਆਂ ਨਾਲ ਬੁਰਾ ਸਲੂਕ ਕਰਦੀ ਹੈ। ਉਹਨਾਂ ਦੇ ਮਾਨਵ ਅਧਿਕਾਰਾਂ ਦੀ ਪਾਕਿਸਤਾਨ ਵਿੱਚ ਉਲੰਘਣਾ ਹੁੰਦੀ ਹੈ। ਉਹਨਾਂ ਨੂੰ ਉੱਥੇ ਸਿੱਖਿਆ, ਸਿਹਤ ਸਹੂਲਤਾਂ ਵੀ ਨਹੀਂ ਮਿਲਦੀਆਂ। ਕਰਾਚੀ ਵਿੱਚ ਵੱਡੀ ਗਿਣਤੀ ਅਫਗਾਨੀ ਝੌਂਪੜੀਆਂ ਵਿੱਚ ਰਹਿੰਦੇ ਹਨ। ਇਕੱਲੇ ਕਰਾਚੀ ਵਿੱਚ ਝੁੱਗੀਆਂ ਵਿੱਚ ਰਹਿਣ ਵਾਲੇ ਅਫਗਾਨੀਆਂ ਦੀ ਗਿਣਤੀ ਦੋ ਲੱਖ ਹੈ। ਅਸਲ ਵਿੱਚ ਪਿਛਲੇ ਕਈ ਦਹਾਕਿਆਂ ਤੋਂ ਕਰਾਚੀ ਵਿੱਚ ਰਹਿਣ ਵਾਲੇ ਅਫਗਾਨੀ ਸ਼ਰਨਾਰਥੀ ਤਾਂ ਉੱਥੋਂ ਦੇ ਬਾਸ਼ਿੰਦੇ ਹੀ ਬਣ ਚੁੱਕੇ ਹਨ। ਉਹ ਵਾਪਸ ਅਫਗਾਨਿਸਤਾਨ ਨਹੀਂ ਜਾਣਾ ਚਾਹੁੰਦੇ। ਉਹ ਪੱਛਮੀ ਦੇਸ਼ਾਂ ਵੱਲ ਵੀ ਨਹੀਂ ਜਾਣਾ ਚਾਹੁੰਦੇ। ਉਹਨਾਂ ਦਾ ਵਿਸ਼ਵਾਸ ਹੈ ਕਿ ਸੋਵੀਅਤ ਯੂਨੀਅਨ ਦੇ ਅਫਗਾਨਿਸਤਾਨ ਹਮਲੇ ਬਾਅਦ ਉਹਨਾਂ ਦੀ ਹਾਲਤ ਨਾਜ਼ੁਕ ਹੋਈ ਸੀ। ਉਹਨਾਂ ਨੂੰ ਸੋਵੀਅਤ ਯੂਨੀਅਨ ਦੀਆਂ ਫੌਜਾਂ ਦੇ ਵਾਪਸ ਜਾਣ ਨਾਲ ਆਸ ਬੱਝੀ ਸੀ ਕਿ ਉਹਨਾਂ ਦੀ ਹਾਲਤ ਬਿਹਤਰ ਹੋਏਗੀ ਪਰ ਅਫਗਨਾਨਿਸਤਾਨ ਵਿੱਚ ਸ਼ਾਂਤੀ ਨਹੀਂ ਆਈ। ਅਫਗਾਨਿਸਤਾਨ ਦੇ ਕਬੀਲਿਆਂ ਦੇ ਸਰਦਾਰਾਂ ਅਤੇ ਫਿਰ ਤਾਲਿਬਾਨ ਨੇ ਅਫਗਾਨਿਸਤਾਨ ਤਬਾਹ ਕਰ ਦਿੱਤਾ। ਅਮਰੀਕਾ ਅਤੇ ਨਾਟੋ ਦੇਸ਼ ਵੀ ਅਫਗਾਨੀਆਂ ਦੀ ਹਾਲਤ ਸੁਧਾਰਨ ਵਿੱਚ ਨਾਕਾਮਯਾਬ ਰਹੇ। ਉਹਨਾਂ ਦੀ ਨਾਕਾਮਯਾਬੀ ਕਾਰਨ ਤਾਲਿਬਾਨ ਮੁੜ ਅਫਗਾਨਿਸਤਾਨ ’ਤੇ ਕਾਬਜ਼ ਹੋ ਗਿਆ ਹੈ।
ਅਫਗਾਨੀ ਸ਼ਰਨਾਰਥੀਆਂ ਦੀ ਹਾਲਤ ਤਰਸਯੋਗ ਹੈ। ਅਫਗਾਨਿਸਤਾਨ ਦੇ ਗੁਆਂਢੀ ਦੇਸ਼ ਪਾਕਿਸਤਾਨ, ਇਰਾਨ, ਉਜ਼ਬੇਕਿਸਤਾਨ ਦੀ ਵਿਤੀ ਹਾਲਤ ਠੀਕ ਨਹੀਂ ਹੈ। ਇਹੋ ਜਿਹੇ ਹਾਲਾਤ ਵਿੱਚ ਉਹ ਸ਼ਰਨਾਰਥੀਆਂ ਦਾ ਬੋਝ ਕਿਵੇਂ ਤੇ ਕਿੰਨਾ ਕੁ ਚੁੱਕ ਸਕਦੇ ਹਨ। ਸ਼ਰਨਾਰਥੀਆਂ ਦੀ ਭੀੜ ਦਾ ਅਸਰ ਉਹਨਾਂ ਮੁਲਕਾਂ ਦੀ ਆਰਥਿਕਤਾ ਉੱਤੇ ਵੀ ਪਵੇਗਾ।
ਅਫਗਾਨਿਸਤਾਨ ਵਿੱਚ ਜਿਸ ਕਿਸਮ ਦੇ ਹਾਲਾਤ ਬਣ ਰਹੇ ਹਨ, ਉਹ ਗ੍ਰਹਿ ਯੁੱਧ ਦਾ ਸੰਕੇਤ ਦਿੰਦੇ ਹਨ। ਅਫਗਾਨੀ ਤਾਲਿਬਾਨਾਂ ਦੀਆਂ ਕੱਟੜ ਨੀਤੀਆਂ ਨੂੰ ਉਦਾਰਵਾਦੀ ਅਫਗਾਨੀ ਪਸ਼ਤੂਨ ਪ੍ਰਵਾਨ ਨਹੀਂ ਕਰਦੇ। ਦੇਸ਼ ਦੇ ਵੱਖੋ-ਵੱਖਰੇ ਭਾਗਾਂ ਵਿੱਚ ਉਹਨਾਂ ਵੱਲੋਂ ਕਬਜ਼ਾਧਾਰੀ ਤਾਲਿਬਾਨਾਂ ਦੇ ਝੰਡੇ ਉਤਾਰ ਕੇ ਅਫਗਾਨਿਸਤਾਨ ਦੇ ਝੰਡੇ ਲਹਿਰਾਏ ਗਏ ਅਤੇ ਰੋਸ ਮਾਰਚ ਵੀ ਕੱਢੇ ਗਏ ਹਨ।
ਅਫਗਾਨਿਸਤਾਨ ਦੀਆਂ ਤਾਜਿਕ, ਹਜਾਰਾ ਅਤੇ ਉਜ਼ਬੇਕ ਜਾਤੀਆਂ ਕਿਸੇ ਵੀ ਕੀਮਤ ਉੱਤੇ ਤਾਲਿਬਾਨ ਦੇ ਉਸ ਕਿਸਮ ਦੇ ਰਾਜ ਨੂੰ ਪ੍ਰਵਾਨ ਨਹੀਂ ਕਰਨਗੇ ਜੋ ਕਿਸੇ ਵੇਲੇ ਮੁਲਾ ਉਮਰ ਦਾ ਤਾਲਿਬਾਨੀ ਰਾਜ ਸੀ। ਜਿੱਥੇ ਸਜ਼ਾਵਾਂ ਸਖ਼ਤ ਸਨ। ਸਰੇਆਮ ਲੋਕਾਂ ਨੂੰ ਕੋੜੇ ਮਾਰੇ ਜਾਂਦੇ ਸਨ। ਲੜਕੀਆਂ ਨੂੰ ਪੜ੍ਹਨ ਦੀ ਮਨਾਹੀ ਸੀ।
ਇਹੋ ਜਿਹੀਆਂ ਪ੍ਰਸਥਿਤੀਆਂ ਵਿੱਚ ਵਿਸ਼ਵ ਭਾਈਚਾਰੇ ਅਤੇ ਯੂ.ਐੱਨ.ਓ. ਨੂੰ ਵਿਸ਼ੇਸ਼ ਭੂਮਿਕਾ ਨਿਭਾਉਣ ਦੀ ਲੋੜ ਹੈ। ਅਫਗਾਨੀ ਸ਼ਰਨਾਰਥੀਆਂ ਦਾ ਤਤਕਾਲਿਕ ਹੱਲ ਇਹ ਹੀ ਹੈ ਕਿ ਉੱਥੇ ਸਰਬ ਸਾਂਝੀ ਅਫਗਾਨਿਸਤਾਨ ਸਰਕਾਰ ਬਣੇ। ਸਿਆਸੀ ਸਥਿਰਤਾ ਆਵੇ ਅਤੇ ਸ਼ਾਂਤੀ ਦਾ ਮਾਹੌਲ ਬਣੇ। ਨਹੀਂ ਤਾਂ ਅਫਗਾਨੀ ਸ਼ਰਨਾਰਥੀ, ਜੋ ਆਪਣਾ ਘਰ-ਬਾਰ ਛੱਡ ਚੁੱਕੇ ਹਨ, ਦਰ-ਦਰ ਦੀਆਂ ਠੋਕਰਾਂ ਖਾਂਦੇ ਰਹਿਣਗੇ।
*****
ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)
(2975)
(ਸਰੋਕਾਰ ਨਾਲ ਸੰਪਰਕ ਲਈ: