“ਵਿਰੋਧੀ ਪਾਰਟੀਆਂ ਦੇ ‘ਇੰਡੀਆ’ ਫਰੰਟ ਨੇ ਐੱਨ.ਡੀ.ਏ. ਦੇ ਉਮੀਦਵਾਰਾਂ ਵਿਰੁੱਧ ਸਾਂਝੇ ਉਮੀਦਵਾਰ ...”
(8 ਅਗਸਤ 2023)
ਪੰਜਾਬ ਦੇ ਸੁੱਤੇ ਪਏ ਕਾਂਗਰਸੀਆਂ ’ਤੇ ਗੜੇ ਪੈ ਗਏ, ਜਿਸ ਕਰਕੇ ਉਨ੍ਹਾਂ ਦੇ ਸਾਹ ਸੂਤੇ ਗਏ। ਉਨ੍ਹਾਂ ਵਿਚਾਰਿਆਂ ਨਾਲ ਕਾਂਗਰਸ ਹਾਈ ਕਮਾਂਡ ਨੇ ਜੱਗੋਂ ਤੇਰ੍ਹਵੀਂ ਕਰ ਦਿੱਤੀ। 2024 ਦੀਆਂ ਲੋਕ ਸਭਾ ਦੀਆਂ ਚੋਣਾਂ ਜਿੱਤਣ ਦੇ ਖਾਬ ਲੈਣ ਵਾਲੇ ਨੇਤਾਵਾਂ ਦੇ ਪਿਸੂ ਪੈ ਗਏ। ਕੇਂਦਰ ਸਰਕਾਰ ਵੱਲੋਂ ਦਿੱਲੀ ਸਰਕਾਰ ਦੇ ਫ਼ੈਸਲੇ ਵਿਰੁੱਧ ਲਿਆਂਦੇ ਗਏ ਆਰਡੀਨੈਂਸ ਦੇ ਖਿਲਾਫ਼ ਵਿਰੋਧੀ ਪਾਰਟੀਆਂ ਇਕਮੁੱਠ ਹੋ ਗਈਆਂ ਹਨ। ਕਾਂਗਰਸ ਹਾਈ ਕਮਾਂਡ ਨੇ ਵੀ ਇਸ ਆਰਡੀਨੈਂਸ ਦਾ ਵਿਰੋਧ ਕਰਨ ਦਾ ਫ਼ੈਸਲਾ ਬੈਂਗਲੂਰੂ ਵਿੱਚ ਹੋਣ ਵਾਲੀ ਵਿਰੋਧੀ ਪਾਰਟੀਆਂ ਦੀ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਕਰ ਦਿੱਤਾ ਸੀ। ਇਹ ਫ਼ੈਸਲਾ ਪੰਜਾਬ ਕਾਂਗਰਸ ਲਈ ਘਾਤਕ ਸਿੱਧ ਹੋਵੇਗਾ। ਉਨ੍ਹਾਂ ਦੇ ਸੁਪਨੇ ਚਕਨਾਚੂਰ ਹੋ ਗਏ ਹਨ। ਸਰਬ ਭਾਰਤੀ ਕਾਂਗਰਸ ਦੇ ਇਸ ਫ਼ੈਸਲੇ ਨਾਲ ਪੰਜਾਬ ਕਾਂਗਰਸ ਵਿੱਚ ਤਰਥੱਲੀ ਮੱਚ ਗਈ ਹੈ ਕਿਉਂਕਿ ਪੰਜਾਬ ਦੇ ਕਾਂਗਰਸੀ ਨੇਤਾਵਾਂ ਨੇ ਕਾਫੀ ਦੇਰ ਪਹਿਲਾਂ ਜਦੋਂ ਕੇਜਰੀਵਾਲ ਨੇ ਕਾਂਗਰਸ ਨੂੰ ਆਰਡੀਨੈਂਸ ਦੇ ਵਿਰੁੱਧ ਭੁਗਤਣ ਲਈ ਕਿਹਾ ਸੀ, ਉਦੋਂ ਉਨ੍ਹਾਂ ਕਾਂਗਰਸ ਹਾਈ ਕਮਾਂਡ ਨੂੰ ਆਮ ਆਦਮੀ ਪਾਰਟੀ ਨਾਲ ਹੱਥ ਮਿਲਾਉਣ ਵਿਰੁੱਧ ਆਪਣਾ ਪੱਖ ਦੱਸ ਦਿੱਤਾ ਸੀ।
ਜਦੋਂ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਤੋਂ ਆਰਡੀਨੈਂਸ ਦੇ ਵਿਰੁੱਧ ਉਸ ਦਾ ਸਾਥ ਦੇਣ ਦੀ ਮੰਗ ਕੀਤੀ ਸੀ ਤਾਂ ਪੰਜਾਬ ਕਾਂਗਰਸ ਦੇ ਸਾਰੇ ਸੀਨੀਅਰ ਨੇਤਾ ਅਮਰਿੰਦਰ ਸਿੰਘ, ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਸਰਬ ਭਾਰਤੀ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜਨ ਖੜਗੇ ਅਤੇ ਹੋਰ ਕੇਂਦਰੀ ਲੀਡਰਸ਼ਿੱਪ ਨੂੰ ਮਿਲਕੇ ਇਸ ਆਰਡੀਨੈਂਸ ਦਾ ਵਿਰੋਧ ਕਰਨ ਤੋਂ ਰੋਕਿਆ ਸੀ। ਇਸ ਫ਼ੈਸਲੇ ਤੋਂ ਬਾਅਦ ਵੀ ਕਾਂਗਰਸ ਹਾਈ ਕਮਾਂਡ ਕੋਲ ਪਹੁੰਚ ਕੀਤੀ ਹੈ। ਪੰਜਾਬ ਦੇ ਕਾਂਗਰਸੀਆਂ ਦਾ ਸਪਸ਼ਟ ਵਿਚਾਰ ਹੈ ਕਿ ਆਮ ਆਦਮੀ ਪਾਰਟੀ, ਜਿਸ ਨੇ ਪੰਜਾਬ ਕਾਂਗਰਸ ਨੂੰ ਖ਼ੋਰਾ ਲਾਇਆ ਹੈ ਅਤੇ ਇਸ ਸਮੇਂ ਪੰਜਾਬ ਦੇ ਇੱਕ ਦਰਜਨ ਤੋਂ ਵੱਧ ਸੀਨੀਅਰ ਨੇਤਾਵਾਂ ਜਿਨ੍ਹਾਂ ਵਿੱਚ ਸਾਬਕਾ ਮੰਤਰੀ, ਵਿਧਾਨਕਾਰ ਅਤੇ ਹੋਰ ਨੇਤਾ ਸ਼ਾਮਲ ਹਨ, ਉਨ੍ਹਾਂ ਵਿਰੁੱਧ ਬਦਲਾਖ਼ੋਰੀ ਕਰਕੇ ਭ੍ਰਿਸ਼ਟਾਚਾਰ ਦੇ ਨਾਮ ’ਤੇ ਕੇਸ ਰਜਿਸਟਰ ਕਰਕੇ ਜੇਲ੍ਹਾਂ ਵਿੱਚ ਸੁੱਟੇ ਸਨ। ਕੁਝ ਨੇਤਾ ਅਜੇ ਵੀ ਜੇਲ੍ਹਾਂ ਦੀ ਹਵਾ ਖਾ ਰਹੇ ਹਨ ਤੇ ਕੁਝ ਹੋਰਾਂ ਉੱਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਪੰਜਾਬ ਦੀ ਲੀਡਰਸ਼ਿੱਪ ਨੂੰ ਡਰ ਹੈ ਕਿ ਆਮ ਆਦਮੀ ਪਾਰਟੀ ਦਾ ਸਾਥ ਦੇਣ ਕਰਕੇ ਪੰਜਾਬ ਕਾਂਗਰਸ ਦੇ ਕੁਝ ਨੇਤਾ ਪਾਰਟੀ ਤੋਂ ਅਸਤੀਫ਼ੇ ਦੇ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਕਿਉਂਕਿ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਲੰਬਾ ਸਮਾਂ ਕਾਂਗਰਸ ਪਾਰਟੀ ਵਿੱਚ ਰਿਹਾ ਹੈ ਅਤੇ ਉਹ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਵੀ ਰਿਹਾ ਹੈ, ਉਹ ਆਪਣਾ ਅਸਰ ਰਸੂਖ ਵਰਤਕੇ ਕਾਂਗਰਸੀ ਨੇਤਾਵਾਂ ਨੂੰ ਭਾਰਤੀ ਜਨਤਾ ਪਾਰਟੀ ਨਾਲ ਜੋੜ ਸਕਦਾ ਹੈ। ਕੁਝ ਨੇਤਾ ਇਹ ਵੀ ਸੋਚਦੇ ਹਨ ਕਿ ਜੇ ਆਮ ਆਦਮੀ ਪਾਰਟੀ ਦੀ ਸਪੋਰਟ ਹੀ ਕਰਨੀ ਹੈ ਤਾਂ ਉਹ ਉਸ ਪਾਰਟੀ ਵਿੱਚ ਹੀ ਸ਼ਾਮਲ ਹੋ ਜਾਂਦੇ ਹਨ।
ਦਸੰਬਰ 2013 ਵਿੱਚ ਕਾਂਗਰਸ ਪਾਰਟੀ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਲਈ ਆਪਣੀ ਸਪੋਰਟ ਦਿੱਤੀ ਸੀ। ਇਸ ਸਪੋਰਟ ਤੋਂ ਬਾਅਦ ਦਿੱਲੀ ਵਿੱਚ ਕਾਂਗਰਸ ਪਾਰਟੀ ਦਾ ਸਫਾਇਆ ਹੋਣਾ ਸ਼ੁਰੂ ਹੋ ਗਿਆ ਸੀ। ਉਸ ਸਮੇਂ ਕਾਂਗਰਸ ਦੇ ਬਹੁਤੇ ਨੇਤਾ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਦੂਜੀ ਵਾਰ ਕਾਂਗਰਸ ਵਿੱਚੋਂ ਆਏ ਨੇਤਾਵਾਂ ਨੂੰ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਵਿੱਚ ਟਿਕਟਾਂ ਹੀ ਨਹੀਂ ਦਿੱਤੀਆਂ ਸਨ। ਆਮ ਆਦਮੀ ਪਾਰਟੀ ਨੂੰ ਦਿੱਤੀ ਸਪੋਰਟ ਦਾ ਨਤੀਜਾ ਕਾਂਗਰਸ ਹਾਈ ਕਮਾਂਡ ਦੇ ਸਾਹਮਣੇ ਹੈ, ਇਸ ਵਾਰ ਦਿੱਲੀ ਵਿਧਾਨ ਸਭਾ ਵਿੱਚ ਕਾਂਗਰਸ ਦਾ ਇੱਕ ਵੀ ਵਿਧਾਨਕਾਰ ਨਹੀਂ ਹੈ। ਕਾਂਗਰਸ ਪਾਰਟੀ ਫਿਰ ਵੀ ਨਹੀਂ ਸਮਝਦੀ, ਫਿਰ ਆਮ ਆਦਮੀ ਪਾਰਟੀ ਨਾਲ ਹੱਥ ਮਿਲਾ ਲਿਆ ਹੈ। ਪੰਜਾਬ ਵਿੱਚ ਵੀ ਕਾਂਗਰਸ ਦਾ ਦਿੱਲੀ ਵਾਲਾ ਹਾਲ ਹੋਵੇਗਾ। ਹਾਈ ਕਮਾਂਡ ਨੇ ਪੰਜਾਬ ਕਾਂਗਰਸ ਦੀਆਂ ਜੜ੍ਹਾਂ ਵਿੱਚ ਤੇਲ ਦੇ ਦਿੱਤਾ ਹੈ।
ਇੱਥੇ ਹੀ ਬੱਸ ਨਹੀਂ, 2024 ਵਿੱਚ ਲੋਕ ਸਭਾ ਦੀਆਂ ਚੋਣਾਂ ਆਉਣ ਵਾਲੀਆਂ ਹਨ, ਉਨ੍ਹਾਂ ਚੋਣਾਂ ਮੌਕੇ ਸੀਟਾਂ ਦੀ ਵੰਡ ਸਮੇਂ ਕੀ ਆਮ ਆਦਮੀ ਪਾਰਟੀ ਨਾਲ ਸੀਟਾਂ ਦੀ ਵੰਡ ਦਾ ਸਮਝੌਤਾ ਵੀ ਹੋਵੇਗਾ? ਜੇਕਰ ਅਜਿਹਾ ਸਮਝੌਤਾ ਹੁੰਦਾ ਹੈ, ਜਿਸਦੀ ਪੂਰੀ ਉਮੀਦ ਹੈ ਕਿਉਂਕਿ ਕਾਂਗਰਸ ਹਾਈ ਕਮਾਂਡ ਨੇ ਭਾਰਤੀ ਜਨਤਾ ਪਾਰਟੀ ਨੂੰ ਕੇਂਦਰ ਵਿੱਚ ਹਰਾਉਣ ਲਈ ਇਹ ਅੱਕ ਚੱਬਿਆ ਹੈ। ਲੰਬੇ ਲਾਭ ਲਈ ਕਈ ਵਾਰ ਛੋਟੇ ਲਾਭਾਂ ਨੂੰ ਅਣਡਿੱਠ ਕੀਤਾ ਜਾਂਦਾ ਹੈ। ਵਿਰੋਧੀ ਪਾਰਟੀਆਂ ਦੇ ‘ਇੰਡੀਆ’ ਫਰੰਟ ਨੇ ਐੱਨ.ਡੀ.ਏ. ਦੇ ਉਮੀਦਵਾਰਾਂ ਵਿਰੁੱਧ ਸਾਂਝੇ ਉਮੀਦਵਾਰ ਖੜ੍ਹੇ ਕਰਨ ਦਾ ਫ਼ੈਸਲਾ ਕੀਤਾ ਹੈ, ਇਸ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਭੰਬਲਭੂਸੇ ਵਿੱਚ ਹੈ। ਪੰਜਾਬ ਦੇ ਕਾਂਗਰਸੀਆਂ ਵਿੱਚ ਘਬਰਾਹਟ ਪੈਦਾ ਹੋ ਗਈ ਹੈ। ਉਨ੍ਹਾਂ ਲਈ ਸੱਪ ਦੇ ਮੂੰਹ ਵਿੱਚ ਕੋਹੜ ਕਿਰਲੀ ਵਾਲੀ ਗੱਲ ਬਣੀ ਪਈ ਹੈ। ਲੋਕ ਸਭਾ ਦੀਆਂ ਚੋਣਾਂ ਵਿੱਚ ਜੇਕਰ ਵਿਧਾਨ ਸਭਾ ਦੀ ਚੋਣ ਵਿੱਚ ਪਈਆਂ ਵੋਟਾਂ ਦੇ ਹਿਸਾਬ ਨਾਲ ਟਿਕਟਾਂ ਦਿੱਤੀਆਂ ਗਈਆਂ ਤਾਂ ਮਾਲਵੇ ਅਤੇ ਦੁਆਬੇ ਵਿੱਚ ਤਾਂ ਇੱਕ ਵੀ ਸੀਟ ਕਾਂਗਰਸ ਪਾਰਟੀ ਨੂੰ ਨਹੀਂ ਮਿਲੇਗੀ। ਜਲੰਧਰ ਦੀ ਉਪ ਚੋਣ ਤਾਂ ਥੋੜ੍ਹਾਂ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਜਿੱਤੀ ਹੈ, ਉਹ ਕਿਵੇਂ ਇਹ ਸੀਟ ਛੱਡਣਗੇ। ਇਸੇ ਤਰ੍ਹਾਂ ਮਾਝੇ ਵਿੱਚ ਵੱਧ ਤੋਂ ਵੱਧ ਦੋ ਸੀਟਾਂ ਮਿਲ ਸਕਦੀਆਂ ਹਨ, ਜਦੋਂ ਕਿ ਮਾੜੇ ਹਾਲਾਤ ਵਿੱਚ ਵੀ ਕਾਂਗਰਸ ਪਾਰਟੀ 7-8 ਸੀਟਾਂ ਜਿੱਤਦੀ ਰਹੀ ਹੈ। ਜੇਕਰ ਇਹ ਸਮਝੌਤਾ ਵਿਧਾਨ ਸਭਾ ਚੋਣਾਂ ਤਕ ਚੱਲਦਾ ਰਿਹਾ ਤਾਂ ਕਾਂਗਰਸ ਨੂੰ ਜਿਹੜੀਆਂ ਜਿੱਤੀਆਂ ਹੋਈਆਂ ਸੀਟਾਂ ਹਨ, ਉਹ ਹੀ ਲਗਭਗ 19-20 ਸੀਟਾਂ ਮਿਲਣਗੀਆਂ। ਫਿਰ ਕਾਂਗਰਸ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਉਣ ਬਾਰੇ ਤਾਂ ਸੋਚ ਵੀ ਨਹੀਂ ਸਕਦੀ। ਇਸ ਕਰਕੇ ਕਾਂਗਰਸੀ ਵਰਕਰਾਂ ਅਤੇ ਨੇਤਾਵਾਂ ਦੀ ਹਾਲਤ ਬਹੁਤ ਤਰਸਯੋਗ ਹੋਈ ਪਈ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਕਾਂਗਰਸ ਪਾਰਟੀ ਦੇ ਨੇਤਾ ਪਰਤਾਪ ਸਿੰਘ ਬਾਜਵਾ ਕਹਿ ਰਹੇ ਹਨ ਕਿ ਭਾਵੇਂ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਮੀਟਿੰਗ ਹੋ ਚੁੱਕੀ ਹੈ ਪ੍ਰੰਤੂ ਇਸਦੇ ਬਾਵਜੂਦ ਪੰਜਾਬ ਵਿੱਚ ਕਾਂਗਰਸ ਪਾਰਟੀ ਇਕੱਲਿਆਂ ਆਪਣੇ ਬਲਬੂਤੇ ’ਤੇ ਲੋਕ ਸਭਾ ਦੀਆਂ ਚੋਣਾਂ ਲੜੇਗੀ। ਆਮ ਆਦਮੀ ਪਾਰਟੀ ਨਾਲ ਚੋਣ ਸਮਝੌਤਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਇੱਥੇ ਸੋਚਣ ਵਾਲੀ ਗੱਲ ਹੈ ਕਿ ਜਦੋਂ ਪੰਜਾਬ ਦੇ ਕਾਂਗਰਸੀਆਂ ਦੀ ਲਗਾਮ ਦਿੱਲੀ ਦੇ ਹੱਥ ਹੈ ਤਾਂ ਉਹ ਵਿਰੋਧ ਕਿਵੇਂ ਕਰਨਗੇ? ਕਾਂਗਰਸ ਹਾਈ ਕਮਾਂਡ ਨੇ ਆਰਡੀਨੈਂਸ ਦਾ ਵਿਰੋਧ ਕਰਨ ਦਾ ਫ਼ੈਸਲਾ ਕਰਨ ਲੱਗਿਆਂ ਤਾਂ ਪੰਜਾਬ ਕਾਂਗਰਸ ਦੇ ਨੇਤਾਵਾਂ ਨੂੰ ਬੇਰਾਂ ਵੱਟੇ ਵੀ ਨਹੀਂ ਪੁੱਛਿਆ। ਇਸ ਕਰਕੇ ਪੰਜਾਬ ਕਾਂਗਰਸ ਆਪਣੇ ਆਪ ਨੂੰ ਠੱਗੀ ਹੋਈ ਮਹਿਸੂਸ ਕਰ ਰਹੀ ਹੈ। ਪੰਜਾਬ ਦੇ ਕਾਂਗਰਸੀ ਨੇਤਾਵਾਂ ਨੂੰ ਸਮਝਣਾ ਚਾਹੀਦਾ ਹੈ ਕਿ ਜਦੋਂ ਕਾਂਗਰਸ ਦੀ ਪੈਟਰਨ ਸੋਨੀਆ ਗਾਂਧੀ ਤ੍ਰਿਮਣੂਲ ਕਾਂਗਰਸ ਦੀ ਤੇਜ਼ ਤਰਾਰ ਨੇਤਾ ਮਮਤਾ ਬੈਨਰਜੀ ਨਾਲ ਸਮਝੌਤਾ ਕਰ ਸਕਦੀ ਹੈ, ਜਿਹੜੀ ਕਾਂਗਰਸ ਪਾਰਟੀ ਨੂੰ ਛੱਡ ਕੇ ਆਪਣੀ ਪਾਰਟੀ ਬਣਾ ਕੇ ਸਰਕਾਰ ਬਣਾਈ ਬੈਠੀ ਹੈ ਤਾਂ ਆਪ ਨਾਲ ਸਮਝੌਤਾ ਸਰਬ ਭਾਰਤੀ ਕਾਂਗਰਸ ਪਾਰਟੀ ਲਈ ਕੋਈ ਵੱਡੀ ਗੱਲ ਨਹੀਂ। ਕਾਂਗਰਸ ਨਿਤਿਸ਼ ਕੁਮਾਰ ਵਰਗੇ ਚੁਫੇਰਗੜ੍ਹੀਏ ਨਾਲ ਵੀ ਸਮਝੌਤਾ ਕਰ ਰਹੀ ਹੈ, ਜਿਹੜਾ ਭਾਰਤੀ ਜਨਤਾ ਪਾਰਟੀ ਨਾਲ ਰਲ ਕੇ ਕਾਂਗਰਸ ਦੀ ਬੇੜੀ ਵਿੱਚ ਵੱਟੇ ਪਾਉਂਦਾ ਰਿਹਾ ਹੈ। ਊਧਵ ਠਾਕਰੇ ਵੀ ਭਾਰਤੀ ਜਨਤਾ ਪਾਰਟੀ ਦੀ ਕੁੱਛੜ ਵਿੱਚ ਬੈਠਕੇ ਕਾਂਗਰਸ ਨੂੰ ਭ੍ਰਿਸ਼ਟਾਂ ਦੀ ਜਮਾਤ ਕਹਿੰਦਾ ਰਿਹਾ ਹੈ। ਪੰਜਾਬ ਦੇ ਕਾਂਗਰਸੀਆਂ ਨੂੰ ਸਮਝਣਾ ਚਾਹੀਦਾ ਹੈ ਜਦੋਂ ਸੋਨੀਆ ਗਾਂਧੀ ਅਜਿਹੇ ਨੇਤਾਵਾਂ ਨਾਲ ਸਮਝੌਤੇ ਕਰ ਰਹੀ ਹੈ, ਜਿਹੜੇ ਉਸ ਦੀ ਜਾਨ ਦੇ ਦੁਸ਼ਮਣ ਸਨ ਤਾਂ ਅਰਵਿੰਦ ਕੇਜਰੀਵਾਲ ਨਾਲ ਸਮਝੌਤਾ ਤਾਂ ਉਸ ਲਈ ਕੋਈ ਵੱਡੀ ਗੱਲ ਨਹੀਂ। ਕਾਂਗਰਸ ਹਾਈ ਕਮਾਂਡ ਨੇ ਜੇਕਰ ਹੁਣ ਪੰਜਾਬ ਦੇ ਨੇਤਾਵਾਂ ਨੂੰ ਨਹੀਂ ਪੁੱਛਿਆ ਤਾਂ ਟਿਕਟਾਂ ਲਈ ਮੀਟਿੰਗਾਂ ਸਮੇਂ ਕਿਉਂ ਪੁੱਛਣਗੇ?
ਇੰਡੀਆ ਫਰੰਟ ਨੇ ਟਿਕਟਾਂ ਦੀ ਵੰਡ ਸੰਬੰਧੀ 10 ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਕਾਂਗਰਸੀਆਂ ਨੇ ਹਾਈ ਕਮਾਂਡ ਮੂਹਰੇ ਕੁਸਕਣਾ ਵੀ ਨਹੀਂ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਕਾਂਗਰਸੀ ਨੇਤਾਵਾਂ ਨੂੰ ਬੇਇੱਜ਼ਤ, ਜ਼ਲੀਲ ਅਤੇ ਬਦਨਾਮ ਕਰਨ ’ਤੇ ਤੁਲੀ ਹੋਈ ਹੈ ਪ੍ਰੰਤੂ ਹਾਈ ਕਮਾਂਡ ਅਰਵਿੰਦ ਕੇਜਰੀਵਾਲ ਦੇ ਥੱਲੇ ਲੱਗ ਕੇ ਪੰਜਾਬ ਦੇ ਕਾਂਗਰਸੀਆਂ ਦੀ ਅਣਖ ਨੂੰ ਠੇਸ ਪਹੁੰਚਾ ਰਹੀ ਹੈ। ਪੰਜਾਬ ਦੇ ਕਾਂਗਰਸੀ ਨੇਤਾ ਬੇਵੱਸ ਹੋਏ ਪਏ ਹਨ। ਉਹ ਕਾਂਗਰਸ ਹਾਈ ਕਮਾਂਡ ਅੱਗੇ ਬੋਲਣ ਦੀ ਹਿੰਮਤ ਵੀ ਨਹੀਂ ਕਰਨਗੇ ਕਿਉਂਕਿ ਉਹ ਆਮ ਆਦਮੀ ਪਾਰਟੀ ਦੇ ਦਬਦਬੇ ਤੋਂ ਘਬਰਾਏ ਹੋਏ ਹਨ। ਜੇਕਰ ਇਹ ਸਮਝੌਤਾ ਪੰਜਾਬ ਵਿੱਚ ਲਾਗੂ ਹੁੰਦਾ ਹੈ ਤਾਂ ਪੰਜਾਬ ਕਾਂਗਰਸ ਦੋਫਾੜ ਹੋ ਜਾਵੇਗੀ। ਕਾਂਗਰਸ ਹਾਈ ਕਮਾਂਡ ਮਹਿਸੂਸ ਕਰਦੀ ਹੈ ਕਿ ਉਨ੍ਹਾਂ ਦੀ ਪਾਰਟੀ ਦੀ ਜ਼ਮੀਨ ਖਿਸਕ ਚੁੱਕੀ ਹੈ, ਉਹ ਲੋਕ ਸਭਾ ਦੀਆਂ ਚੋਣਾਂ ਵਿੱਚ ਹਰ ਹਾਲਤ ਵਿੱਚ ਬੀ.ਜੇ.ਪੀ. ਨੂੰ ਹਰਾ ਕੇ ਬਦਲਾ ਲੈਣਾ ਚਾਹੁੰਦੀ ਹੈ। ਤੇਲ ਵੇਖੋ ਤੇਲ ਦੀ ਧਾਰ ਵੇਖੋ, ਵੇਖੋ ਊਠ ਕਿਸ ਕਰਵਟ ਬੈਠਦਾ ਹੈ।
*****
ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4139)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)