“ਸਿੱਟਾ ਇਹ ਨਿਕਲਦਾ ਹੈ ਕਿ ਮਜ਼ਦੂਰ ਦੇ ਸਿਰ ’ਤੇ ਅਮੀਰ ਹੋਰ ਅਮੀਰ ਹੋਈ ਜਾਂਦਾ ਹੈ ...”
(26 ਮਈ 2025)
ਮੇਰੇ ਪਿਤਾ ਜੀ ਨੇ ਬਚਪਨ ਵਿੱਚ ਇੱਕ ਵਾਰ ਸ਼ਾਮ ਦੇ ਸਮੇਂ ਮੈਨੂੰ ਆਵਾਜ਼ ਮਾਰੀ ਅਤੇ ਕਿਹਾ, “ਮੇਰੀ ਜੇਬ ਵਿੱਚੋਂ ਕਣਕ ਵੱਢਕੇ ਆਏ ਮਜ਼ਦੂਰ ਨੂੰ ਦਿਹਾੜੀ ਦੇ ਪੈਸੇ ਦਿਉ।”
ਮੈਂ ਆਨਾ-ਕਾਨੀ ਕਰਦਿਆਂ ਕਿਹਾ ਕਿ ਨਹੀਂ, ਸਵੇਰ ਨੂੰ ਇਕੱਠੇ ਦੇ ਦਿਆਂਗੇ। ਪਰ ਮੇਰੇ ਪਿਤਾ ਜੀ ਨੇ ਮੈਨੂੰ ਸਬਕ ਦਿੱਤਾ, “ਪੁੱਤ ਮਜ਼ਦੂਰ ਨੂੰ ਪਸੀਨਾ ਸੁੱਕਣ ਤੋਂ ਪਹਿਲਾਂ ਉਸ ਦੀ ਮਜ਼ਦੂਰੀ ਦੇਣੀ ਚਾਹੀਦੀ ਹੈ।”
ਅੱਜ ਜਦੋਂ ਮੈਂ ਮਜ਼ਦੂਰ ਵਰਗ ਦੀ ਤਰਾਸਦੀ ਵੱਲ ਦੇਖਦਾ ਹਾਂ ਤਾਂ ਪਿਤਾ ਜੀ ਦੀ ਦਿੱਤਾ ਸਬਕ ਯਾਦ ਆ ਜਾਂਦਾ ਹੈ। ਸਮਾਜ, ਕੌਮ ਅਤੇ ਮੁਲਕ ਦੀ ਬੁਨਿਆਦ ਮਜ਼ਦੂਰ ਜਮਾਤ ਉੱਤੇ ਨਿਰਭਰ ਕਰਦੀ ਹੈ। ਭਾਵੇਂ ਮਸ਼ੀਨੀ ਯੁਗ ਕਰਕੇ ਮਜ਼ਦੂਰ ਦੀ ਕੀਮਤ ਘੱਟ ਸਮਝੀ ਜਾਣ ਲੱਗੀ ਹੈ ਪਰ ਆਖਰ ਹੱਥ ਹਿਲਾਉਣਾ ਹੀ ਪੈਂਦਾ ਹੈ। ਜਦੋਂ ਹੱਥ ਹਿਲਾਉਣਾ ਪੈਂਦਾ ਹੈ ਤਾਂ ਉਹ ਇੱਕ ਕਿਸਮ ਦਾ ਮਜ਼ਦੂਰ ਹੀ ਹੁੰਦਾ ਹੈ। ਮਜ਼ਦੂਰ ਨਾਲ ਬੇ-ਇਨਸਾਫੀ ਅਤੇ ਹੱਕ ਮਰਨਾ ਸ਼ੁਰੂ ਤੋਂ ਨਾਲ ਹੀ ਰਿਹਾ। ਕਿਰਤੀ ਦੀ ਕਦਰ ਕਰਨਾ ਮਨੁੱਖਤਾ ਦਾ ਸੁਭਾਅ ਹੋਣਾ ਚਾਹੀਦਾ ਸੀ ਪਰ ਇਸ ਨੂੰ ਬੂਰ ਨਹੀਂ ਪਿਆ। ਕਿਰਤੀ ਮਜ਼ਦੂਰ ਦੀ ਉਪਜ ਧਨ ਹੰਦੀ ਹੈ। ਕਿਰਤੀ ਜਮਾਤ ਇਸ ਧਨ ਦਾ ਖਜ਼ਾਨਾ ਹੁੰਦੀ ਹੈ। ਪੁਆੜਾ ਉਦੋਂ ਪੈਂਦਾ ਹੈ ਜਦੋਂ ਮਜ਼ਦੂਰ ਕਿਰਤੀ ਦੀ ਮਿਹਨਤ ਅਤੇ ਉਪਜ ਨੂੰ ਕੋਈ ਹੋਰ ਆਪਣੀ ਨਿੱਜੀ ਸਮਝ ਲੈਂਦਾ ਹੈ। ਕਿਰਤੀ ਇੱਕ ਸੂਖਮ ਜੀਵ ਹੈ ਜਦੋਂ ਕਿ ਮੋਟਾ ਪੂੰਜੀਵਾਦ ਇਨ੍ਹਾਂ ਨੂੰ ਖਾਈ ਜਾ ਰਿਹਾ ਹਨ। ਛੋਟਿਆਂ ਕੋਲ ਮਜ਼ਦੂਰ ਵਰਗ ਲਈ ਕੁਝ ਕਰਨ ਦੀ ਗੁੰਜਾਇਸ਼ ਹੈ ਪਰ ਵੱਡੇ ਤਾਂ ਮਜ਼ਦੂਰ ਦੀ ਸ਼ਕਤੀ ਨੂੰ ਹੜੱਪਣ ਦੀ ਕੋਸ਼ਿਸ਼ ਵਿੱਚ ਰਹਿੰਦੇ ਹਨ। ਅੱਜ ਦੇ ਮਜ਼ਦੂਰ ਦਾ ਹਾਲ, ਸਮਾਜਿਕ ਢਾਂਚਾ ਅਤੇ ਜੀਵਨ ਜਾਂਚ ਦੇਖੀ, ਘੋਖੀ ਅਤੇ ਪਰਖੀ ਜਾਵੇ ਤਾਂ ਇਹ ਵਰਗ ਵਿਤਕਰੇ ਅਤੇ ਨਾ-ਇਨਸਾਫੀ ਤੋਂ ਬੇਹੱਦ ਪ੍ਰਭਾਵਤ ਹੈ। ਇਤਿਹਾਸ ਗਵਾਹ ਹੈ ਕਿ ਮਜ਼ਦੂਰ ਕਿਰਤ ਵਿੱਚ ਖੁੱਭ ਕੇ ਜੀਵਨ ਜਿਊਂਦਾ ਹੈ ਪਰ ਕੁੱਲੀ, ਗੁੱਲੀ ਅਤੇ ਜੁੱਲੀ ਲਈ ਤਰਸਦਾ ਰਹਿੰਦਾ ਹੈ। ਸਭ ਤੋਂ ਵੱਧ ਲਾਚਾਰੀ ਉਦੋਂ ਹੁੰਦੀ ਉਜਾਗਰ ਹੁੰਦੀ ਹੈ ਜਦੋਂ ਉਸ ਨੂੰ ਆਪਣੇ ਬੱਚਿਆਂ ਦੀ ਰੀਝਾਂ ਪੂਰੀਆਂ ਕਰਨ ਨਾਲੋਂ ਪਰਿਵਾਰ ਦੇ ਲੂਣ, ਤੇਲ ਅਤੇ ਆਟੇ ਨੂੰ ਤਰਜੀਹ ਦੇਣੀ ਪੈਂਦੀ ਹੈ।
ਮਜ਼ਦੂਰਾਂ ਦੀ ਸਾਰ ਲੈਣ ਲਈ ਮਜ਼ਦੂਰ ਦਿਵਸ ਮਨਾ ਕੇ ਬੁੱਤਾ ਸਾਰ ਲਿਆ ਜਾਂਦਾ ਹੈ। ਇੰਜ ਕਰਨ ਨਾਲ ਸਰਕਾਰੀ ਧਿਰ ਦੀ ਖਾਨਾਪੂਰਤੀ ਕਰ ਲੈਂਦੀ ਹੈ। ਲੋਟੂ ਜਮਾਤ, ਜੋ ਮਜ਼ਦੂਰ ਦਾ ਖੂਨ ਪੀਂਦੀ ਹੈ, ਉਹ ਨਾਨਕ ਸਿੰਘ ਦੇ ਕਥਨ “ਲੋਕ ਪਾਣੀ ਪੁਣ ਕੇ ਪੀਂਦੇ ਹਨ ਪਰ ਲੁਕਾਈ ਦਾ ਖੂਨ ਅਣਪੁਣਿਆਂ ਹੀ ਪੀ ਜਾਂਦੇ ਹਨ।” ਦੇ ਕਥਨ ਅੱਜ ਵੀ ਢੁਕਵੇਂ ਹਨ। ਲੋਕਾਂ ਅਤੇ ਜੋਕਾਂ ਦਾ ਫਲਸਫਾ ਸ਼ੁਰੂ ਤੋਂ ਹੀ ਭਾਰੀ ਰਿਹਾ ਹੈ। ਜਦੋਂ ਇਸ ਫਲਸਫੇ ਅਤੇ ਪਾੜੇ ਵਿਰੁੱਧ ਕੁਝ ਜਗਿਆਸਾ ਆਈ ਤਾਂ ਮਜ਼ਦੂਰ ਵਰਗ ਸੁਲਗਿਆ ਪਰ ਕਾਰਪੋਰੇਟ ਜਗਤ ਨੂੰ ਇਹ ਗੱਲ ਪਚੀ ਨਹੀਂ। ਇਸ ਲਈ ਉਸਦੇ ਹਊਮੈਂ ਅਤੇ ਹੰਕਾਰ ਨੇ ਮਜ਼ਦੂਰ ਵਰਗ ਦਾ ਘਾਣ ਕੀਤਾ। ਇਸੇ ਲਈ ਮਜ਼ਦੂਰ ਦਿਵਸ 1 ਮਈ 1886 ਤੋਂ ਮਜ਼ਦੂਰ ਦਿਵਸ ਮਨਾਉਣਾ ਸ਼ੁਰੂ ਹੋਇਆ। ਦੁਖਦ ਗੱਲ ਇਹ ਹੈ ਕਿ ਇਸ ਦਿਨ ਕਈ ਮਜ਼ਦੂਰਾਂ ਦਾ ਘਾਣ ਕੀਤਾ ਗਿਆ, ਜਦੋਂ ਕਿ ਸਮੱਸਿਆ ਦਾ ਹੱਲ ਮਿਲ ਬੈਠ ਕੇ ਕੱਢਿਆ ਜਾ ਸਕਦਾ ਸੀ। ਇਸ ਵਰਤਾਰੇ ਪਿੱਛੇ ਕਾਰਪੋਰੇਟ ਦਾ ਹੰਕਾਰ ਗੂੰਜਿਆ। ਆਲਮੀ ਪੱਧਰ ਤੋਂ ਬਾਅਦ ਭਾਰਤ ਵਿੱਚ ਵੀ ਮਜ਼ਦੂਰ ਵਰਗ ਵਿੱਚ ਜਾਗ੍ਰਤੀ ਆਈ। ਇਸ ਲਈ ਭਾਰਤ ਵਿੱਚ ਮਜ਼ਦੂਰ ਲਈ 8 ਘੰਟੇ ਕੰਮ ਕਰਨ ਦਾ ਕਾਨੂੰਨ ਬਣਿਆ। ਹਾਂ ਇੱਕ ਗੱਲ ਜ਼ਰੂਰ ਹੈ, 1991 ਤੋਂ ਭਾਰਤ ਮਾਤਾ ਅੰਦਰ ਕਿਰਤ ਸੁਧਾਰਾਂ ਦੀ ਕੋਸ਼ਿਸ਼ ਸ਼ੁਰੂ ਹੋਈ। ਉਂਝ ਭਾਰਤ ਵਿੱਚ ਮਜ਼ਦੂਰ ਦਿਵਸ ਮਨਾਉਣ ਦੀ ਸ਼ੁਰੂਆਤ 1 ਮਈ 1923 ਤੋਂ ਚੇਨਈ ਤੋਂ ਸ਼ੁਰੂ ਹੋਈ। ਇਸ ਦੀ ਸ਼ੁਰੂਆਤ ਕਾਮਰੇਡ ਸਿੰਗਰਾਵੇਲੂ ਚੇਟਿਆਰ ਨੇ ਸ਼ੁਰੂ ਕੀਤੀ। ਅੱਜ ਸੰਸਾਰ ਦੇ 80 ਦੇ ਲਗਭਗ ਦੇਸ਼ ਮਜ਼ਦੂਰ ਦਿਵਸ ਮਨਾਉਂਦੇ ਹਨ। ਇਹਨਾਂ ਸਭ ਕਾਸੇ ਪਿੱਛੇ 1886 ਦਾ ਸਾਕਾ ਹੀ ਕੰਮ ਕਰਦਾ ਹੈ। ਮਜ਼ਦੂਰ ਦਿਵਸ ਮਜ਼ਦੂਰ ਨੂੰ ਆਪਣੀ ਹੋਂਦ ਅਤੇ ਕਿਰਤ ਸ਼ਕਤੀ ਲਈ ਉਤਸ਼ਾਹਿਤ ਕਰਦਾ ਹੈ। ਇਸ ਨਾਲ ਮਜ਼ਦੂਰ ਜਾਗਰੂਕ ਹੋ ਕੇ ਕੁਝ ਸਮੇਂ ਲਈ ਸੁਰੱਖਿਆ ਮਹਿਸੂਸ ਕਰਦਾ ਹੈ। ਸਿੱਟਾ ਇਹ ਨਿਕਲਦਾ ਹੈ ਕਿ ਰਾਜਨੀਤਿਕ ਵਰਗ ਵੀ ਜਵਾਬਦੇਹ ਬਣਦਾ ਹੈ।
ਮਜ਼ਦੂਰ, ਕਿਰਤ ਅਤੇ ਕਿਰਤ ਸ਼ਕਤੀ ਦੀ ਦਿਸ਼ਾ ਅਤੇ ਦਸ਼ਾ ਪਹਿਲੀ ਪਾਤਸ਼ਾਹੀ ਨੇ ਦੁਨਿਆਵੀ ਅਤੇ ਰੂਹਾਨੀ ਤੌਰ ’ਤੇ 1452 ਵਿੱਚ ਸੈਦਪੁਰ ਏਮਨਾਬਾਦ ਵਿੱਚ ਉਜਾਗਰ ਕੀਤੀ ਸੀ। “ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ” ਦਾ ਸੁਨਹਿਰੀ ਸੁਨੇਹਾ ਵੀ ਇੱਥੋਂ ਹੀ ਮਿਲਦਾ ਹੈ। ਗੁਰੂ ਸਾਹਿਬ ਨੇ ਮਲਕ ਭਾਗੋ ਅਤੇ ਭਾਈ ਲਾਲੋ ਦਾ ਨਿਖੇੜਾ ਕਰਕੇ ਕਿਰਤ ਨੂੰ ਪ੍ਰਧਾਨ ਬਣਾਇਆ। ਅੱਜ ਭਾਵੇਂ ਸਮਾਂ ਬਦਲਣ ਨਾਲ ਮਲਕ ਭਾਗੋ ਵੱਖ-ਵੱਖ ਜਾਮਿਆਂ ਵਿੱਚ ਆਉਂਦੇ ਹਨ ਪਰ ਫੈਸਲਾ ਉਹੀ ਹੁੰਦਾ ਹੈ, ਜੋ ਗੁਰੂ ਸਾਹਿਬ ਨੇ ਦੱਸਿਆ ਸੀ। ਕਰਤਾਰਪੁਰ ਵਿੱਚ ਖੁਦ ਖੇਤੀ ਦੀ ਹੱਥੀਂ ਕਿਰਤ ਕਰਕੇ ਮਾਨਵਤਾ ਨੂੰ ਸੰਦੇਸ਼ ਦਿੱਤਾ। “ਘਾਲਿ ਖਾਇ ਕਿਛੁ ਹਥਹੁ ਦੇਇ, ਨਾਨਕ ਰਾਹੁ ਪਛਾਣਹਿ ਸੇਇ” ਅੱਜ ਦੇ ਸਮੇਂ ਵਿੱਚ ਦੇਖਿਆ ਜਾਵੇ ਗੁਰੂ ਸਾਹਿਬ ਦੇ ਸੰਦੇਸ਼ ਨੂੰ ਘੱਟ ਲੋਕ ਪੱਲੇ ਬੰਨ੍ਹਦੇ ਹਨ। ਬਹੁਤੇ ਲੋਕ ਤਾਂ ‘ਕਲਯੁੱਗ ਆਇਆ ਹੋਇਆ ਹੈ।’ ਆਖ ਕੇ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਪਾਸਾ ਵੱਟ ਲੈਂਦੇ ਹਨ। ਮਜ਼ਦੂਰ ਵਰਗ ਦੀ ਲੁੱਟ ਅੱਜ ਵੀ ਪਹਿਲਾਂ ਵਾਂਗ ਹੀ ਹੋ ਰਹੀ ਹੈ। ਮਜ਼ਦੂਰ ਲੋਕ ਹੱਥੀਂ ਮਿਹਨਤ ਕਰਕੇ ਪਰਿਵਾਰ ਪਾਲਦੇ ਹਨ। ਬਚਪਨ ਵਿੱਚ ਜਦੋਂ ਅਸੀਂ ਸੁਰਤ ਸੰਭਾਲੀ ਤਾਂ ਸਾਡੇ ਬਜ਼ੁਰਗ ਖੇਤਾਂ ਦੇ ਕੰਮ ਲਈ ਮਜ਼ਦੂਰ ਦਿਹਾੜੀ ਉੱਤੇ ਲਾਉਂਦੇ ਸਨ। ਇਸਦੇ ਨਾਲ ਉਹਨਾਂ ਨੂੰ ਤਨਖਾਹ ਦੇ ਨਾਲ ਰੋਟੀ, ਚਾਹ ਅਤੇ ਪਾਣੀ ਵੀ ਦਿੰਦੇ ਸਨ। ਮਜ਼ਦੂਰ ਦਾ ਹੱਕ ਮਾਰਨ ਦੀ ਕੋਈ ਗੱਲ ਹੀ ਨਹੀਂ ਹੁੰਦੀ ਸੀ। ਇਸੇ ਲਈ ਪਿੰਡਾਂ ਵਿੱਚ ਸੱਚੀਂ ਮੁੱਚੀਂ ਰੱਬ ਵਸਦਾ ਸੀ। ਮਜ਼ਦੂਰ ਦਾ ਹੱਕ ਅਤੇ ਪੈਸਾ ਮਾਰਨਾ ਆਪਣੀ ਸ਼ਾਨ ਅਤੇ ਹੱਕ ਸਮਝਣ ਵਾਲੇ ਲੋਕਾਂ ਨੂੰ ਗੁਰਬਾਣੀ ਦਾ ਇਹ ਹੁਕਮ ਮੰਨਣਾ ਪਵੇਗਾ।
“ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ”
ਅੱਜ ਮਜ਼ਦੂਰ ਦਾ ਘਾਣ ਕਰਨ ਅਤੇ ਹੱਕ ਮਾਰਨ ਦਾ ਤਰੀਕਾ ਨਵੇਂ ਯੁਗ ਅਨੁਸਾਰ ਵਿਆਪਕ ਹੈ। ਭੱਠਾ ਮਜ਼ਦੂਰ, ਖੇਤੀ ਖੇਤਰ, ਉਦਯੋਗਿਕ ਖੇਤਰ ਅਤੇ ਮਜ਼ਦੂਰ ਵਰਗ ਦੇ ਹੋਰ ਖੇਤਰ ਆਪਣੀ ਕਿਰਤ ਰਾਹੀਂ ਕਿਰਤ ਵੇਚਕੇ ਗੁਜ਼ਾਰਾ ਕਰਦੇ ਹਨ। ਕਿਰਤੀ ਵਰਗ ਅੱਜ ਵੀ ਸੁਰੱਖਿਅਤ ਨਹੀਂ ਹੈ। ਛੁੱਟੀ ਲਈ ਤਰਸਦਾ ਰਹਿੰਦਾ ਹੈ। ਮਿਹਨਤ ਦੀ ਕੀਮਤ ਘੱਟ ਮਿਲਦੀ ਹੈ। ਸਿਹਤ, ਸਿੱਖਿਆ ਅਤੇ ਸੁਰੱਖਿਆ ਪੱਖੋਂ ਵੀ ਵਿਹੂਣਾ ਹੈ। ਮਜ਼ਦੂਰ ਅਤੇ ਧਨਾਢ ਦਾ ਪਾੜਾ ਪਹਿਲਾਂ ਨਾਲੋਂ ਵਧ ਰਿਹਾ ਹੈ। ਮਜ਼ਦੂਰ ਵਰਗ ਦੀ ਸਭ ਤੋਂ ਵੱਡੀ ਤਰਾਸਦੀ ਇਹ ਹੈ ਕਿ ਜਦੋਂ ਉਮਰ ਦਾ ਪੜਾਅ ਠੀਕ ਹੁੰਦਾ ਹੈ ਤਾਂ ਮਿਹਨਤ ਕਰਕੇ ਜੀਵਨ ਗੁਜ਼ਾਰ ਲੈਂਦਾ ਹੈ ਪਰ ਜਦੋਂ ਬੁਢਾਪੇ ਪਹੁੰਚਦਾ ਹੈ ਤਾਂ ਬੁਢਾਪਾ ਸਰਾਪਿਆ ਜਾਂਦਾ ਹੈ। ਸਮਾਜਿਕ, ਆਰਥਿਕ ਅਤੇ ਸਿਹਤ ਦੀ ਰੱਖਿਆ ਲਈ ਮਜ਼ਦੂਰ ਵਰਗ ਦੀ ਕੋਈ ਗਰੰਟੀ ਨਹੀਂ ਹੈ। ਕਰੋਨਾ ਕਾਲ ਵਿੱਚ ਮਜ਼ਦੂਰ ਦੀ ਦਸ਼ਾ ਨੇ ਨਵੇਂ ਅਧਿਆਏ ਲਿਖੇ।
ਜਦੋਂ ਕਿਰਤੀਆਂ ਨੂੰ ਕਿਰਤ ਦਾ ਵਾਜਬ ਮੁੱਲ ਨਹੀਂ ਮਿਲਦਾ ਤਾਂ ਉਹ ਬਾਹਰਲੇ ਮੁਲਕਾਂ ਨੂੰ ਭੱਜਦੇ ਹਨ। ਜੇ ਇਨ੍ਹਾਂ ਬਾਹਰ ਨੂੰ ਭੱਜਣ ਵਾਲਿਆਂ ਨੂੰ ਪੁੱਛਿਆ ਜਾਵੇ ਤਾਂ ਇਨ੍ਹਾਂ ਦਾ ਜਵਾਬ ਹੁੰਦਾ ਹੈ ਕਿ ਸਾਨੂੰ ਉਹਨਾਂ ਦੇਸ਼ਾਂ ਵਿੱਚ ਕਿਰਤ ਦਾ ਸਹੀ ਮੁੱਲ ਮਿਲਦਾ ਹੈ। ਜਦੋਂ ਕਿਰਤ ਸ਼ਕਤੀ ਦੂਜੇ ਦੇਸ਼ਾਂ ਵੱਲ ਜਾਂਦੀ ਹੈ ਤਾਂ ਇਸਦਾ ਦੂਜਾ ਪੱਖ ਇਹ ਵੀ ਹੈ ਕਿ ਸਾਡੇ ਦੇਸ਼ ਵਿੱਚ ਕਿਰਤ ਸ਼ਕਤੀ ਦੀ ਕਮੀ ਆਉਂਦੀ ਹੈ, ਜਿਸ ਨਾਲ ਵਿਕਾਸ ਰੋਕਦਾ ਹੈ। ਸਾਡੇ ਆਪਣੇ ਮੁਲਕ ਵਿੱਚ ਸਰਕਾਰ ਨੂੰ ਹੋਰ ਵੀ ਮਜ਼ਦੂਰ ਵਰਗ ਲਈ ਸੁਰੱਖਿਆ ਪ੍ਰਦਾਨ ਕਰਨ ਲਈ ਕਾਨੂੰਨ ਕਾਇਦੇ ਕਾਇਮ ਹੋਣੇ ਚਾਹੀਦੇ ਹਨ। ਮਜ਼ਦੂਰ ਵਰਗ ਲਈ ਬਾਹਰਲੇ ਮੁਲਕਾਂ ਦੇ ਬਰਾਬਰ ਢੁਕਵੇਂ ਪ੍ਰਬੰਧ ਵੀ ਹੋਣੇ ਚਾਹੀਦੇ ਹਨ। ਸਾਡੇ ਦੇਸ਼ ਦੀ ਬਹੁ-ਗਿਣਤੀ ਦਸਾਂ ਨਹੁੰਆਂ ਦੀ ਕਿਰਤ ਕਰਦੀ ਹੈ ਪਰ ਉਜਰਤ ਘੱਟ ਮਿਲਦੀ ਹੈ। ਇਸ ਲਈ ਉਹਨਾਂ ਨੂੰ ਅਨਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਿੱਟਾ ਇਹ ਨਿਕਲਦਾ ਹੈ ਕਿ ਮਜ਼ਦੂਰ ਦੇ ਸਿਰ ’ਤੇ ਅਮੀਰ ਹੋਰ ਅਮੀਰ ਹੋਈ ਜਾਂਦਾ ਹੈ।
ਮਜ਼ਦੂਰ ਆਪਣੀ ਕਿਰਤ ਸ਼ਕਤੀ ਨਾਲ ਪੇਟ ਭਰਨ ਤਕ ਸੀਮਿਤ ਰਹਿੰਦਾ ਹੈ। ਸਿਆਣੇ ਲੋਕ ਮਜ਼ਦੂਰ ਦੀ ਮਜ਼ਦੂਰੀ ਦਾ ਖਿਆਲ ਰੱਖਦੇ ਹਨ। ਸਮਾਜ ਵਿੱਚ ਮਜ਼ਦੂਰੀ ਮਾਰਨ ਵਾਲੇ ਵੀ ਬੇਅੰਤ ਹਨ। ਅਜਿਹੇ ਲੋਕ ਮਨੁੱਖਤਾ ਦੇ ਨਾਮ ’ਤੇ ਕਲੰਕ ਹਨ। ਪਿੰਡਾਂ ਦੇ ਲੋਕ ਰਸੋਈ ਆਪਣੇ ਅਤੇ ਮਜ਼ਦੂਰ ਲਈ ਇੱਕੋ ਤਰ੍ਹਾਂ ਦੀ ਰੱਖਦੇ ਹਨ। ਖਾਣੇ ਵਿੱਚ ਵਿਤਕਰਾ ਨਹੀਂ ਕਰਦੇ। ਅੱਜ ਸਭ ਤੋਂ ਮਾੜੀ ਹਾਲਤ ਬਾਲ ਮਜ਼ਦੂਰੀ ਕਰਕੇ ਵੀ ਹੁੰਦੀ ਹੈ। ਬਚਪਨ ਦੀਆਂ ਚਾਹਤਾਂ ਛੱਡਕੇ ਜਦੋਂ ਬਾਲ ਮਜ਼ਦੂਰੀ ਲਈ ਮਜਬੂਰ ਹੋਣਾ ਪੈਦਾ ਹੈ ਤਾਂ ਬਾਲਪਣ ਦੇ ਅਰਮਾਨ ਮਰ ਜਾਂਦੇ ਹਨ। ਇਹ ਸਮਾਜ ਵਿੱਚ ਬਹੁਤ ਵੱਡੀ ਬੁਰਾਈ ਹੈ। ਦੇਸ਼ ਦੀ ਤਰੱਕੀ, ਸੱਭਿਅਤਾ ਅਤੇ ਆਲਮੀ ਮੁਹਾਂਦਰੇ ਲਈ ਮਜ਼ਦੂਰ ਦੀ ਤਰਾਸਦੀ ਸਭ ਤੋਂ ਖਤਰਨਾਕ ਅਤੇ ਪਿਛਾਂਹ ਖਿੱਚੂ ਸਮਝੀ ਜਾਂਦੀ ਹੈ। ਇਸ ਪਿੱਛੇ ਜਗੀਰੂ ਪ੍ਰਬੰਧ ਹੁੰਦਾ ਹੈ। ਇਸ ਕਰਕੇ ਕਈ ਵਾਰ ‘ਮਜ਼ਦੂਰ ਦਿਵਸ’ ਵਿੱਚੋਂ ‘ਮਜਬੂਰ ਦਿਵਸ’ ਦੀ ਝਲਕ ਪੈਂਦੀ ਹੈ। ਮਜ਼ਦੂਰ ਦਿਵਸ ਹੋਰ ਹੀ ਮਨਾਈ ਜਾਂਦੇ ਹਨ ਜਦੋਂ ਕਿ ਮਜ਼ਦੂਰ ਤਾਂ ਵਿਚਾਰਾ ਆਪਣੀ ਮਜ਼ਦੂਰੀ ਅਤੇ ਢਿੱਡ ਭਰਨ ਲਈ ਮਿਹਨਤ ਵਿੱਚ ਖੁੱਭਿਆ ਰਹਿੰਦਾ ਹੈ, ਵਿੱਦਿਆ, ਸਿਹਤ, ਭੁੱਖ ਅਤੇ ਸਮਾਜਿਕ ਤਰਾਸਦੀ ਨਾਲ ਜੂਝਦਾ ਰਹਿੰਦਾ ਹੈ। ਇਸ ਸਾਰੇ ਵਿਰਤਾਰੇ ਨੂੰ ਸੰਤ ਰਾਮ ਉਦਾਸੀ ਨੇ ਇਉਂ ਵਰਣਨ ਕੀਤਾ ਸੀ:
ਮਾਂ ਧਰਤੀਏ ਤੇਰੀ ਗੋਦ ਨੂੰ ਚੰਨ ਹੋਰ ਬਥੇਰੇ,
ਤੂੰ ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ।
ਜਿੱਥੇ ਤੰਗ ਨਾਲ ਸਮਝਣ ਤੰਗੀਆਂ ਨੂੰ,
ਜਿੱਥੇ ਮਿਲਣ ਅੰਗੂਠੇ ਸੰਘੀਆਂ ਨੂੰ,
ਜਿੱਥੇ ਵਾਲ ਤਰਸਦੇ ਕੰਘੀਆਂ ਨੂੰ,
ਨੱਕ ਵਗਦੇ ਅੱਖਾਂ ਚੁੰਨੀਆਂ ਤੇ ਦੰਦ ਕਰੇੜੇ,
ਤੂੰ ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ।
ਅੱਜ ਮਜ਼ਦੂਰ ਦੇ ਹਾਲਾਤ ਅਤੇ ਤਰਾਸਦੀ ਨੂੰ ਨਵੇਂ ਦ੍ਰਿਸ਼ਟੀਕੋਣ ਤੋਂ ਲਿਖਣ ਦੀ ਲੋੜ ਹੈ। ਮਜ਼ਦੂਰ ਨੂੰ ਲੁੱਟਣ ਵਾਲਾ ਆਰਥਿਕ ਨਿਜ਼ਾਮ ਨੰਗਾ ਹੋਣਾ ਚਾਹੀਦਾ ਹੈ। ਇਸ ਨੂੰ ਸਿਆਸੀ ਅਤੇ ਅਮੀਰ ਵਰਗ ਦੇ ਪੱਖ ਤੋਂ ਵੀ ਘੋਖਣਾ ਚਾਹੀਦਾ ਹੈ। ਧਨਾਢ ਵਰਗ ਲਾਲਚ, ਦੌਲਤ, ਸ਼ਾਹੀ ਠਾਠਬਾਠ ਦੀ ਪ੍ਰਤੀਨਿਧਤਾ ਕਰਦਾ ਹੈ ਜਦਕਿ ਮਜ਼ਦੂਰ ਵਰਗ ਅੱਜ ਵੀ ਦੋ ਡੰਗ ਦੀ ਰੋਟੀ ਲਈ ਤਰਸਦਾ ਹੈ।
“ਤੁਹਾਨੂੰ ਤਾਂ ਬੱਸ ਵਿਹਲ ਨਹੀਂ ਆਪਣੀ ਆਯਾਸ਼ੀ ਤੋਂ,
ਤਾਹੀਉ ਤਾਂ ਅੱਜ ਮੇਰੇ ਨਾਂ ’ਤੇ ਐਸ਼ ਕਰੀ ਜਾਂਦੇ ਹੋ,
ਮੈਂ ਤਾਂ ਹਮੇਸ਼ਾ ਦੱਬਿਆ ਰਹਾਂਗਾ,
ਲੁੱਟਿਆ ਜਾਂਦਾ ਰਹਾਂਗਾ ਤੁਹਾਡੇ ਹੱਥੋਂ,
ਕਿਉਂਕਿ ਮੈਂ ਮਜ਼ਦੂਰ ਹਾਂ ਤੇ ਮਜ਼ਦੂਰ ਹੀ ਰਹਾਂਗਾ।”
ਮਜ਼ਦੂਰ ਦਿਵਸ ਦਾ ਉਦੇਸ਼ ਮਜ਼ਦੂਰਾਂ ਨੂੰ ਜਾਗਰੂਕ ਕਰਕੇ ਹਰ ਪੱਖ ਦੀ ਸੁਰੱਖਿਆ ਪ੍ਰਧਾਨ ਕਰਨਾ ਹੈ ਪਰ ਇਸਦੇ ਉਦੇਸ਼ ਜਿੱਥੋਂ ਚੱਲੇ ਸਨ, ਉੱਥੇ ਹੀ ਦੱਬੇ ਪਏ ਹਨ। ਸਰਕਾਰਾਂ ਨੇ ਕੁਝ ਕੋਸ਼ਿਸ਼ਾਂ ਤਾਂ ਕੀਤੀਆਂ ਪਰ ਤਰਾਸਦੀ ਜਾਰੀ ਹੈ। ਕਿਸੇ ਵੀ ਸਮਾਜ ਵਿੱਚ ਵਿਕਾਸ ਲਈ ਮਜ਼ਦੂਰ ਦੀ ਕੀਤੀ ਹੱਥੀਂ ਕਿਰਤ ਖੁਸ਼ਹਾਲੀ ਪੈਦਾ ਕਰਦਾ ਹੈ। ਆਪਣੇ ਹੱਕਾਂ ਦੀ ਰਾਖੀ ਲਈ ਮਜ਼ਦੂਰ ਜਮਾਤ ਨੂੰ ਇਨਕਲਾਬੀ ਰਾਹਾਂ ਦਾ ਪਾਂਧੀ ਬਣਨਾ ਚਾਹੀਦਾ ਹੈ।
* * * * *
ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
ਪਾਠਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਲਈ ਸਰੋਕਾਰ ਨਾਲ ਸੰਪਰਕ ਕਰੋ: (This email address is being protected from spambots. You need JavaScript enabled to view it.om)