“ਹੁਣ ਸਰਕਾਰ ਵੱਲੋਂ ਖੇਤਾਂ ਦੀ ਨਿਗਰਾਨੀ ਉਪਗ੍ਰਹਿ ਰਾਹੀਂ ਰੱਖੀ ਜਾ ਰਹੀ ਹੈ। ਝੋਨੇ ਦੀ ਪਰਾਲੀ ਸਾੜਨ ਵਾਲੇ ...”
(11 ਨਵੰਬਰ 2024)
ਪੰਜਾਬੀਓ, ਪੰਜਾਬ ਵਿੱਚੋਂ ਧੂਏਂ ਦਾ ਖਾਤਮਾ ਕਰੋ,
ਧੂੰਏਂ ਨਾਲ ਪੰਜਾਬ ਦਾ ਖਾਤਮਾ ਨਾ ਕਰੋ!
ਪੰਜਾਬ ਵਿੱਚ ਹੁਣ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਅਤੇ ਉਸ ਦੀ ਰਹਿੰਦ-ਖੂੰਦ ਨੂੰ ਨਸ਼ਟ ਕਰਕੇ ਖੇਤਾਂ ਨੂੰ ਅਗਲੀ ਕਣਕ ਦੀ ਫਸਲ ਲਈ ਤਿਆਰ ਕਰਨ ਦਾ ਸਮਾਂ ਆ ਗਿਆ ਹੈ। ਪਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਇਲਾਵਾ ਹੋਰ ਕੋਈ ਸੌਖਾ ਤਰੀਕਾ ਨਜ਼ਰ ਨਹੀਂ ਆਉਂਦਾ, ਇਸ ਲਈ ਉਹ ਝੋਨੇ ਦੀ ਪਰਾਲੀ ਨੂੰ ਸਾੜ ਦਿੰਦੇ ਹਨ। ਕਿਸਾਨਾਂ ਨੂੰ ਇਸ ਗੱਲ ਦਾ ਨਹੀਂ ਪਤਾ ਕਿ ਇਸ ਨਾਲ ਕਈ ਤਰ੍ਹਾਂ ਦੇ ਨੁਕਸਾਨ ਹੋ ਜਾਂਦੇ ਹਨ। ਇੱਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ ਢਾਈ ਤੋਂ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਨ ਨਾਲ ਅਸੀਂ 400 ਕਿਲੋਗ੍ਰਾਮ ਜੈਵਿਕ ਕਾਰਬਨ, 5.5 ਕਿਲੋ ਨਾਈਟਰੋਜਨ, 2.3 ਕਿਲੋ ਫਾਸਫੋਰਸ, 2.5 ਕਿਲੋ ਪੁਟਾਸ਼ ਅਤੇ 12 ਕਿਲੋ ਸਲਫਰ ਦਾ ਨੁਕਸਾਨ ਕਰ ਬੈਠਦੇ ਹਾਂ। ਇਸ ਤੋਂ ਇਲਾਵਾ ਹੋਰ ਵੱਡੇ ਅਤੇ ਛੋਟੇ ਤੱਤਾਂ ਦਾ ਨੁਕਸਾਨ ਹੁੰਦਾ ਹੈ। ਅਜਿਹੇ ਤੱਤ ਨਸ਼ਟ ਹੋਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪੈਂਦਾ ਹੈ। ਪਰਾਲੀ ਨੂੰ ਸਾੜਨ ਨਾਲ ਮਿੱਟੀ ਵਿਚਲੇ ਲਾਭਦਾਇਕ ਸੂਖਮ ਜੀਵ ਅਤੇ ਮਿੱਤਰ ਕੀੜੇ-ਮਕੌੜੇ ਨਸ਼ਟ ਹੋ ਜਾਂਦੇ ਹਨ। ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਖਾਦਾਂ ਘੱਟ ਪਾਉਣੀਆਂ ਪੈਂਦੀਆਂ ਹਨ।
ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਇਸ ਵਿੱਚੋਂ ਨਿਕਲਦੇ ਧੂੰਏਂ ਨਾਲ ਮਨੁੱਖ ਅਤੇ ਪਸ਼ੂਆਂ ਪੰਛੀਆਂ ਦੀ ਸਿਹਤ ਉੱਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਪਰਾਲੀ ਨੂੰ ਸਾੜਨ ਨਾਲ ਬਹੁਤ ਹੀ ਹਾਨੀਕਾਰਕ ਗੈਸਾਂ, ਜਿਵੇਂ ਕਿ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ ਅਤੇ ਮੀਥੇਨ ਪੈਦਾ ਹੁੰਦੀਆਂ ਹਨ, ਜਿਨ੍ਹਾਂ ਕਰਕੇ ਅੱਖਾਂ ਵਿੱਚ ਜਲਣ ਅਤੇ ਸਾਹ ਲੈਣ ਵਿੱਚ ਮੁਸ਼ਕਿਲ ਦੇ ਨਾਲ ਨਾਲ ਚਮੜੀ ਰੋਗ ਹੋਣ ਵਰਗੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਗੈਸਾਂ ਵਾਯੂਮੰਡਲ ਨੂੰ ਖਰਾਬ ਕਰਦੀਆਂ ਹਨ। ਇਹਨਾਂ ਗੈਸਾਂ ਦੇ ਨਾਲ ਹੀ ਧਰਤੀ ਦਾ ਤਾਪਮਾਨ ਵਧ ਰਿਹਾ ਹੈ, ਜਿਸ ਕਰਕੇ ਹੀ ਮੌਸਮੀ ਤਬਦੀਲੀਆਂ ਆ ਰਹੀਆਂ ਹਨ। ਫਸਲਾਂ ਦੀ ਰਹਿੰਦ-ਖੂੰਦ ਨੂੰ ਅੱਗ ਲਾ ਕੇ ਸਾੜਨ ਦੇ ਰੁਝਾਨ ਕਰਕੇ ਪੈਦਾ ਹੋਏ ਧੂੰਏਂ ਕਾਰਨ ਸੜਕੀ ਆਵਾਜਾਈ ਉੱਪਰ ਬਹੁਤ ਬੁਰਾ ਅਸਰ ਪੈਂਦਾ ਹੈ ਅਤੇ ਕਈ ਵਾਰੀ ਇਸ ਕਾਰਨ ਹਾਦਸੇ ਵੀ ਵਾਪਰ ਜਾਂਦੇ ਹਨ, ਜਿਨ੍ਹਾਂ ਵਿੱਚ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਖੇਤਾਂ ਵਿੱਚ ਆਲੇ ਦੁਆਲੇ ਖੜ੍ਹੇ ਦਰਖਤ ਵੀ ਅੱਗ ਨਾਲ ਝੁਲਸ ਜਾਂਦੇ ਹਨ। ਇਹਨਾਂ ਦਰਖਤਾਂ ’ਤੇ ਰਹਿੰਦੇ ਬੇਜੁਬਾਨ ਪੰਛੀ ਵੀ ਅੱਗ ਦੀ ਲਪੇਟ ਵਿੱਚ ਆਕੇ ਮਰ ਜਾਂਦੇ ਹਨ।
ਹੁਣ ਸਰਕਾਰ ਵੱਲੋਂ ਖੇਤਾਂ ਦੀ ਨਿਗਰਾਨੀ ਉਪਗ੍ਰਹਿ ਰਾਹੀਂ ਰੱਖੀ ਜਾ ਰਹੀ ਹੈ। ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਤੋਂ ਬਚਣ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ। ਕਿਸਾਨ ਵੀਰ ਝੋਨੇ ਦੀ ਪਰਾਲੀ ਨੂੰ ਬਿਨਾਂ ਸਾੜੇ ਹੀ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਆਦਿ ਮਸ਼ੀਨਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰ ਸਕਦੇ ਹਨ। ਝੋਨੇ ਦੀ ਪਰਾਲੀ ਦੀਆਂ ਗੰਢਾਂ ਬੇਲਰ, ਰੇਕ ਆਦੀ ਮਸ਼ੀਨਾਂ ਨਾਲ ਬਣਾ ਕੇ ਉਹਨਾਂ ਨੂੰ ਇੱਟਾਂ ਵਾਲੇ ਭੱਠਿਆਂ, ਗੱਤਾ ਅਤੇ ਕਾਗਜ਼ ਫੈਕਟਰੀਆਂ ਅਤੇ ਬਿਜਲੀ ਪੈਦਾ ਕਰਨ ਵਾਲੇ ਪਾਵਰ ਪਲਾਂਟਾਂ ਵਿੱਚ ਵਰਤ ਸਕਦੇ ਹਨ ਤਾਂ ਜੋ ਪਰਾਲੀ ਦੀ ਅੱਗ ਬਾਲ ਕੇ ਉਸ ਨੂੰ ਉਰਜਾ ਦੇ ਰੂਪ ਵਿੱਚ ਵਰਤ ਸਕਣ।
ਝੋਨੇ ਦੀ ਪਰਾਲੀ ਦੀ ਵਰਤੋਂ ਪਸ਼ੂ ਚਾਰੇ ਦੇ ਤੌਰ ’ਤੇ ਕੀਤੀ ਜਾਵੇ ਤਾਂ ਜੋ ਇਸ ਨਾਲ ਜਿੱਥੇ ਪਰਾਲੀ ਦਾ ਨਿਪਟਾਰਾ ਆਸਾਨੀ ਨਾਲ ਹੋ ਸਕਦਾ ਹੈ, ਉੱਥੇ ਹੀ ਪਸ਼ੂਆਂ ਨੂੰ ਪਾਲਣ ਲਈ ਚਾਰਾਂ ਮਿਲ ਸਕੇਗਾ। ਇਸ ਤਰੀਕੇ ਨਾਲ ਕਿਸਾਨ ਮਹਿੰਗੀ ਤੂੜੀ ਦੀ ਬੱਚਤ ਕਰ ਸਕਦੇ ਹਨ। ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਗਾਲ਼ ਸਕਦੇ ਹਨ, ਜਿਸ ਤੋਂ ਉਨ੍ਹਾਂ ਨੂੰ ਖੇਤੀ ਲਈ ਖਾਦ ਮਿਲ ਸਕਦੀ ਹੈ, ਖੇਤਾਂ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ। ਇੰਜ ਕਰਨ ਨਾਲ ਜਿੱਥੇ ਡੀਏਪੀ ਖਾਦ ਦੀ ਬੱਚਤ ਹੁੰਦੀ ਹੈ, ਉੱਥੇ ਫਸਲਾਂ ਵੀ ਬਹੁਤ ਵਧੀਆ ਹੁੰਦੀਆਂ ਹਨ ਤੇ ਵੱਧ ਝਾੜ ਦਿੰਦੀਆਂ ਹਨ। ਫਸਲਾਂ ਉੱਪਰ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ ਅਤੇ ਇਸ ਨਾਲ ਪਾਣੀ ਦੀ ਬੱਚਤ ਹੁੰਦੀ ਹੈ।
ਸਰਕਾਰ ਨੂੰ ਕਿਸਾਨਾਂ ਲਈ ਵੱਧ ਤੋਂ ਵੱਧ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਦੀ ਸਬਸਿਡੀ ਦੀ ਪ੍ਰਕਿਰਿਆ ਨੂੰ ਹੋਰ ਆਸਾਨ ਕਰਨਾ ਚਾਹੀਦਾ ਹੈ ਤੇ ਮਸ਼ੀਨਾਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ ਤਾਂ ਜੋ ਕਿਸਾਨ ਇਸਦਾ ਫਾਇਦਾ ਉਠਾ ਸਕਣ। ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਨੀ ਚਾਹੀਦੀ ਹੈ ਅਤੇ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨ ਕਰਨਾ ਚਾਹੀਦਾ ਹੈ ਤਾਂ ਜੋ ਉਹ ਉਤਸ਼ਾਹਿਤ ਹੋ ਕੇ ਅੱਗ ਨਾ ਲਗਾਉਣ ਤੇ ਦੂਸਰੇ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣ। ਕਿਸਾਨ ਝੋਨੇ ਦੀ ਪਰਾਲੀ ਪ੍ਰਬੰਧਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਤੇ ਪਾਣੀ ਦੀ ਬੱਚਤ ਕਰਨ ਲਈ ਝੋਨੇ ਦੀ ਫਸਲ ਹੇਠਲਾ ਰਕਬਾ ਘਟਾ ਕੇ ਹੋਰ ਫਸਲਾਂ ਵੱਲ ਤਰਜੀਹ ਦੇਣ। ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਇੱਕ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ, ਇਸ ਨੂੰ ਰੋਕਣ ਲਈ ਅਤੇ ਪੰਜਾਬ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ, ਸਮਾਜ ਸੇਵੀ ਆਗੂਆਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਕੈਂਪ ਲਗਾ ਕੇ ਜਾਗਰੂਕ ਕਰਨਾ ਚਾਹੀਦਾ ਹੈ। ਇਸ ਸਾਲ ਉਮੀਦ ਕੀਤੀ ਜਾ ਰਹੀ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਕਾਫੀ ਹੱਦ ਤਕ ਘਟ ਜਾਣਗੀਆਂ।
* * * * *
ਨੋਟ: ਹਰ ਲੇਖਕ ਸਰੋਕਾਰ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲ ਕੇ ਰੱਖੇ।
(5435)
ਰਚਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ: (This email address is being protected from spambots. You need JavaScript enabled to view it.)