“ਸਵੈ ਜੀਵਨੀ ਲਿਖਣਾ ਇੱਕ ਔਖਾ ਕਾਰਜ ਹੈ ... ਇਹ ਦੋ ਧਾਰੀ ਤਲਵਾਰ ’ਤੇ ਚੱਲਣ ਵਾਲਾ ਕੰਮ ਹੈ। ਖੁਸ਼ੀ ...”
(10 ਸਤੰਬਰ 2023)
ਉਸ ਦੇ ਸਧਾਰਨ ਪਰਿਵਾਰ ਵਿੱਚੋਂ ਸ਼ਾਇਦ ਕਿਸੇ ਨੇ ਕਦੇ ਪਿੰਡ ਦੇ ਪੰਚ ਦੀ ਚੋਣ ਲੜਨ ਦਾ ਸੋਚਿਆ ਵੀ ਨਾ ਹੋਵੇ, ਪਰ ਜਦੋਂ ਉਸ ਨੂੰ ਰਾਜ ਦੇ ਮੁੱਖ ਮੰਤਰੀ ਨੇ ਆਪਣੇ ਹਲਕੇ ਤੋਂ ਅਸੈਂਬਲੀ ਦੀ ਚੋਣ ਲੜਨ ਦੀ ਪੇਸ਼ਕਸ਼ ਕੀਤੀ ਤਾਂ ਉਸ ਨੇ ਇਨਕਾਰ ਕਰ ਦਿੱਤਾ।
ਉਹ ਆਪਣੇ ਮਿੱਤਰਾਂ ਲਈ ਅਸੈਂਬਲੀ ਸੀਟ ਲਈ ਮੁੱਖ ਮੰਤਰੀ ਕੋਲ ਸਿਫਾਰਸ਼ ਕਰ ਦਿੰਦਾ। ਗੁਆਂਢੀ ਰਾਜ ਵਿੱਚ ਵੀ ਜ਼ੋਰ ਪਾ ਕੇ ਕਿਸੇ ਜਾਣ-ਪਛਾਣ ਵਾਲੇ ਨੂੰ (ਉਸ ਰਾਜ ਦੇ ਮੁੱਖ ਮੰਤਰੀ ਦੇ ਵਿਰੋਧ ਦੇ ਬਾਵਜੂਦ) ਸੀਟ ਦਿਵਾ ਦਿੰਦਾ, ਪਰ ਜਦੋਂ ਆਪਣੇ ਰਾਜ ਦੇ ਮੁੱਖ ਮੰਤਰੀ ਨੇ ਉਸ ਨੂੰ ਕੋਈ ਅਹੁਦਾ ਦੇਣ ਦੀ ਪੇਸ਼ਕਸ਼ ਕੀਤੀ ਤਾਂ ਉਸ ਨੇ ਕੋਰੀ ਨਾਂਹ ਕਰ ਦਿੱਤੀ। ਮੁੱਖ ਮੰਤਰੀ ਨੇ ਉਸ ਨੂੰ ਆਪਣੇ ਇਖਤਿਆਰੀ ਕੋਟੇ ਵਿੱਚੋਂ ਸਰਕਾਰੀ ਫਲੈਟ ਲੈਣ ਲਈ ਕਿਹਾ, ਤਾਂ ਵੀ ਉਸ ਨੇ ਇਹ ਕਹਿ ਕੇ ਨਾਂਹ ਕਰ ਦਿੱਤੀ ਕਿ ਉਸ ਫਲੈਟ ਦੀ ਮਹੀਨੇ ਦੀ ਕਿਸ਼ਤ ਉਸ ਦੀ ਤਨਖਾਹ ਨਾਲੋਂ ਜ਼ਿਆਦਾ ਹੈ। ਉਸ ਨੇ ਜਦੋਂ ਮੁੱਖ ਮੰਤਰੀ ਦੇ ਦਫਤਰ ਵਿੱਚ ਵਿਚਰਦੇ ਹੋਏ ਦੇਖਿਆ ਕਿ ਕੁਝ ਚਾਪਲੂਸ ਕਿਸਮ ਦੇ ਅਫਸਰ ਮੁੱਖ ਮੰਤਰੀ ਨੂੰ ਹਨੇਰੇ ਵਿੱਚ ਰੱਖ ਕੇ ਨਾਜਾਇਜ਼ ਫਾਇਦਾ ਲੈ ਰਹੇ ਹਨ, ਤਾਂ ਉਸ ਨੇ ਸਬੂਤਾਂ ਸਮੇਤ ਮੁੱਖ ਮੰਤਰੀ ਦੇ ਸਾਹਮਣੇ ਅਸਲੀਅਤ ਪੇਸ਼ ਕਰ ਦਿੱਤੀ ਤਾਂ ਮੁੱਖ ਮੰਤਰੀ ਦੀਆਂ ਅੱਖਾਂ ਖੁੱਲ੍ਹੀਆਂ।
ਇੱਕ ਵਾਰ ਮੁੱਖ ਮੰਤਰੀ ਨੇ ਉਸ ਨੂੰ ਆਪਣੀ ਥਾਂ ਪੁਲਿਸ ਮੁਖੀ ਵੱਲੋਂ ਬੁਲਾਈ ਵੱਡੇ ਪੁਲਿਸ ਅਫਸਰਾਂ ਦੀ ਮੀਟਿੰਗ ਵਿੱਚ ਭੇਜ ਦਿੱਤਾ। ਜਦੋਂ ਉਸ ਨੇ ਕਿਸੇ ਮੁੱਦੇ ’ਤੇ ਪੁਲਿਸ ਮੁਖੀ (ਜਿਸ ਨੂੰ ‘ਸੁਪਰ ਕਾਪ’ ਦੇ ਨਾਂ ਨਾਲ ਜਾਣਿਆ ਜਾਂਦਾ ਸੀ) ਦੀ ਗੱਲ ਕੱਟ ਕੇ ਮੁੱਖ ਮੰਤਰੀ ਦਾ ਪੱਖ ਪੇਸ਼ ਕੀਤਾ ਤਾਂ ਪੁਲਿਸ ਮੁਖੀ ਨੇ ਉਸ ’ਤੇ ਨਿਸ਼ਾਨਾ ਸੇਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੂੰ ਕੋਈ ਗੁਮਰਾਹ ਕਰ ਰਿਹਾ ਹੈ। ਇਹ ਸੁਣ ਕੇ ਉਹ ਮੀਟਿੰਗ ਵਿੱਚੋਂ ਵਾਕ ਆਊਟ ਕਰ ਗਿਆ। ਜਦੋਂ ਇਸ ਮੀਟਿੰਗ ਤੋਂ ਬਾਅਦ ਉਹ ਮੁੱਖ ਮੰਤਰੀ ਨੂੰ ਮਿਲਣ ਗਿਆ ਤਾਂ ਮੁੱਖ ਮੰਤਰੀ ਉਸ ਨੂੰ ਕਹਿੰਦੇ ਕਿ ਉਸ ਨੇ ਪੁਲਿਸ ਮੁਖੀ ਦੀ ਬੇਇੱਜ਼ਤੀ ਕਰ ਦਿੱਤੀ। ਇਹ ਸੁਣਦੇ ਹੀ ਉਹ ਮੁੱਖ ਮੰਤਰੀ ਨੂੰ ਸਤਿ ਸ੍ਰੀ ਅਕਾਲ ਕਹਿ ਕੇ ਪਟਿਆਲੇ ਆਪਣੇ ਘਰ ਪਹੁੰਚ ਜਾਂਦਾ ਹੈ। ਤੀਜੇ ਦਿਨ ਮੁੱਖ ਮੰਤਰੀ ਉਸ ਨੂੰ ਆਪ ਫੋਨ ਕਰਕੇ ਚੰਡੀਗੜ੍ਹ ਬੁਲਾਉਂਦਾ ਹੈ ਤਾਂ ਉਸ ਨੂੰ ਅਸਲੀ ਗੱਲ ਦੀ ਸਹੀ ਜਾਣਕਾਰੀ ਪ੍ਰਾਪਤ ਹੁੰਦੀ ਹੈ।
ਮੁੱਖ ਮੰਤਰੀ ਹੀ ਉਸ ਨਾਲ ਇਹ ਗੱਲ ਸਾਂਝੀ ਕਰਦਾ ਹੈ ਕਿ ਦੇਸ ਦਾ ਪ੍ਰਧਾਨ ਮੰਤਰੀ ਉਸ ਨੂੰ ਹੋਮ ਮਨਿਸਟਰ ਬਣਾਉਣਾ ਚਾਹੁੰਦਾ ਹੈ ਅਤੇ ਇੱਕ ਸਟੇਜ ’ਤੇ ਇਹ ਵੀ ਦੱਸਦਾ ਹੈ ਕਿ ਉਸ ਨੂੰ ਇਹ ਖਦਸ਼ਾ ਹੈ ਕਿ ਉਸ ਨੂੰ, ਗੁਆਂਢੀ ਰਾਜ ਦੇ ਮੁੱਖ ਮੰਤਰੀ ਜਾਂ ਆਪਣੇ ਰਾਜ ਦੇ ਪੁਲਿਸ ਮੁਖੀ ਵਿੱਚੋਂ ਕਿਸੇ ਇੱਕ ਨੂੰ ‘ਮਨੁੱਖੀ ਬੰਬ’ ਦਾ ਨਿਸ਼ਾਨਾ ਬਣਾਇਆ ਜਾ ਸਕਦਾ ਹੈ।
ਜਦੋਂ ਰਾਜ ਦੀ ਮੁੱਖ ਵਿਰੋਧੀ ਪਾਰਟੀ ਦਾ ਪ੍ਰਧਾਨ ਉਸ ਨੂੰ ਖਾਸ ਤੌਰ ’ਤੇ ਆਪਣੇ ਕੋਲ ਬੁਲਾ ਕੇ ਇਹ ਸ਼ੱਕ ਜ਼ਾਹਿਰ ਕਰਦਾ ਹੈ ਕਿ ਸ਼ਾਇਦ ਸਮੇਂ ਦੀ ਸਰਕਾਰ ਉਸ ਨੂੰ ਕਿਸੇ ਝੂਠੇ ਕਤਲ ਕੇਸ ਵਿੱਚ ਨਾਮਜ਼ਦ ਕਰਨ ਦੀ ਗੋਂਦ ਗੁੰਦ ਰਹੀ ਹੈ ਤਾਂ ਉਹ ਇਹ ਗੱਲ ਮੁੱਖ ਮੰਤਰੀ ਨਾਲ ਕਰਕੇ ਦੂਜੇ ਵੱਡੇ ਨੇਤਾ ਦਾ ਸ਼ੱਕ ਦੂਰ ਕਰਦਾ ਹੈ ਅਤੇ ਉਸ ਨੇਤਾ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਵੀ ਕਰਵਾ ਦਿੰਦਾ ਹੈ।
ਮੁੱਖ ਮੰਤਰੀ ਨੂੰ ਉਸ ਉੱਤੇ ਅਜਿਹਾ ਵਿਸ਼ਵਾਸ ਸੀ ਕਿ ਪਾਰਟੀ ਦੇ ਹੈਡਕੁਆਰਟਰ ਦਿੱਲੀ ਤੋਂ ਜੋ ਖਾਸ ਸੁਨੇਹੇ ਪਹੁੰਚਦੇ ਸੀ ਜਾਂ ਭੇਜਣੇ ਹੁੰਦੇ ਸੀ ਤਾਂ ਇਹ ਕੰਮ ਉਹੀ ਕਰਦਾ।
ਕੈਪਟਨ ਅਮਰਿੰਦਰ ਸਿੰਘ ਨਾਲ ਉਸ ਦੀ ਨੇੜਤਾ ਵੀ ਰਹੀ ਅਤੇ ਇੱਕ ਵਾਰ ਜਦੋਂ ਕੈਪਟਨ ਸਾਹਿਬ ਉਸ ਨਾਲ ਔਖੇ-ਭਾਰੇ ਹੋਏ ਤਾਂ ਉਸ ਨੇ ਬਾਅਦ ਵਿੱਚ ਉਹਨਾਂ ਵੱਲੋਂ ਬੁਲਾਏ ਜਾਣ ’ਤੇ ਉਹਨਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ। ਦੂਜੀ ਪਾਰਟੀ ਦੀ ਸਰਕਾਰ ਆਉਣ ’ਤੇ ਉਸਦੀ ਬਦਲੀ ਪਟਿਆਲੇ ਤੋਂ ਫਰੀਦਕੋਟ ਕਰਵਾ ਦਿੱਤੀ ਅਤੇ ਉਹ ਐਤਵਾਰ ਨੂੰ ਵੀ ਘਰ ਨਾ ਆ ਸਕੇ ਇਸ ਲਈ ਨਾਲ ਲੱਗਦੇ ਜ਼ਿਲ੍ਹੇ ਦਾ ਵਾਧੂ ਚਾਰਜ ਵੀ ਦੇ ਦਿੱਤਾ। ਤਕਰੀਬਨ ਇੱਕ ਸਾਲ ਬਾਅਦ ਉਹ ਆਪਣੇ ਬਲਬੂਤੇ ਬਦਲੀ ਕਰਵਾ ਕੇ ਪਟਿਆਲਾ ਆਇਆ। ਪਰ ਜਦੋਂ ਕੈਪਟਨ ਸਾਹਿਬ ਮੁੱਖ ਮੰਤਰੀ ਬਣੇ ਤਾਂ ਪੁਰਾਣੀਆਂ ਗੱਲਾਂ ਭੁਲਾ ਦਿੱਤੀਆਂ ਗਈਆਂ।
ਜਦੋਂ ਦੂਜੀ ਪਾਰਟੀ ਦੀ ਸਰਕਾਰ ਆਈ ਤਾਂ ਇੱਕ ਵਾਰ ਉਸ ਸਰਕਾਰ ਦੇ ਮੁੱਖ ਮੰਤਰੀ ਨੇ ਉਸ ਨੂੰ ਖਾਸ ਤੌਰ ’ਤੇ ਆਪਣੇ ਦਫਤਰ ਵਿੱਚ ਬੁਲਾ ਕੇ ਐੱਸ ਜੀ ਪੀ ਸੀ ਦੀਆਂ ਚੋਣਾਂ ਵਿੱਚ ਉਹਨਾਂ ਦੀ ਸਹਾਇਤਾ ਕਰਨ ਲਈ ਕਿਹਾ। ਮੁੱਖ ਮੰਤਰੀ ਅਨੁਸਾਰ ਐੱਸ ਜੀ ਪੀ ਸੀ ਦੇ ਕੁਝ ਮੈਂਬਰ ਉਸ ਦੇ ਸੰਪਰਕ ਵਿੱਚ ਹਨ।
ਉਸੇ ਸਰਕਾਰ ਦੇ ਖਜ਼ਾਨਾ ਮੰਤਰੀ ਨਾਲ ਉਸ ਦੀ ਗੂੜ੍ਹੀ ਸਾਂਝ ਸੀ। ਇਸ ਲਈ ਉਹ ਜਦੋਂ ਵੀ ਮੰਤਰੀ ਨੂੰ ਮਿਲਣ ਜਾਂਦਾ ਤਾਂ ਇਹ ਕਿਹਾ ਜਾਂਦਾ ਕਿ ‘ਛੋਟਾ ਖਜ਼ਾਨਾ ਮੰਤਰੀ’ ਆ ਗਿਆ। ਇੱਕ ਵਾਰ ਜਦੋਂ ਖਜ਼ਾਨਾ ਮੰਤਰੀ ਆਪਣੇ ਦਫਤਰ ਦੇ ਰਿਟਾਇਰਿੰਗ ਰੂਮ ਵਿੱਚ ਉਸ ਨਾਲ ਕੋਈ ਸਲਾਹ ਮਸ਼ਵਰਾ ਕਰ ਰਹੇ ਸੀ ਤਾਂ ਇੱਕ ਹੋਰ ਮੰਤਰੀ ਧੱਕੇ ਨਾਲ ਹੀ ਰਿਟਾਇਰਿੰਗ ਰੂਮ ਵਿੱਚ ਆ ਗਿਆ। ਖਜ਼ਾਨਾ ਮੰਤਰੀ ਨੇ ਉਸ ਮੰਤਰੀ ਨੂੰ ਦਫਤਰ ਵਿੱਚ ਬੈਠਣ ਲਈ ਕਿਹਾ। ਇਸ ’ਤੇ ਦੂਜਾ ਮੰਤਰੀ ਕਹਿੰਦਾ ਕਿ ਸਾਡੇ ਨਾਲੋਂ ਤਾਂ ਕਲਰਕ ਹੀ ਚੰਗਾ ਹੈ।
ਜਦੋਂ ਉਸ ਦੀ ਸੇਵਾ ਮੁਕਤੀ ਦਾ ਸਮਾਂ ਆਇਆ ਤਾਂ ਰਾਜ ਦੇ ਤਤਕਾਲੀਨ ਮੁੱਖ ਸਕੱਤਰ ਵੱਲੋਂ ਇਹ ਸੁਨੇਹਾ ਆਇਆ ਕਿ ਜਿਵੇਂ ਤੁਸੀਂ ਦੂਜੀ ਪਾਰਟੀ ਦੇ ਮੁੱਖ ਮੰਤਰੀ ਨਾਲ ਰਹਿ ਕੇ ਲੋਕ ਸੰਪਰਕ ਦਾ ਕੰਮ ਕਰਦੇ ਸੀ, ਮੌਜੂਦਾ ਮੁੱਖ ਮੰਤਰੀ ਇਹ ਚਾਹੁੰਦੇ ਹਨ ਕਿ ਤੁਸੀਂ ਉਹਨਾਂ ਨਾਲ ਵੀ ਕੰਮ ਕਰੋ, ਤੁਹਾਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇਗੀ, ਪਰ ਉਹਨਾਂ ਨੇ ਕੋਰੀ ਨਾਂਹ ਕਰ ਦਿੱਤੀ। ਉਸ ਤੋਂ ਬਾਅਦ ਇੱਕ ਹੋਰ ਆਈ ਏ ਐੱਸ ਅਫਸਰ ਨੇ ਵੀ ਉਹਨਾਂ ਨੂੰ ਮਨਾਉਣ ਦੇ ਯਤਨ ਕੀਤੇ, ਪਰ ਉਹਨਾਂ ਦੀ ਨਾਂਹ, ਹਾਂ ਵਿੱਚ ਨਾ ਬਦਲੀ।
ਜਿਸ ਵਿਅਕਤੀ ਵਿਸ਼ੇਸ਼ ਸੰਬੰਧੀ ਉੱਪਰ ਐਨਾ ਕੁਝ ਲਿਖਿਆ ਗਿਆ ਹੈ, ਉਹ ਕੋਈ ਆਈ ਏ ਐੱਸ ਜਾਂ ਆਈ ਪੀ ਐੱਸ ਅਫਸਰ ਨਹੀਂ ਅਤੇ ਨਾ ਹੀ ਕਿਸੇ ਵੱਡੇ ਰਾਜਸੀ ਪਰਿਵਾਰ ਵਿੱਚੋਂ ਹੈ। ਉਹ ਤਾਂ ਅਜਿਹਾ ਮਿੱਠ-ਬੋਲੜਾ, ਇਮਾਨਦਾਰ ਅਤੇ ਨਿਮਰ ਇਨਸਾਨ ਹੈ ਜਿਸ ਨੇ ਆਪਣੇ ਅਧੀਨ ਕੰਮ ਕਰਨ ਵਾਲਿਆਂ ਨੂੰ ਵੀ ਹਮੇਸ਼ਾ ਆਦਰ ਸਤਿਕਾਰ ਦਿੱਤਾ, ਆਪਣੀਆਂ ਸਰਕਾਰੀ ਸਹੂਲਤਾਂ ਨੂੰ ਕਦੇ ਵੀ ਪਰਿਵਾਰ ਲਈ ਨਹੀਂ ਵਰਤਿਆ, ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਜ਼ਿੰਦਗੀ ਵਿੱਚ ਸਫਲਤਾ ਦੇ ਰਾਹ ’ਤੇ ਤੋਰਿਆ ਅਤੇ ਉਹਨਾਂ ਦੀ ਜੀਵਨ ਸਾਥਣ ਨੇ ਨੌਕਰੀ ਵੀ ਕੀਤੀ ਅਤੇ ਪਰਿਵਾਰ ਨੂੰ ਵੀ ਸਾਂਭਿਆ। ਇਸ ਸੁਹਿਰਦ ਇਨਸਾਨ ਦਾ ਸੁਪਨਾ ਸੀ ਕਿ ਐੱਮ ਏ ਕਰਕੇ ਕਾਲਜ ਲੈਕਚਰਾਰ ਬਣੇ, ਪਰ ਬਣ ਗਿਆ ਪੰਜਾਬ ਸਰਕਾਰ ਦਾ ਲੋਕ ਸੰਪਰਕ ਅਧਿਕਾਰੀ, ਜਿਹੜਾ ਆਪਣੇ ਲੰਬੇ ਕੱਦ ਕਰਕੇ ਜ਼ਮੀਨ ਤੋਂ ਭਾਵੇਂ ਛੇ ਫੁੱਟ ਉੱਚਾ ਅਤੇ ਧੌਣ ਸਿੱਧੀ ਕਰਕੇ ਤੁਰਦਾ ਰਿਹਾ, ਜਿਸਦੀ ਪਹੁੰਚ ਮੁੱਖ ਮੰਤਰੀ ਤੋਂ ਲੈ ਕੇ ਪ੍ਰਧਾਨ ਮੰਤਰੀ ਦੇ ਦਫਤਰ ਤਕ ਰਹੀ, ਪਰ ਉਸ ਨੇ ਆਪਣੀ ਇਸ ਪਹੁੰਚ ਨੂੰ ਆਪਣੇ ਨਿੱਜੀ ਫਾਇਦੇ ਲਈ ਕਦੇ ਨਹੀਂ ਵਰਤਿਆ ਅਤੇ ਉਹ ਹਮੇਸ਼ਾ ਮਿੱਟੀ ਨਾਲ ਜੁੜਿਆ ਰਿਹਾ। ਹਾਂ, ਜਦੋਂ ਉਹ ਸਮੇਂ ਦੇ ਮੁੱਖ ਮੰਤਰੀ ਦੇ ਨਾਲ ਸੀ ਤਾਂ ਉਸ ਨੇ ਕਈ ਬੇਕਸੂਰ ਨੌਜਵਾਨਾਂ ਨੂੰ ਪੁਲਿਸ ਦੀ ਗੈਰ ਕਾਨੂੰਨੀ ਪਕੜ ਤੋਂ ਬਚਾਇਆ, ਆਪਣੇ ਪਿੰਡ ਲਈ ਹੀ ਨਹੀਂ, ਕਈ ਹੋਰ ਇਲਾਕਿਆਂ ਲਈ ਵੀ ਸਰਕਾਰੀ ਇਮਦਾਦ ਦਿਵਾਈ। ਇਹ ਇਨਸਾਨ ਹੈ ਪੰਜਾਬ ਸਰਕਾਰ ਦਾ ਸੇਵਾ ਮੁਕਤ ਲੋਕ ਸੰਪਰਕ ਅਧਿਕਾਰੀ - ਸਰਦਾਰ ਉਜਾਗਰ ਸਿੰਘ।
ਉਹਨਾਂ ਦਾ ਰਾਜਸੀ ਖੇਤਰ ਵਿੱਚ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਦੇ ਸਮੇਂ ਬਹੁਤ ਅਸਰ-ਰਸੂਖ ਸੀ, ਪਰ ਉਹਨਾਂ ਮੁੱਖ ਮੰਤਰੀ ਦੀ ਨੇੜਤਾ ਨੂੰ ਕਦੇ ਆਪਣੀ ਨਿੱਜੀ ਫਾਇਦੇ ਲਈ ਨਹੀਂ ਵਰਤਿਆ ਅਤੇ ਨਾ ਹੀ ਕਿਸੇ ਵਿਰੋਧੀ ਨਾਲ ਕਿੜ ਕੱਢਣ ਲਈ। ਰਾਜਸੀ ਗਲਿਆਰਿਆਂ ਵਿੱਚ ਉਹਨਾਂ ਦੀ ਪਹੁੰਚ ਕਰਕੇ ਕਈ ਉਹਨਾਂ ਤੋਂ ਖਾਰ ਖਾਣ ਲੱਗ ਪਏ। ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਅਣਬਣ ਦਾ ਤਕਰੀਬਨ ਸਾਰੇ ਪੱਤਰਕਾਰਾਂ ਨੂੰ ਪਤਾ ਸੀ। ਇਸ ਲਈ ਜਦੋਂ ਕੈਪਟਨ ਸਾਹਿਬ ਮੁੱਖ ਮੰਤਰੀ ਬਣੇ ਤਾਂ ਸਾਰੇ ਉਹਨਾਂ ਨੂੰ ਡਰਾ ਰਹੇ ਸੀ ਕਿ ਜਾਂ ਤਾਂ ਉਹਨਾਂ ਨੂੰ ਕੋਈ ਝੂਠਾ ਕੇਸ ਪਾ ਕੇ ਨੌਕਰੀ ਤੋਂ ਕੱਢਿਆ ਜਾਵੇਗਾ, ਜਾਂ ਕਿਤੇ ਦੂਰ ਦੁਰਾਡੇ ਦੀ ਬਦਲੀ ਕੀਤੀ ਜਾਵੇਗੀ। ਪਰ ਕੈਪਟਨ ਅਮਰਿੰਦਰ ਸਿੰਘ ਵਰਗੇ ਸੂਝਵਾਨ ਸਿਆਸਤਦਾਨ ਨੂੰ ਇਹ ਇਲਮ ਸੀ ਕਿ ਉਜਾਗਰ ਸਿੰਘ ਇਮਾਨਦਾਰ ਅਤੇ ਆਪਣੇ ਕੰਮ ਦਾ ਮਾਹਰ ਹੋਣ ਦੇ ਨਾਲ-ਨਾਲ ਅਣਖ ਵਾਲਾ ਅਫਸਰ ਵੀ ਹੈ। ਇਸ ਲਈ ਉਸ ਦੀ ਬਦਲੀ ਤਾਂ ਕੀ ਹੋਣੀ ਸੀ, ਉਹ ਤਾਂ ਮੁੱਖ ਮੰਤਰੀ ਦਾ ਵਿਸ਼ਵਾਸ਼ਪਾਤਰ ਬਣ ਗਿਆ।
ਉਪਰੋਕਤ ਸਾਰੀ ਜਾਣਕਾਰੀ ਅਤੇ ਹੋਰ ਬਹੁਤ ਸਾਰੀ ਹੋਰ ਜਾਣਕਾਰੀ ਉਜਾਗਰ ਸਿੰਘ ਦੀ ਨਵ ਪ੍ਰਕਾਸ਼ਿਤ ਸਵੈਜੀਵਨੀ ‘ਸਬੂਤੇ ਕਦਮੀਂ’ ਤੋਂ ਪਰਾਪਤ ਕੀਤੀ ਜਾ ਸਕਦੀ ਹੈ।
'ਸਬੂਤੇ ਕਦਮੀਂ’ ਸਵੈਜੀਵਨੀ ਦੀ ਵਿਸ਼ੇਸ਼ਤਾ ਇਹ ਹੈ ਕਿ ਲੇਖਕ ਨੇ ਆਪਣੇ ਸਧਾਰਨ ਪਰਿਵਾਰਕ ਪਿਛੋਕੜ, ਸਕੂਲੀ ਜੀਵਨ ਦੀਆਂ ਦੁਸ਼ਵਾਰੀਆਂ, ਨੌਂਵੀਂ ਵਿੱਚੋਂ ਫੇਲ ਹੋਣ ਦੀ ਗੱਲ, ਆਪਣੀ ਭੈੜੀ ਲਿਖਾਈ, ਪਹਿਲੀ ਨੌਕਰੀ ਦੀਆਂ ਮੁਸ਼ਕਲਾਂ, ਪ੍ਰਾਈਵੇਟ ਤੌਰ ’ਤੇ ਗਿਆਨੀ, ਬੀ ਏ ਅਤੇ ਐੱਮ ਏ ਕਰਨ ਦੇ ਪੜਾਵਾਂ ਦਾ ਜ਼ਿਕਰ ਬੜੀ ਇਮਾਨਦਾਰੀ ਨਾਲ ਕੀਤਾ ਹੈ। ਆਪਣੇ ਵੱਡੇ ਭਰਾ ਅਤੇ ਭਰਜਾਈ ਵੱਲੋਂ ਸਮੇਂ-ਸਮੇਂ ਮਿਲੀ ਸਹਾਇਤਾ ਅਤੇ ਅਗਵਾਈ ਸੰਬੰਧੀ ਬੜੇ ਸਤਿਕਾਰਤ ਸ਼ਬਦਾਂ ਵਿੱਚ ਉਲੇਖ ਕੀਤਾ ਹੈ। ਉਹਨਾਂ ਨੇ ਆਪਣੀ ਪਤਨੀ ਦੀ ਇਸ ਗੱਲੋਂ ਵਿਸ਼ੇਸ਼ ਵਡਿਆਈ ਕੀਤੀ ਹੈ ਜਿਸ ਨੇ ਆਪਣੀ ਨੌਕਰੀ ਦੇ ਨਾਲ-ਨਾਲ ਬੱਚਿਆਂ ਦੀ ਪਰਵਰਿਸ਼ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ। ਉਹਨਾਂ ਨੇ ਇਹ ਵੀ ਲਿਖਿਆ ਹੈ ਕਿ ਜਵਾਨੀ ਵੇਲੇ ਉਹਨਾਂ ਦੇ ਬੱਚੇ ਆਪਣੇ ਪਿਤਾ ਨਾਲ ਕਈ ਵਾਰ ਇਸ ਲਈ ਨਰਾਜ਼ ਹੋ ਜਾਂਦੇ ਕਿ ਸਕੂਲ, ਕਾਲਜ ਜਾਣ ਸਮੇਂ ਬੱਚਿਆਂ ਨੂੰ ਸਰਕਾਰੀ ਵਾਹਨਾਂ ਦੀ ਵਰਤੋਂ ਕਿਉਂ ਨਹੀਂ ਕਰਨ ਦਿੰਦੇ, ਪਰ ਪਿਤਾ ਦੀ ਇਸ ਇਮਾਨਦਾਰੀ ਨੇ ਉਹਨਾਂ ਨੂੰ ਵੀ ਆਪਣੀ ਮਿਹਨਤ ਨਾਲ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੀ ਹਿੰਮਤ ਬਖਸ਼ੀ।
ਸਰਦਾਰ ਉਜਾਗਰ ਸਿੰਘ ਨੂੰ ਇੱਕ ਵਕਤ ਵਿਜੀਲੈਂਸ ਦੀ ਇਨਕੁਆਰੀ ਦਾ ਸਾਹਮਣਾ ਵੀ ਕਰਨਾ ਪਿਆ, ਪਰ ਇਮਾਨਦਾਰੀ ਦੇ ਮੁਸ਼ਕਲ ਰਸਤੇ ਦੇ ਪਾਂਧੀ ਬਣਨ ਵਾਲੇ ਇਸ ਇਨਸਾਨ ਕੋਲ ਲੁਕਾਉਣ ਲਈ ਕੁਝ ਨਹੀਂ ਸੀ। ਇਸ ਲਈ ਇਹ ਬੇਦਾਗ ਹੀ ਰਹੇ। ਜਦੋਂ ਇੱਕ ਵਾਰ ਪਟਿਆਲਾ ਦੇ ਐੱਸ ਐੱਸ ਪੀ ਨੇ ਉਹਨਾਂ ਨੂੰ ਆਪਣੇ ਦਫਤਰ ਵਿੱਚ ਬੁਲਾ ਕੇ ਕਿਹਾ ਕਿ ਉਹ ਸਰਦਾਰ ਬੇਅੰਤ ਸਿੰਘ ਦੀ ਬੰਬ ਬਿਸਫੋਟ ਵਾਲੀ ਘਟਨਾ ਦੇ ਪਿੱਛੇ ਕਿਸੇ ਸਾਜ਼ਿਸ਼ ਹੋਣ ਦੀ ਗੱਲ ਦੀ ਚਰਚਾ ਨਾ ਕਰਨ, ਨਹੀਂ ਤਾਂ ਉਹਨਾਂ ਦਾ ਵੀ ਉਹੀ ਹਸ਼ਰ ਹੋ ਸਕਦਾ ਹੈ, ਪਰ ਉਹ ਤਾਂ ਵੀ ਨਹੀਂ ਸੀ ਡਰੇ। ਇਹ ਵੱਖਰੀ ਗੱਲ ਹੈ ਕਿ ਉਸ ਐੱਸ ਐੱਸ ਪੀ ਨੂੰ ਪਟਿਆਲੇ ਲਿਆਉਣ ਵਿੱਚ ਉਹਨਾਂ ਦਾ ਹੱਥ ਸੀ।
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਹੋਰਾਂ ਦੇ ਪਰਿਵਾਰ ਨਾਲ ਐਨੀ ਨੇੜਤਾ ਸੀ ਕਿ ਜਦੋਂ ਮੁੱਖ ਮੰਤਰੀ ਬੰਬ ਹਾਦਸੇ ਵਿੱਚ ਆਪਣੀ ਜਾਨ ਤੋਂ ਹੱਥ ਧੋ ਬੈਠੇ ਤਾਂ ਤਤਕਾਲੀਨ ਪ੍ਰਧਾਨ ਮੰਤਰੀ ਸ੍ਰੀ ਨਰਸਿਮਾ ਰਾਓ ਨੇ ਉਹਨਾਂ ਦੇ ਪਰਿਵਾਰ ਨੂੰ ਮਿਲਣ ਚੰਡੀਗੜ੍ਹ ਆਉਣਾ ਸੀ। ਪਰਿਵਾਰ ਦੇ ਮੈਂਬਰਾਂ ਨਾਲ ਜਦੋਂ ਉਜਾਗਰ ਸਿੰਘ ਵੀ ਕਮਰੇ ਵਿੱਚ ਜਾਣ ਲੱਗੇ ਤਾਂ ਇੱਕ ਐੱਸ ਪੀ ਨੇ ਉਹਨਾਂ ਨੂੰ ਕਮਰੇ ਦੇ ਅੰਦਰ ਜਾਣ ਤੋਂ ਰੋਕ ਦਿੱਤਾ। ਇਸ ’ਤੇ ਸ਼੍ਰੀਮਤੀ ਬਿਅੰਤ ਸਿੰਘ ਕਮਰੇ ਵਿੱਚੋਂ ਬਾਹਰ ਆ ਕੇ ਕਹਿਣ ਲੱਗੇ ਕਿ ਜੇ ਉਜਾਗਰ ਸਿੰਘ ਕਮਰੇ ਵਿੱਚ ਨਹੀਂ ਜਾ ਸਕਦਾ ਤਾਂ ਪਰਿਵਾਰ ਦਾ ਕੋਈ ਮੈਂਬਰ ਵੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਹੀਂ ਕਰੇਗਾ। ਸਕਿਓਰਟੀ ਵਾਲਿਆਂ ਨੂੰ ਉਹਨਾਂ ਨੂੰ ਵੀ ਕਮਰੇ ਵਿੱਚ ਜਾਣ ਦੀ ਆਗਿਆ ਦੇਣੀ ਪਈ।
ਇਸ ਪੁਸਤਕ ਵਿੱਚ ਰਾਜਨੀਤੀ ਦੇ ਖੇਤਰ ਦੀਆਂ ਹੋਰ ਕਈ ਗੁੱਝੀਆਂ ਗੱਲਾਂ ਦਾ ਵੀ ਉਹਨਾਂ ਨੇ ਜ਼ਿਕਰ ਕੀਤਾ ਹੈ। ਮਸਲਨ ਜਦੋਂ ਅਕਾਲੀ ਦਲ ਨੇ ਖਾੜਕੂਆਂ ਦੇ ਡਰ ਕਾਰਨ ਪੰਜਾਬ ਅਸੈਂਬਲੀ ਦੀਆਂ ਚੋਣਾਂ ਦਾ ਬਾਈਕਾਟ ਕਰ ਦਿੱਤਾ ਤਾਂ ਕੇਂਦਰੀ ਏਜੰਸੀਆਂ ਨੇ ਪਹਿਲਾਂ ਅਕਾਲੀ ਦਲ ਦੇ ਇੱਕ ਨੇਤਾ ਸੁਖਜਿੰਦਰ ਸਿੰਘ ਨੂੰ ਅਕਾਲੀ ਦਲ ਦੇ ਤੌਰ ’ਤੇ ਚੋਣਾਂ ਲੜਨ ਲਈ ਤਿਆਰ ਕੀਤਾ। ਪਹਿਲਾਂ ਤਾਂ ਉਹ ਮੰਨ ਗਿਆ, ਪਰ ਬਾਅਦ ਵਿੱਚ ਮੁੱਕਰ ਗਿਆ। ਫੇਰ ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਇਸ ਕੰਮ ਲਈ ਨੂੰ ਤਿਆਰ ਕਰ ਲਿਆ। ਇਸੇ ਤਰ੍ਹਾਂ ਇੱਕ ਵਾਰ ਕਾਂਗਰਸ ਨੇ ਅਕਾਲੀ ਦਲ ਦੀ ਸਰਕਾਰ ਤੋੜਨ ਲਈ ਉਹਨਾਂ ਦੇ ਖਜ਼ਾਨਾ ਮੰਤਰੀ ਨਾਲ ਸੰਪਰਕ ਕੀਤਾ, ਪਰ ਸਫਲਤਾ ਨਾ ਮਿਲੀ। ਉਹਨਾਂ ਨੇ ਇੱਕ ਹੋਰ ਘਟਨਾ ਦਾ ਉਲੇਖ ਵੀ ਕੀਤਾ ਹੈ ਕਿ ਇੱਕ ਵਾਰ ਇੱਕ ਆਈ ਏ ਐੱਸ ਅਫਸਰ ਨੇ ਉਹਨਾਂ ਨੂੰ ਕਿਹਾ ਕਿ ਉਹ ਕੈਪਟਨ ਕੰਵਲਜੀਤ ਸਿੰਘ ਨੂੰ ਪਾਰਟੀ ਫੰਡ ਲਈ ਕੁਝ ਰਕਮ ਦੇਣੀ ਚਾਹੁੰਦਾ ਹੈ। ਉਜਾਗਰ ਸਿੰਘ ਨੇ ਇਸ ਕੰਮ ਵਿੱਚ ਪੈਣ ਤੋਂ ਨਾਂਹ ਕਰ ਦਿੱਤੀ। ਉਹਨਾਂ ਨੂੰ ਪਤਾ ਸੀ ਕਿ ਖਜ਼ਾਨਾ ਮੰਤਰੀ ਇਮਾਨਦਾਰ ਰਾਜਸੀ ਨੇਤਾ ਹੈ। ਜਦੋਂ ਉਸ ਅਫਸਰ ਨੇ ਉਹਨਾਂ ’ਤੇ ਜ਼ਿਆਦਾ ਹੀ ਜ਼ੋਰ ਪਾਇਆ ਤਾਂ ਉਹਨਾਂ ਨੇ ਮੰਤਰੀ ਨਾਲ ਇਹ ਗੱਲ ਕਰ ਦਿੱਤੀ। ਮੰਤਰੀ ਦਾ ਜਵਾਬ ਸੀ ਕਿ ਉਸ ਅਫਸਰ ਦੀ ਐਨੀ ਹਿੰਮਤ ਕਿਵੇਂ ਪਈ ਅਤੇ ਇਹ ਵੀ ਕਿਹਾ ਕਿ ਹੁਣ ਆਈ ਏ ਐੱਸ ਅਫਸਰ ਵੀ ਇਹ ਕੰਮ ਕਰਨ ਲੱਗ ਪਏ ਹਨ।
ਅੱਜ ਕੱਲ੍ਹ ਉਹ ਪਟਿਆਲੇ ਆਪਣੀ ਜੱਦੀ ਜਾਇਦਾਦ ਦੇ ਕੁਝ ਹਿੱਸੇ ਨੂੰ ਵੇਚਣ ਤੋਂ ਬਾਅਦ ਬਣਾਏ ਰਹਿਣ ਬਸੇਰੇ ਵਿੱਚ ਆਪਣਾ ਪਰਿਵਾਰਕ ਜੀਵਨ ਖੁਸ਼ੀ-ਖੁਸ਼ੀ ਬਿਤਾ ਰਹੇ ਹਨ, ਜ਼ਿੰਦਗੀ ਦੇ 74 ਵੇਂ ਸਾਲ ਦੇ ਹੁਲਾਰੇ ਲੈ ਰਹੇ ਉਹ ਉਮਰ ਦੇ ਬੀਤਣ ਨਾਲ ਆਈਆਂ ਬਿਮਾਰੀਆਂ ਨੂੰ ਵੀ ਹੱਸ ਕੇ ਸਹਾਰ ਰਹੇ ਹਨ। ਸਾਹਿਤਕ ਸ਼ੌਕ ਨੂੰ ਪੂਰਾ ਕਰਨ ਲਈ ਕਈ ਪੁਸਤਕਾਂ ਲਿਖੀਆਂ ਹਨ। ਚਲੰਤ ਮਾਮਲਿਆਂ ਦੇ ਨਾਲ-ਨਾਲ ਸਾਹਿਤਕ ਵਿਸ਼ਿਆਂ ’ਤੇ ਕਲਮ ਚਲਾਉਂਦੇ ਰਹਿੰਦੇ ਹਨ ਅਤੇ ਪੁਸਤਕਾਂ ਦੇ ਰੀਵਿਊ ਕਰਨ ਵਿੱਚ ਉਹਨਾਂ ਦੀ ਖਾਸ ਮੁਹਾਰਤ ਹੈ। ਉਹਨਾਂ ਦੀਆਂ ਰਚਨਾਵਾਂ ਦੇਸ਼-ਵਿਦੇਸ਼ ਦੇ ਅਖਬਾਰਾਂ, ਮੈਗਜ਼ੀਨ ਅਤੇ ਵੈੱਬਸਾਈਟਾਂ ਵਾਲੇ ਖੁਸ਼ੀ-ਖੁਸ਼ੀ ਛਾਪਦੇ ਹਨ। ਕੁਝ ਵਿਸ਼ੇਸ਼ ਮੁੱਦਿਆਂ ਤੇ ਉਹ ਵੱਖ-ਵੱਖ ਟੀ ਵੀ ਚੈਨਲਾਂ ’ਤੇ ਆਪਣੇ ਵਿਚਾਰ ਵੀ ਪ੍ਰਗਟਾਉਂਦੇ ਰਹਿੰਦੇ ਹਨ।
ਉਹਨਾਂ ਦੀ 96 ਪੰਨਿਆਂ ਦੀ ਸਵੈਜੀਵਨੀ ‘ਸਬੂਤੇ ਕਦਮੀਂ’ ਪੜ੍ਹਦਿਆਂ ਇਹ ਮਹਿਸੂਸ ਹੁੰਦਾ ਹੈ ਜਿਵੇਂ ਕੋਈ ਨਾਵਲ ਪੜ੍ਹ ਰਹੇ ਹੋਈਏ। ਕਿਸੇ ਵੀ ਗੱਲ ਨੂੰ ਸਪਸ਼ਟ ਸ਼ਬਦਾਂ ਵਿੱਚ ਲਿਖਣ ਵਾਲੀ ਉਹਨਾਂ ਦੀ ਵਾਰਤਕ ਸ਼ੈਲੀ ਪਾਠਕਾਂ ਨੂੰ ਪ੍ਰਭਾਵਿਤ ਕਰਦੀ ਹੈ। ਪਾਠਕਾਂ ਦੀ ਰੁਚੀ ਆਦਿ ਤੋਂ ਅੰਤ ਤਕ ਬਣੀ ਰਹਿੰਦੀ ਹੈ।
ਸਵੈ ਜੀਵਨੀ ਲਿਖਣਾ ਇੱਕ ਔਖਾ ਕਾਰਜ ਹੈ। ਜੇ ਲੇਖਕ ਆਪਣੀ ਵੱਡਿਆਈ ਆਪ ਕਰੇ ਤਾਂ ਆਪਣੇ ਮੂੰਹ ਮੀਆਂ ਮਿੱਠੂ ਬਣਨ ਵਾਲੀ ਗੱਲ ਹੁੰਦੀ ਹੈ ਅਤੇ ਆਪਣੀ ਬੁਰਾਈ ਕਰਨਾ ਕੋਈ ਚਾਹੁੰਦਾ ਨਹੀਂ, ਇਸ ਲਈ ਇਹ ਦੋ ਧਾਰੀ ਤਲਵਾਰ ’ਤੇ ਚੱਲਣ ਵਾਲਾ ਕੰਮ ਹੈ। ਖੁਸ਼ੀ ਇਸ ਗੱਲ ਦੀ ਹੈ ਕਿ ਸਰਦਾਰ ਉਜਾਗਰ ਸਿੰਘ ਜੀ ਨੇ ਇਸ ਮੁਸ਼ਕਲ ਕਾਰਜ ਨੂੰ ਬੜੇ ਕਲਾਮਈ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ।
**
ਕੈਲੀਬਰ ਪਬਲੀਕੇਸ਼ਨ ਪਟਿਆਲਾ ਵੱਲੋਂ ਪ੍ਰਕਾਸ਼ਿਤ ਇਸ ਪੁਸਤਕ ਦਾ ਸਵਰਕ ਅਤੇ ਦਿੱਖ ਵੀ ਪ੍ਰਭਾਵਿਤ ਕਰਦੀ ਹੈ।
*****
ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4212)
(ਸਰੋਕਾਰ ਨਾਲ ਸੰਪਰਕ ਲਈ: (