GurmitPalahi8ਜਿਹੜਾ ਫਿੱਕ ਸਿੰਧੂ ਨਦੀ ਦਾ ਪਾਣੀ ਰੋਕ ਕੇਇੱਕ-ਦੂਜੇ ਦੇਸ਼ ਦੇ ਡਿਪਲੋਮੈਟ ਭਜਾ ਕੇ ...MonkeyAndTwoCats
(13 ਮਈ 2025)

 

MonkeyAndTwoCats


ਦੁਨੀਆ ਭਰ ਵਿੱਚ ਇਸ ਤੋਂ ਪਹਿਲਾਂ ਲਗਾਤਾਰ ਇੰਨੇ ਸਾਰੇ ਹਥਿਆਰਬੰਦ ਭੇੜ ਨਹੀਂ ਹੋਏ
, ਜਿੰਨੇ ਇਸ ਵੇਲੇ ਹੋ ਰਹੇ ਹਨ। ਗਲੋਬਲ ਪੀਸ ਇੰਡੈਕਸ 2024 ਦੇ ਅਨੁਸਾਰ ਲੜਨ-ਭਿੜਨ ਵਾਲੇ ਦੇਸ਼ਾਂ ਦੀ ਸੰਖਿਆ, ਦੂਜੇ ਵਿਸ਼ਵ ਯੁੱਧ ਦੇ ਬਾਅਦ ਇਸ ਸਮੇਂ ਸਭ ਤੋਂ ਵੱਧ ਹੈ। ਸਾਲ 2020 ਵਿੱਚ ਹਥਿਆਰਬੰਦ ਭੇੜਾਂ ਦੀ ਗਿਣਤੀ 56 ਅਤੇ 2024 ਵਿੱਚ 59 ਹੋ ਗਈ। ਸਾਲ 2023 ਵਿੱਚ ਇਜ਼ਰਾਇਲ-ਹਮਾਸ ਅਤੇ ਯੂਕਰੇਨ-ਰੂਸ, ਮਿਆਂਮਾਰ ਗ੍ਰਹਿ ਯੁੱਧ, ਸੁਡਾਨ ਗ੍ਰਹਿ ਯੁੱਧ ਲੜੇ ਗਏ, ਜਿਨ੍ਹਾਂ ਵਿੱਚ 10 ਹਜ਼ਾਰ ਤੋਂ ਵੱਧ ਲੋਕ ਮਰੇ।

ਜਾਣਕਾਰਾਂ ਦੀ ਅਸ਼ੰਕਾ ਹੈ ਕਿ 2025 ਵਿੱਚ ਇਜ਼ਰਾਇਲ, ਗਾਜ਼ਾ, ਲੈਬਨਾਨ, ਇਰਾਨ, ਇਰਾਕ, ਸੀਰੀਆ, ਯਮਨ, ਪਾਕਿਸਤਾਨ, ਯੁਗਾਂਡਾ ਆਦਿ ਵਿੱਚ ਹਾਲਾਤ ਖਰਾਬ ਹੋ ਜਾਣਗੇ। ਅਮਰੀਕਾ ਨੇ ਇਨ੍ਹਾਂ ਵਿੱਚੋਂ ਕਈ ਦੇਸ਼ਾਂ ਨੂੰ ਪਹਿਲਾਂ ਹੀ ਉਕਸਾਇਆ ਹੋਇਆ ਹੈ। 2022 ਵਿੱਚ ਅਮਰੀਕਾ ਨੇ ਇਕੱਲੇ ਯੁਕਰੇਨ ਨੂੰ 18.1 ਅਰਬ ਡਾਲਰ ਦੇ ਹਥਿਆਰ ਦਿੱਤੇ। 2023 ਵਿੱਚ ਇਹ ਵਧ ਕੇ 80.9 ਅਰਬ ਡਾਲਰ ਹੋ ਗਏ। ਦੁਨੀਆ ਭਰ ਵਿੱਚ ਹਥਿਆਰਾਂ ਦੀ ਵਿਕਰੀ 238 ਅਰਬ ਡਾਲਰ ਦੀ ਸੀ, ਜਿਸ ਵਿੱਚ 81 ਅਰਬ ਡਾਲਰ ਦੀ ਸਿੱਧੀ ਵਿਕਰੀ ਸਿਰਫ਼ ਅਮਰੀਕਾ ਸਰਕਾਰ ਨੇ ਕੀਤੀ, ਜੋ 2022 ਨਾਲੋਂ 56 ਫੀਸਦ ਵੱਧ ਹੈ। 2023 ਵਿੱਚ ਅਮਰੀਕਾ ਨੇ ਇਜ਼ਰਾਇਲ ਨੂੰ 21.2 ਅਰਬ ਡਾਲਰ ਦਿੱਤੇ 2024 ਵਿੱਚ ਇਹ ਵਧ ਕੇ 42.76 ਅਰਬ ਡਾਲਰ ਹੋ ਗਏ।

ਲਗਭਗ ਸਾਰੇ ਮਹਾਂਦੀਪ ਸੰਘਰਸ਼ ਅਤੇ ਯੁੱਧ ਦੇ ਦੌਰ ਵਿੱਚ ਹਨ ਅਤੇ ਹਥਿਆਰਾਂ ਦੀ ਦੌੜ ਵਿੱਚ ਸ਼ਾਮਲ ਹਨ। ਹੋਰ ਸਭ ਅਮੀਰ ਮੁਲਕਾਂ ਨਾਲੋਂ ਅਮਰੀਕਾ ਇਸ ਦੌੜ ਵਿੱਚ ਸਭ ਤੋਂ ਅੱਗੇ ਹੈ। ਉਹ ਆਪਣੇ ਹਥਿਆਰਾਂ ਦੇ ਵਪਾਰ ਅਤੇ ਵਪਾਰਕ ਹਿਤਾਂ ਲਈ ਹਰ ਹਰਬਾ ਵਰਤ ਰਿਹਾ ਹੈ। ਅਮਰੀਕਾ ਦੀ ਟਰੰਪ ਸਰਕਾਰ ਨੇ ਦੁਨੀਆ ਦੇ ਸਾਰੇ ਦੇਸ਼ਾਂ ਨਾਲ ਵਪਾਰਕ ਜੰਗ ਛੇੜੀ ਹੋਈ ਹੈ। ਗਾਜ਼ਾ ਅਤੇ ਯੁਕਰੇਨ ਵਿੱਚ ਅਮਰੀਕਾ ਦੀ ਸਿੱਧੇ-ਅਸਿੱਧੇ ਦਖਲ ਨਾਲ ਗਹਿਰੀ ਸ਼ਮੂਲੀਅਤ ਹੈ।

2025 ਵਿੱਚ ਅੱਤ ਘਿਨਾਉਣੀ “ਪਹਿਲਗਾਮ” ਘਟਨਾ ਤੋਂ ਬਾਅਦ ਪਾਕਿ-ਭਾਰਤ ਯੁੱਧ ਨੇ ਦੱਖਣੀ ਏਸ਼ੀਆ ਖਿੱਤੇ ਵਿੱਚ ਅਸਥਿਰਤਾ ਪੈਦਾ ਕਰ ਦਿੱਤੀ। ਅਚਾਨਕ ਜੰਗਬੰਦੀ ਦਾ ਐਲਾਨ ਹੋ ਗਿਆ। ਦੋਹਾਂ ਪਾਸਿਆਂ ਦੀ ਜਨਤਾ ਦੇ ਮਨਾਂ ਵਿੱਚ ਖ਼ੁਸ਼ੀ ਹੈ, ਕਿਉਂਕਿ ਉਹ ਤਾਂ ਜੰਗ ਚਾਹੁੰਦੀ ਹੀ ਨਹੀਂ ਸੀ ਸਗੋਂ ਇਹ ਜੰਗ ਤਾਂ ਉਹਨਾਂ ਉੱਤੇ ਥੋਪੀ ਜਾ ਰਹੀ ਸੀ। ਲੋਕਾਂ ਵਿੱਚ ਪਰੇਸ਼ਾਨੀ ਸੀ। ਕਈ ਰਾਤਾਂ ਤੋਂ ਉਹਨਾਂ ਸੌਂ ਕੇ ਨਹੀਂ ਵੇਖਿਆ। ਆਖਰ ਇਹ ਮਾਜਰਾ ਹੈ ਕੀ ਸੀ? ਆਖਰ ਇਹ ਗੱਲ ਇੰਨੀ ਜਲਦੀ ਨਿੱਬੜ ਕਿਵੇਂ ਗਈ? ਆਖਰ ਦੋਹਾਂ ਦੇਸ਼ਾਂ ਦੇ ‘ਸੇਵਕ’ ਚੁੱਪ ਚੁਪੀਤੇ ‘ਥਾਣੇਦਾਰ ਟਰੰਪ’ ਦੀ ਗੱਲ ਕਿਵੇਂ ਮੰਨ ਗਏ? ਆਖਰ ਇਨ੍ਹਾਂ ਮੁਲਕਾਂ ਦੇ ਇਨ੍ਹਾਂ ‘ਰਾਖਿਆਂ’ ਨੂੰ ਲੋਕਾਂ ਨੂੰ ਜੰਗ ਵਿੱਚ ਝੋਕਣ ਦਾ ਫ਼ਾਇਦਾ ਕੀ ਮਿਲਿਆ?

ਪਾਕਿਸਤਾਨ ਇਸ ਜੰਗ ਦੀ ਆੜ ਵਿੱਚ 2.3 ਅਰਬ ਡਾਲਰ ਦਾ ਆਈ.ਐੱਮ.ਐੱਫ. ਅੰਤਰਰਾਸ਼ਟਰੀ ਕਰਜ਼ਾ ਪ੍ਰਾਪਤ ਕਰ ਗਿਆ ਅਤੇ ਸਾਡੇ ਹਾਕਮ ਨੇ ‘ਬਿਹਾਰ’ ਦੀ ਚੋਣ ਜਿੱਤਣ ਦਾ ਮਾਹੌਲ ਸਿਰਜਣ ਲਈ ਜੋ ਬਿਸਾਤ ਵਿਛਾਈ ਸੀ, ਉਸ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਵਿੱਚ ਕਾਮਯਾਬ ਹੋ ਗਿਆ। ਪਰ ਇੱਕ ਗੱਲ ਜਿਹੜੀ ਉਹ ਨਹੀਂ ਕਰ ਸਕਿਆ, ਉਹ ‘ਹਿੰਦੂ’, ‘ਮੁਸਲਮਾਨਾਂ’ ਦਾ ਫਸਾਦ ਨਾ ਕਰਵਾ ਸਕਿਆ ਜਾਂ ਕਹਿ ਲਈਏ ਆਪਣੇ ਉਸ ਮਨਸੂਬੇ ਵਿੱਚ ਸਫ਼ਲ ਨਹੀਂ ਹੋ ਸਕਿਆ, ਜਿਸ ਨੂੰ ਸਿਰੇ ਚੜ੍ਹਾਉਣਾ ਉਸਨੇ ਚਿਤਵਿਆ ਸੀ। ਕੀ ਸੱਚ-ਮੁੱਚ ਸਾਡੇ ‘ਹਾਕਮ’ ਦੇ ਮਨ ਵਿੱਚ ‘ਅੱਤਵਾਦੀਆਂ’ ਨੂੰ ਸਬਕ ਸਿਖਾਉਣ ਅਤੇ ਉਹਨਾਂ ਦੇ ਪਾਲਣਹਾਰੇ ਪਾਕਿਸਤਾਨੀ ਹੁਕਮਰਾਨਾਂ ਨੂੰ ਸਬਕ ਸਿਖਾਉਣ ਦੀ ਮਨਸ਼ਾ ਸੀ ਜਾਂ ਮਨਸੂਬਾ ਸਿਰਫ਼ ਆਪਣੀ ਗੱਦੀ ਨੂੰ ਪੱਕਿਆਂ ਕਰਨਾ ਸੀ? ਕਹਿੰਦੇ ਹਨ ਸਰਵਿਆਂ ਅਨੁਸਾਰ ਬਿਹਾਰ ਵਿੱਚ ਚੋਣ ‘ਸੱਤਾਧਾਰੀ’ ਹਾਰ ਰਹੇ ਸਨ, ਜਿਸਦਾ ਅਸਰ ਸਿਰਫ਼ ਬਿਹਾਰ ਚੋਣਾਂ ਵਿੱਚ ਹੀ ਨਹੀਂ ਸੀ ਪੈਣਾ, ਸਗੋਂ ਕੇਂਦਰ ਸਰਕਾਰ ਵੀ ‘ਤੜੱਕ ਕਰਕੇ’ ਨਿਤੀਸ਼ ਕੁਮਾਰ ਕਾਰਨ ਡਿਗ ਪੈਣੀ ਸੀ।

ਰਹੀ ਗੱਲ ਟਰੰਪ ਦੀ, ਉਸ ਨੂੰ ਆਪਣੇ ਹਿਤ ਪਿਆਰੇ ਹਨ। ਉਸਨੇ ਤਾਂ ਆਪਣਾ ਫ਼ੌਜੀ ਸਮਾਨ ਵੇਚਣਾ ਹੈ। ਦੁਨੀਆ ਦਾ ਸਭ ਤੋਂ ਵੱਡਾ ਸੌਦਾਗਰ ਇਸ ਗੱਲ ਲਈ ਮਸ਼ਹੂਰ ਹੈ ਕਿ ਉਹ ਦੇਸ਼ਾਂ ਨੂੰ ਆਪਸ ਵਿੱਚ ਲੜਾਉਂਦਾ ਹੈ ਅਤੇ ਆਪਣੇ ਹਥਿਆਰ ਵੇਚਦਾ ਹੈ, ਚੋਖਾ ਮੁਨਾਫ਼ਾ ਕਮਾਉਂਦਾ ਹੈ। ਟਰੰਪ ਪ੍ਰਸ਼ਾਸਨ ਤਾਂ ਇਸ ਵੇਲੇ ਦੁਨੀਆ ਭਰ ਵਿੱਚ ਧੌਂਸ-ਧੱਕੇ ਲਈ ਮਸ਼ਹੂਰ ਹੈ, ਜਿਸ ਵੱਲੋਂ ਦੁਨੀਆਂ ਦੇ ਹਿਤ ਲਾਂਭੇ ਰੱਖ ਕੇ ਅਮਰੀਕੀ ਰਾਸ਼ਟਰਵਾਦ ਨੂੰ ਉਤਸ਼ਾਹਿਤ ਕਰਨ ਲਈ ਸਿਰਫ਼ ਗੱਲਾਂ ਹੀ ਨਹੀਂ ਕੀਤੀਆਂ ਜਾ ਰਹੀਆਂ, ਸਗੋਂ ਅਮਲੀ ਕਦਮ ਵੀ ਪੁੱਟੇ ਜਾ ਰਹੇ ਹਨ। ਅਸਲ ਅਰਥਾਂ ਵਿੱਚ ਟਰੰਪ ਜੰਗ ਲਗਵਾਉਂਦਾ ਵੀ ਹੈ ਅਤੇ ਆਪਣੇ ਹਿਤਾਂ ਦੀ ਪੂਰਤੀ ਲਈ ਅਤੇ ਭੱਲ ਖੱਟਣ ਲਈ ਜੰਗ ਰੁਕਵਾਉਂਦਾ ਵੀ ਹੈ। ਹਿੰਦੁਸਤਾਨ-ਪਾਕਿਸਤਾਨ ਦੀ ਜੰਗ ਵਿੱਚ ਇੱਕ ਵਿਚੋਲੇ ਦਾ ਰੋਲ ਅਦਾ ਕਰਕੇ, ਉਹ ਅਮਨ ਦਾ ਮਸੀਹਾ ਬਣਨ ਦੇ ਯਤਨ ਵਿੱਚ ਹੈ। ਪਰ ਕੀ ਇਹ ਸੱਚ-ਮੁੱਚ ਇਵੇਂ ਹੀ ਹੈ? ਜੇ ਹੈ ਤਾਂ ਰੂਸ- ਯੁਕਰੇਨ ਜੰਗ ਵਿੱਚ ਉਸਦੀ ਭੂਮਿਕਾ ਇੱਕ ਪੱਖੀ ਕਿਉਂ ਹੈ? ਜੇ ਹੈ ਤਾਂ ਇਜ਼ਰਾਇਲ-ਹਮਾਸ ਵਿੱਚ ਉਸ ਦਾ ਰੋਲ ਇੱਕ ਪਾਸੜ ਕਿਉਂ ਹੈ?

ਇਸ ਸਮੇਂ ਭਾਰਤ-ਪਾਕਿ ਜੰਗ ਅਤੇ ਜੰਗਬੰਦੀ ਵਿੱਚ ਟਰੰਪ ਦੀ ਭੂਮਿਕਾ ਦੀ ਵੱਡੀ ਚਰਚਾ ਹੈ। ਉਸਦਾ ਮਕਸਦ ਆਪਣਾ ਵਪਾਰ ਵਧਾਉਣਾ ਹੈ ਅਤੇ ਟਰੰਪ ਦੇ ਸ਼ਬਦਾਂ ਵਿੱਚ, “ਦੋਵੇਂ ਧਿਰਾਂ ਉਸਦੀਆਂ ‘ਪਿਆਰੀਆਂਹਨ।” ਉਸ ਨੇ ਦੋਹਾਂ ਪਹਿਲਵਾਨਾਂ ਨੂੰ ਉਦੋਂ ਤਕ ਲੜਨ ਦਿੱਤਾ, ਜਦੋਂ ਤਕ ਉਸ ਨੇ ਚਾਹਿਆ ਜਾਂ ਜਿੱਥੋਂ ਤਕ ਉਸਦਾ ਹਿਤ ਸਾਧਿਆ ਮੰਨਿਆ ਗਿਆ। ਉਂਝ ਪਾਕਿਸਤਾਨ ਧਿਰ, ਉੱਥੋਂ ਦੇ ਹਾਕਮ ਪਰੇਸ਼ਾਨ ਹਨ ਉੱਥੋਂ ਦੀ ਫ਼ੌਜ ਅਤੇ ਉੱਥੋਂ ਦੇ ਅੱਤਵਾਦੀ ਸੰਗਠਨਾਂ ਤੋਂ, ਜਿਹੜੇ ਚੈਨ ਨਾਲ਼ ਉਹਨਾਂ ਨੂੰ ਰਾਜ ਨਹੀਂ ਕਰਨ ਦਿੰਦੇ। ਇਹੋ ਵਜਾਹ ਹੈ ਕਿ ਉਸ ਦੀ “ਸੈਨਾ” ਅਤੇ “ਅੱਤਵਾਦੀਆਂ” ਨੂੰ ਭਾਰਤ ਦੇ ਗਲ ਪਾਈ ਰੱਖਦੇ ਹਨ। ਪਰ ਇਸ ਸਭ ਕੁਝ ਦਾ ਸਭ ਤੋਂ ਭੈੜਾ ਅਸਰ ਪੰਜਾਬ ’ਤੇ ਪੈਂਦਾ ਹੈ। ਹੁਣ ਜਦੋਂ ਦੋਵੇਂ ਲਹਿੰਦੇ ਅਤੇ ਚੜ੍ਹਦੇ ਪੰਜਾਬ ਦੇ ਲੋਕ ਨੇੜੇ ਆ ਰਹੇ ਸਨ ਅਤੇ ਹੁਣ ਵੀ ਨੇੜੇ ਹਨ, ਦੂਰ ਨਹੀਂ, ਸਰਹੱਦ ਪਾਰ ਆਪਸੀ ਵਪਾਰ ਦੀਆਂ ਗੱਲਾਂ ਕਰਨ ਲੱਗ ਪਏ ਸਨ। ਇਹ ਗੱਲਾਂ ਹਾਕਮ ਨੂੰ ਸੁਖਾਂਦੀਆਂ ਨਹੀਂ। ਇਹੋ ਜਿਹਾ ‘ਸੀਨ’ ਕੁਝ ਦਿਨਾਂ ਵਿੱਚ ਸਿਰਜ ਦਿੱਤਾ, ਦੋਹਾਂ ਧਿਰਾਂ ਦੀਆਂ ਸਵਾਰਥੀ ਹਾਕਮ ਧਿਰਾਂ ਨੇ,ਕਿ ਜੰਗ ਭਖ਼ ਪਈ, ਨੁਕਸਾਨ ਹੋਣ ਲੱਗ ਪਿਆ। ਠਾਹ-ਠੂਹ ਹੋਣ ਲੱਗ ਪਈ। ਲੋਕਾਂ ਦਾ ਚੈਨ ਵਿਗੜ ਗਿਆ ਅਤੇ ਵੱਡੇ ਨੁਕਸਾਨ ਦਾ ਖਦਸ਼ਾ ਅਤੇ ਮੌਤ ਦਾ ਡਰ ਮੰਡਲਾਉਣ ਲੱਗ ਪਿਆ।

ਅੰਦਾਜ਼ਾ ਲਾਉਣਾ ਮੁਸ਼ਕਿਲ ਨਹੀਂ ਕਿ ਇਸ ਜੰਗ ਨਾਲ ਲੋਕਾਂ ਦਾ ਕਿੰਨਾ ਨੁਕਸਾਨ ਹੋਇਆ, ਕਿੰਨੇ ਵਿਸ਼ਵਾਸ ਤਿੜਕੇ, ਕਿੰਨੇ ਰਿਸ਼ਤੇ ਟੁੱਟੇ, ਕਿੰਨੇ ਹਿੰਦੁਸਤਾਨੀ, ਪਾਕਿਸਤਾਨੀ ਪਰੇਸ਼ਾਨ ਹੋਏ। ਉਹਨਾਂ ਕਿੰਨਾ ਮਾਨਸਿਕ ਸੰਤਾਪ ਹੰਢਾਇਆ, ਜਿਹੜੇ ਇੱਧਰ-ਉੱਧਰ ਵਿਆਹਾਂ ਬੰਧਨ ਵਿੱਚ ਬੱਧੇ ਹੋਏ ਹਨ।

ਆਖਰ ਇਹ ਸਿਆਸਤ, ਹਾਕਮਾਂ ਦਾ ਇਹ ਚਿਹਰਾ, ਜਿਹੜਾ ਅਮਰੀਕੀ ਟਰੰਪ, ਰੂਸੀ ਪੁਤਿਨ ਤੋਂ ਸ਼ੁਰੂ ਹੁੰਦਾ ਹੈ ਅਤੇ ਸਾਡੇ ਹਾਕਮ ਤਕ ਪੁੱਜਦਾ ਹੈ, ਜਦੋਂ ਬੇਨਕਾਬ ਹੁੰਦਾ ਹੈ ਤਾਂ ਲੋਕਾਂ ਦੇ ਮਨਾਂ ਵਿੱਚ “ਲੋਕਤੰਤਰ”, “ਅਮਨ ਦੀ ਬਾਤ”, “ਲੋਕ ਹਿਤੈਸ਼ੀ” ਯੋਜਨਾਵਾਂ ਅਤੇ ਪਖੰਡ ਦਾ ਪਰਦਾਫਾਸ਼ ਹੁੰਦਾ ਹੈ।

ਸੱਚਮੁੱਚ ਜੇਕਰ ਭਾਰਤ-ਪਾਕਿ ਦੇ ਹਾਕਮ ਆਪ ਹੀ ਵਿਚਾਰ ਲੈਂਦੇ ਕਿ ਜੋ ਘਟਨਾ “ਪਹਿਲਗਾਮ” ਵਿੱਚ ਵਾਪਰੀ, ਉਸ ਦਾ ਨਿਰਣਾ ਕਰਕੇ ਦੋਸ਼ੀਆਂ ਨੂੰ ਸਜ਼ਾ ਮਿਲਦੀ ਅਤੇ ਉਹ ਵੀ ਆਪਸੀ ਗੱਲਬਾਤ ਅਤੇ ਆਪਸੀ ਭਰੋਸੇ ਨਾਲ ਤਾਂ ਦੋਹਾਂ ਦੇਸ਼ਾਂ ਵਿੱਚ ਜਿਹੜਾ ਫਿੱਕ ਸਿੰਧੂ ਨਦੀ ਦਾ ਪਾਣੀ ਰੋਕ ਕੇ, ਇੱਕ-ਦੂਜੇ ਦੇਸ਼ ਦੇ ਡਿਪਲੋਮੈਟ ਆਪੋ-ਆਪਣੇ ਦੇਸ਼ਾਂ ਤੋਂ ਭਜਾ ਕੇ ਅਤੇ ਆਪਸੀ ਕੁੜੱਤਣ ਭਰ ਕੇ ਪਾਇਆ ਗਿਆ ਹੈ, ਉਹ ਇੰਞ ਨਾ ਹੁੰਦਾ ਤੇ ਦੁਨੀਆ ਦੇ ਵੱਡੇ ਵਪਾਰੀ ‘ਟਰੰਪ’ ਨੂੰ ਦੋਂਹ ਮੁਲਕਾਂ ਦੀ ‘ਪ੍ਰਭੂਸੱਤਾ’ ਨੂੰ ਆਪਣੇ ਪੈਰਾਂ ਹੇਠ ਮਿੱਧਣ ਦਾ ਮੌਕਾ ਹੀ ਨਾ ਮਿਲ਼ਦਾ।

ਕੀ ਭਾਰਤ ਵੱਲੋਂ ਰੱਦ ਕੀਤਾ ਸਿੰਧੂ ਨਦੀ ਸਮਝੌਤਾ ਅਤੇ ਪਾਕਿਸਤਾਨ ਵੱਲੋਂ ਰੱਦ ਕੀਤਾ ਸ਼ਿਮਲਾ ਸਮਝੌਤਾ ਅਤੇ ਕਸ਼ਮੀਰ ਦਾ ਮਸਲਾ ਹੁਣ ਅਮਰੀਕਾ ਦੀ ਵਿਚੋਲਗੀ ਨਾਲ ਹੀ ਹੱਲ ਹੋਏਗਾ, ਜਿਸ ਸੰਬੰਧੀ ਭਾਰਤ ਦੋਹਾਂ ਦੇਸ਼ਾਂ ਵਿੱਚ ਕਿਸੇ ਦੇਸ਼ ਦੀ ਵਿਚੋਲਗੀ ਪਿਛਲੇ ਸਮੇਂ ਵਿੱਚ ਪ੍ਰਵਾਨ ਨਹੀਂ ਕਰਦਾ ਰਿਹਾ

ਬਿਨਾਂ ਸ਼ੱਕ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਸਵਾਗਤਯੋਗ ਸਕਾਰਾਤਮਕ ਅਤੇ ਜ਼ਰੂਰੀ ਕਦਮ ਹੈ। ਪਰ ਜੰਗਬੰਦੀ ਨੂੰ ਸੁਲਝਾਉਣ ਲਈ ਅਮਰੀਕਾ ਦੀ ਕਥਿਤ ਸ਼ਮੂਲੀਅਤ ਚਿੰਤਾਜਨਕ ਹੈ। ਕੀ ਇਸ ਨਾਲ ਦੱਖਣੀ ਏਸ਼ੀਆ ਵਿੱਚ ਅਮਰੀਕਾ ਦੀ ਆਮ ਸਰਦਾਰੀ ਅਤੇ ਅਸਥਿਰਤਾ ਵਿੱਚ ਭੂਮਿਕਾ ਨਿਭਾਉਣ ਦਾ ਰਾਹ ਨਹੀਂ ਖੁੱਲ੍ਹਦਾ? ਚਾਹੀਦਾ ਤਾਂ ਇਹ ਸੀ ਕਿ ਦੋਵੇਂ ਦੇਸ਼ਾਂ ਦੇ ਨੇਤਾ ਸਾਮਰਾਜਵਾਦੀ ਦਖ਼ਲਅੰਦਾਜ਼ੀ ਨੂੰ ਰੱਦ ਕਰਕੇ ਆਪਸੀ ਵਿਸ਼ਵਾਸ, ਸਤਕਾਰ ਅਤੇ ਲੋਕਾਂ ਦੀ ਇੱਛਾਵਾਂ ’ਤੇ ਅਧਾਰਤ ਕੰਮ ਕਰਦੇ, ਕਿਉਂਕਿ ਦੋਹਾਂ ਦੇਸ਼ਾਂ ਦੇ ਲੋਕ ਜੰਗ ਨਹੀਂ, ਅਮਨ ਚਾਹੁੰਦੇ ਹਨ। ਵੇਖਣਾ ਇਹ ਵੀ ਹੋਵੇਗਾ ਕਿ ਅਮਰੀਕਾ ਦੁਆਰਾ ਕੀਤੀ ਵਿਚੋਲਗੀ ਆਖਰ ਹੈ ਕੀ ਸੀ?

ਇਸ ਸੰਬੰਧੀ ਟਰੰਪ ਦਾ ਬਿਆਨ ਪੜ੍ਹਨ ਵਾਲਾ ਹੈ, ਜੋ ਉਸਦੀ ਸ਼ਾਹੂਕਾਰੀ, ਵਪਾਰਕ ਸੋਚ ਦੀ ਤਰਜ਼ਮਾਨੀ ਕਰਨ ਵਾਲਾ ਅਤੇ ਅਮਰੀਕੀ ਹਿਤ ਸਾਧਣ ਵਾਲਾ ਹੈ।

ਟਰੰਪ ਦੇ ਬਿਆਨ ਦੇ ਕੁਝ ਅੰਸ਼ ਪੜ੍ਹੋ, “ਮੈਨੂੰ ਮਾਣ ਹੈ ਕਿ ਅਮਰੀਕਾ ਇਸ ਇਤਿਹਾਸਕ ਅਤੇ ਦਲੇਰਾਨਾ ਫ਼ੈਸਲੇ ’ਤੇ ਪਹੁੰਚਣ ਵਿੱਚ ਤੁਹਾਡੀ ਮਦਦ ਕਰਨ ਦੇ ਯੋਗ ਸੀ। ਭਾਵੇਂ ਇਸ ਬਾਰੇ ਚਰਚਾ ਨਹੀਂ ਕੀਤੀ ਗਈ, ਮੈਂ ਇਨ੍ਹਾਂ ਦੋਹਾਂ ਮਹਾਨ ਦੇਸ਼ਾਂ ਨਾਲ ਵਪਾਰ ਨੂੰ ਕਾਫ਼ੀ ਹੱਦ ਤਕ ਵਧਾਉਣ ਜਾ ਰਿਹਾ ਹਾਂ” ਵਪਾਰੀ, ਚੌਧਰ, ਸਿਹਰਾ ਤਿੰਨ ਸ਼ਬਦ ਹਨ, ਜੋ ਟਰੰਪ ਕਾਰਡ ਦੀ ਤਰਜਮਾਨੀ ਕਰਨ ਵਾਲੇ ਹਨ।

ਜੇਕਰ ਸੱਚਮੁੱਚ ਭਾਰਤ ਮਹਾਨ ਬਣ ਰਿਹਾ ਹੈ, ਜੇਕਰ ਸੱਚਮੁੱਚ ਭਾਰਤ ਵੱਡੀ ਆਰਥਿਕ ਸ਼ਕਤੀ ਬਣ ਰਿਹਾ ਹੈ ਤਾਂ ਉਹ ‘ਚੀਨ’ ਵਾਂਗ ਦੁਨੀਆਂ ਦੇ ਵੱਡੇ ‘ਥਾਣੇਦਾਰ’ ਦੇ ਵਿਰੁੱਧ ਹਿੱਕ ਡਾਹ ਕੇ ਕਿਉਂ ਨਹੀਂ ਖੜ੍ਹਦਾ? ਕਿਉਂ ਉਸਦੀਆਂ ਟੈਰਿਫ ਸ਼ਰਤਾਂ ਅਤੇ ਹੋਰ ਹੁਕਮਾਂ ਨੂੰ ਅੱਖਾਂ ਮੀਟਕੇ ਮੰਨ ਕੇ ਉਸ ਦੀ ‘ਜੀ-ਹਜ਼ੂਰੀ’ ਕਰ ਰਿਹਾ ਹੈ?

ਅੱਜ ਟਰੰਪ ਨੇ ਦੋਹਾਂ ਦੇਸ਼ਾਂ ਨੂੰ ਆਪਣੀ ਮੁੱਠੀ ਵਿੱਚ ਕਰਕੇ ਇਹੋ ਜਿਹਾ ਪੱਤਾ ਖੇਡਿਆ ਹੈ, ਜਿਸ ਨਾਲ ਦੇਸ਼ ਭਾਰਤ ਦਾ ‘ਵੱਡੇ ਹੋਣ ਦਾ ਵਕਾਰ’ ਦਾਅਵਾ ਦਾਅ ’ਤੇ ਲੱਗ ਗਿਆ ਹੈ।

*       *       *       *      *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
ਪਾਠਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਲਈ ਸਰੋਕਾਰ ਨਾਲ ਸੰਪਰਕ ਕਰੋ: (This email address is being protected from spambots. You need JavaScript enabled to view it.om)

About the Author

Gurmit S Palahi

Gurmit S Palahi

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author