“ਇਸ ਤਰ੍ਹਾਂ ਬਗਾਵਤ ਤੋਂ ਡਰਦਿਆਂ ਅੰਗਰੇਜ਼ ਹਕੂਮਤ ਨੇ 23 ਮਾਰਚ, 1931 ਨੂੰ ...”
(23 ਮਾਰਚ 2025)
ਮੈਂ ਨਾਸਤਿਕ ਕਿਉਂ ਹਾਂ! ਬਾਰੇ ਭਗਤ ਸਿੰਘ ਦੀ ਸੋਚ ਸੀ ਕਿ ਉਸਦੀ ਨਾਸਤਿਕਤਾ ਘਮੰਡ ਤੋਂ ਪੈਦਾ ਨਹੀਂ ਹੋਈ, ਸਗੋਂ ਉਹ ਸਰਬ ਸ਼ਕਤੀਮਾਨ ਵਿੱਚ ਦ੍ਰਿੜ੍ਹ ਵਿਸ਼ਵਾਸ ਰੱਖਦਾ ਹੈ। ਪਰ ਉਹ ਦੂਸਰਿਆਂ ਵਾਂਗ ਮਿੱਥ ਅਤੇ ਕਲਪਨਾਵਾਂ ’ਤੇ ਵਿਸ਼ਵਾਸ ਨਹੀਂ ਕਰ ਸਕਦਾ। ਫਾਂਸੀ ਤੋਂ ਕੁਝ ਸਮਾਂ ਪਹਿਲਾਂ ਭਗਤ ਸਿੰਘ ਨੇ ਇਹ ਕਹਿੰਦਿਆਂ ਰੱਬ ਦਾ ਨਾਂ ਜਪਣ ਤੋਂ ਨਾਂਹ ਕਰ ਦਿੱਤੀ, “ਮੈਂ ਆਪਣੀ ਪੂਰੀ ਜ਼ਿੰਦਗੀ ਵਿੱਚ ਰੱਬ ਨੂੰ ਯਾਦ ਨਹੀਂ ਕੀਤਾ। ਮੈਂ ਕਈ ਵਾਰ ਗਰੀਬਾਂ ਦੇ ਕਲੇਸ਼ ਲਈ ਰੱਬ ਨੂੰ ਕੋਸਿਆ ਹੈ। ਜੇ ਹੁਣ ਮੈਂ ਉਸ ਕੋਲੋਂ ਮੁਆਫ਼ੀ ਮੰਗਾਂ ਤਾਂ ਉਹ ਕਹਿਣਗੇ ਕੇ ਇਸ ਤੋਂ ਵੱਡਾ ਡਰਪੋਕ ਕੋਈ ਨਹੀਂ ਹੈ। ਇਸਦਾ ਅੰਤ ਨੇੜੇ ਹੈ, ਇਸ ਲਈ ਮੁਆਫ਼ੀ ਮੰਗਦਾ ਹੈ।“ ਉਸਦੇ ਵਿਚਾਰ ਬੜੇ ਸਪਸ਼ਟ ਸਨ।
ਸਰਦਾਰ ਭਗਤ ਸਿੰਘ 28 ਸਤੰਬਰ 1907 ਨੂੰ ਚੱਕ ਨੰਬਰ 105 ਪਿੰਡ ਬੰਗਾ ਤਹਿਸੀਲ ਜੜਵਾਲਾ, ਜ਼ਿਲ੍ਹਾ ਲਾਇਲਪੁਰ, ਪਾਕਿਸਤਾਨ ਵਿੱਚ ਪਿਤਾ ਸ. ਕਿਸ਼ਨ ਸਿੰਘ ਦੇ ਘਰ ਮਾਤਾ ਵਿਦਿਆਵਤੀ ਦੀ ਕੁੱਖੋਂ ਪੈਦਾ ਹੋਏ। ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ ਹੈ। ਉਨ੍ਹਾਂ ਦੇ ਪਿਤਾ ਅਤੇ ਚਾਚੇ ਸੁਤੰਤਰਤਾ ਸੰਗਰਾਮੀ ਸਨ। ਚਾਚਾ ਅਜੀਤ ਸਿੰਘ ਨੂੰ ਅੰਗਰੇਜ਼ ਸਰਕਾਰ ਨੇ ਅਦਾਲਤੀ ਮਾਮਲਿਆਂ ਤਹਿਤ ਕੈਦ ਕੀਤਾ ਹੋਇਆ ਸੀ। ਜਦੋਂ ਕਿ ਜੇਲ੍ਹ ਵਿੱਚੋਂ ਰਿਹਾਅ ਕੀਤੇ ਜਾਣ ਤੋਂ ਬਾਅਦ ਸੰਨ 1910 ਵਿੱਚ ਲਾਹੌਰ ਵਿੱਚ ਦੂਜੇ ਚਾਚੇ ਸਵਰਨ ਸਿੰਘ ਦੀ ਮੌਤ ਹੋ ਗਈ ਸੀ।
ਮੁਢਲੀ ਸਿੱਖਿਆ ਭਗਤ ਸਿੰਘ ਨੇ ਲਾਇਲਪੁਰ ਦੇ ਜ਼ਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਤੋਂ ਲਈ। ਉਸ ਪਿੱਛੋਂ ਉਹ ਡੀਏਵੀ ਹਾਈ ਸਕੂਲ ਲਾਹੌਰ ਵਿੱਚ ਦਾਖਲ ਹੋ ਗਏ। ਅੰਗਰੇਜ਼ ਇਸ ਸਕੂਲ ਨੂੰ ‘ਰਾਜ ਵਿਰੋਧੀ ਸਰਗਰਮੀਆਂ ਦੀ ਨਰਸਰੀ’ ਮੰਨਦੇ ਸਨ। ਭਗਤ ਸਿੰਘ ਭਾਵੇਂ ਰਵਾਇਤੀ ਪੜ੍ਹਾਕੂ ਤਾਂ ਨਹੀਂ ਸੀ ਪਰ ਉਹ ਵੱਖ-ਵੱਖ ਕਿਤਾਬਾਂ ਜ਼ਰੂਰ ਪੜ੍ਹਦਾ ਰਹਿੰਦਾ ਸੀ। ਉਰਦੂ ਭਾਸ਼ਾ ਵਿੱਚ ਉਸ ਨੂੰ ਖ਼ਾਸ ਮੁਹਾਰਤ ਸੀ ਤੇ ਉਹ ਇਸੇ ਭਾਸ਼ਾ ਵਿੱਚ ਆਪਣੇ ਪਿਤਾ ਸ:ਕਿਸ਼ਨ ਸਿੰਘ ਨੂੰ ਚਿੱਠੀ ਪੱਤਰ ਲਿਖਿਆ ਕਰਦਾ ਸੀ। ਸੰਨ 1921 ਵਿੱਚ ਸਰਦਾਰ ਭਗਤ ਸਿੰਘ ਆਪਣੀ 10ਵੀਂ ਜਮਾਤ ਦੀ ਪੜ੍ਹਾਈ ਅੱਧ ਵਿੱਚ ਛੱਡ ਕੇ ਨਾ-ਮਿਲਵਰਤਣ ਲਹਿਰ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲੱਗਾ। ਸੰਨ1919 ਵਿੱਚ ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਸਰਦਾਰ ਭਗਤ ਸਿੰਘ ਦੇ ਮਨ ’ਤੇ ਬੜਾ ਡੂੰਘਾ ਪ੍ਰਭਾਵ ਪਿਆ। ਉਹ ਇਸ ਘਟਨਾ ਤੋਂ ਦੂਜੇ ਦਿਨ ਜਲ੍ਹਿਆਂ ਵਾਲੇ ਬਾਗ ਅੰਮ੍ਰਿਤਸਰ ਗਏ ਅਤੇ ਖੂਨ ਨਾਲ ਭਿੱਜੀ ਮਿੱਟੀ ਲੈ ਕੇ ਵਾਪਸ ਆ ਗਏ। ਇਸ ਘਟਨਾ ਨੇ ਉਨ੍ਹਾਂ ਦੇ ਮਨ ਵਿੱਚ ਅੰਗਰੇਜ਼ਾਂ ਪ੍ਰਤੀ ਨਫਰਤ ਦੇ ਭਾਂਬੜ ਬਾਲ ਦਿੱਤੇ। ਫਰਵਰੀ 1921 ਨੂੰ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਦੇ ਮੋਰਚੇ ਨੇ ਭਗਤ ਸਿੰਘ ਦੇ ਮਨ ’ਤੇ ਹੋਰ ਡੂੰਘੀ ਛਾਪ ਛੱਡੀ।
ਨਾਮਿਲਵਰਤਨ ਅੰਦੋਲਨ ਵਾਪਸ ਲੈਣ ਤੋਂ ਬਾਅਦ ਸਰਦਾਰ ਭਗਤ ਸਿੰਘ ਮਹਾਤਮਾ ਗਾਂਧੀ ਦੇ ਅਹਿੰਸਾ ਦੇ ਸਿਧਾਂਤ ਤੋਂ ਨਿਰਾਸ਼ ਹੋ ਗਿਆ। ਸਰਦਾਰ ਭਗਤ ਸਿੰਘ ਨੇ ਨੌਜਵਾਨ ਇਨਕਲਾਬੀ ਲਹਿਰ ਵਿੱਚ ਸ਼ਾਮਲ ਹੁੰਦਿਆਂ ਬ੍ਰਿਟਿਸ਼ ਸਰਕਾਰ ਦੇ ਹਿੰਸਕ ਵਿਰੋਧ ਦੀ ਵਕਾਲਤ ਸ਼ੁਰੂ ਕਰ ਦਿੱਤੀ। ਬ੍ਰਿਟਿਸ਼ ਸਰਕਾਰ ਨੇ ਭਾਰਤ ਵਿੱਚ ਸਿਆਸੀ ਸਥਿਤੀ ਬਾਰੇ ਰਿਪੋਰਟ ਦੇਣ ਲਈ ਸਾਈਮਨ ਕਮਿਸ਼ਨ ਦੀ ਸਥਾਪਨਾ ਕੀਤੀ। ਭਾਰਤੀ ਸਿਆਸੀ ਪਾਰਟੀਆਂ ਨੇ ਸਾਇਮਨ ਕਮਿਸ਼ਨ ਦਾ ਬਾਈਕਾਟ ਕੀਤਾ ਕਿਉਂਕਿ ਇਸ ਵਿੱਚ ਕੋਈ ਵੀ ਭਾਰਤੀ ਮੈਂਬਰ ਨਹੀਂ ਸੀ। 30 ਅਕਤੂਬਰ 1928 ਨੂੰ ਜਦੋਂ ਸਾਇਮਨ ਕਮਿਸ਼ਨ ਲਹੌਰ ਪਹੁੰਚਿਆ ਤਾਂ ਲਾਲਾ ਲਾਜਪਤ ਰਾਏ ਦੀ ਅਗਵਾਈ ਵਿੱਚ ਲੋਕਾਂ ਨੇ ਇਸਦਾ ਵਿਰੋਧ ਕੀਤਾ। ਪੁਲੀਸ ਵੱਲੋਂ ਭੀੜ ਨੂੰ ਭਜਾਉਣ ਲਈ ਲਾਠੀਚਾਰਜ ਕੀਤਾ ਗਿਆ, ਜਿਸ ਨਾਲ ਲਾਲਾ ਲਾਜਪਤ ਰਾਏ ਜ਼ਖਮੀ ਹੋ ਗਏ ਤੇ ਦਿਲ ਦਾ ਦੌਰਾ ਪੈਣ ਕਾਰਨ 17 ਨਵੰਬਰ 1928 ਨੂੰ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦਾ ਬਦਲਾ ਲੈਣ ਲਈ ਸਰਦਾਰ ਭਗਤ ਸਿੰਘ ਨੇ ਅੰਗਰੇਜ਼ ਅਫਸਰ ਸਕਾਟ ਨੂੰ ਮਾਰਨ ਲਈ ਸ਼ਿਵਰਾਮ ਰਾਜਗੁਰੂ, ਸੁਖਦੇਵ ਥਾਪਰ ਅਤੇ ਚੰਦਰਸ਼ੇਖਰ ਆਜ਼ਾਦ ਵਰਗੇ ਕ੍ਰਾਂਤੀਕਾਰੀਆਂ ਨਾਲ ਮਿਲ ਕੇ ਯੋਜਨਾ ਬਣਾਈ। ਪਰ ਪਛਾਣਨ ਦੀ ਗਲਤੀ ਕਾਰਨ 17 ਦਸੰਬਰ 1928 ਨੂੰ ਉਨ੍ਹਾਂ ਸਹਾਇਕ ਪੁਲੀਸ ਅਫਸਰ ਜੌਹਨ ਪੀ ਸਾਂਡਰਸ ਨੂੰ ਗੋਲੀ ਮਾਰ ਦਿੱਤ, ਜੋ ਲਾਹੌਰ ਵਿਖੇ ਜ਼ਿਲ੍ਹਾ ਪੁਲੀਸ ਹੈੱਡਕੁਆਰਟਰ ਤੋਂ ਬਾਹਰ ਨਿਕਲ ਰਿਹਾ ਸੀ।
ਅਸਲ ਵਿੱਚ ਸਰਦਾਰ ਭਗਤ ਸਿੰਘ ਖੂਨ-ਖਰਾਬੇ ਦੇ ਜਮਾਂ ਹੱਕ ਵਿੱਚ ਨਹੀਂ ਸੀ। ਉਸਨੇ ਪਬਲਿਕ ਦੀ ਸੁਰੱਖਿਆ ਲਈ ਬਿੱਲ ਅਤੇ ਟਰੇਡ ਡਿਸਪਿਊਟਸ ਬਿੱਲ ਦੇ ਖਿਲਾਫ ਅਸੈਂਬਲੀ ਵਿੱਚ ਨਕਲੀ ਬੰਬ ਸੁੱਟ ਕੇ ਹਕੂਮਤ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ। ਇਸ ਲਈ ਸਰਦਾਰ ਭਗਤ ਸਿੰਘ ਤੇ ਬਟੁਕੇਸ਼ਵਰ ਦੱਤ ਨੇ 8 ਅਪਰੈਲ 1929 ਨੂੰ ਕੇਂਦਰੀ ਅਸੈਂਬਲੀ ਦੇ ਸੈਂਟਰਲ ਹਾਲ ਵਿੱਚ ਖਾਲੀ ਥਾਂ ਇਹ ਬੰਬ ਸੁੱਟਿਆ। ਉਨ੍ਹਾਂ ਪਰਚੇ ਸੁੱਟੇ ਤੇ ਇੰਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਜਦੋਂ ਸਰਦਾਰ ਭਗਤ ਸਿੰਘ ਨੂੰ ਨਕਲੀ ਬੰਬ ਸੁੱਟਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕੇ ਉਸ ਦਾ ਉਦੇਸ਼ ਕਿਸੇ ਨੂੰ ਜਾਨੀ ਨੁਕਸਾਨ ਪਹੁੰਚਾਉਣਾ ਨਹੀਂ ਸੀ ਸਗੋਂ ਸੱਤ-ਸਮੁੰਦਰ ਪਾਰ ਬੈਠੀ ਗੂੰਗੀ ਬੋਲ਼ੀ ਅੰਗਰੇਜ਼ ਹਕੂਮਤ ਦੇ ਕੰਨ ਖੋਲ੍ਹਣਾ ਸੀ। ਇਨਕਬਾਲ ਜ਼ਿੰਦਾਬਾਦ ਦਾ ਨਾਅਰਾ ਉਦੋਂ ਪਹਿਲੀ ਵਾਰ ਸਰਦਾਰ ਭਗਤ ਸਿੰਘ ਨੇ ਦਿੱਤਾ ਸੀ, ਜੋ ਅੱਗੇ ਚੱਲ ਕੇ ਸਾਰੇ ਦੇਸ਼ ਦਾ ਨਾਅਰਾ ਬਣ ਗਿਆ।
ਸਾਂਡਰਸ ਕਤਲ ਕੇਸ ਦਾ ਮੁਕੱਦਮਾ 10 ਜੁਲਾਈ 1929 ਨੂੰ ਜੇਲ੍ਹ ਵਿੱਚ ਹੀ ਵਿਸ਼ੇਸ਼ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਸ਼ੁਰੂ ਕੀਤਾ ਗਿਆ। ਇਸ ਮਾਮਲੇ ਵਿੱਚ 25 ਵਿਅਕਤੀ ਨਾਮਜ਼ਦ ਕੀਤੇ ਗਏ ਸਨ। ਇਨਕਲਾਬੀਆਂ ਨੇ ਇਸ ਮੁਕੱਦਮੇ ਪ੍ਰਤੀ ਕੋਈ ਖਾਸ ਗੰਭੀਰਤਾ ਨਹੀਂ ਦਿਖਾਈ। ਇੰਝ ਲਗਦਾ ਸੀ ਕਿ ਜਿਵੇਂ ਉਨ੍ਹਾਂ ਦਾ ਇੱਕੋ ਇੱਕ ਮਕਸਦ ਸਿਰਫ ਫਾਂਸੀ ਚੜ੍ਹਨ ਤਕ ਹੀ ਸੀਮਿਤ ਸੀ। ਹਕੂਮਤ ਵੱਲੋਂ ਸਰਦਾਰ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਮਾਮਲੇ ਦੀ ਕਾਰਵਾਈ ਲਈ ਤਿੰਨ ਜੱਜਾਂ ਦਾ ਟ੍ਰਿਬਿਊਨਲ ਬਣਾਇਆ ਗਿਆ। ਇਸ ਟ੍ਰਿਬਿਊਨਲ ਨੇ 7 ਅਕਤੂਬਰ 1930 ਨੂੰ ਫੈਸਲਾ ਸੁਣਾਉਂਦੇ ਹੋਏ ਸਰਦਾਰ ਭਗਤ ਸਿੰਘ, ਸੁਖਦੇਵ ਥਾਪਰ ਅਤੇ ਸ਼ਿਵਰਾਮ ਰਾਜਗੁਰੂ ਨੂੰ ਫਾਂਸੀ ਦੀ ਸਜ਼ਾ ਸੁਣਾਈ। ਜੇਲ੍ਹ ਵਿੱਚ ਭਗਤ ਸਿੰਘ ਨੂੰ ਫਾਂਸੀ ਤੋਂ ਦੋ ਘੰਟੇ ਪਹਿਲਾਂ ਉਸਦਾ ਵਕੀਲ ਪ੍ਰਾਣ ਨਾਥ ਮਹਿਤਾ ਮਿਲਣ ਆਇਆ, ਜਿਸ ਨੇ ਬਾਅਦ ਵਿੱਚ ਲਿਖਿਆ ਕੇ ਭਗਤ ਸਿੰਘ ਆਪਣੀ ਛੋਟੀ ਜਿਹੀ ਕੋਠੜੀ ਵਿੱਚ ਪਿੰਜਰੇ ਵਿੱਚ ਬੰਦ ਸ਼ੇਰ ਵਾਂਗ ਚੱਕਰ ਲਾ ਰਹੇ ਸਨ।
ਸਰਦਾਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਲਾਉਣ ਦੀ ਮਿਤੀ 24 ਮਾਰਚ 1931 ਤੈਅ ਕੀਤੀ ਗਈ ਸੀ ਪਰ 23 ਮਾਰਚ ਸਵੇਰ ਤੋਂ ਜੇਲ੍ਹ ਦੇ ਬਾਹਰ ਲੋਕਾਂ ਦੀ ਵੱਡੀ ਭੀੜ ਜੁਟਣ ਲੱਗੀ। ਇਸ ਤਰ੍ਹਾਂ ਬਗਾਵਤ ਤੋਂ ਡਰਦਿਆਂ ਅੰਗਰੇਜ਼ ਹਕੂਮਤ ਨੇ 23 ਮਾਰਚ, 1931 ਨੂੰ ਸ਼ਾਮ ਸਾਢੇ ਸੱਤ ਵਜੇ ਫਾਂਸੀ ਦੇਣ ਦੀ ਯੋਜਨਾ ਬਣਾ ਲਈ। ਜਦੋਂ ਸਰਦਾਰ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਫਾਂਸੀ ਦੇ ਤਖਤੇ ਤਕ ਲਿਜਾਣ ਲਈ ਪੁਲੀਸ ਕਰਮਚਾਰੀ ਆਏ ਤਾਂ ਕਹਿੰਦੇ ਹਨ ਕੇ ਸਰਦਾਰ ਭਗਤ ਸਿੰਘ ਉਸ ਵਕਤ ਲੈਨਿਨ ਦੀ ਜੀਵਨੀ ਪੜ੍ਹ ਰਿਹਾ ਸੀ। ਉਨ੍ਹਾਂ ਪੁਲਿਸ ਕਰਮਚਾਰੀਆਂ ਨੂੰ ਕਿਹਾ, ‘ਰੁਕੋ, ਇੱਕ ਕ੍ਰਾਂਤੀਕਾਰੀ ਦੂਜੇ ਕ੍ਰਾਂਤੀਕਾਰੀ ਨੂੰ ਮਿਲ ਰਿਹਾ ਹੈ।’
ਕੁਝ ਦੇਰ ਪਿੱਛੋਂ ਪੁਲਿਸ ਕਰਮਚਾਰੀਆਂ ਵੱਲੋਂ ਤਿੰਨਾਂ ਕ੍ਰਾਂਤੀਕਾਰੀਆਂ ਨੂੰ ਫਾਂਸੀ ਦੀ ਤਿਆਰੀ ਲਈ ਉਨ੍ਹਾਂ ਦੀਆਂ ਕੋਠੜੀਆਂ ਤੋਂ ਬਾਹਰ ਲਿਆਂਦਾ ਗਿਆ। ਫਾਂਸੀ ਦੇਣ ਲਈ ਜੱਲਾਦ ਨੂੰ ਲਾਹੌਰ ਨੇੜਿਓਂ ਸ਼ਾਹਦਰਾ ਤੋਂ ਬੁਲਾਇਆ ਗਿਆ ਸੀ। ਪਹਿਲਾ ਯੋਜਨਾ ਸੀ ਕਿ ਇਨ੍ਹਾਂ ਦਾ ਅੰਤਮ ਸੰਸਕਾਰ ਜੇਲ੍ਹ ਵਿੱਚ ਹੀ ਕਰ ਦਿੱਤਾ ਜਾਵੇਗਾ। ਪਰ ਜਦੋਂ ਅਧਿਕਾਰੀਆਂ ਨੂੰ ਇਹ ਅਹਿਸਾਸ ਹੋਇਆ ਕਿ ਜੇਲ੍ਹ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਬਾਹਰ ਖੜ੍ਹੀ ਭੀੜ ਜੇਲ੍ਹ ’ਤੇ ਹਮਲਾ ਕਰ ਸਕਦੀ ਹੈ ਤਾਂ ਉਨ੍ਹਾਂ ਨੂੰ ਇਹ ਵਿਚਾਰ ਛੱਡਣਾ ਪਿਆ। ਕਹਿੰਦੇ ਹਨ ਕੇ ਫਿਰ ਜੇਲ੍ਹ ਦੀ ਪਿਛਲੀ ਕੰਧ ਭੰਨੀ ਗਈ ਅਤੇ ਇੱਕ ਟਰੱਕ ਜੇਲ੍ਹ ਦੇ ਅੰਦਰ ਲਿਆਂਦਾ ਗਿਆ। ਉਸ ’ਤੇ ਤਿੰਨੇ ਸ਼ਹੀਦਾਂ ਦੀਆਂ ਲਾਸ਼ਾਂ ਨੂੰ ਬਹੁਤ ਬੁਰੇ ਤਰੀਕੇ ਨਾਲ ਲੱਦਿਆ ਗਿਆ। ਪਹਿਲਾਂ ਤੈਅ ਹੋਇਆ ਕੇ ਸਸਕਾਰ ਲਾਹੌਰ ਲਾਗਿਉਂ ਵਹਿੰਦੇ ਦਰਿਆ ਰਾਵੀ ਦੇ ਕੰਢੇ ਕੀਤਾ ਜਾਵੇ। ਪਰ ਰਾਵੀ ਵਿੱਚ ਪਾਣੀ ਘੱਟ ਸੀ। ਇਸ ਕਰਕੇ ਸਸਕਾਰ ਲਈ ਲਾਹੌਰ ਤੋਂ ਕੁਝ ਦੂਰ ਵਗਦੇ ਸਤਲੁਜ ਦਾ ਕੰਢਾ ਹੁਸੈਨੀਵਾਲਾ (ਫ਼ਿਰੋਜ਼ਪੁਰ) ਚੁਣਿਆ ਗਿਆ। ਉਸ ਥਾਂ ’ਤੇ ਇਨ੍ਹਾਂ ਤਿੰਨਾਂ ਸ਼ਹੀਦਾਂ ਦੀ ਯਾਦਗਾਰ ਬਣੀ ਹੋਈ ਹੈ, ਜੋ ਸਾਨੂੰ ਅਜ਼ਾਦੀ ਦੀ ਘਾਲਣਾ ਘਾਲਣ ਵਾਲੇ ਇਨ੍ਹਾਂ ਅਜ਼ਾਦੀ ਪਰਵਾਨਿਆਂ ਦੀ ਅਜ਼ਾਦੀ ਪ੍ਰਤੀ ਕੀਤੀ ਕੁਰਬਾਨੀ ਦੀ ਯਾਦ ਤਾਜ਼ਾ ਕਰਾਉਂਦੀ ਹੈ।
* * * * *
ਨੋਟ: ਹਰ ਲੇਖਕ ਸਰੋਕਾਰ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲ ਕੇ ਰੱਖੇ।
ਰਚਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ: (